ਸ਼੍ਰੋਮਣੀ ਕਮੇਟੀ ਨੇ ਜ਼ੰਜੀਰਾਂ ’ਵਿਚ ਜਕੜ ਕੇ ਕਾਲੇ ਚੋਲ੍ਹੇ ਪਾਕੇ ਕੀਤਾ ਪ੍ਰਦਰਸ਼ਨ

ਸ਼੍ਰੋਮਣੀ ਕਮੇਟੀ ਨੇ ਜ਼ੰਜੀਰਾਂ ’ਵਿਚ ਜਕੜ ਕੇ  ਕਾਲੇ ਚੋਲ੍ਹੇ ਪਾਕੇ ਕੀਤਾ ਪ੍ਰਦਰਸ਼ਨ

ਮਾਮਲਾ ਬੰਦੀ ਸਿੰਘਾਂ ਦੀ ਰਿਹਾਈ ਦਾ    

   ਸੰਵਿਧਾਨ ਬਰਾਬਰੀ ਦਾ ਹਾਮੀ ਹੈ ਪਰ ਸਿੱਖਾਂ ਨਾਲ ਵਿਤਕਰਾ ਕਿਉਂ : ਐਡਵੋਕੇਟ ਧਾਮੀ 

ਅੰਮ੍ਰਿਤਸਰ ਟਾਈਮਜ਼

ਅੰਮ੍ਰਿਤਸਰ - ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਜੇਲ੍ਹਾਂ ’ਵਿਚ ਨਜ਼ਰਬੰਦ ਕੀਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ  ਕਮੇਟੀ ਵਲੋਂ  ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਰੋਸ ਧਰਨੇ ਦਿੱਤੇ ਜਾ ਰਹੇ ਹਨ। ਇਸ ਸੰਬੰਧੀ ਵਿਸ਼ਾਲ ਮੋਟਰਸਾਈਕਲ ਰੋਸ ਮਾਰਚ ਸਥਾਨਕ ਗੁਰਦੁਆਰਾ ਸਾਰਾਗੜ੍ਹੀ ਵਿਰਾਸਤੀ ਮਾਰਗ ਤੋਂ ਜੈਕਾਰਿਆਂ ਦੀ ਗੂੰਜ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਕੱਢਿਆ ਗਿਆ, ਜੋ ਡੀ.ਸੀ. ਅੰਮ੍ਰਿਤਸਰ ਦੇ ਦਫ਼ਤਰ ਲਈ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਾ ਹੋਇਆ ਰਵਾਨਾ ਹੋਇਆ।ਇਸ ਰੋਸ ਮਾਰਚ ਵਿਚ ਸ਼ਾਮਲ ਪ੍ਰਧਾਨ ਐਡਵੋਕੇਟ ਧਾਮੀ, ਸ਼੍ਰੋਮਣੀ ਕਮੇਟੀ ਮੈਂਬਰਾਂ, ਮੁਲਾਜ਼ਮਾਂ ਅਤੇ ਹੋਰਨਾਂ ਨੇ ਕਾਲੀਆਂ ਦਸਤਾਰਾਂ ਅਤੇ ਕਾਲੇ ਚੋਲੇ ਪਹਿਨੇ ਹੋਏ ਸਨ। ਇਸ ਰੋਸ ਪ੍ਰਦਰਸ਼ਨ ’ਵਿਚ ਪ੍ਰਧਾਨ ਸਮੇਤ ਕਈ ਮੈਂਬਰਾਂ ਨੇ ਆਪਣੇ ਗਲਾਂ ਵਿਚ ਜ਼ੰਜੀਰਾਂ ਵੀ ਪਹਿਨੀਆਂ ਹੋਈਆਂ ਸਨ। 

 ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਮੁਲਕ ਦੀ ਆਜ਼ਾਦੀ ਲਈ 80 ਫੀਸਦੀ ਤੋਂ ਵੱਧ ਕੁਰਬਾਨੀਆਂ ਸਿੱਖਾਂ ਨੇ ਦਿੱਤੀਆਂ ਸਨ। ਜਦਕਿ ਸਿੱਖਾਂ ਨਾਲ ਬੇਗਾਨਿਆਂ ਵਾਲਾ ਵਿਹਾਰ ਕੀਤਾ ਜਾ ਰਿਹਾ ਹੈ।ਐਡਵੋਕੇਟ ਧਾਮੀ ਨੇ ਦੱਸਿਆ ਕਿ ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਵਿਚ ਸਿੱਖ ਕੈਦੀ ਹਨ। ਸਜ਼ਾਵਾਂ ਪੂਰੀਆਂ ਹੋਣ ਤੋਂ ਬਾਅਦ ਵੀ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਬੰਦੀ ਸਿੱਖਾਂ ਦੀ ਰਿਹਾਈ ਦਾ ਐਲਾਨ ਕੀਤਾ ਗਿਆ ਸੀ। ਉਸ ਤੋਂ ਬਾਅਦ ਅੱਜ ਤਕ ਉਸ ਐਲਾਨ ਨੂੰ ਲਾਗੂ ਨਹੀਂ ਕੀਤਾ ਗਿਆ ਹੈ। ਧਾਮੀ ਨੇ ਕਿਹਾ ਕਿ ਗੁਰਦੀਪ ਸਿੰਘ ਖੈੜਾ, ਦਵਿੰਦਰਪਾਲ ਸਿੰਘ ਭੁੱਲਰ, ਬਲਵੰਤ ਸਿੰਘ ਰਾਜੋਆਣਾ, ਜਗਤਾਰ ਸਿੰਘ ਹਵਾਰਾ, ਲਖਵਿੰਦਰ ਸਿੰਘ ਲੱਖਾ, ਗੁਰਮੀਤ ਸਿੰਘ, ਸ਼ਮਸ਼ੇਰ ਸਿੰਘ, ਪਰਮਜੀਤ ਸਿੰਘ ਭਿਓਰਾ, ਜਗਤਾਰ ਸਿੰਘ ਤਾਰਾ ਆਦਿ ਸਿੱਖ ਬੰਦੀ ਆਪਣੀ ਰਿਹਾਈ ਉਡੀਕ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦਾ ਕਾਨੂੰਨ ਅਤੇ ਸੰਵਿਧਾਨ ਹਰ ਨਾਗਰਿਕ ਨੂੰ ਬਰਾਬਰ ਅਧਿਕਾਰ ਦਿੰਦੇ ਹਨ ਫਿਰ ਸਿੱਖਾਂ ਨਾਲ ਵਿਤਕਰਾ ਕਿਉਂ ਹੋ ਰਿਹਾ ਹੈ?

ਐਡਵੋਕੇਟ ਧਾਮੀ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਸ਼੍ਰੋਮਣੀ ਕਮੇਟੀ ਨੇ ਮੁਲਕ ਦੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਕਈ ਵਾਰ ਪੱਤਰ ਲਿਖ ਕੇ ਵਫ਼ਦ ਦੇ ਰੂਪ ਵਿਚ ਮਿਲਣ ਦੀ ਮੰਗ ਕੀਤੀ ਹੋਈ ਹੈ। ਹਾਲੇ ਤਕ ਹਾਕਮਾਂ ਨੇ ਕਿਸੇ ਪੱਤਰ ਦਾ ਜਵਾਬ ਨਹੀਂ ਦਿੱਤਾ।ਹੋਰਨਾਂ ਤੋਂ ਇਲਾਵਾ ਸ੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਹਲਕਾ ਇੰਚਾਰਜ ਜਗਦੀਪ ਸਿੰਘ ਚੀਮਾ, ਭਗਵੰਤ ਸਿੰਘ ਧੰਗੇੜਾ ਮੈਨੇਜਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਅਤੇ ਹੋਰ ਆਗੂ ਵੀ ਹਾਜ਼ਰ ਸਨ।ਰੋਸ ਮਾਰਚ ਤੋਂ ਬਾਅਦ ਡੀ.ਸੀ. ਦਫ਼ਤਰ ਦੇ ਸਾਹਮਣੇ ਸ਼੍ਰੋਮਣੀ ਕਮੇਟੀ ਵਲੋਂ ਰੋਸ ਧਰਨਾ ਦਿੱਤਾ । 

