ਬਾਗੀ ਅਕਾਲੀ ਝੂੰਦਾ ਕਮੇਟੀ ਦੀ ਰਿਪੋਟ ਲਾਗੂ ਕਰਨ ਉਪਰ ਅੜੇ,ਕੁਝ ਅੰਸ਼ ਜਨਤਕ ਕੀਤੇ
ਅੰਮ੍ਰਿਤਸਰ ਟਾਈਮਜ਼ ਬਿਊਰੋ
ਜਲੰਧਰ-ਬਾਗੀ ਅਕਾਲੀ ਧੜੇ ਨੇ ਜਨਤਕ ਕੀਤੀ ਝੂੰਦਾਂ ਕਮੇਟੀ ਦੀ ਰਿਪੋਰਟ, ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਦੇ ਦੋ ਸੀਨੀਅਰ ਆਗੂਆਂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਗੁਰਪ੍ਰਤਾਪ ਸਿੰਘ ਵਡਾਲਾ ਨੇ ਝੂੰਦਾਂ ਕਮੇਟੀ ਦੀ ਰਿਪੋਰਟ ਦੇ ਕੁਝ ਅੰਸ਼ ਜਨਤਕ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਜੇਕਰ ਇਸ ਰਿਪੋਰਟ ਨੂੰ ਲਾਗੂ ਕੀਤਾ ਹੁੰਦਾ ਤਾਂ ਪਾਰਟੀ ਨੂੰ ਅੱਜ ਇਹ ਦਿਨ ਨਹੀਂ ਸੀ ਦੇਖਣੇ ਪੈਂਦੇ।
ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ 'ਤੇ ਪੇਸ਼ ਹੋ ਕੇ ਖਿਮਾਜਾਚਨਾ ਕਰਨ ਤੋਂ ਇੱਕ ਦਿਨ ਪਹਿਲਾਂ ਬੂੰਦਾਂ ਕਮੇਟੀ ਦੇ ਮੈਂਬਰ ਰਹੇ ਚੰਦੂਮਾਜਰਾ ਅਤੇ ਜਥੇਦਾਰ ਵਡਾਲਾ ਨੇ ਰਿਪੋਰਟ ਦਾ ਕੁਝ ਹਿੱਸਾ ਪੇਸ਼ ਕਰਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਲਈ ਨਵੀਂ ਮੁਸਬੀਤ ਖੜ੍ਹੀ ਕਰ ਦਿੱਤੀ ਹੈ। ਦੋਵਾਂ ਆਗੂਆਂ ਨੇ ਕਿਹਾ ਕਿ ਉਨ੍ਹਾਂ ਕੋਲ ਇਸ ਰਿਪੋਰਟ ਦੀ ਨਕਲ ਵੀ ਨਹੀਂ ਹੈ। ਉਨ੍ਹਾਂ ਇਸ ਰਿਪੋਰਟ ਵਿੱਚ ਸ਼ਾਮਿਲ ਕੀਤੇ 16 ਨੁਕਤੇ ਪਹਿਲੀ ਵਾਰ ਜਨਤਕ ਕੀਤੇ ਗਏ।
ਰਿਪੋਰਟ ਵਿੱਚ ਸੋਈ ਨੂੰ ਭੰਗ ਕਰਨ ਦੀ ਸਿਫ਼ਾਰਸ਼'
ਝੂੰਦਾ ਕਮੇਟੀ ਦੀ ਰਿਪੋਰਟ ਵਿੱਚ ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ ਇੰਡੀਆ (ਸੋਈ) ਨੂੰ ਭੰਗ ਕਰਨ ਦੀ ਸਿਫਾਰਸ਼ ਕੀਤੀ ਗਈ ਸੀ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੂੰ ਬਹਾਲ ਕਰਨ ਦੀ ਗੱਲ 'ਤੇ ਜ਼ੋਰ ਦਿੱਤਾ ਗਿਆ ਸੀ। ਟਿਕਟਾਂ ਦੀ ਵੰਡ ਲਈ ਪਾਰਲੀਮਾਨੀ ਬੋਰਡ ਬਣਾਉਣ, ਸ਼੍ਰੋਮਣੀ ਅਕਾਲੀ ਦਲ ਦਾ ਦਫ਼ਤਰ ਮੁੜ ਅੰਮ੍ਰਿਤਸਰ ਵਿੱਚ ਸਥਾਪਤ ਕਰਨ ਅਤੇ ਪ੍ਰਧਾਨ ਦੀ ਮਿਆਦ ਦੋ ਵਾਰ ਤੋਂ ਬਾਅਦ ਲਗਾਤਾਰ ਨਾ ਹੋਣ ਦੀ ਸਿਫਾਰਸ਼ ਕੀਤੀ ਗਈ ਸੀ।
ਜਥੇਦਾਰ ਵਡਾਲਾ ਨੇ ਕਿਹਾ ਕਿ ਝੂੰਦਾ ਰਿਪੋਰਟ ਵਿੱਚ ਇਸ ਗੱਲ 'ਤੇ ਜ਼ੋਰ ਦਿੱਤਾ ਗਿਆ ਸੀ ਕਿ ਪਾਰਟੀ ਵਿੱਚੋਂ ਏਕਾਧਿਕਾਰ ਖਤਮ ਕਰਕੇ ਸਮੂਹਿਕ ਲੀਡਰਸ਼ਿਪ ਸਾਹਮਣੇ ਆਉਣੀ ਚਾਹੀਦੀ ਹੈ ਜਿਵੇਂ ਪਹਿਲਾਂ ਵਾਲੇ ਸਮਿਆਂ ਵਿਚ ਸੀ। ਸ਼੍ਰੋਮਣੀ ਕਮੇਟੀ ਮੈਬਰ ਵੀ ਰਾਜਨੀਤਕ ਚੋਣ ਨਹੀਂ ਲੜ ਸਕਦਾ।
ਫੈਡਰਲ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੇ ਬੁਨਿਆਦੀ ਮੁੱਦਿਆਂ 'ਤੇ ਡੱਟ ਕੇ ਪਹਿਰੇਦਾਰੀ ਕਰਨ ਦੀ ਜ਼ੋਰਦਾਰ ਵਕਾਲਤ ਕੀਤੀ ਗਈ ਸੀ। ਇੱਕ ਪਰਿਵਾਰ ਇੱਕ ਟਿਕਟ ਅਤੇ ਸ਼੍ਰੋਮਣੀ ਕਮੇਟੀ ਵਿੱਚ ਰਾਜਨੀਤਕ ਦਖਲਅੰਦਾਜ਼ੀ ਬੰਦ ਕਰਨ ਦੀ ਵੀ ਸਿਫਾਰਿਸ਼ ਕੀਤੀ ਗਈ ਸੀ।
Comments (0)