ਸਿਟ ਦੇ ਮੈਂਬਰ ਕੁੰਵਰ ਵਿਜੈ ਪ੍ਰਤਾਪ ਨੂੰ ਪੰਜਾਬੋਂ ਬਾਹਰ ਤਬਦੀਲ ਕਰਾਉਣ ਲਈ ਤਰਲੋ-ਮੱਛੀ ਹੋਇਆ ਬਾਦਲ ਦਲ

ਸਿਟ ਦੇ ਮੈਂਬਰ ਕੁੰਵਰ ਵਿਜੈ ਪ੍ਰਤਾਪ ਨੂੰ ਪੰਜਾਬੋਂ ਬਾਹਰ ਤਬਦੀਲ ਕਰਾਉਣ ਲਈ ਤਰਲੋ-ਮੱਛੀ ਹੋਇਆ ਬਾਦਲ ਦਲ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਕੋਟਕਪੂਰਾ ਤੇ ਬਹਿਬਲ ਗੋਲੀ ਕਾਂਡ ਮਾਮਲਿਆਂ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਸਿਟ) ਦੇ ਸਭ ਤੋਂ ਵੱਧ ਕਾਰਜਸ਼ੀਲ ਮੈਂਬਰ ਆਈਜੀ ਕੁੰਵਰ ਵਿਜੈ ਪ੍ਰਤਾਪ ਨੂੰ ਪੰਜਾਬ ਤੋਂ ਬਾਹਰ ਤਬਦੀਲ ਕਰਾਉਣ ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਸਿਰਤੋੜ ਯਤਨ ਕਰ ਰਿਹਾ ਹੈ। ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਸੀ ਕੁੰਵਰ ਵਿਜੈ ਪ੍ਰਤਾਪ ਸਿਟ ਦੀ ਆੜ ਹੇਠ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਚੋਣਾਂ ਵਿਚ ਨੁਕਸਾਨ ਪਹੁੰਚਾਉਣ ਦੇ ਯਤਨ ਕਰ ਰਹੇ ਹਨ। ਇਸ ਲਈ ਕੁੰਵਰ ਵਿਜੈ ਪ੍ਰਤਾਪ ਨੂੰ ਚੋਣਾਂ ਦੇ ਅਮਲ ਤੱਕ ਪੰਜਾਬ ਤੋਂ ਬਾਹਰ ਕਿਸੇ ਹੋਰ ਸੂਬੇ ਵਿਚ ਤਬਦੀਲ ਕੀਤਾ ਜਾਵੇ।

ਇਸ ਸ਼ਿਕਾਇਤ ਦੇ ਅਧਾਰ 'ਤੇ ਕਾਰਵਾਈ ਕਰਦਿਆਂ ਬੀਤੇ ਕੱਲ੍ਹ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ ਕਰੁਣਾ ਰਾਜੂ ਵੱਲੋਂ ਆਈਜੀ ਕੁੰਵਰ ਵਿਜੈ ਪ੍ਰਤਾਪ ਨਾਲ ਆਪਣੇ ਦਫਤਰ ਵਿਚ ਲੰਬੀ ਗੱਲਬਾਤ ਕੀਤੀ ਗਈ ਜਿਸ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਆਈਜੀ ਖ਼ਿਲਾਫ਼ ਦਿੱਤੀ ਸ਼ਿਕਾਇਤ ਵਿਚਲੇ ਤੱਥਾਂ ’ਤੇ ਚਰਚਾ ਕੀਤੀ ਗਈ।

