ਬੇਅਦਬੀ ਅਤੇ ਗੋਲੀਕਾਂਡਾਂ ਵਿਚ ਨਾਂ ਸਾਹਮਣੇ ਆਉਣ ਤੋਂ ਘਬਰਾਇਆ ਬਾਦਲ ਦਲ

ਬੇਅਦਬੀ ਅਤੇ ਗੋਲੀਕਾਂਡਾਂ ਵਿਚ ਨਾਂ ਸਾਹਮਣੇ ਆਉਣ ਤੋਂ ਘਬਰਾਇਆ ਬਾਦਲ ਦਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੂੰ ਲੋਕ ਸਭਾ ਚੋਣਾਂ ਵਿੱਚ ਸਭ ਤੋਂ ਵੱਡਾ ਖਮਿਆਜ਼ਾ ਬੇਅਦਬੀ ਤੇ ਗੋਲੀ ਕਾਂਡ ਦਾ ਭੁਗਤਣਾ ਪਏਗਾ। ਕੈਪਟਨ ਸਰਕਾਰ ਵੀ ਜਲਦ ਤੋਂ ਜਲਦ ਇਸ ਮਾਮਲੇ ਦੀ ਜਾਂਚ ਕਰਕੇ ਇੱਕ ਪਾਸੇ ਪੰਥਕ ਵੋਟ ਦਾ ਦਿਲ ਜਿੱਤਣਾ ਚਾਹੁੰਦੀ ਤੇ ਨਾਲ ਹੀ ਅਕਾਲੀ ਦਲ ਨੂੰ ਇਸ ਮਾਮਲੇ ਵਿੱਚ ਘੇਰ ਕੇ ਨੁੱਕਰੇ ਲਾਉਣ ਦੀ ਤਿਆਰੀ ਵਿੱਚ ਹੈ। ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਉਸ ਤੋਂ ਬਾਅਦ ਸਿੱਖ ਸੰਗਤਾਂ 'ਤੇ ਬਹਿਬਲ ਕਲਾਂ ਅਤੇ ਕੋਟਕਪੂਰਾ ਵਿਖੇ ਵਾਪਰੇ ਗੋਲੀਕਾਂਡ ਬਾਦਲ ਸਰਕਾਰ ਵੇਲੇ ਹੋਏ ਸੀ ਤੇ ਉਸ ਵੇਲੇ ਢੁਕਵੀਂ ਕਾਰਵਾਈ ਨਾ ਹੋਣ ਕਰਕੇ ਸਿੱਖਾਂ ਵਿੱਚ ਵਿਆਪਕ ਰੋਸ ਹੈ। ਉਧਰ, ਸ਼੍ਰੋਮਣੀ ਅਕਾਲੀ ਦਲ (ਬਾਦਲ) ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਨੂੰ ਲੋਕ ਸਭਾ ਚੋਣਾਂ ਤੱਕ ਲਟਕਾਉਣ ਦੀ ਰਣਨੀਤੀ 'ਤੇ ਚੱਲ ਰਿਹਾ ਹੈ। ਇਸ ਲਈ ਹੀ ਬਾਦਲ ਦਲ ਵੱਲੋਂ ਜਾਂਚ ਅਫਸਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਬਾਦਲ ਦਲ ਨੇ ਸਭ ਤੋਂ ਵੱਧ ਸਰਗਰਮ ਜਾਂਚ ਅਫਸਰ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਸ਼ਿਕਾਇਤ ਚੋਣ ਕਮਿਸ਼ਨ ਕੋਲ ਕਰਕੇ ਉਨ੍ਹਾਂ ਨੂੰ ਦੂਜੇ ਰਾਜ ਵਿੱਚ ਤਬਦੀਲ ਕਰਨ ਦੀ ਮੰਗ ਵੀ ਚੁੱਕੀ ਹੈ। ਇਸ ਲਈ ਕਾਂਗਰਸ ਤੇ ਹੋਰ ਵਿਰੋਧੀ ਪਾਰਟੀਆਂ ਅਕਾਲੀ ਦਲ ਨੂੰ ਘੇਰ ਰਹੀਆਂ ਹਨ।

ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਖ਼ਿਲਾਫ਼ ਦਿੱਤੀ ਸ਼ਿਕਾਇਤ ਨੂੰ ਬਾਦਲ ਦਲ ਦੀ ਘਬਰਾਹਟ ਦਾ ਨਤੀਜਾ ਦੱਸਿਆ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ’ਤੇ ਦੋਸ਼ ਲਾਇਆ ਕਿ ਉਹ ਸੱਤਾਧਾਰੀ ਪਾਰਟੀ ਦੇ ਕਹਿਣ ’ਤੇ ਸਿਆਸੀ ਹਿੱਤਾਂ ਤਹਿਤ ਬਾਦਲ ਦਲ ਦੇ ਆਗੂਆਂ ਨੂੰ ਬੇਅਦਬੀ ਤੇ ਗੋਲੀ ਕਾਂਡ ਵਿੱਚ ਫਸਾ ਰਹੇ ਹਨ। ਉਨ੍ਹਾਂ ਕਿਹਾ ਕਿ ‘ਸਿੱਟ’ ਸਹੀ ਦਿਸ਼ਾ ਵੱਲ ਆਪਣੀ ਜਾਂਚ ਲੈ ਕੇ ਜਾ ਰਹੀ ਹੈ। ਇਸੇ ਲਈ ਸੁਖਬੀਰ ਬਾਦਲ ਤੇ ਉਨ੍ਹਾਂ ਦੇ ਸਾਥੀ ਘਬਰਾਹਟ ਵਿੱਚ ਹਨ।

ਕੰਵਰਪਾਲ ਸਿੰਘ ਨੇ ਕਿਹਾ ਹੈ ਕਿ ਸੁਖਬੀਰ ਬਾਦਲ ਨੂੰ ਡਰ ਹੈ ਕਿ ਇਸ ਮਾਮਲੇ ਵਿੱਚ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਵਾਂਗ ਉਹ ਵੀ ਘੇਰੇ ਵਿੱਚ ਆ ਸਕਦੇ ਹਨ। ਇਸ ਲਈ ਜਾਂਚ ਨੂੰ ਲੀਹੋਂ ਲਾਹੁਣ ਵਾਸਤੇ ਜਾਂਚ ਅਫਸਰ ਨੂੰ ਸੂਬੇ ਤੋਂ ਬਾਹਰ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਾਦਲ ਦਲ ਨੇ ਜਾਂਚ ਟੀਮ ਵਿੱਚੋਂ ਸਿਰਫ ਇੱਕ ਅਫਸਰ ਨੂੰ ਹੀ ਨਿਸ਼ਾਨਾ ਬਣਾਇਆ ਹੈ ਤੇ ਇੰਝ ਕਰਕੇ ਬਾਕੀ ਅਫਸਰਾਂ ਦੀ ਕਾਰਗੁਜ਼ਾਰੀ ਤੇ ਇਮਾਨਦਾਰੀ ਨੂੰ ਲੋਕਾਂ ਦੀਆਂ ਨਿਗਾਹਾਂ ਵਿੱਚ ਸ਼ੱਕੀ ਕਰ ਦਿੱਤਾ ਹੈ।

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