ਬਗਦਾਦ ਵਿਚ ਗੁਰਦੁਆਰੇ ਦੀ ਸੇਵਾ ਸੰਭਾਲ ਕਰਨ ਲਈ ਸ਼੍ਰੋਮਣੀ ਕਮੇਟੀ ਸਰਗਰਮ,ਪ੍ਰਧਾਨ ਮੰਤਰੀ ਨੂੰ ਮਿਲੇਗੀ
ਅੰਮ੍ਰਿਤਸਰ ਟਾਈਮਜ਼ ਬਿਊਰੋ
ਅੰਮ੍ਰਿਤਸਰ-ਇਰਾਕ ਦੇ ਬਗਦਾਦ ਵਿੱਚ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰੇ ਦੀ ਮੁੜ ਉਸਾਰੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਸਰਕਾਰ ਨੂੰ ਅਪੀਲ ਕਰੇਗੀ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਬੀਤੇ ਦਿਨੀਂ ‘ਮਿਸ਼ਨ ਬਾਬਾ ਨਾਨਕ ਬਗਦਾਦ’ ਨਾਂ ਦੀ ਸੰਸਥਾ ਦੇ ਪ੍ਰਧਾਨ ਹਰਜੀਤ ਸਿੰਘ ਸੋਢੀ ਤੇ ਗੁਰੂ ਘਰ ਦੇ ਸ਼ਰਧਾਲੂ ਸੁਰਾਜ ਭਵਾਲ ਅੰਮ੍ਰਿਤਸਰ ਆਏ ਸਨ ਅਤੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਨਾਲ ਸੰਪਰਕ ਕਰਕੇ ਇਹ ਇੱਛਾ ਪ੍ਰਗਟਾਈ ਸੀ ਕਿ ਬਗਦਾਦ ਸਥਿਤ ਗੁਰੂ ਨਾਨਕ ਦੇਵ ਜੀ ਦੇ ਗੁਰਦੁਆਰੇ ਦੀ ਸੇਵਾ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਈ ਜਾਵੇ। ਇਸ ਲਈ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨਾਲ ਲੋੜੀਂਦਾ ਪੱਤਰ ਵਿਹਾਰ ਕੀਤਾ ਜਾਵੇ। ਇਤਿਹਾਸਕ ਹਵਾਲਿਆਂ ਅਨੁਸਾਰ ਆਪਣੀ ਉਦਾਸੀ ਦੌਰਾਨ ਗੁਰੂ ਨਾਨਕ ਦੇਵ ਜੀ ਬਗਦਾਦ ਗਏ ਸਨ, ਜਿੱਥੇ ਉਨ੍ਹਾਂ ਦੀ ਯਾਦ ਵਿਚ ਇਹ ਗੁਰਦੁਆਰਾ ਬਣਾਇਆ ਗਿਆ ਸੀ। ਇਰਾਕ ਅੰਦਰ ਕੁਝ ਸਮਾਂ ਪਹਿਲਾਂ ਹਾਲਾਤ ਵਿਗੜਨ ਕਾਰਨ ਤੇ ਜੰਗ ਦੌਰਾਨ ਗੁਰਦੁਆਰੇ ਦੀ ਇਮਾਰਤ ਨੂੰ ਵੀ ਨੁਕਸਾਨ ਪੁੱਜਿਆ ਸੀ। ਉਨ੍ਹਾਂ ਕਿਹਾ ਕਿ ਇਸ ਗੁਰਦੁਆਰੇ ਦੀ ਲੋੜੀਂਦੀ ਸੇਵਾ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨਾਲ ਵਿਚਾਰ-ਵਟਾਂਦਰਾ ਕਰ ਕੇ ਭਾਰਤ ਸਰਕਾਰ ਕੋਲ ਪਹੁੰਚ ਕੀਤੀ ਜਾਵੇਗੀ।
Comments (0)