ਹਿੰਦੂ ਜਥੇਬੰਦੀਆਂ ਨੇ ਮੁਸਲਮਾਨਾਂ ਨੂੰ ਨਮਾਜ਼ ਅਦਾ ਕਰਨ ਤੋਂ ਰੋਕਿਆ ਤਾਂ ਸਿੱਖਾਂ ਨੇ ਗੁਰਦੁਆਰਾ ਸਾਹਿਬ ਦੇ ਦਰਵਾਜ਼ੇ ਖੋਲ੍ਹੇ

ਹਿੰਦੂ ਜਥੇਬੰਦੀਆਂ ਨੇ ਮੁਸਲਮਾਨਾਂ ਨੂੰ ਨਮਾਜ਼ ਅਦਾ ਕਰਨ ਤੋਂ ਰੋਕਿਆ ਤਾਂ ਸਿੱਖਾਂ ਨੇ ਗੁਰਦੁਆਰਾ ਸਾਹਿਬ ਦੇ ਦਰਵਾਜ਼ੇ ਖੋਲ੍ਹੇ

ਊਨਾ: ਜਿੱਥੇ ਇੱਕ ਪਾਸੇ ਸਮੁੱਚੇ ਭਾਰਤ ਦੇ ਹਿੰਦੂ ਬਹੁਗਿਣਤੀ ਵਾਲੇ ਹਿੰਦੀ ਖੇਤਰਾਂ ਵਿੱਚ ਮੁਸਲਮਾਨਾਂ ਦਾ ਜੀਣਾ ਮੁਹਾਲ ਹੋਇਆ ਪਿਆ ਹੈ ਤੇ ਨਿੱਤ ਦਿਨ ਹਿੰਦੂਤਵੀ ਭੀੜਾਂ ਵੱਲੋਂ ਮੁਸਲਮਾਨਾਂ ਨੂੰ ਕੁੱਟਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਤੇ ਮੁਸਲਮਾਨਾਂ ਦੀ ਧਾਰਮਿਕ ਅਜ਼ਾਦੀ 'ਤੇ ਰੋਕਾਂ ਲਾਈਆਂ ਜਾ ਰਹੀਆਂ ਹਨ ਉੱਥੇ ਹੀ ਗੁਰੂ ਨਾਨਕ ਪਾਤਸ਼ਾਹ ਦੇ ਦਰਸਾਏ ਸਰਬੱਤ ਦੇ ਭਲੇ ਦੇ ਧਾਰਨੀ ਸਿੱਖਾਂ ਵੱਲੋਂ ਭਗਵੇਂ ਅੱਤਵਾਦ ਖਿਲਾਫ ਖੜ੍ਹੇ ਹੋ ਕੇ ਮੁਸਲਮਾਨਾਂ ਨੂੰ ਹੌਂਸਲਾ ਦਿੱਤਾ ਜਾ ਰਿਹਾ ਹੈ। ਅਜਿਹਾ ਮਾਮਲਾ ਸਾਹਮਣੇ ਆਇਆ ਹੈ ਹਿਮਾਚਲ ਪ੍ਰਦੇਸ਼ ਤੋਂ। ਹਿਮਾਚਲ ਪ੍ਰਦੇਸ਼ ਦੇ ਸਿੱਖ ਅਬਾਦੀ ਵਾਲੇ ਜ਼ਿਲ੍ਹੇ ਊਨੇ ਵਿੱਚ ਜਦੋਂ ਹਿੰਦੂ ਜਥੇਬੰਦੀਆਂ ਵੱਲੋਂ ਮੁਸਲਮਾਨਾਂ ਨੂੰ ਸਾਝੀ ਥਾਂ 'ਤੇ ਨਮਾਜ਼ ਪੜ੍ਹਨ ਤੋਂ ਰੋਕਿਆ ਗਿਆ ਤਾਂ ਸਿੱਖ ਭਾਈਚਾਰੇ ਨੇ ਮੁਸਲਮਾਨਾਂ ਨੂੰ ਸਥਾਨਕ ਗੁਰਦੁਆਰਾ ਸਾਹਿਬ ਵਿੱਚ ਨਮਾਜ਼ ਅਦਾ ਕਰਨ  ਦੀ ਪੇਸ਼ਕਸ਼ ਕੀਤੀ। 


