ਪੰਜਾਬ ਨੂੰ ਯੂ਼ ਪੀ ਦੇ ਫਿਰਕੂ ਰਾਹਾਂ ਵਲ ਤੋਰਿਆ  ਜਾ ਰਿਹਾ?       

ਪੰਜਾਬ ਨੂੰ ਯੂ਼ ਪੀ ਦੇ ਫਿਰਕੂ ਰਾਹਾਂ ਵਲ ਤੋਰਿਆ  ਜਾ ਰਿਹਾ?       

    ਵਿਸ਼ੇਸ਼ ਮੁਦਾ

  ਗੁਰਮੀਤ ਸਿੰਘ ਪਲਾਹੀ

ਵਾਰਾਨਸੀ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਹਿੰਦੂ ਧਰਮ ਅਤੇ ਭਗਵਾਨ ਸ਼ਿਵ ਦੇ ਦਾਰਸ਼ਨਿਕ ਪੱਖ ਦੀ ਗੱਲ ਨਹੀਂ ਕੀਤੀ, ਸਗੋਂ ਸਿੱਧੇ-ਸਿੱਧੇ ਔਰੰਗਜ਼ੇਬ ਅਤੇ ਸਾਲਾਰ ਮਸੂਦ ਦਾ ਨਾਂ ਲੈ ਕੇ ਸੰਪਰਦਾਇਕ ਵੰਡ ਦਾ ਦਾਅ ਚੱਲਿਆ ਹੈ। ਯੂ.ਪੀ. ਦੀਆਂ ਚੋਣਾਂ ਜਿੱਤਣ ਲਈਂ ਹਿੰਦੂ ਧਰਮ ਦੇ ਰਖਵਾਲੇ “ਡਬਲ ਇੰਜਨ” ਮੋਦੀ ਅਤੇ ਜੋਗੀ” ਦੱਸ ਰਹੇ ਹਨ ਕਿ ਉਹਨਾਂ ਰਾਮ ਮੰਦਿਰ ਦਾ ਨਿਰਮਾਣ ਕੀਤਾ ਹੈ। ਵਿਸ਼ਵਾਨਾਥ ਮੰਦਿਰ ਦਾ ਵਿਹੜਾ ਸਜਾਇਆ ਹੈ। ਮੋਦੀ ਅਤੇ ਯੋਗੀ ਸੰਦੇਸ਼ ਦੇ ਰਹੇ ਹਨ ਕਿ ਧਾਰਮਿਕ ਆਸਥਾ ਤੋਂ ਬਿਨਾਂ ਦੇਸ਼ ਭਗਤੀ ਕਾਹਦੀ? ਉੁਹਨਾਂ ਦੇ ਇਹਨਾਂ ਪਰਵਚਨਾਂ ਤੋਂ ਪ੍ਰਭਾਵਤ ਹੋ ਕੇ ਅਰਧ ਸਿੱਖਿਅਤ ਹਿੰਦੂ, ਮੁਸਲਮਾਨਾਂ ਨੂੰ ਔਰੰਗਜ਼ੇਬ ਦੇ ਕੀਤੇ ਜ਼ੁਲਮਾਂ ਕਾਰਨ ਦੰਡਿਤ ਕਰਨਾ ਚਾਹੁੰਦੇ ਹਨ। ਮੋਦੀ ਅਤੇ ਜੋਗੀ ਯੂਪੀ ਦੇ ਲੋਕਾਂ ਨੂੰ ਇਹ ਅਹਿਸਾਸ ਕਰਾਉਣਾ ਚਾਹੁੰਦੇ ਹਨ ਅਤੇ ਕਹਿ ਰਹੇ ਹਨ ਭੁੱਲ ਜਾਉ ਯੂ.ਪੀ. ਵਾਲਿਓ ਕਿ ਕੁਝ ਮਹੀਨੇ ਪਹਿਲਾਂ ਗੰਗਾ ਜੀ ਵਿੱਚ ਲਾਸ਼ਾਂ ਵਹਿ ਰਹੀਆਂ ਸਨ। ਭੁੱਲ ਜਾਉ ਕਿ ਹਸਪਤਾਲਾਂ ਵਿੱਚ ਮਹਾਂਮਾਰੀ ਵੇਲੇ ਬਿਸਤਰ ਨਹੀਂ ਸਨ, ਦਵਾਈਆਂ ਨਹੀਂ ਸਨ, ਆਕਸੀਜਨ ਨਹੀਂ ਸੀ ਅਤੇ ਹਾਥਰਸ, ਲਖੀਮਪੁਰ ਦੀ ਘਟਨਾ ਵੀ ਭੁੱਲ ਜਾਉ। ਉਹ ਆਯੋਧਿਆ ਅਤੇ ਕਾਸ਼ੀ ਦਾ ਇੰਜ ਪ੍ਰਚਾਰ ਕਰ ਰਹੇ ਹਨ ਕਿ ਲੋਕਾਂ ਨੂੰ ਕੱਪੜੇ, ਮਕਾਨ, ਰੋਟੀ ਦੀ ਚਿੰਤਾ ਘੱਟ ਰਹੇ ਅਤੇ ਮਜ਼ਹਬ ਦੀ ਚਿੰਤਾ ਵਧ ਰਹੇ ਅਤੇ ਉਹ ਮੁਸਲਮਾਨ ਅਤੇ ਹੋਰ ਘੱਟ ਗਿਣਤੀਆਂ ਤੋਂ ਦੂਰੀ ਬਣਾ ਕੇ ਸਿਰਫ਼ ਤੇ ਸਿਰਫ਼ ਭਾਜਪਾ ਨੂੰ ਯੂ.ਪੀ. ਵਿੱਚ ਵੋਟ ਦੇਣ। ਇਸੇ ਕਿਸਮ ਦਾ ਧਾਰਮਿਕ ਧਰੁਵੀਕਰਨ ਮੋਦੀ ਦੀ ਭਾਜਪਾ ਨੇ ਪਿਛਲੀਆਂ ਚੋਣਾਂ ਵਿੱਚ ਪੈਂਦਾ ਕਰ ਦਿੱਤਾ ਸੀ ਅਤੇ ਵਿਧਾਨ ਸਭਾ ਚੋਣਾਂ ਵੇਲੇ ਵੀ ਅਤੇ ਲੋਕ ਸਭਾ ਚੋਣਾਂ ਵੇਲੇ ਵੀ ਵੱਡੀ ਜਿੱਤ ਪ੍ਰਾਪਤ ਕੀਤੀ ਸੀ।

