ਸ਼੍ਰੋਮਣੀ ਅਕਾਲੀ ਦਲ ਦਾ ਸੰਕਟ ਕਿਵੇਂ ਹੱਲ ਹੋਵੇ?

ਸ਼੍ਰੋਮਣੀ ਅਕਾਲੀ ਦਲ ਦਾ ਸੰਕਟ ਕਿਵੇਂ ਹੱਲ ਹੋਵੇ?

ਰਜਿੰਦਰ ਸਿੰਘ ਪੁਰੇਵਾਲ
ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਸੰਕਟ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਇਤਿਹਾਸ ਹੁਣ ਸਭ ਤੋਂ ਬੁਰੇ ਦੌਰ ਵਿਚੋਂ ਲੰਘ ਰਿਹਾ ਹੈ। ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਨੂੰ ਵੀ ਖਤਰਾ ਪੈਦਾ ਹੋ ਗਿਆ ਹੈ। ਪਹਿਲਾਂ ਟਕਸਾਲੀ ਅਕਾਲੀਆਂ, ਮਾਝੇ ਦੇ ਜਥੇਦਾਰਾਂ ਅਕਾਲੀ ਆਗੂਆਂ ਰਣਜੀਤ ਸਿੰਘ ਬ੍ਰਹਮਪੁਰਾ, ਰਤਨ ਸਿੰਘ ਅਜਨਾਲਾ ਤੇ ਸੇਵਾ ਸਿੰਘ ਸੇਖਵਾਂ ਨੇ ਬਗਾਵਤ ਖੜ੍ਹੀ ਕੀਤੀ ਸੀ ਕਿ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਪ੍ਰਧਾਨਗੀ ਤੋਂ ਪਰ੍ਹੇ ਕੀਤਾ ਜਾਵੇ, ਜਿਸ ਕਰਕੇ ਅਕਾਲੀ ਦਲ ਧਰਮ ਸੰਕਟ ਵਿਚ ਰਿਹਾ ਹੈ ਤੇ ਪੰਥ ਤੋਂ ਦੂਰ ਹੋਇਆ ਹੈ। ਹੁਣ ਇਹ ਮੰਗ ਪਾਰਟੀ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਕਰ ਦਿੱਤੀ ਹੈ। ਢੀਂਡਸਾ ਨੇ ਕਿਹਾ ਕਿ ਸੁਖਬੀਰ ਨੂੰ ਪਾਰਟੀ ਵਿਰੁੱਧ ਲੋਕਾਂ ਦਾ ਗੁੱਸਾ ਸ਼ਾਂਤ ਕਰਨ ਲਈ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਅਕਾਲੀ ਦਲ ਨੂੰ ਇਸ ਵੇਲੇ ਨਵੇਂ ਪ੍ਰਧਾਨ ਦੀ ਜ਼ਰੂਰਤ ਹੈ। ਯਾਦ ਰਹੇ ਕਿ ਜਿਸ ਅਕਾਲੀ ਦਲ ਦਾ ਜਨਮ ਗੁਰਦੁਆਰਿਆਂ ਨੂੰ ਭ੍ਰਿਸ਼ਟ ਮਸੰਦਾਂ ਤੋਂ ਆਜ਼ਾਦ ਕਰਵਾਉਣ ਤੇ ਪੰਥਕ ਮੋਰਚਿਆਂ ਵਿਚੋਂ ਹੋਇਆ ਸੀ, ਉਸ ਅਕਾਲੀ ਦਲ ਦੇ ਮੱਥੇ 'ਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਵਾਉਣ ਦਾ ਕਲੰਕ ਲੱਗ ਗਿਆ ਹੈ। ਬੇਅਦਬੀ ਦੇ ਹਿਰਦੇਵੇਦਕ ਘਟਨਾਕ੍ਰਮ ਦੀ ਸ਼ੁਰੂਆਤ 1 ਜੂਨ, 2015 ਨੂੰ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਿੰਘ ਸਭਾ ਤੋਂ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਚੋਰੀ ਹੋਣ ਨਾਲ ਹੋਈ ਸੀ। ਇਸ ਸਰੂਪ ਨੂੰ ਲੱਭਣ ਵਿਚ ਪੁਲਿਸ ਅਜੇ ਸਰਗਰਮ ਹੋਈ ਹੀ ਸੀ ਕਿ 25 ਸਤੰਬਰ 2015 ਦੀ ਰਾਤ ਨੂੰ ਪਿੰਡ ਬਰਗਾੜੀ ਵਿਚ ਕੰਧਾਂ 'ਤੇ ਵਿਵਾਦਗ੍ਰਸਤ ਪੋਸਟਰ ਲੱਗੇ ਮਿਲੇ ਕਿ ਸਿੱਖਾਂ ਦੇ ਗੁਰੂ ਗ੍ਰੰਥ ਸਾਹਿਬ ਦੀ ਪਿੰਡ ਜਵਾਹਰ ਸਿੰਘ ਵਾਲਾ ਤੋਂ ਚੋਰੀ ਹੋਈ ਬੀੜ, ਪਿੰਡ ਬਰਗਾੜੀ ਵਿਚ ਹੀ ਲੁਕਾ ਕੇ ਰੱਖੀ ਹੈ ਅਤੇ ਅਗਲੇ ਕੁਝ ਦਿਨਾਂ ਤੱਕ ਪਿੰਡ ਦੀਆਂ ਗਲੀਆਂ ਵਿਚ ਹੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਸੁੱਟੇ ਜਾਣਗੇ। ਬਾਦਲ ਸਰਕਾਰ ਨੇ ਇਸ ਸਥਿਤੀ ਨੂੰ ਸੁਹਿਰਦਤਾ ਨਾਲ ਨਹੀਂ ਲਿਆ।
ਇਸ ਤੋਂ ਬਾਅਦ 11 ਅਕਤੂਬਰ 2015 ਦੀ ਰਾਤ ਨੂੰ ਫ਼ਰੀਦਕੋਟ ਜ਼ਿਲ੍ਹੇ ਦੇ ਹੀ ਬਰਗਾੜੀ ਪਿੰਡ ਦੀਆਂ ਗਲੀਆਂ ਵਿਚ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਮਿਲਣ ਤੋਂ ਬਾਅਦ ਪੰਜਾਬ ਵਿਚ ਬੇਅਦਬੀਆਂ ਦਾ ਸਿਲਸਿਲਾ ਆਰੰਭ ਹੋਇਆ, ਜਿਸ ਨੂੰ ਸਮੇਂ ਦੀ ਅਕਾਲੀ-ਭਾਜਪਾ ਸਰਕਾਰ ਰੋਕਣ ਵਿਚ ਬੁਰੀ ਤਰ੍ਹਾਂ ਨਕਾਮ ਰਹੀ। ਬੇਅਦਬੀ ਦੀ ਘਟਨਾ ਤੋਂ ਬਾਅਦ ਸਿੱਖ ਪੰਥ ਨੇ ਦੋਸ਼ੀਆਂ ਨੂੰ ਲੱਭਣ ਵਿਚ ਪੁਲਿਸ ਦੀ ਅਸਫਲਤਾ ਖ਼ਿਲਾਫ਼ ਸ਼ਾਂਤਮਈ ਤਰੀਕਿਆਂ ਨਾਲ ਰੋਸ ਪ੍ਰਦਰਸ਼ਨ ਸ਼ੁਰੂ ਕੀਤੇ। ਬਾਦਲ ਸਰਕਾਰ ਨੇ ਬੇਅਦਬੀ ਦੇ ਦੋਸ਼ੀਆਂ ਨੂੰ ਬੇਨਕਾਬ ਕਰਨ ਦੀ ਥਾਂ ਧਰਨਾਕਾਰੀ ਸਿੱਖਾਂ 'ਤੇ ਹੀ ਸਖ਼ਤੀ ਵਰਤੀ। 13 ਅਕਤੂਬਰ ਨੂੰ ਕੋਟਕਪੂਰਾ ਦੇ ਬੱਤੀਆਂ ਵਾਲਾ ਚੌਕ ਅਤੇ ਮੋਗਾ ਜ਼ਿਲ੍ਹੇ ਦੇ ਪਿੰਡ ਬੁੱਟਰ ਕਲਾਂ ਵਿਚ ਸ਼ਾਂਤਮਈ ਸਿੱਖ ਧਰਨਾਕਾਰੀਆਂ 'ਤੇ ਜ਼ਬਰਦਸਤ ਲਾਠੀਚਾਰਜ ਤੇ ਗੋਲੀਬਾਰੀ ਕੀਤੀ। ਅਗਲੇ ਦਿਨ 14 ਅਕਤੂਬਰ 2015 ਨੂੰ ਪਿੰਡ ਬਹਿਬਲ ਕਲਾਂ ਵਿਚ ਵੀ ਸਿੱਖ ਪ੍ਰਦਰਸ਼ਨਕਾਰੀਆਂ 