ਮੋਦੀ ਸਰਕਾਰ ਤੇ ਮਨੁੱਖੀ ਅਧਿਕਾਰ

ਮੋਦੀ ਸਰਕਾਰ ਤੇ ਮਨੁੱਖੀ ਅਧਿਕਾਰ

 ਗੁਰਮੀਤ ਸਿੰਘ ਪਲਾਹੀ

ਮਨੁੱਖੀ ਅਧਿਕਾਰਾਂ ਦਾ ਘਾਣ ਭਾਰਤ ਵਿੱਚ ਪਿਛਲੇ ਸਮੇਂ ਦੌਰਾਨ ਮੌਜੂਦਾ ਹਾਕਮ ਧਿਰ ਨੇ ਜਿਵੇਂ ਕੀਤਾ ਹੈ, ਸ਼ਾਇਦ ਦੇਸ਼ ਦੀ ਆਜ਼ਾਦੀ ਦੇ 74 ਵਰ੍ਹਿਆਂ ਵਿੱਚ ਕਿਸੇ ਵੀ ਹੋਰ ਸਰਕਾਰ ਨੇ ਨਾ ਕੀਤਾ ਹੋਵੇ। ਆਪਣੀ ਹੋਂਦ ਅਤੇ ਆਪਣੇ ਅਧਿਕਾਰਾਂ ਦੀ ਲੜਾਈ ਲੜ ਰਿਹਾ ਦੇਸ਼ ਦਾ ਕਿਸਾਨ ਮੁਢਲੇ ਮਨੁੱਖੀ ਅਧਿਕਾਰ ਖੋਹੇ ਜਾਣ ਕਾਰਨ ਪੀੜਤ ਰਿਹਾ! ਸੰਘਰਸ਼ ਲੜਦਿਆਂ, ਅੱਤਵਾਦੀ, ਵੱਖਵਾਦੀ, ਖਾਲਸਤਾਨੀ, ਦੇਸ਼ਧ੍ਰੋਹੀ, ਸ਼ਹਿਰੀ-ਨਕਸਲੀ, ਅੰਦੋਲਨਜੀਵੀ ਅਤੇ ਪਰਜੀਵੀ ਕਹਿਲਾਇਆ। ਅਣਕਿਆਸੀਆਂ ਹਾਲਤਾਂ ਵਿੱਚ ਦਿੱਲੀ ਦੀਆਂ ਬਰੂਹਾਂ ’ਤੇ ਖੁੱਲ੍ਹੀ ਜੇਲ੍ਹ ਸਿਰਜਕੇ ਸਰਕਾਰ ਵੱਲੋਂ ਅੰਦੋਲਨਕਾਰੀਆਂ ਨੂੰ ਬੰਦੀ ਬਣਾ ਦਿੱਤਾ ਗਿਆ। ਆਪਣੀ ਗੱਲ ਕਹਿਣ ਦੇ ਨਾਗਰਿਕ ਦੇ ਹੱਕ ਨੂੰ ਖੋਹਦਿਆਂ ਦਿੱਲੀ ਤਕ ਮਾਰਚ ਕਰਨ ’ਤੇ ਉਸ ’ਤੇ ਰੋਕ ਲਗਾ ਦਿੱਤੀ ਗਈ। ਉਹਦੇ ਰਾਹ ਵਿੱਚ ਕੰਡੇ, ਕਿੱਲਾਂ ਵਿਛਾ ਦਿੱਤੇ ਗਏ, ਬੰਦਿਸ਼ਾਂ ਲਗਾ ਦਿੱਤੀਆਂ ਗਈਆਂ। ਉਨ੍ਹਾਂ ਨਾਲ ਇਵੇਂ ਵਰਤਾਰਾ ਕੀਤਾ ਗਿਆ ਜਿਵੇਂ ਉਹ ਸਰਹੱਦੋਂ ਪਾਰ ਦੇ ਲੋਕ ਹੋਣ। ਕੀ ਇਹ ਉਨ੍ਹਾਂ ਦੇ ਮੁਢਲੇ ਅਧਿਕਾਰਾਂ ਦਾ ਘਾਣ ਨਹੀਂ ਸੀ?