ਸ਼ਰੋਮਣੀ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ
ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਿਮਾਚਲ ਤੋਂ ਮੈਂਬਰ ਭਾਈ ਦਲਜੀਤ ਸਿੰਘ ਭਿੰਡਰ ਨੇ ਕਿਹਾ ਹੈ ਕਿ ਜੇ ਸਥਾਨਕ ਮੁਸਲਿਮ ਭਾਈਚਾਰੇ ਦੇ ਲੋਕ ਚਾਹੁਣ ਤਾਂ ਪਿੰਡ ਗੁਰਪਲਾਹ ਵਿੱਚ ਸਥਿਤ ਗੁਰਦੁਆਰਾ ਗੁਰੂ ਗੋਬਿੰਦ ਸਿੰਘ ਜੀ ਦੇ ਵਿਹੜੇ ਵਿੱਚ ਨਮਾਜ਼ ਅਦਾ ਕਰ ਸਕਦੇ ਹਨ। ਉਹਨਾਂ ਕਿਹਾ ਕਿ ਨਮਾਜ਼ ਅਦਾ ਕਰਨ ਆਏ ਮੁਸਲਮਾਨ ਭਰਾਵਾਂ ਦੇ ਲੰਗਰ ਦੀ ਵੀ ਸੇਵਾ ਗੁਰਦੁਆਰਾ ਸਾਹਿਬ ਵੱਲੋਂ ਕੀਤੀ ਜਾਵੇਗੀ। 

ਉਹਨਾਂ ਕਿਹਾ ਕਿ ਕਿਸੇ ਵੀ ਧਾਰਮਿਕ ਭਾਈਚਾਰੇ ਨੂੰ ਜ਼ਬਰਦਸਤੀ ਇਬਾਦਤ ਕਰਨ ਤੋਂ ਨਹੀਂ ਰੋਕਿਆ ਜਾਣਾ ਚਾਹੀਦਾ ਤੇ ਜੇ ਅਜਿਹਾ ਹੁੰਦਾ ਹੈ ਤਾਂ ਇਹ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਰਗਾ ਹੋਵੇਗਾ। 

ਉਹਨਾਂ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਨੇ ਕਦੇ ਵੀ ਕਿਸੇ ਧਰਮ ਦਾ ਵਿਰੋਧ ਨਹੀਂ ਕੀਤਾ। ਜ਼ੁਲਮ-ਜ਼ਬਰ ਕਰਨ ਵਾਲੇ ਖਿਲਾਫ ਤਲਵਾਰ ਵੀ ਚੁੱਕੀ, ਪਰ ਕਿਸੇ ਦੀ ਇਬਾਦਤ 'ਤੇ ਕਦੇ ਰੋਕ ਨਹੀਂ ਲਾਈ ਗਈ। ਉਹਨਾਂ ਕਿਹਾ ਕਿ ਸਰਕਾਰ ਨੂੰ ਟਾਹਲੀਵਾਲ ਵਿੱਚ ਪੈਦਾ ਹੋਏ ਵਿਵਾਦ ਪ੍ਰਤੀ ਗੰਭੀਰਤਾ ਵਖਾਉਂਦਿਆਂ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਕਿ ਘੱਟਗਿਣਤੀ ਮੁਸਲਮਾਨ ਭਾਈਚਾਰੇ ਨੂੰ ਨਮਾਜ਼ ਪੜ੍ਹਨ ਲਈ ਯੋਗ ਥਾਂ ਮਿਲ ਸਕੇ।

ਮੁਸਲਮਾਨ ਭਾਈਚਾਰੇ ਨੇ ਸਿੱਖਾਂ ਦਾ ਧੰਨਵਾਦ ਕੀਤਾ
ਹਿੰਦੂ ਜਥੇਬੰਦੀਆਂ ਵੱਲੋਂ ਨਮਾਜ਼ ਅਦਾ ਕਰਨ ਤੋਂ ਰੋਕਣ ਬਾਅਦ ਸਿੱਖ ਭਾਈਚਾਰੇ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਨਮਾਜ਼ ਅਦਾ ਕਰਨ ਦੀ ਪੇਸ਼ਕਸ਼ ਕਰਨ 'ਤੇ ਮੁਸਲਮਾਨ ਭਾਈਚਾਰੇ ਨੇ ਸਿੱਖਾਂ ਦਾ ਧੰਨਵਾਦ ਕੀਤਾ ਹੈ। ਮੁਸਲਿਮ ਬਸਤੀ ਨੰਗਲ ਕਲਾਂ ਦੇ ਵਸਨੀਕ ਅਨਵਰ ਨੇ ਕਿਹਾ ਕਿ ਸਿੱਖ ਭਾਈਚਾਰੇ ਵੱਲੋਂ ਕੀਤੇ ਗਏ ਇਸ ਫੈਂਸਲੇ ਦਾ ਉਹ ਤਹਿ ਦਿਲ ਤੋਂ ਧੰਨਵਾਦ ਕਰਦੇ ਹਨ। ਉਹਨਾਂ ਆਸ ਪ੍ਰਗਟ ਕੀਤੀ ਕਿ ਇਸ ਮਸਲੇ ਦਾ ਛੇਤੀ ਹੱਲ ਕੱਢ ਲਿਆ ਜਾਵੇਗਾ।

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