"ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ"

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਨਾਲ ਵਿਸ਼ਵ ਦੇ ਧਰਮ ਇਤਿਹਾਸ ਅੰਦਰ ਇਕ ਨਿਵੇਕਲੇ ਅਧਿਆਇ ਦਾ ਆਰੰਭ ਹੋਇਆ। ਆਪ ਜੀ ਦਾ ਪ੍ਰਕਾਸ਼ ਰਾਇ ਭੋਇ ਦੀ ਤਲਵੰਡੀ (ਪਾਕਿਸਤਾਨ) ਵਿਖੇ 1469 ਈਸਵੀ ਵਿਚ ਪਿਤਾ ਮਹਿਤਾ ਕਲਿਆਣ ਦਾਸ ਜੀ ਅਤੇ ਮਾਤਾ ਤ੍ਰਿਪਤਾ ਜੀ ਦੇ ਘਰ ਹੋਇਆ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਨਾਲ ਇਸ ਨਗਰ ਨੂੰ ਸ੍ਰੀ ਨਨਕਾਣਾ ਸਾਹਿਬ ਹੋਣ ਦਾ ਸੁਭਾਗ ਪ੍ਰਾਪਤ ਹੋਇਆ। ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਨਾਲ ਮਾਨਵਤਾ ਨੂੰ ਅੰਮ੍ਰਿਤਮਈ ਅਗਵਾਈ ਮਿਲੀ, ਜਿਸ ਨਾਲ ਧਾਰਮਿਕ, ਸਮਾਜਿਕ, ਰਾਜਨੀਤਕ, ਆਰਥਿਕ ਅਤੇ ਵਿਗਿਆਨਕ ਆਦਿ ਖੇਤਰਾਂ ਅੰਦਰ ਇਕ ਕ੍ਰਾਂਤੀਕਾਰੀ ਲੋਅ ਚਮਕੀ। ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਤੋਂ ਪਹਿਲਾਂ ਸਮਾਜ ਅੰਦਰ ਅਗਿਆਨਤਾ ਦਾ ਹਨੇਰਾ ਪਸਰਿਆ ਹੋਇਆ ਸੀ। ਧਾਰਮਿਕ ਆਗੂਆਂ ਦੇ ਸਤਾਏ ਹੋਏ ਲੋਕ ਅਜਿਹੇ ਆਸਰੇ ਦੀ ਭਾਲ 'ਚ ਸਨ, ਜਿੱਥੋਂ ਉਨ੍ਹਾਂ ਨੂੰ ਜੀਵਨ ਦਾ ਸਹੀ ਮਾਰਗ ਪ੍ਰਾਪਤ ਹੋ ਸਕੇ। ਇਸ ਅਧੋਗਤੀ ਦੇ ਸਮੇਂ ਅੰਦਰ ਜਿਥੇ ਲੋਕਾਈ ਵਹਿਮਾਂ-ਭਰਮਾਂ ਅਤੇ ਪਾਖੰਡਵਾਦ ਵਿਚ ਫਸੀ ਹੋਈ ਸੀ, ਉਥੇ ਹੀ ਧਰਮ ਦੇ ਨਾਂਅ 'ਤੇ ਮਾਨਵਤਾ ਨੂੰ ਵੰਡਣ ਦਾ ਬੋਲਬਾਲਾ ਵੀ ਸੀ। ਵਰਣ-ਵੰਡ ਅਤੇ ਛੂਤ-ਛਾਤ ਸਿਖ਼ਰ 'ਤੇ ਸੀ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਸਾਰ 'ਤੇ ਆਗਮਨ ਨਾਲ ਮਨੁੱਖਤਾ ਨੂੰ ਇਕ ਠੰਢਾ ਅਹਿਸਾਸ ਹੋਇਆ। ਸਮਾਜਿਕ ਅਧੋਗਤੀ ਦਾ ਵਰਣਨ ਕਰਦਿਆਂ ਗੁਰੂ ਸਾਹਿਬ ਨੇ ਪਾਵਨ ਗੁਰਬਾਣੀ ਵਿਚ ਫ਼ਰਮਾਇਆ ਹੈ:

ਕਲਿ ਕਾਤੀ ਰਾਜੇ ਕਾਸਾਈ

ਧਰਮੁ ਪੰਖ ਕਰਿ ਉਡਰਿਆ॥

ਕੂੜੁ ਅਮਾਵਸ ਸਚੁ ਚੰਦ੍ਰਮਾ

ਦੀਸੈ ਨਾਹੀ ਕਹ ਚੜਿਆ॥ (ਅੰਗ 145)

ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਬਰਾਬਰਤਾ, ਸਾਂਝੀਵਾਲਤਾ ਅਤੇ ਸੁਤੰਤਰਤਾ ਵਾਲੀ ਕ੍ਰਾਂਤੀਕਾਰੀ ਵਿਚਾਰਧਾਰਾ ਦੇ ਕੇ ਸੰਸਾਰ ਦਾ ਮਾਰਗ-ਦਰਸ਼ਨ ਕੀਤਾ। ਆਪ ਜੀ ਦੀ ਵਿਚਾਰਧਾਰਾ ਨੇ ਇਨਸਾਨ ਨੂੰ ਧਾਰਮਿਕ ਪੱਖ ਤੋਂ ਸਚਿਆਰ, ਸਮਾਜਿਕ ਪੱਖ ਤੋਂ ਬਰਾਬਰ ਤੇ ਆਰਥਿਕ ਪੱਖ ਤੋਂ ਆਪਣੀ ਸੱਚੀ-ਸੁੱਚੀ ਕਿਰਤ ਰਾਹੀਂ ਸੰਤੁਸ਼ਟ ਰਹਿਣਾ ਸਿਖਾਇਆ।

ਸ੍ਰੀ ਗੁਰੂ ਨਾਨਕ ਦੇਵ ਜੀ ਨੇ ਧਰਮ ਨੂੰ ਕਰਮਕਾਂਡੀ ਤਰਜੀਹਾਂ ਤੋਂ ਵੱਖ ਕਰਕੇ ਸਮਾਜਿਕ ਖੇਤਰ ਵਿਚ ਧਰਮ ਦਾ ਸਹੀ ਸਥਾਨ ਨਿਸਚਿਤ ਕੀਤਾ ਅਤੇ ਧਰਮ ਤੇ ਸਮਾਜ ਦੀ ਨਿਰਭਰਤਾ ਨੂੰ ਸਪੱਸ਼ਟ ਕੀਤਾ। ਉਨ੍ਹਾਂ ਭਾਰਤੀ ਸਮਾਜ ਦੀਆਂ ਸਮੱਸਿਆਵਾਂ ਦਾ ਵਿਸ਼ਲੇਸ਼ਣ ਕਰਕੇ ਉਨ੍ਹਾਂ ਦੇ ਢੁੱਕਵੇਂ, ਸਾਵੇਂ ਤੇ ਸਪੱਸ਼ਟ ਹੱਲ ਦੱਸੇ। ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਪੜ੍ਹਿਆਂ ਤੇ ਵਿਚਾਰਿਆਂ ਇਸ ਗੱਲ ਦਾ ਪਤਾ ਲੱਗਦਾ ਹੈ ਕਿ ਉਨ੍ਹਾਂ ਮਨੁੱਖੀ ਜੀਵਨ ਨੂੰ ਆਦਰਸ਼ਕ ਬਣਾਉਣ ਲਈ ਇਸ ਦੀ ਹਰ ਪੱਖ ਤੋਂ ਅਗਵਾਈ ਕੀਤੀ। ਆਪ ਜੀ ਨੇ ਉਹ ਵਿਚਾਰਧਾਰਾ ਦਿੱਤੀ, ਜੋ ਸੰਸਾਰਕ ਜੀਵਨ ਦੇ ਨਾਲੋ-ਨਾਲ ਹੋ ਕੇ ਚੱਲਦੀ ਹੈ।