  ਜਲੰਧਰ ਵਿਚ ਰੋਸ ਮਾਰਚ

ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਐਸ ਜੀ ਪੀ ਸੀ ਮੈਂਬਰ ਕੁਲਵੰਤ ਸਿੰਘ ਮੰਨਣ ਅਤੇ ਸਿੱਖ ਸੰਗਤਾਂ ਵਲੋਂ ਮਾਰਚ ਕਰਦੇ ਹੋਏ ਡਿਪਟੀ ਕਮਿਸ਼ਨਰ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੇ ਨਾਮ ਤੇ ਮੰਗ ਪੱਤਰ ਦਿੱਤਾ ਗਿਆ। ਇੰਸ ਮੌਕੇ ਸੰਗਤਾਂ ਨੇ ਹੱਥਾਂ ਵਿੱਚ ਬੰਦੀ ਸਿੰਘਾਂ ਦੇ ਰਿਹਾਈ ਦੇ ਬੈਨਰ ਪਕੜ ਰੱਖੇ ਸਨ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਸ ਜੀ ਪੀ ਸੀ ਮੈਂਬਰ ਕੁਲਵੰਤ ਸਿੰਘ ਮੰਨਣ ਅਤੇ ਜਥੇਦਾਰ ਜਗਜੀਤ ਸਿੰਘ ਗਾਬਾ,ਗੁਰਮੀਤ ਸਿੰਘ ਬਿਟੂ ਨੇ ਕਿਹਾ ਕਿ ਦੇਸ਼ ਦੀ ਖਾਤਿਰ ਲੜੀਆਂ ਗਈਆਂ ਜੰਗਾਂ ਵਿੱਚ 80% ਸਿੱਖ ਕੌਮ ਨੇ ਕੁਰਬਾਨੀਆਂ ਦਿੱਤੀਆਂ ਸੀ ਅਤੇ ਅਸੀਂ ਇਸ ਮੰਗ ਪੱਤਰ ਦੇ ਜਰੀਏ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਸਿੱਖ ਕੌਮ ਦੀ ਦੇਸ਼ ਖਾਤਿਰ ਦਿਤੀਆਂ ਕੁਰਬਾਨੀਆਂ ਨੂੰ ਧਿਆਨ ਵਿਚ ਰੱਖਦੇ ਹੋਏ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁਕੇ ਬੰਦੀ ਸਿੰਘਾਂ ਨੂੰ ਜੇਲ੍ਹਾਂ ਵਿਚੋਂ ਆਜ਼ਾਦ ਕੀਤਾ ਜਾਵੇ। ਉਹਨਾਂ ਕਿਹਾ ਕਿ ਜੇਕਰ ਰਾਜੀਵ ਗਾਂਧੀ ਦੇ ਕਾਤਿਲਾਂ ਨੂੰ ਜੇਲਾਂ ਵਿਚੋਂ ਆਜ਼ਾਦ ਕੀਤਾ ਜਾ ਸਕਦਾ ਹੈ, ਜੇਕਰ ਮੁਸਲਮਾਨ ਬੱਚੀਆਂ ਦੇ ਬਲਾਤਕਾਰੀਆਂ ਨੂੰ ਸਜ਼ਾਵਾ ਪੂਰੀਆਂ ਹੋਣ ਤੋਂ ਪਹਿਲਾਂ ਜੇਲ੍ਹਾਂ ਵਿਚੋਂ ਆਜ਼ਾਦੀ ਮਿਲ ਸਕਦੀ ਹੈ ਤਾਂ ਸਿਖ ਬੰਦੀਆਂ ਨੂੰ ਸਜ਼ਾਵਾਂ ਪੂਰੀਆਂ ਕਰਨ ਬਾਅਦ ਕਿਉਂ ਨਹੀਂ ਰਿਹਾਈ ਮਿਲੀ ?,