ਪੰਜਾਬ ਅਤੇ ਬੇਅਦਬੀ ਦੀਆਂ ਘਟਨਾਵਾਂ

ਕੀ ਪੰਜਾਬ ਵੀ ਉਸੇ ਰਾਹ ’ਤੇ ਹਾਕਮਾਂ ਵੱਲੋਂ ਤੋਰ ਦਿੱਤਾ ਜਾਏਗਾ। ਸ੍ਰੀ ਗੁਰੂ ਗ੍ਰੰਥ ਸਹਿਬ ਦੀਆਂ ਬੇਅਦਬੀ ਦੀਆਂ ਘਟਨਾਵਾਂ ਕੀ ਇਹੋ ਸੰਦੇਸ਼ ਤਾਂ ਨਹੀਂ ਪ੍ਰਗਟ ਕਰ ਰਹੀਆਂ। ਸਰਬ ਪ੍ਰਵਾਨਤ ਸ੍ਰੀ ਹਰਮਿੰਦਰ ਸਾਹਿਬ ਵਿੱਚ ਘਿਨਾਉਣੇ ਢੰਗ ਨਾਲ ਬੇਅਦਬੀ ਦਾ ਯਤਨ, ਜਿਸ ਨਾਲ ਹਿਰਦੇ ਵਲੂੰਦਰੇ ਗਏ ਹਨ, ਕੀ ਕੋਈ ਡੂੰਘੀ ਸਾਜ਼ਿਸ਼ ਤਾਂ ਨਹੀਂ ਹੈ? ਪੰਜਾਬ ਵਿੱਚ ਪਹਿਲਾਂ ਵਾਪਰੀਆਂ ਹਿਰਦੇ ਵਰਧਕ ਬੇਅਦਬੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਲੋਕਾਂ ਨੂੰ ਸਾਹਮਣੇ ਲਿਆਉਣ ਦੀ ਥਾਂ ਸਿਆਸੀ ਖੇਡ ਖੇਡੀ ਜਾ ਰਹੀ ਹੈ। ਇੰਨੇ ਸਾਲ ਬੀਤਣ ਬਾਅਦ ਵੀ ਦੋਸ਼ੀਆਂ ਦੇ ਚਿਹਰੇ ਨੰਗੇ ਨਹੀਂ ਹੋਏ, ਉਹਨਾਂ ਨੂੰ ਸਜ਼ਾਵਾਂ ਨਹੀਂ ਦਿੱਤੀਆਂ ਗਈਆਂ। ਸਿੱਟੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਅਤੇ ਫਿਰ ਕਪੂਰਥਲਾ ਦੇ ਪਿੰਡ ਨਿਜ਼ਾਮਪੁਰ ਵਿੱਚ ਵਾਪਰੀ ਘਟਨਾ ਕਾਰਨ ਲੋਕਾਂ ਵਿੱਚ ਭਾਰੀ ਰੋਹ ਵੇਖਣ ਨੂੰ ਮਿਲਿਆ ਅਤੇ ਉੱਥੇ ਹਾਜ਼ਰ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਜਾਂ ਸਰਕਾਰ ਉੱਤੇ ਯਕੀਨ ਕਰਨ ਦੀ ਥਾਂ, ਆਪ ਸਿੱਧੀ ਕਾਰਵਾਈ ਕਰਨ ਨੂੰ ਤਰਜੀਹ ਦਿੱਤੀ।ਪੰਜਾਬ ਦਾ ਮਾਹੌਲ ਇਹਨਾਂ ਘਟਨਾਵਾਂ ਨਾਲ ਬਹੁਤ ਹੀ ਭਾਵੁਕ ਹੋ ਚੁੱਕਾ ਹੈ। ਇਹ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਹਨ। ਲੋਕ ਲਗਾਤਾਰ ਮੰਗ ਕਰ ਰਹੇ ਹਨ ਕਿ ਇਹ ਪਤਾ ਲਗਾਇਆ ਜਾਣਾ ਚਾਹੀਦਾ ਹੈ ਕਿ ਇਹਨਾਂ ਘਟਨਾਵਾਂ ਪਿੱਛੇ ਕਿਹੜੀਆਂ ਤਾਕਤਾਂ ਹਨ? ਉਹਨਾਂ ਦਾ ਪਰਦਾਫਾਸ਼ ਕੀਤਾ ਜਾਣਾ ਚਾਹੀਦਾ ਹੈ।ਸਵਾਲ ਇਹ ਵੀ ਉੱਠਦਾ ਹੈ ਕਿ ਚੋਣਾਂ ਤੋਂ ਐਨ ਪਹਿਲਾਂ ਇਹੋ ਜਿਹੀਆਂ ਘਟਨਾਵਾਂ ਆਖ਼ਿਰ ਕਿਉਂ ਵਾਪਰਦੀਆਂ ਹਨ? ਮਾਹੌਲ ਨੂੰ ਫ਼ਿਰਕੂ ਰੰਗਤ ਦੇਣ ਜਾਂ ਸਰਹੱਦਾਂ ਉੱਤੇ ਮਾਹੌਲ ਵਿੱਚ ਤਣਾਅ ਕਿਉਂ ਵਧ ਜਾਂਦਾ ਹੈ? ਡਰੋਨ ਹਮਲੇ ਕਿਉਂ ਤੇਜ਼ ਹੋ ਜਾਂਦੇ ਹਨ? ਕੀ ਇਹ ਵਿਦੇਸ਼ੀ ਤਾਕਤਾਂ ਦਾ ਕੋਈ ਕਾਰਾ ਹੈ ਜਾਂ ਦੇਸੀ ਤਾਕਤਾਂ ਦਾ ਕਾਰਾ ਹੈ, ਜਿਹੜੀਆਂ ਸਿਆਸੀ ਲਾਹਾ ਲੈਣ ਦੀ ਤਾਕ ਵਿੱਚ ਬੈਠੀਆਂ ਹਨ ਅਤੇ ਪੰਜਾਬ ਦੀ ਧਰਤੀ ਦੇ ਲੋਕਾਂ ਨੂੰ ਫ਼ਿਰਕੂ ਰੰਗ ਵਿੱਚ ਰੰਗ ਕੇ ਇੱਥੋਂ ਦੇ ਭਾਈਚਾਰਕ ਤਾਣੇ-ਬਾਣੇ ਨੂੰ ਤਹਿਸ਼-ਨਹਿਸ਼ ਕਰਕੇ ਸਭ ਕੁਝ ਆਪਣੇ ਹੱਥਾਂ ਵਿੱਚ ਕਰ ਲੈਣਾ ਚਾਹੁੰਦੀਆਂ ਹਨ।