ਪੂਰਾ ਇੱਕ ਵਰ੍ਹਾ ਉਨ੍ਹਾਂ ਨੂੰ ਆਪਣੇ ਖੇਤਾਂ-ਖਲਿਆਣਾਂ, ਆਪਣੀਆਂ ਪੈਲੀਆਂ, ਆਪਣੇ ਪਸ਼ੂਆਂ, ਆਪਣੇ ਬੱਚਿਆਂ ਤੋਂ ਦੂਰ ਰਹਿਣ ਲਈ ਮਜਬੂਰ ਕਰ ਦਿੱਤਾ ਗਿਆ। ਕੀ ਇਹ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ’ਤੇ ਛਾਪਾ ਨਹੀਂ ਸੀ? ਕੜਕਦੀ ਧੁੱਪ, ਠੰਢੀਆਂ ਠਾਰ ਰਾਤਾਂ, ਬਰਸਾਤ ਦੇ ਮੌਸਮ ਦੀ ਮਾਰ ਝੱਲਦਿਆਂ ਉਨ੍ਹਾਂ ਨੂੰ ਟਾਇਲਟਾਂ-ਬਾਥਰੂਮਾਂ ਬਿਨਾਂ, ਖੁੱਲ੍ਹੇ ਵਿੱਚ ਇਸ਼ਨਾਨ ਕਰਨੇ ਪਏ, ਜੰਗਲ-ਪਾਣੀ ਜਾਣਾ ਪਿਆ, ਅਣਮਨੁੱਖੀ ਜੀਵਨ ਹਾਲਤਾਂ ਵਿੱਚ ਰਹਿਣਾ ਪਿਆ। ਕੀ ਇਹ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਦਾ ਘਾਣ ਨਹੀਂ ਸੀ? ਬਜ਼ੁਰਗ, ਔਰਤਾਂ ਸਿਹਤ ਸਹੂਲਤਾਂ ਤੋਂ ਵਿਰਵੇ ਰਹੇ। ਇਸ ਤੋਂ ਵੱਡੀ ਹੋਰ ਕਿਹੜੀ ਤ੍ਰਾਸਦੀ ਹੋ ਸਕਦੀ ਹੈ ਕਿ 700 ਦੇ ਲਗਭਗ ਕਿਸਾਨ ਇਸ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗੁਆ ਬੈਠੇ। ਕੀ ਇਹ ਮਨੁੱਖੀ ਅਧਿਕਾਰਾਂ ਦਾ ਘਾਣ ਨਹੀਂ ਸੀ?ਕਸ਼ਮੀਰੀ ਲੋਕਾਂ ਦੇ ਹੱਕ ਖੋਹ ਲਏ ਗਏ। ਧਾਰਾ 370 ਖਤਮ ਕਰ ਦਿੱਤੀ ਗਈ। ਜੰਮੂ-ਕਸ਼ਮੀਰ ਦੇ ਤਿੰਨ ਟੋਟੇ ਕਰ ਦਿੱਤੇ ਗਏ। ਇਹ ਕਸ਼ਮੀਰੀ ਲੋਕਾਂ ਨਾਲ ਮੌਕੇ ਦੀ ਹਕੂਮਤ ਦੀ ਵਾਅਦਾ ਖਿਲਾਫ਼ੀ ਸੀ, ਅਕ੍ਰਿਤਘਣਤਾ ਸੀ। ਨੌਜਵਾਨਾਂ ਦਾ ਨਿੱਤ ਝੂਠੇ ਮੁਕਾਬਲਿਆਂ ਵਿੱਚ ਸੁਰੱਖਿਆ ਬਲਾਂ ਵੱਲੋਂ ਕਤਲ, ਬਿਨਾਂ ਮੁਕੱਦਮਾ ਚਲਾਏ ਵਰ੍ਹਿਆਂ ਬੱਧੀ ਕਸ਼ਮੀਰੀਆਂ ਨੂੰ ਜੇਲ੍ਹੀਂ ਡੱਕਣਾ ਕਿਹੜੇ ਲੋਕਤੰਤਰ ਦੀ ਤਸਵੀਰ ਹੈ? ਗ਼ੈਰ ਲੋਕਤੰਤਰੀ ਹਾਕਮਾਂ ਵੱਲੋਂ ਸੰਵਿਧਾਨ ਨਾਲ ਖਿਲਵਾੜ ਕਰਦਿਆਂ ਮਨੁੱਖੀ ਹੱਕਾਂ ਉੱਤੇ ਛਾਪਾ ਕੀ ਜਾਇਜ਼ ਹੈ?