ਖ਼ਾਲਸਾ ਪੰਥ ਦੀ ਸਾਜਨਾ ਦੁਨੀਆਂ ਦੇ ਇਤਿਹਾਸ ਦਾ ਕ੍ਰਾਂਤੀਕਾਰੀ ਪੰਨਾ

ਖ਼ਾਲਸਾ ਪੰਥ ਦੀ ਸਾਜਨਾ ਦੁਨੀਆਂ ਦੇ ਇਤਿਹਾਸ ਦਾ ਕ੍ਰਾਂਤੀਕਾਰੀ ਪੰਨਾ

ਜਉ ਤਉ ਪ੍ਰੇਮ ਖੇਲਣ ਕਾ ਚਾਉ॥

ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਨ 1699 ਦੀ ਵਿਸਾਖੀ ਦਾ ਦਿਨ ਤਵਾਰੀਖ਼ ਅੰਦਰ ਖਾਸ ਮਹੱਤਵ ਵਾਲਾ ਹੈ ਕਿਉਂਕਿ ਇਸ ਦਿਨ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਾਜਣਾ ਕਰਕੇ ਦੁਨੀਆ ਦੇ ਧਾਰਮਿਕ ਇਤਿਹਾਸ ਵਿਚ ਕ੍ਰਾਂਤੀਕਾਰੀ ਅਧਿਆਇ ਦਰਜ ਕੀਤਾ। ਇਹ ਦਿਹਾੜਾ ਗੁਰੂ ਜੀ ਦੀ ਨਿਰਾਲੀ ਯਾਦ ਵਜੋਂ ਸਿੱਖ ਇਤਿਹਾਸ ਅੰਦਰ ਸਦਾ ਤਾਜ਼ਾ ਹੈ। ਖ਼ਾਲਸਾ ਆਦਰਸ਼ਕ ਮਨੁੱਖ ਹੈ ਜਿਸ ਦਾ ਜੀਵਨ ਸਮਾਜ ਲਈ ਪ੍ਰੇਰਨਾ ਵਾਲਾ ਹੋਣ ਦੇ ਨਾਲ ਨਾਲ ਹੱਕ ਸੱਚ ਦੀ ਰੱਖਵਾਲੀ ਲਈ ਅਡੋਲ ਹੈ, ਅਡਿੱਗ ਹੈ। ਇਸ ਵਿਚ ਗੁਣਾਂ ਦੀ ਸੰਪੂਰਨਤਾ ਹੈ, ਔਗੁਣ ਨੂੰ ਕੋਈ ਥਾਂ ਨਹੀਂ। ਇਸ ਦੀ ਘਾੜਤ ਵਿਚ ਦਸ ਗੁਰੂ ਸਾਹਿਬਾਨ ਦੀ ਪਵਿੱਤਰ ਵਿਚਾਰਧਾਰਾ ਸ਼ੁਮਾਰ ਹੈ। ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਖ਼ਾਲਸਾ ਰੂਪੀ ਆਦਰਸ਼ਕ ਮਨੁੱਖ ਲਈ ਪਹਿਲੀ ਸ਼ਰਤ ਇਹ ਨਿਸ਼ਚਤ ਕੀਤੀ ਸੀ:

ਜਉ ਤਉ ਪ੍ਰੇਮ ਖੇਲਣ ਕਾ ਚਾਉ॥

ਸਿਰੁ ਧਰਿ ਤਲੀ ਗਲੀ ਮੇਰੀ ਆਉ॥

ਇਤੁ ਮਾਰਗਿ ਪੈਰੁ ਧਰੀਜੈ॥

ਸਿਰੁ ਦੀਜੈ ਕਾਣਿ ਨ ਕੀਜੈ॥

ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਬਾਅਦ ਵਿਚ ਬਾਕੀ ਗੁਰੂ ਸਾਹਿਬਾਨ ਨੇ ਵੀ ਸਿੱਖਾਂ ਨੂੰ ਇਹੋ ਪਾਠ ਦ੍ਰਿੜ ਕਰਵਾਇਆ। ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਨੂੰ ਵਿਸਾਖੀ ਦੇ ਦਿਹਾੜੇ ’ਤੇ ਖ਼ਾਲਸੇ ਦੀ ਸਿਰਜਣਾ ਕਰਕੇ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਨੂੰ ਅਰਥ ਮੁਹੱਈਆ ਕੀਤੇ। ਦਸਵੇਂ ਪਾਤਸ਼ਾਹ ਜੀ ਦੇ ਇਸ ਅਦੁੱਤੀ ਕਾਰਨਾਮੇ ਨੇ ਸਦੀਆਂ ਤੋਂ ਲਤਾੜੇ, ਗੁਲਾਮੀ ਵਾਲਾ ਜੀਵਨ ਜੀਅ ਰਹੇ ਲੋਕਾਂ ਨੂੰ ਆਤਮ-ਵਿਸ਼ਵਾਸੀ ਬਣਾ ਕੇ ਅਰਸ਼ ’ਤੇ ਪਹੁੰਚਾ ਦਿੱਤਾ। ਜੇ ਇਹ ਆਖ ਲਈਏ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ 1699 ਦੀ ਵਿਸਾਖੀ ਦਾ ਦਿਨ ਜ਼ੁਲਮ, ਬੇਇਨਸਾਫੀ, ਵਿਤਕਰੇ, ਜਬਰ, ਝੂਠ, ਪਾਖੰਡ, ਅਨਿਆਂ ਆਦਿ ਵਿਰੁੱਧ ਸੰਘਰਸ਼ ਦਾ ਬਿਗਲ ਬਣਿਆ ਤਾਂ ਇਸ ਵਿਚ ਕੋਈ ਅਤਿਕਥਨੀ ਨਹੀਂ ਹੋਵੇਗੀ। ਇਹ ਦਿਹਾੜਾ ਅਨੋਖਾ ਨਜ਼ਾਰਾ ਪੇਸ਼ ਕਰਨ ਵਾਲਾ ਵੀ ਹੈ, ਕਿਉਂਕਿ ਇਸ ਦਿਨ ਜਿਥੇ ਇੱਕ ਪਾਸੇ ਗੁਰੂ ਜੀ ਵੱਲੋਂ ਸਾਜੇ ਪੰਜ ਪਿਆਰੇ ਗੁਰੂ ਸਾਹਿਬ ਜੀ ਪਾਸੋਂ ਅੰਮ੍ਰਿਤ ਦੀ ਦਾਤ ਪ੍ਰਾਪਤ ਕਰ ਕੇ ਨਿਹਾਲ ਹੋਏ, ਉਥੇ ਹੀ ਦੂਸਰੇ ਪਾਸੇ ਗੁਰੂ ਸਾਹਿਬ ਜੀ ਨੇ ਵੀ ਖਾਲਸੇ ਪਾਸੋਂ ਆਪ ਅੰਮ੍ਰਿਤਪਾਨ ਕਰਕੇ ਦੁਨੀਆ ਦੇ ਧਾਰਮਿਕ ਇਤਿਹਾਸ ਅੰਦਰ ਨਿਵੇਕਲੀ ਮਿਸਾਲ ਕਾਇਮ ਕੀਤੀ। ਇਸ ਨਾਲ ਗੁਰੂ ਤੇ ਚੇਲੇ ਦਾ ਅਜਿਹਾ ਨਵਾਂ ਰੂਪ ਸਾਹਮਣੇ ਆਇਆ ਜਿਸ ਵਿਚ ਗੁਰੂ-ਚੇਲੇ ਵਿਚ ਕੋਈ ਭਿੰਨ-ਭੇਦ ਨਹੀਂ ਹੈ। ਭਾਈ ਗੁਰਦਾਸ ਜੀ ਇਸ ਦ੍ਰਿਸ਼ ਨੂੰ ਵਾਹ ਵਾਹ ਕਹਿ ਕੇ ਵਡਿਆਉਂਦੇ ਹਨ:

ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰੁ ਚੇਲਾ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਾਜਿਆ ਖਾਲਸਾ ਹਰ ਕਿਸਮ ਦੀ ਸ਼ਖ਼ਸੀ ਗੁਲਾਮੀ ਤੋਂ ਆਜ਼ਾਦ ਹੋ ਕੇ ਅਕਾਲ ਪੁਰਖ ਵਾਹਿਗੁਰੂ ਨਾਲ ਸਿੱਧੇ ਰੂਪ ਵਿਚ ਸਬੰਧਿਤ ਹੈ ਜੋ ਪਰਮਾਤਮਾ ਦੀ ਆਪਣੀ ਰਜ਼ਾ ਵਿਚੋਂ ਹੀ ਪ੍ਰਗਟ ਹੋਇਆ ਹੈ:

ਖਾਲਸਾ ਅਕਾਲ ਪੁਰਖ ਕੀ ਫੌਜ।

ਪ੍ਰਗਟਿਓ ਖਾਲਸਾ ਪ੍ਰਮਾਤਮ ਕੀ ਮੌਜ।

ਖਾਲਸੇ ਦਾ ਅਰਥ ਸ਼ੁੱਧ, ਨਿਰਮਲ ਅਤੇ ਬਿਨਾਂ ਮਿਲਾਵਟ ਤੋਂ ਹੈ। ਖਾਲਸਾ ਝੂਠ, ਬੇਈਮਾਨੀ, ਵਲ਼-ਫਰੇਬ ਤੋਂ ਦੂਰ ਮਨੁੱਖਤਾ ਦਾ ਹਮਦਰਦ ਹੈ। ਖਾਲਸਾ ਅਕਾਲ ਪੁਰਖ ਦਾ ਪੁਜਾਰੀ ਹੈ। ਖ਼ਾਲਸਾ ਪੰਜ ਕਕਾਰੀ ਰਹਿਣੀ ਦਾ ਧਾਰਨੀ ਹੈ। ਸੱਚਾ ਤੇ ਧਰਮੀ ਜੀਵਨ ਜਿਊਣਾ ਖਾਲਸੇ ਦਾ ਨੇਮ ਹੈ। ਧਰਮ ਅਤੇ ਸਦਾਚਾਰ ਦੇ ਸੁਮੇਲ ਖਾਲਸੇ ਦੀ ਆਵਾਜ਼ ਹਮੇਸ਼ਾ ਹੀ ਹੱਕ ਤੇ ਸੱਚ ਲਈ ਉਠਦੀ ਹੈ। ਜਬਰ ਤੇ ਜ਼ੁਲਮ ਵਿਰੁੱਧ ਡਟਣਾ ਖਾਲਸੇ ਦਾ ਪਰਮਧਰਮ ਕਰਤੱਵ ਹੈ। ਉੱਚੀ-ਸੁੱਚੀ ਜੀਵਨ ਜਾਚ ਇਸ ਦੀ ਲਖਾਇਕ ਹੈ। ਦਸਮੇਸ਼ ਪਿਤਾ ਜੀ ਨੇ ਖਾਲਸੇ ਦੀ ਸਿਰਜਣਾ ਕਰਕੇ ਸੰਸਾਰ ਨੂੰ ਸੰਤ-ਸਿਪਾਹੀ ਦਾ ਅਜਿਹਾ ਨਵੀਨ, ਸ਼ਕਤੀਸ਼ਾਲੀ ਤੇ ਵਿਲੱਖਣ ਜੀਵਨ ਸਿਧਾਂਤ ਦਿੱਤਾ ਜਿਹੜਾ ਹੁਣ ਤਕ ਸ਼ਹਾਦਤਾਂ ਤੇ ਕੁਰਬਾਨੀਆਂ ਦੀਆਂ ਨਿੱਤ-ਨਵੀਆਂ ਸਿਖਰਾਂ ਛੋਂਹ ਰਿਹਾ ਹੈ।

