ਭਾਈ ਰਾਜੋਆਣਾ ਦੀ ਫਾਂਸੀ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਖਿਲਾਫ ਸੁਪਰੀਮ ਕੋਰਟ ਜਾਵੇਗਾ ਬੇਅੰਤ ਸਿੰਘ ਦਾ ਪਰਿਵਾਰ

ਭਾਈ ਰਾਜੋਆਣਾ ਦੀ ਫਾਂਸੀ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਖਿਲਾਫ ਸੁਪਰੀਮ ਕੋਰਟ ਜਾਵੇਗਾ ਬੇਅੰਤ ਸਿੰਘ ਦਾ ਪਰਿਵਾਰ

ਚੰਡੀਗੜ੍ਹ: ਭਾਰਤ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਕਰਕੇ ਰੱਖੇ ਗਏ ਸਿਆਸੀ ਸਿੱਖ ਕੈਦੀਆਂ ਵਿੱਚੋਂ 8 ਸਿੰਘਾਂ ਨੂੰ ਪੱਕੀ ਰਿਹਾਈ ਦੇਣ ਅਤੇ ਫਾਂਸੀ ਦੀ ਸਜ਼ਾਯਾਫਤਾ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ ਕਰਨ ਦੇ ਫੈਂਸਲੇ ਨੂੰ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪਰਿਵਾਰ ਨੇ ਭਾਰਤ ਦੀ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਦਾ ਐਲਾਨ ਕੀਤਾ ਹੈ। 

ਖੰਨਾ ਵਿਧਾਨ ਸਭਾ ਹਲਕੇ ਤੋਂ ਬੇਅੰਤ ਸਿੰਘ ਦੇ ਪੋਤੇ ਗੁਰਕੀਰਤ ਕੋਟਲੀ ਨੇ ਕਿਹਾ, "ਬਲਵੰਤ ਸਿੰਘ ਰਾਜੋਆਣਾ ਨੇ ਜਨਤਕ ਤੌਰ 'ਤੇ ਆਪਣੇ ਗੁਨਾਹ ਪ੍ਰਤੀ ਕੋਈ ਪਛਤਾਵਾ ਜ਼ਾਹਿਰ ਨਹੀਂ ਕੀਤਾ ਬਲਕਿ ਗੁਨਾਹ ਦਾ ਇਕਬਾਲ ਕੀਤਾ ਹੈ ਤੇ ਇਹ ਸਜ਼ਾ ਮੁਆਫੀ ਦਾ ਫੈਂਸਲਾ ਨਿਰੋਲ ਰਾਜਨੀਤਕ ਹੈ।" ਉਹਨਾਂ ਕਿਹਾ ਕਿ ਰਾਜੋਆਣਾ ਨੇ ਲੰਘੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ ਸੀ। ਇਸ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਰਾਜਸੀ ਰੋਟੀਆਂ ਕੌਣ ਸੇਕ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਤੇ ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਗੱਲਬਾਤ ਕੀਤੀ ਜਾਵੇਗੀ। ਬੇਅੰਤ ਸਿੰਘ ਦੇ ਪੋਤੇ ਰਵਨੀਤ ਬਿੱਟੂ ਨੇ ਵੀ ਰਾਜੋਆਣਾ ਦੀ ਸਜ਼ਾ ਘਟਾਉਣ ਦਾ ਵਿਰੋਧ ਕੀਤਾ ਹੈ।

ਦੱਸ ਦਈਏ ਕਿ ਬੇਅੰਤ ਸਿੰਘ ਉਸ ਸਮੇਂ ਪੰਜਾਬ ਦਾ ਮੁੱਖ ਮੰਤਰੀ ਬਣਿਆ ਸੀ ਜਦੋਂ ਸਿੱਖਾਂ ਵੱਲੋਂ ਅਜ਼ਾਦ ਦੇਸ਼ ਖਾਲਿਸਤਾਨ ਦੀ ਪ੍ਰਾਪਤੀ ਲਈ ਹਥਿਆਰਬੰਦ ਸੰਘਰਸ਼ ਆਪਣੇ ਪੂਰੇ ਜ਼ੋਰ 'ਤੇ ਸੀ ਅਤੇ ਖਾੜਕੂ ਧਿਰਾਂ ਵੱਲੋਂ ਚੋਣਾਂ ਦਾ ਬਾਈਕਾਟ ਕਰਨ ਕਰਕੇ ਮਹਿਜ਼ 10 ਫੀਸਦੀ ਤੋਂ ਘੱਟ ਵੋਟਾਂ ਨਾਲ ਮੁੱਖ ਮੰਤਰੀ ਬਣਿਆ ਸੀ। ਪਰ ਬੇਅੰਤ ਸਿੰਘ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਅਤੇ ਭਾਰਤੀ ਸੁਰੱਖਿਆ ਬਲਾਂ ਨੇ ਪੰਜਾਬ ਵਿੱਚ ਸਰਕਾਰੀ ਦਹਿਸ਼ਤ ਦੀ ਹਨੇਰੀ ਲਿਆ ਦਿੱਤੀ ਸੀ ਜਿਸ ਕਾਰਨ ਭਾਈ ਦਿਲਾਵਰ ਸਿੰਘ ਅਤੇ ਉਹਨਾਂ ਦੇ ਸਾਥੀ ਸਿੰਘ ਵੱਲੋਂ ਬੇਅੰਤ ਸਿੰਘ ਨੂੰ ਬੰਬ ਧਮਾਕਾ ਕਰਕੇ ਉਡਾ ਦਿੱਤਾ ਗਿਆ ਸੀ। ਇਸ ਮਾਮਲੇ 'ਚ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ ਹੋਈ ਸੀ ਜਦਕਿ ਭਾਈ ਜਗਤਾਰ ਸਿੰਘ ਹਵਾਰਾ ਸਮੇਤ ਬਾਕੀ ਸਿੰਘਾਂ ਨੂੰ ਉਮਰ ਕੈਦ ਦੀ ਸਜ਼ਾ ਹੋਈ ਸੀ। 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।