'ਤੇ ਪੁਲਿਸ ਨੇ ਅੰਨ੍ਹੇਵਾਹ ਗੋਲੀਬਾਰੀ ਕਰਕੇ ਦੋ ਸਿੱਖ ਨੌਜਵਾਨਾਂ ਨੂੰ ਮਾਰ ਦਿੱਤਾ। ਇਸ ਤੋਂ ਬਾਅਦ ਸਿੱਖ ਪੰਥ ਦਾ ਗੁੱਸਾ ਹੋਰ ਜ਼ਿਆਦਾ ਭਿਆਨਕ ਰੂਪ ਅਖ਼ਤਿਆਰ ਕਰ ਗਿਆ ਅਤੇ ਸੂਬੇ ਭਰ ਵਿਚ ਰੋਸ ਮੁਜ਼ਾਹਰਿਆਂ ਤੇ ਪੱਕੇ ਧਰਨਿਆਂ ਦਾ ਸਿਲਸਿਲਾ ਆਰੰਭ ਹੋ ਗਿਆ। ਪੰਜਾਬ ਭਰ ਵਿਚ ਸੱਤਾਧਾਰੀ ਅਕਾਲੀ ਦਲ ਪ੍ਰਤੀ ਪੰਥਕ ਵਿਰੋਧ ਦਾ ਭਾਂਬੜ ਬਲ ਉਠਿਆ ਅਤੇ ਕਈ ਮਹੀਨੇ ਤੱਕ ਅਕਾਲੀ ਆਗੂ ਲੋਕਾਂ ਦੇ ਸਾਹਮਣੇ ਨਹੀਂ ਆ ਸਕੇ। ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਹਾਲਾਤ ਨੂੰ ਕਾਬੂ ਕਰਨ ਦੇ ਯਤਨਾਂ ਵਿਚ ਜਸਟਿਸ ਜੋਰਾ ਸਿੰਘ ਦੀ ਅਗਵਾਈ ਵਿਚ ਇਕ ਜਾਂਚ ਕਮਿਸ਼ਨ ਬਣਾਇਆ। ਕਮਿਸ਼ਨ ਨੇ ਆਪਣੀ ਰਿਪੋਰਟ ਵਿਚ ਬੇਅਦਬੀ ਦੀਆਂ ਘਟਨਾਵਾਂ ਲਈ ਪੁਲਿਸ ਦੀ ਅਣਗਹਿਲੀ ਨੂੰ ਦੋਸ਼ੀ ਠਹਿਰਾਇਆ ਸੀ। ਪਰ ਬਾਦਲ ਸਰਕਾਰ ਨੇ ਆਪਣੇ ਸ਼ਾਸਨ ਕਾਲ ਵਿਚ ਇਸ ਰਿਪੋਰਟ ਨੂੰ ਜਾਰੀ ਨਾ ਕੀਤਾ। ਪੁਲੀਸ ਦੀ ਨਕਾਮੀ ਤੋਂ ਬਾਅਦ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਸੀ.ਬੀ.ਆਈ. ਨੇ ਆਪਣੇ ਹੱਥਾਂ ਵਿਚ ਲੈ ਲਈ, ਪਰ ਉਹ ਵੀ ਸਫ਼ਲ ਨਾ ਹੋ ਸਕੇ। ਸਾਲ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਇਸ ਕਾਰਨ ਬਾਦਲ ਦਲ ਨੂੰ ਕਰਾਰੀ ਹਾਰ ਹੋਈ। ਇੱਥੋਂ ਤੱਕ ਕਿ ਉਹ ਵਿਰੋਧੀ ਪਾਰਟੀ ਦਾ ਦਰਜਾ ਵੀ ਨਾ ਪ੍ਰਾਪਤ ਕਰ ਸਕਿਆ।
ਕੈਪਟਨ ਅਮਰਿੰਦਰ ਸਿੰਘ ਨੇ ਵਾਅਦਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਬਣਨ 'ਤੇ ਇਕ ਨਵਾਂ ਕਮਿਸ਼ਨ ਬਣਾ ਕੇ ਬੇਅਦਬੀ ਦੀਆਂ ਸਮੁੱਚੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੀਆਂ ਘਟਨਾਵਾਂ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਨੂੰ ਬੇਨਕਾਬ ਕੀਤਾ ਜਾਵੇਗਾ। ਸਰਕਾਰ ਬਣਨ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਾਦਲ ਸਰਕਾਰ ਵੇਲੇ ਦੇ ਜਸਟਿਸ ਜੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਖਾਰਜ ਕਰਦਿਆਂ ਇਕ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਦੀ ਅਗਵਾਈ ਹੇਠ ਕਮਿਸ਼ਨ ਬਣਾ ਕੇ ਬੇਅਦਬੀ ਦੀਆਂ 122 ਦੇ ਲਗਭਗ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਦਾ ਜ਼ਿੰਮਾ ਸੌਂਪ ਦਿੱਤਾ। ਪਿਛਲੇ ਦਿਨੀਂ ਹੀ, ਲਗਭਗ ਇਕ ਸਾਲ ਤੋਂ ਕੁਝ ਵੱਧ ਸਮਾਂ ਲਾ ਕੇ ਜਸਟਿਸ ਰਣਜੀਤ ਸਿੰਘ ਨੇ ਆਪਣੀ ਰਿਪੋਰਟ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪ ਦਿੱਤੀ। 28 ਅਗਸਤ ਨੂੰ ਇਹ ਰਿਪੋਰਟ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿਚ ਪੇਸ਼ ਕੀਤੀ ਗਈ।
ਇਸ ਰਿਪੋਰਟ ਵਿਚ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਬਹੁਤ ਸਾਰੇ ਤੱਥ ਪੇਸ਼ ਕਰਨ ਦੇ ਨਾਲ-ਨਾਲ ਬੇਅਦਬੀ ਦੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਨਾ ਲੈਣ ਅਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਰਕਾਰੀ ਮਸ਼ੀਨਰੀ ਦੀ ਢੁੱਕਵੀਂ ਵਰਤੋਂ ਨਾ ਕਰਨ ਕਰਕੇ ਤਤਕਾਲੀ ਅਕਾਲੀ-ਭਾਜਪਾ ਸਰਕਾਰ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਵਾਲਾਂ ਦੇ ਘੇਰੇ ਵਿਚ ਲਿਆਂਦਾ ਗਿਆ। ਨਾਲ ਹੀ ਤਤਕਾਲੀ ਪੰਜਾਬ ਪੁਲਿਸ ਮੁਖੀ ਸੁਮੇਧ ਸੈਣੀ ਦੇ ਇਕ ਹਲਫੀਆ ਬਿਆਨ ਦੇ ਆਧਾਰ 'ਤੇ ਦਾਅਵਾ ਕੀਤਾ ਗਿਆ ਹੈ ਕਿ ਉਨ੍ਹਾਂ ਹਾਲਤਾਂ ਦੌਰਾਨ ਪੰਜਾਬ ਪੁਲਿਸ ਮੁਖੀ ਨੂੰ ਹਰ ਹੁਕਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਆਉਂਦਾ ਸੀ।