ਸਿੱਖ ਕੌਮ ਦੇ ਇਤਿਹਾਸਕ, ਸਿਧਾਂਤਕ ਅਤੇ ਵਿਰਾਸਤੀ ਗੁਣਾਂ ਦੀ ਅਮੀਰੀ ਦਾ ਮਾਣ ਹਰ ਸਿੱਖ ਨੂੰ ਸਵੈਮਾਣ ਅਤੇ ਇੱਜ਼ਤ ਨਾਲ ਜਿਊਣ ਦੀ ਪ੍ਰੇਰਨਾ ਦਿੰਦਾ ਹੈ। ਸਿੱਖ ਵਿਚਾਰਧਾਰਾ ਅੱਜ ਪੂਰੀ ਦੁਨੀਆ ਵਿਚ ਉਦਾਹਰਣ ਵਜੋਂ ਹੈ ਅਤੇ ਇਸੇ ’ਤੇ ਅਮਲ ਕਰਕੇ ਸਿੱਖਾਂ ਨੇ ਆਪਣੇ ਖ਼ਾਲਸਈ ਸਰੂਪ ਨੂੰ ਸੰਸਾਰ ਵਿਚ ਉਭਾਰਿਆ ਹੈ। ਵੱਖ ਵੱਖ ਸਮਿਆਂ ਵਿਚ ਆਈਆਂ ਮੁਸੀਬਤਾਂ ਸਮੇਂ ਖ਼ਾਲਸਾ ਪੰਥ ਨੇ ਪੀੜਤ ਮਾਨਵਤਾ ਨਾਲ ਖੜ੍ਹ ਕੇ ਇਹ ਸਿੱਧ ਕੀਤਾ ਹੈ ਕਿ ਮਨੁੱਖੀ ਬਰਾਬਰੀ ਅਤੇ ਇਕਸਾਰਤਾ ਦਾ ਜੋ ਪਾਠ ਖ਼ਾਲਸੇ ਨੂੰ ਗੁਰੂ ਸਾਹਿਬ ਨੇ ਪੜ੍ਹਾਇਆ ਉਹ ਸੰਸਾਰ ਦੇ ਧਰਮ ਇਤਿਹਾਸ ਵਿਚ ਮੋਹਰੀ ਹੈ, ਵਿਲੱਖਣ ਹੈ। ਅੱਜ ਸਿੱਖ ਨੌਜਵਾਨੀ ਨੂੰ ਆਪਣੇ ਇਸ ਖ਼ਾਲਸਈ ਵਿਰਸੇ ਬਾਰੇ ਜਾਗਰੂਕ ਅਤੇ ਸੁਚੇਤ ਕਰਦੇ ਰਹਿਣਾ ਹੋਰ ਵੀ ਜ਼ਿਆਦਾ ਮਹੱਤਵਪੂਰਨ ਬਣ ਜਾਂਦਾ ਹੈ, ਕਿਉਂਕਿ ਵਰਤਮਾਨ ਸਮੇਂ ਤਕਨੀਕ ਅਤੇ ਸੰਚਾਰ ਸਾਧਨਾ ਦੀ ਤੇਜ਼ੀ ਮਨੁੱਖ ਨੂੰ ਨੈਤਿਕਤਾ ਨਾਲੋਂ ਤੋੜਨ ਵਾਲੇ ਪਾਸੇ ਲਿਜਾ ਰਹੀ ਹੈ। ਸਿੱਖੀ ਦੇ ਵਿਲੱਖਣ ਸਿਧਾਂਤ ਅਤੇ ਮਾਨਵ ਹਿੱਤਕਾਰੀ ਫਲਸਫਾ ਅਜੋਕੀਆਂ ਮਨੁੱਖੀ ਚਿੰਤਾਵਾਂ ਦੇ ਖਾਤਮੇ ਦਾ ਸਫਲ ਮਾਰਗ ਦਰਸ਼ਕ ਹਨ। ਲੋੜ ਇਸ ਗੱਲ ਹੈ ਕਿ ਅਸੀਂ ਸਮੂਹਕ ਯਤਨਾਂ ਨਾਲ ਖ਼ਾਲਸਈ ਵਿਚਾਰਧਾਰਾ ਨੂੰ ਅੱਗੇ ਵਧਾਈਏ। ਸੋ ਆਓ, ਖ਼ਾਲਸਾ ਸਾਜਣਾ ਦਿਵਸ ਮੌਕੇ ਪ੍ਰਣ ਕਰੀਏ ਕਿ ਜਿਥੇ ਹਰ ਸਿੱਖ ਨੇ ਖੰਡੇ ਬਾਟੇ ਦੀ ਪਾਹੁਲ ਛਕ ਕੇ ਖ਼ਾਲਸਈ ਰਹਿਣੀ ਦਾ ਧਾਰਨੀ ਬਣਨਾ ਹੈ, ਉਥੇ ਹੀ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਅਨੁਸਾਰ ‘ਏਕੁ ਪਿਤਾ ਏਕਸ ਕੇ ਹਮ ਬਾਰਿਕ’ ਦੇ ਸੰਦੇਸ਼ ਨੂੰ ਹਿਰਦੇ ਵਿਚ ਵਸਾ ਕੇ ਮਾਨਵਤਾ ਲਈ ਮਦਦਗਾਰ ਬਣੇ ਰਹਿਣਾ ਹੈ।

 

ਐਡਵੋਕੇਟ ਹਰਜਿੰਦਰ ਸਿੰਘ ਧਾਮੀ

*ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