ਵਿਚਾਰਾਂ ਦੇ ਵਖਰੇਵੇਂ ਕਾਰਨ ਸ਼ਾਹੀਨ ਬਾਗ਼ ਵਿੱਚ ਲੱਗਿਆ ਦਾਦੀਆਂ, ਨਾਨੀਆਂ, ਸਿਆਣੀਆਂ, ਸੁਆਣੀਆਂ ਦਾ ਮੋਰਚਾ, ਮਜ਼ਹਬ, ਫਿਰਕੇ ਇਲਾਕੇ ਤੋਂ ਉੱਪਰ ਉੱਠ ਕੇ ਮਾਨਵੀ ਇਤਿਹਾਸ ਦਾ ਇੱਕ ਵੱਖਰਾ ਪੈਂਤੜਾ ਸੀ, ਜਿਸ ਨੇ ਫਿਰਕੂ ਹਾਕਮ ਧਿਰ ਦੇ ਛੱਕੇ ਛੁਡਾ ਦਿੱਤੇ। ਸ਼ਾਹੀਨ ਬਾਗ਼ ਨੇ ਮੁਹੱਬਤ ਦੀ ਆਜ਼ਾਦੀ, ਸੰਗਤ ਦੀ ਸੁਹਬਤ ਦੀ ਬਾਤ ਪਾਈ। ਇਨਸਾਨੀ ਤਾਰੀਖ਼ ਦੇ ਵਰਕੇ ’ਤੇ ਇੱਕ ਸੁਨਹਿਰੀ ਬਾਬ ਉੱਕਰਿਆ ਗਿਆ, ਜਿਸ ਨੇ ਬੋਲਣ ਦੀ, ਲਿਖਣ ਦੀ, ਆਜ਼ਾਦੀ ਮੰਗੀ। ਵਿਹੜਿਆਂ, ਬਸਤੀਆਂ, ਚੋਪਾਲ, ਸੱਥ ਵਿੱਚੋਂ ਉੱਠ ਲੋਕਾਂ ਨੇ ਵਿਚਾਰਕਾਂ, ਚਿੰਤਕਾਂ, ਬੁੱਧੀਮਾਨਾਂ ਦੇ ਵਿਚਾਰ ਸੁਣੇ, ਜਿਨ੍ਹਾਂ ਨੇ ਹੱਕ, ਨਿਆਂ, ਸੋਂਦਰਯ ਸੰਵਿਧਾਨ ਦੇ ਗੂੜ੍ਹੇ ਅੱਖਰਾਂ ਵਾਲੇ ਸਫ਼ਿਆਂ ਦੇ ਪੱਤਰੇ ਫੋਲੇ। ਇਹ ਹਕੂਮਤ ਨੂੰ ਰਾਸ ਨਾ ਆਏ।ਸਾਜ਼ਿਸ਼ ਤਹਿਤ ਇਸ ਸੱਚ ਨੂੰ ਪੁਲਿਸ ਬੁਲਾ ਕੇ ਸੈਂਕੜੇ ਗੁੰਡਿਆਂ ਦੀ ਸਹਾਇਤਾ ਨਾਲ ਸ਼ਾਹੀਨ ਬਾਗ਼ ਤੋਂ ਉਠਾ ਦਿੱਤਾ। ਕਰੋਨਾ ਮਹਾਂਮਾਰੀ ਦਾ ਰੌਲਾ ਪਾ ਕੇ ਦੇਸ਼ ਦੀ ਉੱਚ ਅਦਾਲਤ ਤੋਂ ਧਰਨਾ ਚੁੱਕਣ ਦੇ ਹੁਕਮ ਪ੍ਰਾਪਤ ਕਰਨ ਦਾ ਯਤਨ ਹੋਇਆ। 2020 ਵਿੱਚ ਫਿਰਕੂ ਦੰਗੇ ਕਰਵਾਏ ਗਏ। ਉੱਤਰ ਪੂਰਬੀ ਦਿੱਲੀ ਵਿੱਚ 53 ਲੋਕ ਮਾਰੇ ਗਏ। 200 ਤੋਂ ਜ਼ਿਆਦਾ ਲੋਕ ਜ਼ਖ਼ਮੀ ਹੋਏ। ਮੁੱਖ ਤੌਰ ’ਤੇ ਹਿੰਦੂ ਭੀੜ ਵੱਲੋਂ ਮੁਸਲਮਾਨਾਂ ’ਤੇ ਹਮਲੇ ਹੋਏ। ਮਾਰੇ ਗਏ 53 ਲੋਕਾਂ ਵਿੱਚੋਂ 2 ਤਿਹਾਈ ਮੁਸਲਮਾਨ ਸਨ, ਜਿਨ੍ਹਾਂ ਨੂੰ ਗੋਲੀ ਮਾਰੀ ਗਈ, ਤਲਵਾਰਾਂ ਨਾਲ ਵੱਢ ਦਿੱਤਾ ਗਿਆ ਅਤੇ ਅੱਗ ਨਾਲ ਜਲਾ ਦਿੱਤਾ ਗਿਆ। ਇਨ੍ਹਾਂ ਦੰਗਿਆਂ ਨੇ 1984 ਦੇ ਸਿੱਖ ਕਤਲੇਆਮ ਦੀ ਯਾਦ ਦਿੱਲੀ ਨੂੰ ਤਾਜ਼ਾ ਕਰਵਾ ਦਿੱਤੀ। ਹਿੰਸਾ ਖ਼ਤਮ ਹੋਣ ਦੇ ਇੱਕ ਹਫ਼ਤੇ ਤੋਂ ਵੀ ਵੱਧ ਸਮਾਂ ਬਾਅਦ ਸੈਂਕੜੇ ਜ਼ਖ਼ਮੀ ਇਲਾਜ ਖੁਣੋ ਤੜਫਦੇ ਰਹੇ ਅਤੇ ਲਾਸ਼ਾਂ ਖੁੱਲ੍ਹੀਆਂ ਨਾਲੀਆਂ ਵਿੱਚ ਪਈਆਂ ਵੇਖੀਆਂ ਗਈਆਂ। ਇਹ ਘਟਨਾਵਾਂ 23 ਫਰਵਰੀ 2020 ਤੋਂ 29 ਫਰਵਰੀ 2020 ਦੇ ਦੌਰਾਨ ਵਾਪਰੀਆਂ। ਕਿਸ ਕਿਸਮ ਦਾ ਗਣਤੰਤਰ ਹੈ ਇਹ? ਕਿਸ ਕਿਸਮ ਦਾ ਲੋਕਤੰਤਰ ਹੈ ਇਹ? ਕਿਸ ਕਿਸਮ ਦੇ ਲੋਕ ਦੇਸ਼ ਦੇ ਹਾਕਮ ਹਨ ਜਿਹੜੇ ਵਿਰੋਧੀ ਵਿਚਾਰਾਂ ਨੂੰ ਪ੍ਰਵਾਨ ਨਹੀਂ ਕਰਦੇ? ਕੀ ਇਹ ਸਭ ਕੁਝ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਹੀਂ ਕਿ ਜ਼ਖ਼ਮੀ ਨੂੰ ਇਲਾਜ ਨਾ ਮਿਲੇ? ਮਰੇ ਜਾਂ ਮਾਰੇ ਗਏ ਨੂੰ ਕਬਰ ਜਾਂ ਸ਼ਮਸ਼ਾਨ ਨਾ ਮਿਲੇ ਤੇ ਉਹ ਨਾਲੀਆਂ ਗਲੀਆਂ ਵਿੱਚ ਰੁਲਦਾ ਰਹੇ। ਦਹਿਸ਼ਤ ਦੇ ਮਾਰਿਆ ਕੋਈ ਉਸ ਦੀ ਲਾਸ਼ ਨੂੰ ਸੰਭਾਲਣ ਦਾ ਹੌਸਲਾ ਵੀ ਨਾ ਕਰ ਸਕੇ।

ਇਹ ਇਹੋ ਜਿਹਾ ਲੋਕਰਾਜ ਹੈ, ਜਿੱਥੇ ਭੀੜ ਮਾਰਦੀ ਹੈ, ਭੀੜ ਤਮਾਸ਼ਾ ਬਣੀ ਦੇਖਦੀ ਹੈ। ਜਿੱਥੇ ਵਿਰੋਧ ਨੂੰ ਡਾਂਗਾਂ-ਡੰਡਿਆਂ ਨਾਲ ਦਬਾਇਆ ਜਾਂਦਾ ਹੈ। ਸੰਵਿਧਾਨ ਵਿੱਚ ਬਰਾਬਰ ਦੇ ਮਨੁੱਖੀ ਅਧਿਕਾਰਾਂ ਵਿੱਚ ਸਿੱਖਿਆ ਦਾ ਅਧਿਕਾਰ ਵੀ ਹੈ ਅਤੇ ਵਿਚਾਰਾਂ ਦੀ ਆਜ਼ਾਦੀ ਦਾ ਵੀ। ਹਜ਼ਾਰਾਂ ਏਕੜ ਵਿੱਚ ਫੈਲੇ ਅਕਲ ਸਾਗਰ ਜੇ.ਐੱਨ.