1984 ਸਿੱਖ ਕਤਲੇਆਮ ਦੇ 23 ਦੋਸ਼ੀਆਂ ਨੂੰ ਭਾਰਤੀ ਸੁਪਰੀਮ ਕੋਰਟ ਨੇ ਜ਼ਮਾਨਤ ਦਿੱਤੀ
ਨਵੀਂ ਦਿੱਲੀ: ਨਵੰਬਰ 1984 ਵਿੱਚ ਭਾਰਤ ਦੀ ਰਾਜਧਾਨੀ ਦਿੱਲੀ ਅਤੇ ਹਿੰਦੀ ਖੇਤਰ ਦੇ ਹੋਰ ਸ਼ਹਿਰਾਂ, ਕਸਬਿਆਂ, ਪਿੰਡਾਂ ਵਿੱਚ ਹੋਏ ਸਿੱਖ ਕਤਲੇਆਮ ਨਾਲ ਸਬੰਧਿਤ ਦਿੱਲੀ ਦੇ ਤ੍ਰਿਲੋਕਪੁਰੀ ਇਲਾਕੇ ਨਾਲ ਸਬੰਧਿਤ ਮਾਮਲੇ 'ਚ ਦੋਸ਼ੀ 23 ਵਿਅਕਤੀਆਂ ਨੂੰ ਭਾਰਤ ਦੀ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਇਹਨਾਂ ਲੋਕਾਂ ਨੂੰ ਦਿੱਲੀ ਹਾਈ ਕੋਰਟ ਨੇ ਦੋਸ਼ੀ ਐਲਾਨਦਿਆਂ 5 ਸਾਲ ਜੇਲ੍ਹ ਦੀ ਸਜ਼ਾ ਦਾ ਐਲਾਨ ਕੀਤਾ ਸੀ, ਜਿਸ ਖਿਲਾਫ ਇਹਨਾਂ ਨੇ ਸੁਪਰੀਮ ਕੋਰਟ ਵਿੱਚ ਅਪੀਲ ਲਾਈ ਹੋਈ ਹੈ।
ਅੱਜ ਭਾਰਤੀ ਸੁਪਰੀਮ ਕੋਰਟ ਦੇ ਮੁੱਖ ਜੱਜ ਰੰਜਨ ਗੋਗੋਈ ਦੀ ਅਗਵਾਈ ਵਾਲੇ ਮੇਜ ਨੇ ਇਸ ਮਾਮਲੇ 'ਤੇ ਸੁਣਵਾਈ ਕਰਦਿਆਂ ਜ਼ਮਾਨਤ ਦੇ ਦਿੱਤੀ।
ਮੁੱਖ ਜੱਜ ਰੰਜਨ ਗੋਗੋਈ, ਜੱਜ ਦੀਪਕ ਗੁਪਤਾ ਅਤੇ ਜੱਜ ਸੰਜੀਵ ਖੰਨਾ ਦੇ ਮੇਜ ਨੇ ਕਿਹਾ ਕਿ ਇਹਨਾਂ ਦੋਸ਼ੀਆਂ ਖਿਲਾਫ ਕੋਈ ਸਿੱਧਾ ਸਬੂਤ ਨਹੀਂ ਹੈ ਅਤੇ ਗਵਾਹਾਂ ਵੱਲੋਂ ਇਹਨਾਂ ਦੀ ਪਛਾਣ ਨਹੀਂ ਕੀਤੀ ਗਈ।
ਇਸ ਤੋਂ ਪਹਿਲਾਂ 30 ਅਪ੍ਰੈਲ ਨੂੰ ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ 15 ਦੋਸ਼ੀਆਂ ਨੂੰ ਬਰੀ ਕਰ ਦਿੱਤਾ ਸੀ। ਉਸ ਫੈਂਸਲੇ ਦੇ ਅਧਾਰ 'ਤੇ ਹੁਣ ਬਾਕੀ ਦੋਸ਼ੀ ਵੀ ਬਰੀ ਕਰਨ ਦੀ ਮੰਗ ਕਰ ਰਹੇ ਹਨ।
ਦੱਸ ਦਈਏ ਕਿ ਤ੍ਰਿਲੋਕਪੁਰੀ ਇਲਾਕੇ ਵਿੱਚ ਸੈਂਕੜੇ ਸਿੱਖਾਂ ਦਾ ਕਤਲ ਕੀਤਾ ਗਿਆ ਸੀ ਤੇ ਸਿੱਖਾਂ ਦੇ ਘਰ ਜਲਾ ਦਿੱਤੇ ਗਏ ਸਨ। ਪਰ ਇਸ ਮਾਮਲੇ ਵਿੱਚ ਨਾਮਜ਼ਦ ਕੀਤੇ ਗਏ 80 ਦੋਸ਼ੀਆਂ ਵਿੱਚੋਂ ਕਿਸੇ ਖਿਲਾਫ ਵੀ ਕਤਲ ਦਾ ਮਾਮਲਾ ਦਰਜ ਨਹੀਂ ਕੀਤਾ ਗਿਆ ਸੀ।
28 ਨਵੰਬਰ, 2018 ਨੂੰ ਦਿੱਲੀ ਹਾਈ ਕੋਰਟ ਨੇ 27 ਅਗਸਤ, 1996 ਨੂੰ ਹੇਠਲੀ ਅਦਾਲਤ ਵੱਲੋਂ ਸੁਣਾਏ ਫੈਂਸਲੇ ਨੂੰ ਕਾਇਮ ਰੱਖਦਿਆਂ 70 ਦੋਸ਼ੀਆਂ ਨੂੰ ਦੰਗਾ ਕਰਨ, ਘਰ ਜਲਾਉਣ ਅਤੇ ਕਰਫਿਊ ਦੀ ਉਲੰਘਣਾ ਦੇ ਦੋਸ਼ ਤਹਿਤ ਪੰਜ ਸਾਲ ਦੀ ਸਜ਼ਾ ਸੁਣਾਈ ਸੀ।
ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ
Comments (0)