ਸਿਆਸਤਦਾਨਾਂ ਦੀਆਂ ਚਾਲਾਂ

ਅੱਜ ਪੰਜਾਬ ਸਿਆਸਤਦਾਨਾਂ ਦੀਆਂ ਸਿਆਸੀ ਚਾਲਾਂ ਕਾਰਨ ਬੁਰੀ ਤਰ੍ਹਾਂ ਤਬਾਹ ਹੋ ਰਿਹਾ ਹੈ। ਕੇਂਦਰੀ ਹਾਕਮਾਂ ਨੇ ਸਮੇਂ ਸਮੇਂ ਘੁੱਗ ਵਸਦੇ ਪੰਜਾਬ ਦੀ ਤਬਾਹੀ ਦੀ ਦਾਸਤਾਨ ਲਿਖੀ ਹੈ। ਪੰਜਾਬ ਲਈ ’47 ਲਿਖਿਆ, ’84 ਪੱਲੇ ਪਾਇਆ, ਖਾੜਕੂਵਾਦ ਵਾਲੇ ਹਾਲਾਤ ਪੈਦਾ ਕੀਤੇ, ਨੌਜਵਾਨਾਂ ਨੂੰ ਨਸ਼ਿਆਂ ਦੇ ਰਾਹ ਪਾਇਆ ਅਤੇ ਫਿਰ ਖੇਤੀ ਕਾਨੂੰਨ ਲਾਗੂ ਕਰਕੇ ਪੰਜਾਬ ਦੇ ਕਿਸਾਨਾਂ ਦੀ ਜ਼ਮੀਨ ਖੋਹਣ ਦੀ ਸਾਜ਼ਿਸ਼ ਰਚੀ। ਸਿੱਟੇ ਵਜੋਂ ਪੰਜਾਬ ਦੀ ਆਰਥਿਕਤਾ ਤਬਾਹੀ ਦੇ ਕੰਢੇ ਪਈ ਹੈ।