ਯੂ. (ਜਵਾਹਰ ਲਾਲ ਯੂਨੀਵਰਸਿਟੀ, ਨਵੀਂ ਦਿੱਲੀ) ਵਿੱਚ ਫੁੱਟਦੇ ਨਵੇਂ ਅੰਕੁਰ ਨੌਜਵਾਨ ਸਿੱਖਿਆ ਪ੍ਰਾਪਤ ਕਰਦੇ ਹਨ। ਉਨ੍ਹਾਂ ਦੇ ਇੱਥੇ ਦਿਮਾਗ਼ ਪੱਕਦੇ ਹਨ। ਉਨ੍ਹਾਂ ਦੇ ਇੱਥੇ ਮੱਥੇ ਲਿਸ਼ਕਦੇ ਹਨ। ਇੱਥੋਂ ਉਹ ਦੇਸ਼ ਨੂੰ ਦੇਖਦੇ-ਘੋਖਦੇ ਹਨ। ਇੱਕ ਦੂਜੇ ਦੇ ਰੰਗਾਂ ਵਿੱਚ ਤਾੜੀਆਂ ਲਗਾਉਂਦੇ ਹਨ, ਗੋਸ਼ਟੀਆਂ ਕਰਦੇ ਹਨ, ਸੰਵਾਦ ਰਚਾਉਂਦੇ ਹਨ, ਸਾਂਝੀ ਜ਼ਮੀਨ, ਸਾਂਝੇ ਅਸਥਾਨ ਦੀ ਵਿਚਾਰਧਾਰਾ ਦਾ ਵਿਚਾਰ ਪ੍ਰਵਾਹ ਕਰਦੇ ਹਨ। ਇੱਥੇ ਉਹ ਸਿੱਖਦੇ ਹਨ, ਮੁਸਕਰਾਉਂਦੇ ਹਨ, ਗ਼ਮੀ-ਖੁਸ਼ੀ ਦੇ ਗੀਤ ਇਕੱਠੇ ਗਾਉਂਦੇ ਹਨ। ਪਰ ਹਾਕਮ ਨੂੰ ਖੁੱਲ੍ਹੇ ਕੁੜਤੇ, ਜੀਨਾਂ ਲਿਬਾਸ, ਬੋਲੀਆਂ, ਰੰਗਾਂ ਦੇ ਮੇਲੇ ਰਾਸ ਨਹੀਂ ਆਏ। ਹਾਕਮਾਂ ਨੇ ਸਾਜ਼ਿਸ਼ੀ, ਖਰੂਦੀ, ਚਾਲਬਾਜ਼ਾਂ ਰਾਹੀਂ ਇਨ੍ਹਾਂ ’ਤੇ ਸਵਾਲ ਉਠਾਏ ਕਿ ਇਹ ਕਿਹੋ ਜਿਹੇ ਬੁੱਧੀਜੀਵੀ ਹਨ ਜੋ ਹਾਕਮ ਦੇ ਵਰਤਾਰੇ ’ਤੇ ਪ੍ਰਸ਼ਨ ਚਿੰਨ੍ਹ ਲਗਾਉਂਦੇ ਹਨ। ਜਦੋਂ ਇਹ ਪਾੜ੍ਹੇ ਗੋਸ਼ਟੀਆਂ ਵਾਲੇ ਸੜਕਾਂ ’ਤੇ ਨਿਕਲੇ, ਤਾਂ ਪੁਲਸੀਆਂ ਨੇ ਕੁੱਟੇ। ਹੋਸਟਲਾਂ ਵਿੱਚ ਵੜ ਮੁੰਡੇ ਕੁੜੀਆਂ ’ਤੇ ਤਸ਼ੱਦਦ ਕੀਤਾ। ਨੂੜ ਕੇ ਥਾਣੇ ਡੱਕ ਦਿੱਤਾ। ਹੋਸਟਲ ਖਾਲੀ ਕਰਵਾਏ। ਹਾਕਮਾਂ ਨੇ ਪਾੜ੍ਹਿਆਂ ਨੂੰ ਆਫ਼ਤਬਾਜ਼ ਕਿਹਾ। ਫਿਲਾਸਫ਼ਰ ਆਖ ਉਨ੍ਹਾਂ ਦਾ ਹਾਸਾ ਉਡਾਇਆ। ਹਾਕਮ ਨੇ ਆਪਣੀ 56 ਇੰਚ ਚੌੜੀ ਛਾਤੀ ਦਾ ਰੋਹਬ ਦਿਖਾਇਆ। ਕੀ ਇਹ ਮਨੁੱਖੀ ਅਧਿਕਾਰਾਂ ਦਾ ਹਨਨ ਨਹੀਂ ਸੀ? ਕੀ ਇਹ ਭਾਰਤੀ ਨਾਗਰਿਕਾਂ ਦੇ ਹੱਕਾਂ ਉੱਤੇ ਸਿੱਧਾ ਹਮਲਾ ਨਹੀਂ ਸੀ? ਭੀੜ ਪੈਣ ’ਤੇ ਸੜਕਾਂ ’ਤੇ ਨਿਕਲ ਜ਼ਿੰਦਗੀ ਦੇ ਅਰਥ ਲੱਭਣਾ ਕੀ ਗੁਨਾਹ ਹੈ? ਕੀ ਵਿਦਿਆਰਥੀਆਂ, ਨਾਗਰਿਕਾਂ, ਕਿਸਾਨਾਂ ਦਾ ਸੰਘਰਸ਼ ਗ਼ੈਰ ਕਾਨੂੰਨੀ ਹੈ? ਕੀ ਵਿਖਾਵੇ ਕਰਨਾ, ਆਪਣੇ ਹੱਕਾਂ ਲਈ ਸੰਘਰਸ਼ ਕਰਨਾ, ਲੋਕ ਕਚਹਿਰੀ ਵਿੱਚ ਆਪਣੀ ਆਵਾਜ਼ ਉਠਾਉਣਾ (ਕਿਉਂਕਿ ਦੇਸ਼ ਦੀ ਪਾਰਲੀਮੈਂਟ ਵਿੱਚ ਤਾਂ ਉਨ੍ਹਾਂ ਦੀ ਗੱਲ ਕੋਈ ਸੁਣਦਾ ਹੀ ਨਹੀਂ) ਕੀ ਵਾਜਬ ਨਹੀਂ? ਜੇਕਰ ਇਹ ਵਾਜਬ ਨਹੀਂ ਤਾਂ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਆਖ਼ਰ ਅਰਥ ਕੀ ਹਨ?

ਜਿਨ੍ਹਾਂ ਪੱਤਰਕਾਰਾਂ, ਬੁੱਧੀਜੀਵੀਆਂ, ਲੇਖਕਾਂ ਨੇ ਮੋਦੀ ਸਰਕਾਰ ਅਤੇ ਗੋਦੀ ਮੀਡੀਆ ਵਿਰੁੱਧ ਆਵਾਜ਼ ਉਠਾਈ, ਉਨ੍ਹਾਂ ਨੂੰ ਜੇਲ੍ਹੀਂ ਜਾਣਾ ਪਿਆ। ਮੋਦੀ ਭਗਤਾਂ ਨੇ ਉਨ੍ਹਾਂ ਨੂੰ ਮੌਤ ਦੀ ਨੀਂਦ ਤਕ ਸੁਆ ਦਿੱਤਾ। ਔਰਤ ਪੱਤਰਕਾਰ ਗੌਰੀ ਲੰਕੇਸ਼ ਦੇ ਸਿਰ ਅਤੇ ਛਾਤੀ ਵਿੱਚ ਗੋਲੀਆਂ ਦਾਗ਼ ਦਿੱਤੀਆਂ ਗਈਆਂ, ਕਿਉਂਕਿ ਉਹ ਸਰਕਾਰੀ ਹੀਜ਼-ਪਿਆਜ਼ ਉਘੇੜਦੀ ਸੀ। ਉਸ ਦੇ ਵਿਚਾਰਾਂ ਦੀ ਸੰਘੀ ਘੁੱਟ ਦਿੱਤੀ ਗਈ।ਪਿਛਲੇ 10 ਸਾਲਾਂ ਵਿੱਚ, 2010 ਤੋਂ ਲੈ ਕੇ 2020 ਤਕ 154 ਪੱਤਰਕਾਰਾਂ ’ਤੇ ਫੌਜਦਾਰੀ ਕੇਸ ਦਰਜ ਕੀਤੇ ਗਏ, ।ਜਿਨ੍ਹਾਂ ਵਿੱਚੋਂ 40 ਫ਼ੀਸਦੀ ਭਾਵ 61 ਇਕੱਲੇ 2020 ਵਿੱਚ ਦੇਸ਼ ਦੀ ਭਾਜਪਾ ਸਰਕਾਰਾਂ ਨੇ ਦਰਜ ਕਰਵਾਏ। ਇਸ ਤੋਂ ਬਿਨਾਂ 9 ਵਿਦੇਸ਼ੀ ਪੱਤਰਕਾਰਾਂ ’ਤੇ ਵੀ ਮੋਦੀ ਸਰਕਾਰ ਵਿਰੁੱਧ ਪ੍ਰਗਟ ਕੀਤੇ ਵਿਚਾਰਾਂ ’ਤੇ ਰਿਪੋਰਟਾਂ ਕਾਰਨ ਕੇਸ ਦਰਜ ਕਰਵਾਏ। ਯੂ.ਪੀ. ਵਿੱਚ 29, ਜੰਮੂ-ਕਸ਼ਮੀਰ ਵਿੱਚ 16, ਤਾਮਿਲਨਾਡੂ ਵਿੱਚ 15 ਅਤੇ ਦਿੱਲੀ ਵਿੱਚ 10 ਪੱਤਰਕਾਰ ਕੇਸਾਂ ਦੇ ਵਲੇਟੇ ਵਿੱਚ ਆਏ। ਇਸ ਸਮੇਂ ਦੌਰਾਨ 198 ਪੱਤਰਕਾਰਾਂ ’ਤੇ ਜਾਨਲੇਵਾ ਹਮਲੇ ਹੋਏ। ਕਲਮ ਦੀ ਆਜ਼ਾਦੀ ’ਤੇ ਇਹ ਹਮਲਾ ਭਾਰਤੀ ਲੋਕਤੰਤਰ ’ਤੇ ਕੀ ਧੱਬਾ ਨਹੀਂ?