ਗੁਰੂ ਸਾਹਿਬ ਦੇ ਪਾਵਨ ਉਪਦੇਸ਼ਾਂ ਅਤੇ ਸਿਧਾਂਤਾਂ ਨੇ ਹਿੰਦੋਸਤਾਨ ਦੇ ਇਤਿਹਾਸ ਨੂੰ ਬਦਲ ਕੇ ਰੱਖ ਦਿੱਤਾ ਅਤੇ ਇਕ ਨਵੇਂ ਯੁੱਗ ਦੀ ਸ਼ੁਰੂਆਤ ਹੋਈ। ਉਨ੍ਹਾਂ ਨੇ ਮਨੁੱਖ ਨੂੰ ਸਚਾਈ, ਨਿਮਰਤਾ, ਦਇਆ, ਸੇਵਾ, ਸਬਰ, ਸੰਤੋਖ, ਪਰਉਪਕਾਰ ਆਦਿ ਗੁਣਾਂ ਦੇ ਧਾਰਨੀ ਬਣਨ ਦੀ ਪ੍ਰੇਰਣਾ ਕੀਤੀ ਅਤੇ ਆਤਮ-ਨਿਰਭਰ ਤੇ ਸਵੈਮਾਣ ਵਾਲਾ ਜੀਵਨ ਜੀਣ ਦੇ ਯੋਗ ਬਣਾਇਆ। ਗੁਰੂ ਸਾਹਿਬ ਜੀ ਵਲੋਂ ਸੁਝਾਇਆ ਇਹ ਮਾਰਗ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦੇ ਬੁਨਿਆਦੀ ਸਿਧਾਂਤਾਂ 'ਤੇ ਆਧਾਰਿਤ ਹੈ। ਆਪ ਜੀ ਨੇ ਲੰਗਰ ਦੀ ਪ੍ਰਥਾ ਕਾਇਮ ਕੀਤੀ ਅਤੇ ਸੰਗਤ-ਪੰਗਤ ਤੇ ਸੇਵਾ-ਸਿਮਰਨ ਆਦਿ ਦੇ ਅਜਿਹੇ ਅਦੁੱਤੀ ਸਿਧਾਂਤ ਮਨੁੱਖਤਾ ਸਾਹਮਣੇ ਰੱਖੇ, ਜੋ ਸਦੀਵੀਂ ਸੇਧ ਦੇਣ ਵਾਲੇ ਹਨ।

ਇਸ ਦੇ ਨਾਲ ਹੀ ਸਮਾਜ ਅੰਦਰ ਤ੍ਰਿਸਕਾਰੀ ਜਾ ਰਹੀ ਇਸਤਰੀ ਸ਼੍ਰੇਣੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਉੱਚਾ ਸਨਮਾਨ ਦਿੱਤਾ ਅਤੇ ਉਨ੍ਹਾਂ ਦੇ ਹੱਕਾਂ, ਹਿੱਤਾਂ ਲਈ ਆਵਾਜ਼ ਬੁਲੰਦ ਕੀਤੀ। ਅਸਲ ਵਿਚ ਉਸ ਸਮੇਂ ਹਿੰਦੋਸਤਾਨੀ ਸਮਾਜ ਵਿਚ ਇਸਤਰੀ ਦੀ ਦਸ਼ਾ ਬੜੀ ਮਾੜੀ ਸੀ। ਆਪ ਜੀ ਨੇ ਇਸਤਰੀ ਦੇ ਸਨਮਾਨ ਨੂੰ ਹਕੀਕੀ ਤੌਰ 'ਤੇ ਬਹਾਲ ਕਰਦਿਆਂ ਆਪਣੇ ਪੰਥ ਵਿਚ ਮਰਦ ਦੇ ਬਰਾਬਰ ਖੜ੍ਹਾ ਕੀਤਾ। ਇਸ ਸੰਬੰਧ ਵਿਚ ਗੁਰੂ ਸਾਹਿਬ ਨੇ ਆਪਣੀ ਬਾਣੀ ਵਿਚ ਇਸ ਤਰ੍ਹਾਂ ਫ਼ਰਮਾਇਆ:

ਭੰਡਿ ਜੰਮੀਐ ਭੰਡਿ

ਨਿੰਮੀਐ ਭੰਡਿ ਮੰਗਣੁ ਵੀਆਹੁ॥

ਭੰਡਹੁ ਹੋਵੈ ਦੋਸਤੀ ਭੰਡਹੁ ਚਲੈ ਰਾਹੁ॥

ਭੰਡੁ ਮੁਆ ਭੰਡੁ ਭਾਲੀਐ

ਭੰਡਿ ਹੋਵੈ ਬੰਧਾਨੁ॥

ਸੋ ਕਿਉ ਮੰਦਾ ਆਖੀਐ

ਜਿਤੁ ਜੰਮਹਿ ਰਾਜਾਨ॥

(ਅੰਗ : 473)

ਬਹੁਪੱਖੀ ਸ਼ਖ਼ਸੀਅਤ ਅਤੇ ਵਿਸ਼ਾਲ ਪ੍ਰਤਿਭਾ ਦੇ ਮਾਲਕ ਹੋਣ ਕਰਕੇ ਆਪ ਜੀ ਧਰਮ, ਦਰਸ਼ਨ ਸ਼ਾਸਤਰ ਦੇ ਖੇਤਰ ਵਿਚ ਵੀ ਇਕ ਵਿਲੱਖਣ ਤੇ ਮਹਾਨ ਕ੍ਰਾਂਤੀ ਦੇ ਜਨਮਦਾਤਾ ਸਨ। ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਤੇ ਉਪਦੇਸ਼ਾਂ ਨੇ ਲੋਕਾਂ ਨੂੰ ਉਸਾਰੂ ਜੀਵਨ ਜਾਚ ਦੇ ਸਨਮੁੱਖ ਕੀਤਾ ਅਤੇ ਇਸੇ ਦਾ ਹੀ ਕਾਰਨ ਸੀ ਕਿ ਗੁਰੂ ਸਾਹਿਬ ਦੇ ਵਿਚਾਰਾਂ ਨੂੰ ਲੋਕਾਂ ਨੇ ਸਿਰ-ਮੱਥੇ ਪ੍ਰਵਾਨ ਕੀਤਾ। ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਸਦਾ ਨਿਵੇਕਲੀ ਹੈ, ਜਿਸ ਨੂੰ ਅੱਜ ਵੀ ਸਿੱਖਾਂ ਤੋਂ ਇਲਾਵਾ ਦੁਨੀਆ ਭਰ ਦੇ ਹਰ ਧਰਮ, ਵਰਗ, ਫ਼ਿਰਕੇ ਨਾਲ ਸੰਬੰਧਿਤ ਲੋਕ ਸਤਿਕਾਰਦੇ ਹਨ ਅਤੇ ਅਗਾਂਹ ਵੀ ਸਤਿਕਾਰਦੇ ਰਹਿਣਗੇ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮੁਬਾਰਕ ਪ੍ਰਕਾਸ਼ ਪੁਰਬ ਮੌਕੇ ਜਿੱਥੇ ਅਸੀਂ ਆਪਣਾ ਜੀਵਨ ਗੁਰੂ ਸਾਹਿਬ ਦੇ ਉਪਦੇਸ਼ਾਂ ਅਨੁਸਾਰ ਬਤੀਤ ਕਰਨ ਦਾ ਪ੍ਰਣ ਕਰਨਾ ਹੈ, ਉਥੇ ਹੀ ਸਭ ਦਾ ਫਰਜ ਹੈ ਕਿ ਅਸੀਂ ਗੁਰੂ ਸਾਹਿਬ ਵਲੋਂ ਬਖਸ਼ੇ ਫ਼ਲਸਫ਼ੇ ਨੂੰ ਸੰਸਾਰ ਵਿਚ ਫੈਲਾਉਣ ਦਾ ਯਤਨ ਕਰੀਏ। 

 

ਬੀਬੀ ਜਗੀਰ ਕੌਰ