ਪੰਜਾਬ ਦੀ ਡਾਵਾਂਡੋਲ ਆਰਥਿਕ ਸਥਿਤੀ

ਪੰਜਾਬ ਦੀ ਆਰਥਿਕਤਾ ਅੱਜ ਐਨੀ ਡਾਵਾਂਡੋਲ ਹੋ ਗਈ ਹੈ ਕਿ ਵਿਦੇਸ਼ੀ ਨਿਵੇਸ਼, ਨਿਰਯਾਤ, ਘਰੇਲੂ ਉਤਪਾਦਨ, ਜੀ.ਡੀ.ਪੀ., ਬੇਰੁਜ਼ਗਾਰੀ ਤੇ ਜੀ.ਐੱਸ.ਟੀ. ਦੀ ਉਗਰਾਹੀ ਵਿੱਚ ਪੰਜਾਬ ਦੇਸ਼ ਦੇ ਹੋਰ ਰਾਜਾਂ ਤੋਂ ਪਛੜ ਗਿਆ ਹੈ। ਕਿਸਾਨਾਂ ਨੂੰ ਜਦੋਂ ਅੰਦੋਲਨ ਦੇ ਰਸਤੇ ਕੇਂਦਰ ਦੀ ਸਰਕਾਰ ਨੇ ਮਜਬੂਰਨ ਤੋਰ ਦਿੱਤਾ ਤਾਂ ਇਸ ਇੱਕ ਸਾਲ ਦੇ ਅਰਸੇ ਵਿੱਚ ਦੇਸ਼ ਦੇ ਸਨਅਤਕਾਰਾਂ, ਵਪਾਰੀਆਂ ਤੇ ਕਾਰੋਬਾਰੀਆਂ ਨੂੰ 60 ਹਜ਼ਾਰ ਕਰੋੜ ਦਾ ਨੁਕਸਾਨ ਹੋਇਆ। ਇਸ ਨੁਕਸਾਨ ਦਾ ਵੱਡਾ ਹਿੱਸਾ ਪੰਜਾਬ ਨੂੰ ਝੱਲਣਾ ਪਿਆ ਹੈ। ਇਸ ਵੇਲੇ ਪੰਜਾਬ ਦੀ ਸਲਾਨਾ ਮਿਸ਼ਰਤ ਵਿਕਾਸ ਦਰ 6.31 ਫ਼ੀਸਦੀ ਹੈ ਜਦਕਿ ਦਿੱਲੀ ਦੀ 7.70 ਫ਼ੀਸਦੀ ਅਤੇ ਉੱਤਰ ਪ੍ਰਦੇਸ਼ ਦੀ 11.39 ਫ਼ੀਸਦੀ ਹੈ। ਵਿਦੇਸ਼ੀ ਨਿਵੇਸ਼ ਹਰਿਆਣਾ ਵਿੱਚ 91.9 ਅਰਬ ਡਾਲਰ ਹੋਇਆ, ਦਿੱਲੀ ਵਿੱਚ 101.88 ਅਰਬ ਡਾਲਰ ਹੋਇਆ ਪਰ ਪੰਜਾਬ ਵਿੱਚ ਬਹੁਤਾ ਨਿਵੇਸ਼ ਨਹੀਂ ਹੋਇਆ। ਪੰਜਾਬ ਵਿੱਚ 2017 ਵਿੱਚ ਘਰੇਲੂ ਉਤਪਾਦਨ 65.58 ਫ਼ੀਸਦੀ ਸੀ ਹੁਣ ਘਟਕੇ 64.99 ਫ਼ੀਸਦੀ ਹੈ ਜਦਕਿ ਹਰਿਆਣਾ ਵਿੱਚ 90.87 ਤੋਂ ਵਧਕੇ 94.30 ਫ਼ੀਸਦੀ ਹੋ ਗਿਆ ਹੈ। ਪੰਜਾਬ ਤੋਂ 5.29 ਅਰਬ ਡਾਲਰ, ਹਰਿਆਣਾ ਤੋਂ 11.60 ਅਰਬ ਡਾਲਰ ਅਤੇ ਉੱਤਰ ਪ੍ਰਦੇਸ਼ ਤੋਂ 12.93 ਅਰਬ ਡਾਲਰ ਨਿਰਯਾਤ ਹੁੰਦਾ ਹੈ। ਇਸ ਤੋਂ ਸਪਸ਼ਟ ਹੈ ਕਿ ਪੰਜਾਬ ਦੀ ਸਿੰਗਲ ਵਿੰਡੋ ਯੋਜਨਾ ਸਿਰਫ਼ ਅੱਖੀ ਘੱਟਾ ਪਾਉਣ ਵਾਲੀ ਹੈ, ਜਦਕਿ ਯੂ.ਪੀ., ਦਿੱਲੀ, ਹਰਿਆਣਾ ਵਿੱਚ ਇਹ ਸੁਚੱਜੇ ਢੰਗ ਨਾਲ ਚਲਦੀ ਹੈ।