ਭਾਰਤ ਵਿੱਚ ਘੱਟ ਗਿਣਤੀਆਂ ਤਾਂ ਬਹੁਤਵਾਦ ਦਾ ਸ਼ਿਕਾਰ ਹਨ ਹੀ ਪਰ ਜਿਸ ਕਿਸਮ ਦਾ ਵਰਤਾਰਾ ਦਲਿਤ ਸਮਾਜ ਨਾਲ ਦੇਸ਼ ਵਿੱਚ ਹੋ ਰਿਹਾ ਹੈ ਉਸ ਦੀ ਇੱਕ ਉਦਾਹਰਣ ਐਸੀ ਹੈ ਜੋ ਦੇਸ਼ ਨੂੰ ਸਰਮਸ਼ਾਰ ਕਰਦੀ ਹੈ।ਪਹਿਲੀ ਜਨਵਰੀ 1819 ਨੂੰ ਮਾਹਰ ਜਾਤ (ਦਲਿਤ ਵਰਗ) ਦੇ 800 ਫੌਜੀਆਂ ਨੇ ਜੋ ਅੰਗਰੇਜ਼ ਸਾਮਰਾਜ ਅਤੇ ਅੰਗਰੇਜ਼ ਕੰਪਨੀ ਵਿੱਚ ਨੌਕਰੀਪੇਸ਼ਾ ਸਨ ਪੇਸ਼ਵਾ ਬਾਜੀਰਾਓ ਦੀ 2000 ਦੀ ਗਿਣਤੀ ਵਾਲੀ ਫੌਜ ਨੂੰ ਭੀਮਾ ਕਾਰਾਗਾਓਂ ਪਿੰਡ ਵਿੱਚ ਹਰਾ ਦਿੱਤਾ ਸੀ। ਉਨ੍ਹਾਂ ਦੀ ਯਾਦ ਵਿੱਚ ਪਿੰਡ ਭੀਮਾ ਕਾਰਾਗਾਓਂ ਵਿੱਚ ਯਾਦਗਾਰ ਉਸਾਰੀ ਗਈ ਹੈ। ਉਨ੍ਹਾਂ ਦੀ ਯਾਦ ਵਿੱਚ ਡਾ. ਬੀ.ਆਰ. ਅੰਬੇਡਕਰ ਦੀ ਅਗਵਾਈ ਵਿੱਚ ਪਹਿਲੀ ਵਾਰ ਯਾਦਗਾਰੀ ਸਮਾਗਮ 1927 ਵਿੱਚ ਕੀਤਾ ਗਿਆ ਸੀ। ਪਹਿਲੀ ਜਨਵਰੀ 2018 ਨੂੰ ਜਦੋਂ ਉਨ੍ਹਾਂ ਦਾ 200 ਸਾਲਾ ਯਾਦ ਸਮਾਗਮ ਮਨਾਇਆ ਜਾ ਰਿਹਾ ਸੀ, ਉੱਥੇ ਮਾਹਰ ਜਾਤ (ਅਨੁਸੂਚਿਤ ਜਾਤੀ) ਦੇ ਲੋਕਾਂ ਦਾ ਭਾਰੀ ਇਕੱਠ ਸੀ। ਕੁਝ ਸਿਰਫਿਰਿਆਂ ਨੇ ਇਸ ਇਕੱਠ ’ਤੇ ਪੱਥਰ ਸੁੱਟੇ ਅਤੇ ਸਮਾਗਮ ਵਿੱਚ ਸ਼ਾਮਲ ਲੋਕਾਂ ਨੇ ਵਿਰੋਧ ਪ੍ਰਗਟ ਕੀਤਾ ਅਤੇ ਪੱਥਰ ਸੁੱਟਣ ਵਾਲਿਆਂ ਵਿੱਚੋਂ ਇੱਕ ਨੌਜਵਾਨ ਮਾਰਿਆ ਗਿਆ ਅਤੇ ਪੰਜ ਜ਼ਖ਼ਮੀ ਹੋ ਗਏ। ਇਹ ਵਿਅਕਤੀ ਉੱਚ ਜਾਤੀ ਵਾਲਿਆਂ ਨਾਲ ਸੰਬੰਧਤ ਸਨ। ਪੁਲਿਸ ਨੇ 302 ਧਾਰਾ ਅਧੀਨ ਕਤਲ ਅਤੇ ਇਰਾਦਾ ਕਤਲ ਦਾ ਮੁਕੱਦਮਾ ਦਰਜ ਕੀਤਾ ਅਤੇ ਸਮਾਗਮ ਦੀ ਪ੍ਰਧਾਨਗੀ ਕਰਨ ਵਾਲੇ ਅਤੇ ਸਮਾਗਮ ਵਿੱਚ ਸ਼ਾਮਲ ਦੇਸ਼ ਦੇ ਉੱਚ ਕੋਟੀ ਦੇ ਲੇਖਕਾਂ, ਬੁੱਧੀਜੀਵੀਆਂ, ਸਮਾਜਿਕ ਕਾਰਕੁੰਨਾਂ ਦੇ ਨਾਮ ਪੁਲਿਸ ਨੇ ਐੱਫ.ਆਈ.ਆਰ. ਵਿੱਚ ਲਿਖ ਦਿੱਤੇ।

ਦੇਸ਼ ਦਾ ਸਰਮਾਇਆ ਰੌਸ਼ਨ ਦਿਮਾਗ਼ ਬੁੱਧੀਜੀਵੀਆਂ ਨੂੰ ਲੰਮਾ ਸਮਾਂ ਮੁਕੱਦਮੇ ਲਟਕਾ ਕੇ ਜੇਲ੍ਹਾਂ ਵਿੱਚ ਸਾੜਨਾ ਕੀ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਹੀਂ? ਕੀ ਮੱਥਿਆਂ ਵਿੱਚ ਦੀਵੇ ਬਾਲੀ ਬੈਠੇ ਇਨ੍ਹਾਂ ਦੇਸ਼ ਦੇ ਨਾਗਰਿਕਾਂ ਨਾਲ ਇਹ ਮਾਨਸਿਕ ਸਰੀਰਕ ਧੱਕਾ ਨਹੀਂ? ਡੂੰਘੀਆਂ ਸੋਚਾਂ ਤੇ ਤਿੱਖੇ ਬੋਲਾਂ ਨੂੰ ਚੁੱਪ ਕਰਾਉਣ ਦੀ ਸਾਜ਼ਿਸ਼ ਨਹੀਂ?ਪਾਣੀ ਵਿੱਚ ਦੀਵੇ ਬਾਲਣ ਵਾਲੇ ਹਾਕਮ ਉਨ੍ਹਾਂ ਸਭਨਾਂ ਨੂੰ ਨੂੜਣ ਤੇ ਅਕਲ ਦੇ ਖੂਹ ਪੂਰਨ ਦੇ ਰਾਹ ਪਏ ਹੋਏ ਹਨ ਜਿਹੜੇ ਲੋਕਾਂ ਵਿੱਚ ਅਣਖ ਦੀ ਜੋਤ ਜਗਾਉਂਦੇ ਹਨ। ਪਰ ਕੀ ਇਹ ਹਾਕਮ ਲੋਕ ਇਤਿਹਾਸ ਬਦਲ ਦੇਣਗੇ? ਸ਼ਾਇਦ ਕਦੇ ਨਹੀਂ!ਲੋਕ ਆਪਣੇ ਹੱਕਾਂ ਦੀ ਰਾਖੀ ਲਈ ਸੜਕਾਂ ’ਤੇ ਆਉਂਦੇ ਰਹਿਣਗੇ, ਮਨ ਕੀ ਬਾਤ ਪਾਉਂਦੇ ਰਹਿਣਗੇ ਅਤੇ ਹਾਕਮ ਦੇ “ਮਨ ਦੀ ਫਰੇਬੀ ਬਾਤ” ’ਤੇ ਮਿੱਟੀ ਪਾਉਂਦੇ ਰਹਿਣਗੇ।