ਇਸ ਰਿਪੋਰਟ ਦੇ ਵੇਰਵਿਆਂ ਅਨੁਸਾਰ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਜੋ ਉਸ ਵੇਲੇ ਗ੍ਰਹਿ ਵਿਭਾਗ ਦੇ ਮੁਖੀ ਵੀ ਸਨ ਅਤੇ ਪੰਜਾਬ ਪੁਲਿਸ ਦੇ ਮੁਖੀ ਸੁਮੇਧ ਸੈਣੀ ਨੂੰ ਮੁੱਖ ਰੂਪ ਵਿਚ ਕਟਹਿਰੇ ਅੰਦਰ ਖੜ੍ਹਾ ਕੀਤਾ ਗਿਆ ਹੈ। ਵਿਧਾਨ ਸਭਾ ਵਿਚ ਬਹਿਸ ਵਿਚੋਂ ਭੱਜਣ ਕਾਰਨ ਕਸੂਤਾ ਫਸਿਆ ਅਕਾਲੀ ਦਲ ਸਿੱਖਾਂ ਲਈ ਨਫ਼ਰਤ ਦਾ ਪਾਤਰ ਬਣ ਗਿਆ। ਵਿਰੋਧੀ ਧਿਰ ਆਮ ਆਦਮੀ ਪਾਰਟੀ ਨੇ ਵੀ ਸਰਬਸੰਮਤੀ ਨਾਲ ਕੈਪਟਨ ਸਰਕਾਰ ਵਲੋਂ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਬਣਾਏ ਕਮਿਸ਼ਨ ਦੀ ਰਿਪੋਰਟ 'ਤੇ ਸਹਿਮਤੀ ਜਤਾਈ। ਬਹਿਸ ਨੂੰ ਸਮੇਟਦਿਆਂ ਦਿਹਾਤੀ ਵਿਕਾਸ ਤੇ ਪੰਚਾਇਤ ਵਿਭਾਗ ਦੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਬੇਅਦਬੀ ਦੀਆਂ ਘਟਨਾਵਾਂ ਅਤੇ ਗੋਲੀ ਕਾਂਡ ਦੀ ਜਾਂਚ 'ਸੀ.ਬੀ.ਆਈ.' ਦੀ ਬਜਾਇ 'ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ' ਕੋਲੋਂ ਕਰਵਾਉਣ ਸਬੰਧੀ ਮਤਾ ਪੇਸ਼ ਕੀਤਾ। ਇਸ ਮਤੇ ਨੂੰ ਕਾਂਗਰਸ ਅਤੇ 'ਆਪ' ਪਾਰਟੀ ਦੇ ਵਿਧਾਇਕਾਂ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਮਾਮਲਿਆਂ ਦੀ ਸਮਾਂਬੱਧ ਜਾਂਚ ਕਰਾਉਣ ਅਤੇ ਜਾਂਚ ਦੇ ਆਧਾਰ 'ਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦਾ ਭਰੋਸਾ ਦਿੱਤਾ। ਦੂਜੇ ਪਾਸੇ ਵਿਸ਼ੇਸ਼ ਇਜਲਾਸ ਵਿਚ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਰਿਪੋਰਟ 'ਤੇ ਬਹਿਸ ਦੌਰਾਨ ਅਕਾਲੀ-ਭਾਜਪਾ ਦੇ ਵਿਧਾਇਕਾਂ ਨੇ ਆਪਣਾ ਪੱਖ ਰੱਖਣ ਦੀ ਬਜਾਇ ਇਸ ਇਜਲਾਸ ਦਾ ਬਾਈਕਾਟ ਹੀ ਕਰ ਦਿੱਤਾ। ਇਸ ਕਾਰਨ ਖਾਲਸਾ ਪੰਥ ਵਿਚ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਅਕਾਲੀ ਦਲ ਪ੍ਰਤੀ ਗੁੱਸਾ ਮੁੜ ਉਬਾਲੇ ਮਾਰਨ ਲੱਗ ਪਿਆ ਹੈ। ਹਾਲਾਂਕਿ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਵਿਧਾਨ ਸਭਾ ਵਿਚ ਪੇਸ਼ ਹੋਣ ਤੋਂ ਪਹਿਲਾਂ ਹੀ ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਵਲੋਂ ਇਸ ਰਿਪੋਰਟ ਨੂੰ ਰੱਦ ਕਰਨਾ ਅਤੇ ਇਸ ਦੇ ਖ਼ਿਲਾਫ਼ ਸ਼੍ਰੋਮਣੀ ਕਮੇਟੀ ਕੋਲੋਂ ਮਤਾ ਪਵਾਉਣਾ ਵੀ ਰਣਨੀਤਕ ਤੌਰ 'ਤੇ ਅਕਾਲੀ ਦਲ ਦੀਆਂ ਵੱਡੀਆਂ ਗ਼ਲਤੀਆਂ ਸਾਬਤ ਹੋਈਆਂ, ਜਿਨ੍ਹਾਂ ਨੇ ਬੇਅਦਬੀਆਂ ਦੀਆਂ ਘਟਨਾਵਾਂ ਦੀ ਪੜਤਾਲ ਪ੍ਰਤੀ ਅਕਾਲੀ ਦਲ ਦੀ ਭੂਮਿਕਾ ਨੂੰ ਲੋਕਾਂ ਵਿਚ ਸ਼ੱਕੀ ਬਣਾ ਦਿੱਤਾ। 27 ਜਨਵਰੀ ਨੂੰ ਸਾਬਕਾ ਉੱਚ ਪੁਲੀਸ ਅਧਿਕਾਰੀ ਚਰਨਜੀਤ ਸ਼ਰਮਾ ਅਤੇ ਇਕ ਹੋਰ ਦੀ ਗ੍ਰਿਫ਼ਤਾਰੀ ਨਾਲ ਇਹ ਮਾਮਲਾ ਫਿਰ ਭੱਖ ਗਿਆ ਹੈ। 
ਅਕਾਲੀ ਦਲ ਸੰਘਰਸ਼ ਵਿਚੋਂ ਪੈਦਾ ਹੋਈ ਪਾਰਟੀ ਹੈ। ਵੀਹਵੀਂ ਸਦੀ ਦੇ ਦੂਸਰੇ ਦਹਾਕੇ ਵਿਚ ਸ਼ੁਰੂ ਹੋਈ ਗੁਰਦੁਆਰਾ ਸੁਧਾਰ ਲਹਿਰ ਅਤੇ ਆਜ਼ਾਦੀ ਦੇ ਸੰਘਰਸ਼ ਵਿਚ ਅਕਾਲੀ ਦਲ ਨੇ ਸ਼ਾਂਤਮਈ ਸੰਘਰਸ਼ ਤੇ ਜ਼ਬਤ ਦੀ ਮਿਸਾਲ ਕਾਇਮ ਕੀਤੀ। ਆਜ਼ਾਦੀ ਤੋਂ ਬਾਅਦ ਦਲ ਨੇ ਪੰਜਾਬੀ ਸੂਬੇ ਲਈ ਲੜਾਈ ਲੜੀ, ਐਮਰਜੈਂਸੀ ਦੌਰਾਨ ਲਗਾਤਾਰ ਗ੍ਰਿਫ਼ਤਾਰੀਆਂ ਦਿੱਤੀਆਂ ਅਤੇ ਬਾਅਦ ਵਿਚ ਧਰਮਯੁੱਧ ਮੋਰਚਾ ਲਾਇਆ। ਇਸ ਪਾਰਟੀ ਨੇ ਪੰਜਾਬ ਨੂੰ ਸੁਰਮੁਖ ਸਿੰਘ ਝਬਾਲ, ਬਾਬਾ ਖੜਕ ਸਿੰਘ, ਮਾਸਟਰ ਤਾਰਾ ਸਿੰਘ, ਗਿਆਨੀ ਕਰਤਾਰ ਸਿੰਘ, ਹਰਚੰਦ ਸਿੰਘ ਲੌਂਗੋਵਾਲ ਜਿਹੇ ਆਗੂ ਦਿੱਤੇ ਜਿਨ੍ਹਾਂ ਨੇ ਸੂਬੇ ਦੀ ਸਿਆਸਤ ਨੂੰ ਨਵੀਂ ਸੇਧ ਦਿੱਤੀ ਹੈ ਤੇ ਪੰਥ ਦੇ ਬੋਲਬਾਲਿਆਂ ਨੂੰ ਤਰਜੀਹ ਦਿੱਤੀ ਹੈ। ਇਸ ਵੇਲੇ ਅਕਾਲੀ ਦਲ ਬੜੇ ਅਜਮਾਇਸ਼ੀ ਦੌਰ ਵਿਚੋਂ ਲੰਘ ਰਿਹਾ ਹੈ ਅਤੇ ਇਹਦੇ ਆਗੂਆਂ ਨੂੰ ਆਪਣੇ ਸ਼ਾਨਦਾਰ ਇਤਿਹਾਸ ਨੂੰ ਚੇਤੇ ਕਰਨ ਦੀ ਲੋੜ ਹੈ। ਜੇਕਰ ਅਕਾਲੀ ਦਲ ਆਪਣੀਆਂ ਪੰਥਕ ਪਰੰਪਰਾਵਾਂ ਜਿਉਂਦੀਆਂ ਨਹੀਂ ਰੱਖੇਗਾ ਤਾਂ ਉਹ ਖਤਮ ਹੋ ਜਾਵੇਗਾ।