ਪੰਜਾਬ ਹਰ ਪੱਖੋਂ ਪਛੜਿਆ

ਪੰਜਾਬ ਜੀ.ਡੀ.ਪੀ. ਵਿੱਚ ਇੱਕ ਨੰਬਰ ਤੋਂ 17ਵੇਂ ਨੰਬਰ ’ਤੇ ਪੁੱਜ ਗਿਆ। ਪ੍ਰਤੀ ਵਿਅਕਤੀ ਆਮਦਨ ਵਿੱਚ ਪੰਜਾਬ ਕਦੇ ਤੀਜੇ ਨੰਬਰ ’ਤੇ ਸੀ, ਹੁਣ ਪਛੜਕੇ 19ਵੇਂ ਨੰਬਰ ’ਤੇ ਚਲੀ ਗਈ ਹੈ। ਪੰਜਾਬ ਵਿੱਚ ਕਰਜ਼ੇ ਦਾ ਬੋਝ 2007 ਤੋਂ 2017 ਤਕ 51009 ਕਰੋੜ ਸੀ, ਜਦੋਂ ਹੁਣ 2018 ਤੋਂ 2021 ਤਕ 2, 82, 000 ਕਰੋੜ ਹੋ ਗਿਆ ਹੈ। ਪੰਜਾਬ ਬੇਰਜ਼ੁਗਾਰੀ ਵਿੱਚ ਉੱਪਰਲੇ ਪੰਜ ਸੂਬਿਆਂ ਵਿੱਚ ਸ਼ੁਮਾਰ ਹੋ ਗਿਆ ਹੈ। ਪੰਜਾਬ ਅੰਦਰ 2010-11 ਵਿੱਚ ਵੈਟ ਦੀ ਉਗਰਾਹੀ 12, 200 ਕਰੋੜ ਸੀ ਅਤੇ ਹਰਿਆਣਾ ਵਿੱਚ 11, 082 ਕਰੋੜ। ਹੁਣ 2021 ਵਿੱਚ ਹਰਿਆਣਾ ਵਿੱਚ ਉਗਰਾਹੀ 66000 ਕਰੋੜ ਹੈ ਅਤੇ ਪੰਜਾਬ ਵਿੱਚ ਹਾਲੀ ਵੀ 16000 ਕਰੋੜ ਹੈ। ਭਾਰਤ ਦੇ ਹੋਰਨਾਂ ਰਾਜਾਂ ਵਿੱਚ ਬਿਜਲੀ ਡਿਊਟੀ ਤੋਂ ਆਮਦਨ ਤਿੰਨ ਫ਼ੀਸਦੀ ਹੈ ਜਦਕਿ ਪੰਜਾਬ ਵਿੱਚ ਬਿਜਲੀ ਡਿਊਟੀਆਂ ਤੇ ਹੋਰ ਖ਼ਰਚਿਆਂ ਤੋਂ 10 ਫ਼ੀਸਦੀ ਆਮਦਨ ਪ੍ਰਾਪਤ ਕਰਦਾ ਹੈ। ਇਸੇ ਕਰਕੇ ਸੂਬੇ ਪੰਜਾਬ ਅੰਦਰ 14000 ਤੋਂ ਵੱਧ ਸਨਅਤੀ ਬਿਜਲੀ ਕੁਨੈਕਸ਼ਨ ਘਟ ਗਏ ਹਨ। ਸਨਅਤਕਾਰ ਪੰਜਾਬ ਛੱਡ ਰਹੇ ਹਨ।ਪੰਜਾਬ ਜਦੋਂ ਇਹੋ ਜਿਹੀ ਆਰਥਿਕ ਸਥਿਤੀ ਦਾ ਸਾਹਮਣਾ ਕਰ ਰਿਹਾ ਹੈ। ਬੇਰੁਜ਼ਗਾਰੀ ਸੂਬੇ ਵਿੱਚ ਅੰਤਾਂ ਦੀ ਹੈ। ਲੋਕਾਂ ਦਾ ਵਿਸ਼ਵਾਸ ਸਰਕਾਰ, ਪ੍ਰਸ਼ਾਸਨ, ਸਿਆਸਤਦਾਨਾਂ ਤੋਂ ਉੱਠ ਗਿਆ ਹੈ ਤਾਂ ਲੋਕ ਪੰਜਾਬ ਵਿੱਚ ਕਿਸ ਆਸਰੇ ਜੀਊਣ, ਕਿੱਧਰ ਜਾਣ? ਪ੍ਰਵਾਸ ਨੇ ਉਹਨਾਂ ਦੇ ਮਨਾਂ ਵਿੱਚ ਥਾਂ ਮੱਲ ਲਈ ਹੋਈ ਹੈ ਜੋ ਪੰਜਾਬੀਆਂ ਦੇ ਲਈ ਘਾਤਕ ਵੀ ਸਾਬਤ ਹੋ ਰਹੀ ਹੈ।

ਪੰਜਾਬ ਅਤੇ ਫ਼ਿਰਕੂ ਤਾਕਤਾਂ

ਆਰਥਿਕ ਪੱਖੋਂ ਕਮਜ਼ੋਰ, ਪ੍ਰਸ਼ਾਸਨਿਕ ਪੱਖੋਂ ਢਿੱਲ ਦਾ ਮਾਹੌਲ, ਮਜ਼ਹਬੀ, ਫ਼ਿਰਕੂ ਲੋਕਾਂ ਨੂੰ ਬਲ ਦੇ ਰਿਹਾ ਹੈ। ਲੋਕਾਂ ਵਿੱਚ ਉਪਰਾਮਤਾ ਵਧਣ ਕਾਰਨ ਆਪਸੀ ਵਿਸ਼ਵਾਸ ਦਾ ਡਾਵਾਂਡੋਲ ਹੋਣਾ ਸੁਭਾਵਿਕ ਹੈ। ਇਹੋ ਜਿਹੀਆਂ ਹਾਲਤਾਂ ਵਿੱਚ ਵੱਖੋ-ਵੱਖਰੇ ਧਰਮਾਂ ਨੂੰ ਮੰਨਣ ਵਾਲੇ ਲੋਕਾਂ ਵਿੱਚ ਪਾੜਾ ਵਧਣ ਦੇ ਆਸਾਰ ਪੈਦਾ ਹੁੰਦੇ ਹਨ ਅਤੇ ਸਿਆਸੀ ਚਾਲਾਂ ਅਤੇ ਬੇਅਦਬੀ ਦੀਆਂ ਘਟਨਾਵਾਂ ਭਾਵੇਂ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਹੋਣ ਜਾਂ ਹਿੰਦੂਆਂ, ਕ੍ਰਿਸਚੀਅਨਾਂ, ਮੁਸਲਮਾਨਾਂ ਦੇ ਪਵਿੱਤਰ ਗ੍ਰੰਥਾਂ ਦੀਆਂ, ਉਹ ਵੱਖੋ-ਵੱਖਰੇ ਧਰਮਾਂ ਨੂੰ ਮੰਨਣ ਵਾਲਿਆਂ ਨੂੰ ਇੱਕ-ਦੂਜੇ ਤੋਂ ਦੂਰ ਲੈ ਜਾਣਗੀਆਂ। ਇਹੋ ਗੱਲ ਦੇਸ਼ ਦੇ ਉਹ ਹਾਕਮ, ਸਿਆਸਤਦਾਨ ਚਾਹੁੰਦੇ ਹਨ, ਜਿਹਨਾਂ ਦਾ ਇੱਕੋ ਇੱਕ ਮੰਤਵ ਸਿਆਸੀ ਤਾਕਤ ਹਥਿਆਉਣਾ ਹੈ।

