ਪੰਜਾਬ ਸਿਆਂ ਤੈਨੂੰ ਕਿਸ ਦੀ ਨਜ਼ਰ ਲੱਗ ਗਈ

ਪੰਜਾਬ ਸਿਆਂ ਤੈਨੂੰ ਕਿਸ ਦੀ ਨਜ਼ਰ ਲੱਗ ਗਈ

ਬੇਰੋਜ਼ਗਾਰੀ ਕਾਰਨ ਪੰਜਾਬ ਖਾਲੀ ਹੋਣ ਲੱਗਾ ਹੈ।

 ਕਰੋਨਾ ਵਾਇਰਸ ਕਾਰਨ ਪੂਰੇ ਵਿਸ਼ਵ ਵਿੱਚ ਹਾਹਾਕਾਰ ਮਚੀ ਹੋਈ ਹੈ।ਜਿਸ ਕਾਰਨ  ਦੇਸ਼ ਦਾ ਅਰਥਚਾਰਾ ਤੱਕ  ਡਗਮਗਾ ਗਿਆ ਹੈ।ਕੋਵਿਡ-19 ਮਹਾਂਮਾਰੀ ਦੇ ਬਾਵਜੂਦ ਕਿਸਾਨ ਪੰਜਾਬ 'ਚ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ, ਫੈਸਲਿਆਂ ਵਿਰੁੱਧ ਅੰਦੋਲਨ ਕਰ ਰਹੇ ਹਨ। ਤਕਰੀਬਨ 1ਅਕਤੂਬਰ ਤੋਂ ਪੰਜਾਬ ਚ ਅਣਮਿੱਥੇ ਸਮੇਂ ਲਈ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਗਿਆ ਸੀ। ਅੱਜ ਦੇਸ਼ ਦਾ ਅੰਨਦਾਤਾ ਕਹਿ ਰਿਹਾ ਹੈ ਕਿ ਇਹ ਬਿੱਲ ਉਨ੍ਹਾਂ ਨੂੰ ਬਰਬਾਦ ਕਰ ਦੇਣਗੇ।ਕਿਉਂ ਸਰਕਾਰ ਬਾਰ ਬਾਰ ਕਹਿ ਰਹੀ ਹੈ ਕਿ ਇਨ੍ਹਾਂ ਬਿੱਲਾਂ  ਨਾਲ ਕਿਸਾਨਾਂ ਦੀ ਆਰਥਿਕ ਸਥਿਤੀ ਸੁਧਰੇਗੀ ।ਵਿਚਾਰਨ ਵਾਲੀ ਗੱਲ ਹੈ ਕਿ ਜੇ ਕਿਸਾਨਾਂ ਦੀ ਆਮਦਨ ਦੁੱਗਣੀ ਹੋਵੇਗੀ ,ਤਾਂ ਫਿਰ ਦੇਸ਼ ਦਾ ਅੰਨਦਾਤਾ ਅੱਜ ਸੰਘਰਸ਼ ਦੇ ਰਾਹ ਕਿਉਂ ਪੈ ਗਿਆ ਹੈ? ਦਿੱਲੀ ਦੀਆਂ ਬਰੂਹਾਂ ਤੇ ਬੈਠੇ ਕਿਸਾਨਾਂ ਨੂੰ ਚਾਰ ਮਹੀਨੇ ਤੋਂ ਵੱਧ ਸਮਾਂ ਹੋ ਚੁੱਕਿਆ ਹੈ। 550 ਤੋਂ ਵੱਧ ਕਿਸਾਨਾਂ ਨੇ ਸ਼ਹੀਦੀ ਵੀ ਦਿੱਤੀ ਹੈ। ਹੁਣ ਤੱਕ ਕੇਂਦਰ ਸਰਕਾਰ ਨੇ ਆਪਣੀ ਅੜੀ ਨਹੀਂ ਛੱਡੀ ਹੈ। ਕੇਂਦਰ ਬਾਰ ਬਾਰ ਆਪਣੀ ਪੁਰਾਣੀ ਦਲੀਲਾਂ ਨੂੰ ਦੋਹਰਾ ਰਿਹਾ ਹੈ। ਅੱਜ ਕਿਸਾਨ ਅੰਦੋਲਨ ਜਨ ਅੰਦੋਲਨ ਬਣ ਗਿਆ ਹੈ। ਹਰ ਇੱਕ ਤਬਕਾ ਕਿਸਾਨੀ ਅੰਦੋਲਨ ਦੀ ਹਮਾਇਤ ਕਰ ਰਿਹਾ ਹੈ। ਯੂ ਐੱਨ ਓ ਨੇ ਵੀ ਕਿਸਾਨੀ ਅੰਦੋਲਨ ਦੀ ਵਕਾਲਤ ਕੀਤੀ ਹੈ। ਫਿਲਮੀ ਅਦਾਕਾਰ ਬੁੱਧੀਜੀਵੀ ,ਲੇਖਕਾਂ ਕਲਾਕਾਰਾਂ ਸਭ ਨੇ ਕਿਸਾਨੀ ਅੰਦੋਲਨ ਵਿੱਚ ਆਪਣੀ ਹਾਜ਼ਰੀ ਲਗਵਾਈ ਹੈ। ਕਿਸਾਨਾਂ ਨੂੰ ਮੰਡੀਆਂ ਖਤਮ ਹੋਣ ਦਾ ਡਰ ਹੈ। ਕਿਸਾਨਾਂ ਦੀ ਇੱਕ  ਹੀ ਮੰਗ ਹੈ ਕਿ ਐਮ ਐਸ ਪੀ ਨੂੰ ਕਾਨੂੰਨੀ ਜਾਮਾ ਪਹਿਨਾਇਆ ਜਾਵੇ। ਤੇ ਖੇਤੀ ਕਾਨੂੰਨ ਰੱਦ ਕਰ ਦਿੱਤੇ ਜਾਣ।ਅੱਜ ਪੰਜਾਬ ਦਾ ਕਿਸਾਨ ਖੁਦਕੁਸ਼ੀ ਦੇ ਰਾਹ ਪੈ ਗਿਆ ਹੈ। ਕਰਜ਼ੇ ਦੀ ਪੰਡ ਇੰਨੀ ਭਾਰੀ ਹੋ ਚੁੱਕੀ ਹੈ ,ਕਿ ਉਸਨੂੰ ਹੋਰ ਕੁਝ ਵੀ ਨਹੀਂ ਦਿਸਦਾ। ਜਿਵੇਂ ਤਾਲਾਬੰਦੀ ਵਿੱਚ ਛੋਟ ਦਿੱਤੀ ਗਈ, ਮਹਿੰਗਾਈ ਵਧਦੀ ਗਈ । ਕਰੋਨਾ ਮਹਾਂਮਾਰੀ ਨੇ ਆਰਥਿਕਤਾ ਨੂੰ ਨਪੀੜਿਆ ਹੈ। ਰੋਟੀ, ਕੱਪੜਾ ਅਤੇ ਮਕਾਨ ਹਰ ਆਦਮੀ ਦੀ ਬੁਨਿਆਦੀ ਜ਼ਰੂਰਤਾਂ ਹਨ। ਮਹਿੰਗਾਈ ਬੇਲਗਾਮ ਹੁੰਦੀ ਜਾ ਰਹੀ ਹੈ। ਸਰੋਂ ਦੇ ਤੇਲ, ਰਾਜਮਾਂਹ ,ਛੋਲੇ ਦਾਲਾਂ ਵਿੱਚ ਰਿਕਾਰਡ ਤੋੜ ਵਾਧਾ ਹੋਇਆ ਹੈ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ। ਦੋ ਸਮੇਂ ਦੀ ਰੋਟੀ ਦਾ ਜੁਗਾੜ ਕਰਨਾ ਆਮ ਆਦਮੀ ਨੂੰ ਮੁਸ਼ਕਿਲ ਹੋ ਗਿਆ ਹੈ। ਕਰੋਨਾ ਮਹਾਮਾਰੀ ਤੋਂ ਬਾਅਦ ਜੋ ਥੋੜੇ ਬਹੁਤ ਕੰਮ ਕਾਜ ਚਲੇ ਵੀ ਹਨ ,ਉਥੇ ਸੀਮਿਤ ਲੋਕਾਂ ਨੂੰ ਵੀ ਰੁਜ਼ਗਾਰ ਮਿਲਿਆ ਹੈ।ਹਾਲ ਹੀ ਵਿੱਚ ਨਸ਼ਰ ਹੋਈ ਇੱਕ ਰਿਪੋਰਟ ਮੁਤਾਬਕ ਪੰਜਾਬ ਦਾ ਪਾਣੀ ਪੀਣ ਯੋਗ ਨਹੀਂ ਰਿਹਾ ਹੈ। 40 ਫੀਸਦੀ ਪਾਣੀ ਖਰਾਬ ਹੋ ਚੁੱਕਾ ਹੈ।ਪੰਜਾਬ ਦੇ ਕਈ ਜਿਲ੍ਹੇ ਕੈਂਸਰ ਦੀ ਮਾਰ ਹੇਠ ਹਨ। ਜੇ ਸਮਾਂ ਰਹਿੰਦਿਆਂ ਕੋਈ ਠੋਸ ਨੀਤੀ ਨਾ ਅਪਣਾਈ ਗਈ , ਤਾਂ ਜਲਦੀ ਹੀ ਪੂਰਾ ਪੰਜਾਬ ਕੈਂਸਰ ਨਾਲ ਪ੍ਰਭਾਵਿਤ ਹੋ ਜਾਵੇਗਾ।ਅੱਜ ਬੇਰੋਜ਼ਗਾਰੀ ਕਾਰਨ ਪੰਜਾਬ ਖਾਲੀ ਹੋਣ ਲੱਗਾ ਹੈ। ਪੰਜਾਬ ਵਿੱਚ ਹਰ ਸਾਲ ਵਿਦੇਸ਼ਾਂ ਵਿਚ ਪੜਾਈ ਕਰਨ ਲਈ ਨੌਜਵਾਨ 27 ਹਜ਼ਾਰ ਕਰੋੜ ਰੁਪਏ ਖਰਚ ਕਰ ਰਹੇ ਹਨ। ਹਰ ਸਾਲ ਲੱਖਾਂ ਨੌਜਵਾਨਾਂ ਦਾ ਵਿਦੇਸ਼ ਜਾਣਾ ਖਤਰੇ ਦੀ ਘੰਟੀ ਹੈ।ਜੇ ਇਹ ਸਿਲਸਿਲਾ ਚਲਦਾ ਰਿਹਾ ਤਾਂ ਪੰਜਾਬ ਇੱਕ ਦਿਨ ਖਾਲੀ ਹੋ ਜਾਏਗਾ। ਪੰਜਾਬ ਵਿੱਚ ਨਸ਼ਿਆਂ ਦਾ ਛੇਵਾਂ ਦਰਿਆ ਵਗ ਰਿਹਾ ਹੈ । ਨੋਜਵਾਨ  ਨਸ਼ੇ ਦੀ ਭੇਟ ਚੜ੍ਹ ਰਹੇ ਹਨ। ਡਿਗਰੀਆਂ ਹੱਥਾਂ ਵਿੱਚ ਫੜੀ, ਨੌਕਰੀ ਦੀ ਪ੍ਰੇਸ਼ਾਨੀ, ਮਾਪਿਆਂ ਦੀ ਉਮੀਦਾਂ ਤੇ ਖ਼ਰਾ ਨਾ ਉਤਰਨਾ  ਨਸ਼ੇ ਨੂੰ ਗ੍ਰਹਿਣ  ਕਰਨ ਦਾ ਵੱਡਾ ਕਾਰਨ ਹੈ। ਘਰਾਂ ਦੇ ਚਿਰਾਗ ਦੇ ਚਿਰਾਗ ਬੁੱਝ ਚੁੱਕੇ ਹਨ । ਕੋਈ ਦਿਨ ਅਜਿਹਾ ਹੁੰਦਾ ਹੋਣਾ ਜਦੋਂ  ਅਖ਼ਬਾਰ ਵਿੱਚ ਖ਼ਬਰ ਨਾ ਛਾਪੀ ਹੋਵੇ ਕਿ ਫ਼ਲਾਣੇ ਪਿੰਡ ਦਾ ਨੌਜਵਾਨ ਚਿੱਟੇ ਦੀ ਭੇਟ ਨਹੀਂ ਚੜ੍ਹਇਆ। ਆਏ ਦਿਨ ਪੰਜ ਸੱਤ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਰਹੇ ਹਨ। ਨਸ਼ੇ ਨੇ ਤਾਂ ਪੰਜਾਬ ਦੀ ਜਵਾਨੀ ਹੀ ਖਤਮ ਕਰ ਦਿੱਤੀ ਹੈ। ਆਵਾਰਾ ਕੁੱਤਿਆਂ ਦੀ ਸਮੱਸਿਆ ਇੰਨੀ ਵੱਧ ਚੁੱਕੀ ਹੈ ਕਿ ਹਰ ਕੋਈ ਆਪਣੇ ਆਪ ਨੂੰ ਅਸੁਰੱਖਿਅਤ ਅਨੁਭਵ ਕਰਦਾ ਹੈ। ਹਾਲਾਂਕਿ ਸਰਕਾਰ ਨੇ ਕੁੱਤੇ ਮਾਰਨ ਤੇ ਪਾਬੰਦੀ ਲਗਾ ਦਿੱਤੀ ਸੀ।  ਪਰ ਆਵਾਰਾ ਕੁੱਤਿਆਂ ਦੀ ਸਮੱਸਿਆ ਦੇ ਹੱਲ ਲਈ ਕੋਈ ਠੋਸ ਨੀਤੀ ਨਹੀਂ ਬਣੀ ਹੈ । ਝੁੰਡ ਦੇ ਝੁੰਡ ਬਣਾ ਕੇ ਇਹ ਅਵਾਰਾ ਕੁੱਤੇ ਸੜਕਾਂ ਤੇ ਜਾ ਰਹੇ ਰਾਹਗੀਰਾਂ ਨੂੰ ਆਪਣਾ ਨਿਸ਼ਾਨਾਂ ਬਣਾਉਂਦੇ ਹਨ। ਪਾਰਕਾਂ ਵਿਚ ਸੈਰ ਕਰਨਾ ਦੁੱਭਰ ਹੋ ਚੁੱਕਿਆ ਹੈ। ਪਿੱਛੇ ਜਿਹੇ ਖ਼ਬਰ ਪੜ੍ਹਨ ਨੂੰ ਮਿਲੀ ਕਿ 9 ਮਹੀਨੇ ਦੇ ਬੱਚੇ ਨੂੰ ਅਵਾਰਾ ਕੁੱਤਿਆਂ ਨੇ ਨੋਚ ਨੋਚ ਕੇ ਖਾ ਲਿਆ।ਆਵਾਰਾ ਪਸ਼ੂਆਂ ਨੇ ਤਾਂ ਕਿਸਾਨਾਂ ਦੀਆਂ ਫਸਲਾਂ ਬਰਬਾਦ ਕਰ ਦਿੱਤੀਆਂ ਹਨ ।ਪਿੰਡਾਂ ਵਿੱਚ ਤਾਂ ਕਿਸਾਨਾਂ ਦੀਆਂ ਫਸਲਾਂ ਦਾ ਇਹ ਅਵਾਰਾ ਪਸ਼ੂ ਉਜਾੜਾ ਕਰ ਰਹੇ ਹਨ ।ਆਏ ਦਿਨ ਕਿਸਾਨ ਧਰਨੇ ਲਾ ਕੇ ਡੀਸੀ ਦਫ਼ਤਰਾਂ  ਤੇ ਮੰਤਰੀਆਂ ਦੀ ਕੋਠੀਆਂ ਦੇ ਮੂਹਰੇ ਬੈਠਦੇ ਹਨ। ਪਹਿਲਾਂ ਤਾਂ ਲੋਕ ਇਨ੍ਹਾਂ ਪਸ਼ੂਆਂ ਦਾ ਦੁੱਧ ਪੀਂਦੇ ਹਨ। ਜਦੋਂ ਇਹ ਪਸ਼ੂ ਦੁੱਧ ਦੇਣ ਤੋਂ ਹੱਟ ਜਾਂਦੇ ਹਨ ਤਾਂ ਲੋਕ ਇਨ੍ਹਾਂ ਨੂੰ ਸ਼ਹਿਰਾਂ ਵੱਲ ਛੱਡ  ਦਿੰਦੇ ਹਨ ।ਜਿਸ ਕਰਕੇ ਸ਼ਹਿਰਾਂ ਵਿਚ ਹਾਦਸਿਆਂ ਦਾ ਕਾਰਨ ਬਣਦੇ ਹਨ । ਅੱਜ ਪੰਜਾਬ ਦੇ ਲੋਕਾਂਂ ਨੂੰ ਇਨ੍ਹਾਂਂ ਸਮੱਸਿਆਵਾਂਂ ਚੋਂ ਨਿਕਲਣ ਲਈ ਕੋਈ ਹੱਲ ਨਹੀਂ ਲੱਭ ਰਿਹਾ।ਸਰਕਾਰਾਂ ਨੂੰ ਇਨ੍ਹਾਂ ਸਮੱਸਿਆਵਾਂ ਦਾ ਹੱਲ ਕਰਨ ਲਈ ਲੋਕ ਪੱਖੀ ਨੀਤੀਆਂ ਬਣਾਉਣ ਦੀ ਸਖਤ ਲੋੜ ਹੈ।

ਸੰਜੀਵ ਸਿੰਘ ਸੈਣੀ, ਮੋਹਾਲੀ