ਅਖਬਾਰੀ ਸੂਤਰਾਂ ਮੁਤਾਬਿਕ ਕੁੰਵਰ ਵਿਜੈ ਪ੍ਰਤਾਪ ਵੱਲੋਂ ਬੇਅਦਬੀ ਅਤੇ ਗੋਲੀ ਕਾਂਡ ਨਾਲ ਸਬੰਧਤ ਤਫ਼ਤੀਸ਼ ਦੇ ਤੱਥ ਸਾਂਝੇ ਕਰਦਿਆਂ ਜਿੱਥੇ ਆਪਣਾ ਪੱਖ ਰੱਖਿਆ ਗਿਆ ਉਥੇ ਇਹ ਵੀ ਦਾਅਵਾ ਕੀਤਾ ਗਿਆ ਕਿ ਬਾਦਲ ਦਲ ਵੱਲੋਂ ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਨੂੰ ਮੁੱਢ ਤੋਂ ਹੀ ਲੀਹੋਂ ਲਾਹੁਣ ਦੇ ਯਤਨ ਕੀਤੇ ਜਾ ਰਹੇ ਹਨ ਤੇ ਤਾਜ਼ਾ ਸ਼ਿਕਾਇਤ ਵੀ ਇਸੇ ਤਹਿਤ ਕੀਤੀ ਗਈ ਹੈ। ਆਈਜੀ ਨੇ ਕਿਹਾ ਕਿ ਬੇਅਦਬੀ ਅਤੇ ਗੋਲੀ ਕਾਂਡ ਦੀ ਤਫ਼ਤੀਸ਼ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੀਆਂ ਹਦਾਇਤਾਂ ਅਤੇ ਵਿਧਾਨ ਸਭਾ ਵੱਲੋਂ ਪਾਸ ਮਤੇ ਦੇ ਆਧਾਰ ’ਤੇ ਕੀਤੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਤਫ਼ਤੀਸ਼ ਦੌਰਾਨ ਕਿਸੇ ਵੀ ਬੇਕਸੂਰ ਨੂੰ ਪ੍ਰੇਸ਼ਾਨ ਨਹੀਂ ਕੀਤਾ ਗਿਆ ਤੇ ਤੱਥਾਂ ਦੇ ਆਧਾਰ ’ਤੇ ਹੀ ਕਾਰਵਾਈ ਕੀਤੀ ਜਾ ਰਹੀ ਹੈ।

ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ ’ਚ ਲਾਏ ਦੋਸ਼ਾਂ ਦਾ ਜਵਾਬ ਪੰਜਾਬ ਸਰਕਾਰ ਵੱਲੋਂ ਚੋਣ ਅਧਿਕਾਰੀ ਨੂੰ ਭੇਜ ਦਿੱਤਾ ਗਿਆ ਹੈ ਤੇ ਚੋਣ ਅਧਿਕਾਰੀ ਵੱਲੋਂ ਸਾਰਾ ਮਾਮਲਾ ਚੋਣ ਕਮਿਸ਼ਨ ’ਤੇ ਛੱਡ ਦਿੱਤਾ ਹੈ। ਇਸ ਮਾਮਲੇ ’ਤੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤੋਂ ਬਾਅਦ ਹੀ ਕਾਰਵਾਈ ਕੀਤੀ ਜਾਵੇਗੀ। ਉੱਧਰ ਚੋਣ ਅਧਿਕਾਰੀਆਂ ਦਾ ਦੱਸਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੀ ਸ਼ਿਕਾਇਤ ਦੇ ਨਾਲ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਬਿਆਨਾਂ ਦੀ ਇੱਕ ਸੀਡੀ ਵੀ ਨੱਥੀ ਕੀਤੀ ਗਈ ਹੈ। ਚੋਣ ਅਧਿਕਾਰੀਆਂ ਦਾ ਦੱਸਣਾ ਹੈ ਕਿ ਇਸ ਸ਼ਿਕਾਇਤ ਦੇ ਆਧਾਰ ’ਤੇ ਆਈਜੀ ਦਾ ਤਬਾਦਲਾ ਹੋਣ ਦੇ ਆਸਾਰ ਹਨ। ਚੋਣ ਅਧਿਕਾਰੀ ਦਾ ਕਹਿਣਾ ਹੈ ਕਿ ਕਮਿਸ਼ਨ ਵੱਲੋਂ ਸਿਵਲ ਜਾਂ ਪੁਲੀਸ ਅਧਿਕਾਰੀਆਂ ਖ਼ਿਲਾਫ਼ ਕਿਸੇ ਸਿਆਸੀ ਧਿਰ ਵੱਲੋਂ ਤੱਥਾਂ ’ਤੇ ਆਧਾਰਿਤ ਲਾਏ ਜਾਂਦੇ ਦੋਸ਼ਾਂ ਨੂੰ ਗੰਭੀਰਤਾ ਨਾਲ ਲਿਆ ਜਾਂਦਾ ਹੈ।

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