ਦਿੱਲੀ ਦੇ ਹਾਕਮਾਂ ਦਾ ਪੰਜਾਬ ਨਾਲ ਵਿਤਕਰਾ

ਉਂਜ ਵੀ ਦੇਸ਼ ਦਾ ਦਿੱਲੀ ਹਾਕਮ ਚਾਹੇ ਉਹ ਕਾਂਗਰਸ ਵੇਲੇ ਸੀ, ਜਾਂ ਹੁਣ ਭਾਜਪਾ ਵੇਲੇ “ਸੋਨੇ ਦੀ ਚਿੜੀ” ਪੰਜਾਬ ਨੂੰ ਸਬਕ ਸਿਖਾਉਣਾ ਚਾਹੁੰਦਾ ਹੈ। ਉਹ ਸਬਕ ਉਹਨਾਂ 1984 ਵਿੱਚ ਵੀ ਸਿਖਾਇਆ ਅਤੇ ਸਮੇਂ-ਸਮੇਂ ਪੰਜਾਬ ਨੂੰ ਆਰਥਿਕ ਪੱਖੋਂ ਕਮਜ਼ੋਰ ਕਰਕੇ ਵੀ। ਪੰਜਾਬ ਨੂੰ ਕੋਈ ਵੱਡੀ ਸਨਅਤ ਨਹੀਂ ਦਿੱਤੀ। ਪੰਜਾਬ ਦੇ ਖੇਤੀ ਉਤਪਾਦਨ ਨੂੰ ਸੰਭਾਲਣ ਲਈ ਪਿੰਡਾਂ ਵਿੱਚ ਕੋਈ ਕਾਰਖ਼ਾਨੇ ਨਹੀਂ ਲਗਾਏ, ਸਿਰਫ਼ ਪੰਜਾਬ ਦੇ ਕੱਚੇ ਮਾਲ “ਖੇਤੀ ਉਪਜ” ਨੂੰ ਵਰਤਕੇ ਪੰਜਾਬ ਨੂੰ ਲੁੱਟਿਆ ਹੀ ਹੈ। ਇਸੇ ਗੱਲ ਦਾ ਸਿੱਟਾ ਹੀ ਹੈ ਕਿ ਅੱਜ ਪੰਜਾਬ ਤਬਾਹੀ ਦੀਆਂ ਬਰੂਹਾਂ ’ਤੇ ਖੜ੍ਹਾ ਵਿਖਾਈ ਦਿੰਦਾ ਹੈ।ਸਵਾਰਥੀ ਸਿਆਸਤਦਾਨਾਂ ਦੀ ਦੌੜ ਪੰਜਾਬ ਨੂੰ ਮੰਗ ਖਾਣੇ ਬਣਾਉਣ ’ਤੇ ਲੱਗੀ ਹੋਈ ਹੈ; ਪੰਜਾਬ ਦਾ ਮਾਹੌਲ ਖਰਾਬ ਕਰਕੇ, ਇਸਦੀ ਬੋਲੀ, ਇਸਦੇ ਸੱਭਿਆਚਾਰ, ਇਸਦੇ ਸਮਾਜਿਕ ਤਾਣੇ-ਬਾਣੇ, ਭਾਈਚਾਰਕ ਸਾਂਝ ਵਿੱਚ ਛੇਕ ਪਾਉਣ ’ਤੇ ਲੱਗੀ ਹੋਈ ਹੈ। ਪੰਜਾਬ ਦੇ ਲੋਕਾਂ ਦੀਆਂ ਆਪਸੀ ਪੀਡੀਆਂ ਗੰਢਾਂ ਨੂੰ ਤੋੜਨ ਤੇ ਲੱਗੀ ਹੋਈ ਹੈ ਅਤੇ ਪੰਜਾਬ ਨੂੰ ਜਾਤਾਂ, ਧਰਮਾਂ ਵਿੱਚ ਵੰਡਕੇ ਆਪਣੇ ਹਿਤ ਸਾਧਣ ਵੱਲ ਰੁਚਿਤ ਹੈ।

