ਨਨਕਾਣਾ ਸਾਹਿਬ ਵਿਖੇ ਮੁੱਖ ਮੰਤਰੀ ਨੇ ਬਾਬਾ ਗੁਰੂ ਨਾਨਕ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ

ਨਨਕਾਣਾ ਸਾਹਿਬ ਵਿਖੇ ਮੁੱਖ ਮੰਤਰੀ ਨੇ ਬਾਬਾ ਗੁਰੂ ਨਾਨਕ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ
ਮੁੱਖ ਮੰਤਰੀ ਸਰਦਾਰ ਉਸਮਾਨ ਬੁਜ਼ਦਾਰ ਦਾ ਸਵਾਗਤ ਕਰਦੇ ਹੋਏ ਪਾਕਿਸਤਾਨ ਦੇ ਸਿੱਖ ਆਗੂ

ਲਾਹੌਰ: ਲਹਿੰਦੇ ਪੰਜਾਬ (ਪਾਕਿਸਤਾਨ) ਦੇ ਮੁੱਖ ਮੰਤਰੀ ਸਰਦਾਰ ਉਸਮਾਨ ਬੁਜ਼ਦਾਰ ਨੇ ਬੀਤੇ ਕੱਲ੍ਹ ਇੱਕ ਪ੍ਰਭਾਵਸ਼ਾਲੀ ਸਮਾਗਮ ਵਿੱਚ ਨਨਕਾਣਾ ਸਾਹਿਬ ਵਿਖੇ ਸਥਾਪਿਤ ਕੀਤੀ ਜਾ ਰਹੀ ਬਾਬਾ ਗੁਰੂ ਨਾਨਕ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ। ਇਸ ਦੌਰਾਨ ਕੇਂਦਰੀ ਮੰਤਰੀ ਬ੍ਰਿਗੇਡੀਅਰ (ਸੇਵਾਮੁਕਤ) ਇਜਾਜ਼ ਸ਼ਾਹ, ਸੂਬਾਈ ਅਸੈਂਬਲੀ ਮੈਂਬਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਫਸਰ ਮੋਜੂਦ ਸਨ।


ਨੀਂਹ ਪੱਥਰ ਰੱਖਣ ਮੌਕੇ ਦੁਆ ਕਰਦੇ ਹੋਏ ਮੁੱਖ ਮੰਤਰੀ ਅਤੇ ਹੋਰ ਆਗੂ

ਇਸ ਮੌਕੇ ਵੰਡੀ ਗਈ ਜਾਣਕਾਰੀ ਮੁਤਾਬਿਕ ਇਹ ਯੂਨੀਵਰਸਿਟੀ 10 ਏਕੜ ਰਕਬੇ ਵਿੱਚ ਸਥਾਪਿਤ ਕੀਤੀ ਜਾਵੇਗੀ, ਜਿਸ ਦੇ ਨਿਰਮਾਣ 'ਤੇ 600 ਕਰੋੜ ਰੁਪਏ ਖਰਚਾ ਆਵੇਗਾ। ਇਸ ਯੂਨੀਵਰਸਿਟੀ ਦੇ ਨਿਰਮਾਣ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਕੀਤੇ ਗਏ ਚੋਣ ਵਾਅਦਿਆਂ ਦੀ ਸਥਾਪਤੀ ਸੂਚੀ ਵਿੱਚੋਂ ਇੱਕ ਅਹਿਮ ਪ੍ਰਾਪਤੀ ਮੰਨਿਆ ਜਾ ਰਿਹਾ ਹੈ ਤੇ ਪਾਕਿਸਤਾਨ ਰਾਜ ਵੱਲੋਂ ਸਿੱਖਾਂ ਪ੍ਰਤੀ ਦਿਖਾਏ ਜਾ ਰਹੇ ਆਪਣੇਪਨ ਦੇ ਇੱਕ ਹੋਰ ਮਜ਼ਬੂਤ ਕਦਮ ਵਜੋਂ ਦੇਖਿਆ ਜਾ ਰਿਹਾ ਹੈ।

ਸਰਕਾਰ ਦਾ ਕਹਿਣਾ ਹੈ ਕਿ ਇਸ ਯੂਨੀਵਰਸਿਟੀ ਦੀ ਸਥਾਪਤੀ ਨਾਲ ਨਨਕਾਣਾ ਸਾਹਿਬ ਅਤੇ ਨਾਲ ਲਗਦੇ ਇਲਾਕਿਆਂ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਹਾਸਿਲ ਕਰਨ ਵਿੱਚ ਸੋਖ ਹੋਵੇਗੀ ਅਤੇ ਭਵਿੱਖ ਵਿੱਚ ਤਰੱਕੀ ਦੇ ਨਵੇਂ ਰਾਹ ਖੁੱਲ੍ਹਣਗੇ।

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