ਬੰਦੀ ਸਿੰਘਾਂ ਦੀ ਰਿਹਾਈ ਅਤੇ ਜੇਲ੍ਹ ਤਬਦੀਲੀ ਦੇ 17 ਮਾਰਚ ਦੇ ਪੰਥਕ ਇਕੱਠ ਨੂੰ ਮਿਲੇਗਾ ਸ਼੍ਰੋਮਣੀ ਕਮੇਟੀ ਦਾ ਪੂਰਨ ਸਹਿਯੋਗ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜੇਲ੍ਹ ਤਬਦੀਲੀ ਦੇ 17 ਮਾਰਚ ਦੇ ਪੰਥਕ ਇਕੱਠ ਨੂੰ ਮਿਲੇਗਾ ਸ਼੍ਰੋਮਣੀ ਕਮੇਟੀ  ਦਾ ਪੂਰਨ ਸਹਿਯੋਗ

ਮਾਮਲਾ ਡਿਬਰੂਗੜ੍ਹ ਜੇਲ੍ਹ ’ਚ ਨਜ਼ਰਬੰਦ ਸਿੱਖ ਨੌਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਭੁੱਖ ਹੜਤਾਲ ਦਾ

ਮਾਮਲੇ ਦੀ ਹੁਣ ਤੱਕ ਦੀ ਰਿਪੋਰਟ ਭੇਜੀ ਜਾਵੇਗੀ ਸ੍ਰੀ ਅਕਾਲ ਤਖ਼ਤ ਸਾਹਿਬ - ਭਾਈ ਖ਼ਾਲਸਾ, ਭਾਈ ਮਹਿਤਾ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਨਵੀਂ ਦਿੱਲੀ, 15 ਮਾਰਚ (ਮਨਪ੍ਰੀਤ ਸਿੰਘ ਖਾਲਸਾ):- ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ, ਹੋਰ ਸਿੰਘਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਸਰਕਾਰ ਦੇ ਖਿਲਾਫ ਕੀਤੀ ਜਾ ਰਹੀ ਭੁੱਖ ਹੜਤਾਲ ਅਤੇ ਉਨ੍ਹਾਂ ਦੇ ਮਾਮਲੇ ਸੁਲਝਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਸਬ-ਕਮੇਟੀ ਦੀ ਅੱਜ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਇਕੱਤਰਤਾ ਹੋਈ ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਡਾ. ਸੁਖਪ੍ਰੀਤ ਸਿੰਘ ਉੱਦੋਕੇ ਅਤੇ ਸ. ਅਜਮੇਰ ਸਿੰਘ ਸ਼ਾਮਲ ਹੋਏ। ਇਕੱਤਰਤਾ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ ਅਤੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਨਜ਼ਰਬੰਦ ਸਿੰਘਾਂ ਸਬੰਧੀ ਮਾਮਲਿਆਂ ਉੱਤੇ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਪਾਸੋਂ ਸਬ ਕਮੇਟੀ ਲਈ ਮੁਲਾਕਾਤ ਦਾ ਸਮਾਂ ਮੰਗਿਆ ਗਿਆ ਸੀ, ਪਰੰਤੂ 9 ਮਾਰਚ ਤੋਂ ਬਾਅਦ ਤਿੰਨ ਵਾਰ ਪੱਤਰ ਭੇਜਣ ਦੇ ਬਾਵਜੂਦ ਵੀ ਸਰਕਾਰ ਨੇ ਕੋਈ ਸਾਰਥਕ ਹੁੰਗਾਰਾ ਨਹੀਂ ਭਰਿਆ। ਉਨ੍ਹਾਂ ਕਿਹਾ ਕਿ ਅੱਜ ਸਬ ਕਮੇਟੀ ਦੀ ਇਕੱਤਰਤਾ ਵਿੱਚ ਮਹਿਸੂਸ ਕੀਤਾ ਗਿਆ ਕਿ ਪੰਜਾਬ ਦੇ ਮੁੱਖ ਮੰਤਰੀ ਦੀ ਸਿੱਖ ਮਾਮਲਿਆਂ ਪ੍ਰਤੀ ਗ਼ੈਰ ਸੰਜੀਦਾ ਪਹੁੰਚ ਬਹੁਤ ਹੀ ਮੰਦਭਾਗੀ ਹੈ, ਜੋ ਕਿ ਸੂਬੇ ਦੇ ਹਿਤਾਂ ਵਿੱਚ ਨਹੀਂ ਹੈ। ਇਕੱਤਰਤਾ ਉਪਰੰਤ ਮੀਡੀਆ ਨੂੰ ਸੰਬੋਧਨ ਕਰਦਿਆਂ ਸ. ਖ਼ਾਲਸਾ ਅਤੇ ਭਾਈ ਮਹਿਤਾ ਨੇ ਕਿਹਾ ਕਿ ਡਿਬਰੂਗੜ੍ਹ ਜੇਲ੍ਹ ਅਸਾਮ, ਅੰਮ੍ਰਿਤਸਰ ਜੇਲ੍ਹ ਪੰਜਾਬ ਅਤੇ ਅੰਮ੍ਰਿਤਸਰ ਦੇ ਵਿਰਾਸਤੀ ਮਾਰਗ ਉੱਤੇ ਨਜ਼ਰਬੰਦ ਸਿੰਘਾਂ ਦੇ ਪਰਿਵਾਰਕ ਮੈਂਬਰਾਂ ਦੀ ਆਏ ਦਿਨ ਵਿਗੜ ਰਹੀ ਸਰੀਰਕ ਹਾਲਤ ਨੂੰ ਮੁੱਖ ਰੱਖਦਿਆਂ ਵਿਰਾਸਤੀ ਮਾਰਗ ਉੱਤੇ 17 ਮਾਰਚ ਐਤਵਾਰ ਨੂੰ ਹੋਣ ਜਾ ਰਹੇ ਪੰਥਕ ਇਕੱਠ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ਾਂ ਅਨੁਸਾਰ ਹਰ ਤਰ੍ਹਾਂ ਦਾ ਸਹਿਯੋਗ ਕਰਨ ਦਾ ਫੈਸਲਾ ਵੀ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਹੋਏ ਆਦੇਸ਼ ਅਨੁਸਾਰ ਸਬ ਕਮੇਟੀ ਵੱਲੋਂ ਸ. ਭਗਵੰਤ ਸਿੰਘ ਸਿਆਲਕਾ ਨੂੰ ਸ਼ਾਮਲ ਹੋਣ ਅਤੇ ਸ. ਸੁਖਪ੍ਰੀਤ ਸਿੰਘ ਉੱਦੋਕੇ ਨੂੰ ਸਟੇਜ ਦੀ ਸੇਵਾ ਨਿਭਾਉਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਸਾਰੇ ਪ੍ਰੋਗਰਾਮ ਨੂੰ ਪੂਰੇ ਜਾਬਤੇ ਵਿੱਚ ਰੱਖ ਕੇ ਸਮਾਂਬੱਧ ਤਰੀਕੇ ਨਾਲ ਚਲਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਆਖਿਆ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੋਟੀ ਪੰਥਕ ਮਾਮਲਿਆਂ ਉੱਤੇ ਸਹਿਯੋਗੀ ਰਹਿੰਦੀ ਹੈ ਅਤੇ ਅਗਾਂਹ ਵੀ ਸਹਿਯੋਗ ਕਰਦੀ ਰਹੇਗੀ। ਇਸ ਤੋਂ ਇਲਾਵਾ ਨਜ਼ਰਬੰਦ ਸਿੰਘਾਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਦੀ ਤਰ੍ਹਾਂ ਇਖਲਾਕੀ ਤੇ ਮਾਲੀ ਸਹਿਯੋਗ ਵੀ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸਰਕਾਰਾਂ ਦੇ ਸਿੱਖ ਵਿਰੋਧੀ ਰਵੱਈਏ ਨੂੰ ਧਿਆਨ ਵਿੱਚ ਰੱਖਦਿਆਂ ਕੌਮ ਨੂੰ ਜਥੇਬੰਦਕ ਧੜੇਬੰਦੀਆਂ ਤੋਂ ਉੱਪਰ ਉੱਠ ਕੇ ਆਪਸੀ ਇੱਕਜੁੱਟਤਾ, ਗੰਭੀਰਤਾ, ਦੂਰਦ੍ਰਿਸ਼ਟੀ ਦਾ ਪ੍ਰਗਟਾਵਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਬ ਕਮੇਟੀ ਦੀਆਂ ਹੁਣ ਤੱਕ ਹੋਈਆਂ ਇਕੱਤਰਤਾਵਾਂ ਅਤੇ ਮਾਮਲੇ ਦੀ ਮੌਜੂਦਾ ਸਥਿਤੀ ਬਾਰੇ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਭੇਜ ਦਿੱਤੀ ਜਾਵੇਗੀ।ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਇੰਚਾਰਜ ਸ. ਅਜ਼ਾਦਦੀਪ ਸਿੰਘ ਵੀ ਹਾਜ਼ਰ ਸਨ।