ਪੰਜਾਬ ਦਾ ਮੌਜੂਦਾ ਚੋਣ ਦ੍ਰਿਸ਼

ਅੱਜ ਪੰਜਾਬ ਦਾ ਚੋਣ ਦ੍ਰਿਸ਼ ਵੇਖਣ ਦੀ ਲੋੜ ਹੈ। ਸਿਆਸੀ ਪਾਰਟੀਆਂ ਲਈ ਪੰਜਾਬ ਦੇ ਮੁੱਦੇ, ਮਸਲੇ ਅਹਿਮ ਨਹੀਂ ਹਨ। ਪੰਜਾਬ ਦੀ ਕਾਂਗਰਸ ਲੋਕ ਹਿਤਾਂ ਦੀ ਗੱਲ ਕਰਦੀ ਹੈ, ਪਰ ਉਸ ਵਿੱਚ ਪਾਟੋ-ਧਾੜ ਹੈ, ਉਸਦੇ ਪੰਜ ਛੇ ਧੜੇ ਬਣੇ ਹੋਏ ਹਨ ਜੋ ਸਿਰਫ਼ ਕੁਰਸੀ ਪ੍ਰਾਪਤੀ ਲਈ ਇੱਕ-ਦੂਜੇ ਦੀਆਂ ਲੱਤਾਂ ਖਿੱਚ ਰਹੇ ਹਨ। ਲੋਕ ਸਰੋਕਾਰ ਇਹਨਾਂ ਤੋਂ ਦੂਰ ਹਨ। ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦਾ ਆਪਸੀ ਗੱਠਜੋੜ ਬੇਜੋੜ ਹੈ, ਸਿਰਫ਼ ਆਪਸੀ ਹਿਤਾਂ ਦੀ ਪੂਰਤੀ ਕਰਕੇ ਸਿਆਸੀ ਤਾਕਤ ਹਥਿਆਉਣ ਤਕ ਸੀਮਤ ਹੈ। ਆਮ ਆਦਮੀ ਪਾਰਟੀ ਗਰੰਟੀ ਦੇਣ ਦੀ ਰਾਜਨੀਤੀ ਕਰਦੀ ਹੈ, ਦਿੱਲੀ ਦਾ ਮੁੱਖ ਮੰਤਰੀ ਪੰਜਾਬ ਵਿੱਚ ਔਰਤਾਂ ਨੂੰ ਇੱਕ ਇੱਕ ਹਜ਼ਾਰ ਮਹੀਨਾ ਦੇਣ ਦਾ ਵਾਅਦਾ ਕਰਦਾ ਹੈ, ਦੂਜੀਆਂ ਪਾਰਟੀਆਂ ਪੂਰੇ ਪਰਿਵਾਰ ਨੂੰ ਪੰਜ-ਪੰਜ ਹਜ਼ਾਰ ਦੇਣ ਦੀ ਗੱਲ ਕਰਦੀਆਂ ਹਨ। ਹਾਕਮ ਧਿਰ ਕਾਂਗਰਸ ਨੇ ਤਾਂ ਰਿਆਇਤਾਂ ਦੀ ਝੜੀ ਹੀ ਲਾ ਦਿੱਤੀ ਹੋਈ ਹੈ। ਇਹ ਪੈਸੇ ਕਿੱਥੋਂ ਆ ਰਹੇ ਹਨ? ਅੱਗੋਂ ਰਿਆਇਤਾਂ ਲਈ ਪੈਸੇ ਕਿੱਥੋਂ ਆਉਣਗੇ? ਕੇਜਰੀਵਾਲ ਭ੍ਰਿਸ਼ਟਾਚਾਰ ਮੁਕਤ ਪੰਜਾਬ ਦੀ ਗੱਲ ਕਰਦਾ ਹੈ, ਪਰ ਜੋ ਭ੍ਰਿਸ਼ਟਾਚਾਰ ਦਿੱਲੀ ਵਿੱਚ ਉਹਦੇ ਰਾਜ ਵਿੱਚ ਹੋ ਰਿਹਾ ਹੈ, ਉਸ ਬਾਰੇ ਚੁੱਪ ਹੈ। ਪੰਜਾਬ ਦੇ ਲੋਕਾਂ ਲਈ ਕਿਸਾਨ ਸੰਘਰਸ਼ ਦੌਰਾਨ ਵਰਜਿਤ ਭਾਜਪਾ ਹੁਣ ਦੂਜੀਆਂ ਪਾਰਟੀਆਂ ਵਿੱਚੋਂ ਨਿਰਾਸ਼, ਦਾਗੀ, ਸਿਆਸਤਦਾਨਾਂ ਨੂੰ ਨਿੱਤ ਦਿਹਾੜੇ ਆਪਣੇ ਨਾਲ ਜੋੜ ਰਹੀ ਹੈ। ਪੰਜਾਬ ਵਿੱਚ ਦਲਿਤ ਮੁੱਖ ਮੰਤਰੀ ਬਣਾਉਣ ਦਾ ਵਾਅਦਾ ਕਰਦੀ ਹੈ। ਪਰ ਨਾਲੋ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਨਾਲ ਗੱਠਜੋੜ ਕਰਦੀ ਹੈ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਨਾਲ ਵੀ। ਪਰ ਕੈਪਟਨ ਅਮਰਿੰਦਰ ਸਿੰਘ ਨੂੰ ਵੱਡਾ ਭਾਈ ਮੰਨ ਕੇ ਉਹ ਜਿੱਤਣ ਦੀ ਸੂਰਤ ਵਿੱਚ ਉਸ ਨੂੰ ਮੁੱਖ ਮੰਤਰੀ ਬਣਾਏਗੀ ਜਾਂ ਕਿਸੇ ਦਲਿਤ ਚਿਹਰੇ ਨੂੰ। ਉਂਜ ਪੰਜਾਬ ਦੀ ਸਿਆਸਤ ਵਿੱਚ ਇਸ ਵੇਰ ਦਾ ਮੁੱਲ ਬੁਹਤ ਖ਼ਤਰਨਾਕ ਹੈ। ਕਾਂਗਰਸ ਨੇ ਦਲਿਤ ਚਿਹਰਾ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਕੇ ਦਲਿਤਾਂ ਦੀ ਹਿਤੈਸ਼ੀ ਹੋਣ ਦਾ ਅਤੇ ਉਹਨਾਂ ਦੀਆਂ ਵੋਟਾਂ ਬਟੋਰਨ ਦਾ ਜਦੋਂ ਦਾਅ ਚੱਲਿਆ ਤਾਂ ਸ਼੍ਰੋਮਣੀ ਅਕਾਲੀ ਦਲ ਨੇ ਵੀ ਅਤੇ ਆਮ ਆਦਮੀ ਪਾਰਟੀ ਨੇ ਵੀ ਉਪ ਮੁੱਖ ਮੰਤਰੀ ਦਾ ਚਿਹਰਾ ਕਿਸੇ ਦਲਿਤ ਨੂੰ ਬਣਾਉਣ ਦਾ ਐਲਾਨ ਕਰ ਦਿੱਤਾ। ਅਸਲ ਵਿੱਚ ਭਾਜਪਾ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਦਲਿਤ ਐਲਾਨਣ ਨਾਲ ਪੰਜਾਬ ਵਿੱਚ ਜਾਤ ਦੇ ਨਾਮ ਉੱਤੇ ਸਿਆਸਤ ਦਾ ਆਰੰਭ ਹੋਇਆ। ਕੀ ਹੁਣ ਪੰਜਾਬ ਦੀ ਆਬੋ ਹਵਾ ਵਿੱਚ ਧਰਮ, ਜਾਤਾਂ ਦਾ ਵਖਰੇਵਾਂ ਪਾ ਕੇ ਯੂ.ਪੀ. ਵਾਂਗ ਚੋਣਾਂ ਜਿੱਤਣ ਲਈ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦਾ ਕੋਝਾ ਯਤਨ ਤਾਂ ਨਹੀਂ ਹੋ ਰਿਹਾ? ਇਹ ਗੱਲ ਪੰਜਾਬੀਆਂ ਦੇ ਸਮਝਣ ਤੇ ਸੁਚੇਤ ਹੋਣ ਦੀ ਹੈ।ਇਸ ਸਬੰਧੀ ਸਿਆਸੀ ਪਾਰਟੀਆਂ ਨੇ ਸੁਚੇਤ ਹੋ ਕੇ ਆਪਣੇ ਵੱਲੋਂ ਬਿਆਨ ਦਿੱਤੇ ਹਨ, ਜੋ ਸਮਝਣ ਵਾਲੇ ਹਨ। ਪੰਜਾਬ ਦੇ ਮੁੱਖ ਮੰਤਰੀ ਕਹਿੰਦੇ ਹਨ ਕਿ ਬੇਅਦਬੀ ਪਿੱਛੇ ਕੇਂਦਰੀ ਏਜੰਸੀਆਂ ਦਾ ਹੱਥ ਹੈ। ਚੋਣਾਂ ਦੇ ਦੌਰ ਵਿੱਚ ਪੂਰੇ ਸੂਬੇ ਵਿੱਚ ਕਾਂਗਰਸ ਦੇ ਹੱਕ ਵਿੱਚ ਹਵਾ ਚੱਲ ਰਹੀ ਹੈ। ਇਸ ਕਾਰਨ ਘਬਰਾਹਟ ਵਿੱਚ ਆ ਕੇ ਪ੍ਰਦੇਸ਼ ਵਿੱਚ ਮਾਹੌਲ ਖਰਾਬ ਕਰਨ ਦਾ ਯਤਨ ਹੋ ਰਿਹਾ ਹੈ। ਆਰ.ਐੱਸ.ਐੱਸ. ਦੇ ਆਗੂ ਦੱਤਾਤ੍ਰੈ ਹੋਸਬਾਲੇ ਨੇ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਗੁਰੂ ਪਰੰਪਰਾ ਸਾਡੀ ਸਾਰਿਆਂ ਦੀ ਸਾਂਝੀ ਵਿਰਾਸਤ ਤੇ ਸ਼ਰਧਾ ਦਾ ਵਿਸ਼ਾ ਹੈ। ਸਮਾਜ ਨੂੰ ਆਪਸ ਵਿੱਚ ਲੜਾਉਣ ਵਾਲੀਆਂ ਤਾਕਤਾਂ ਸਾਜ਼ਿਸ਼ਾਂ ਕਰ ਰਹੀਆਂ ਹਨ। ਅਜਿਹੇ ਚਾਲਬਾਜ਼ਾਂ ਦਾ ਪਰਦਾਫਾਸ਼ ਕਰਕੇ ਉਹਨਾਂ ਨੂੰ ਸਖ਼ਤ ਸਜ਼ਾ ਦੇਣੀ ਚਾਹੀਦੀ ਹੈ।

ਪਰ ਸਿਆਸਤਦਾਨਾਂ ਦੇ ਬੋਲ ਕੀ ਸੱਚਮੁੱਚ ਦਿਲੋਂ-ਮਨੋਂ ਹਨ, ਜਾਂ ਫਿਰ ਉਹਨਾਂ ਦੇ ਮਨ ਅੰਦਰ ਕੋਈ ਹੋਰ ਗੱਲ ਵੀ ਲੁਕੀ ਹੋਈ ਹੈ, ਉਹ ਇਹ ਕਿ ਪੰਜਾਬ ਨੂੰ, ਪੰਜਾਬੀਆਂ ਨੂੰ ਕਿਵੇਂ ਕਾਬੂ ਕਰਨਾ ਹੈ, ਕਿਵੇਂ ਪੰਜਾਬ ਦਾ ਰਾਜ ਭਾਗ ਹਰ ਹੀਲੇ ਹਥਿਆਉਣਾ ਹੈ?