ਬੇਅਦਬੀ ਮਾਮਲਿਆਂ 'ਚ ਗ੍ਰਿਫਤਾਰ ਡੇਰਾ ਸਿਰਸਾ ਪ੍ਰੇਮੀਆਂ ਨੇ ਜ਼ਮਾਨਤ ਮੰਗੀ

ਬੇਅਦਬੀ ਮਾਮਲਿਆਂ 'ਚ ਗ੍ਰਿਫਤਾਰ ਡੇਰਾ ਸਿਰਸਾ ਪ੍ਰੇਮੀਆਂ ਨੇ ਜ਼ਮਾਨਤ ਮੰਗੀ

ਅੰਮ੍ਰਿਤਸਰ ਟਾਈਮਜ਼ ਬਿਊਰੋ

ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੇ ਦੋਸ਼ੀ ਗ੍ਰਿਫ਼ਤਾਰ ਕੀਤੇ ਗਏ ਪੰਜ ਡੇਰਾ ਸਿਰਸਾ ਪ੍ਰੇਮੀਆਂ ਨੇ ਸਥਾਨਕ ਡਿਊਟੀ ਮੈਜਿਸਟਰੇਟ ਸੁਰੇਸ਼ ਕੁਮਾਰ ਦੀ ਅਦਾਲਤ ਵਿੱਚ ਅਰਜ਼ੀ ਦੇ ਕੇ ਚੱਲਦੇ ਮੁਕੱਦਮੇ ਤੱਕ ਜ਼ਮਾਨਤ ’ਤੇ ਰਿਹਾਅ ਕਰਨ ਦੀ ਮੰਗ ਕੀਤੀ ਹੈ। ਅਦਾਲਤ ਨੇ ਡੇਰਾ ਸਿਰਸਾ ਪ੍ਰੇਮੀਆਂ ਦੀ ਅਰਜ਼ੀ ’ਤੇ ਪੰਜਾਬ ਸਰਕਾਰ ਅਤੇ ਵਿਸ਼ੇਸ਼ ਜਾਂਚ ਟੀਮ (ਸਿਟ) ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਹਦਾਇਤ ਕੀਤੀ ਹੈ ਕਿ ਮਾਮਲੇ ਨਾਲ ਲੋੜੀਂਦਾ ਰਿਕਾਰਡ 24 ਜੁਲਾਈ ਨੂੰ ਪੇਸ਼ ਕੀਤਾ ਜਾਵੇ। 

ਡੇਰਾ ਪ੍ਰੇਮੀ ਰਣਦੀਪ ਸਿੰਘ, ਰਣਜੀਤ ਸਿੰਘ, ਬਲਜੀਤ ਸਿੰਘ, ਨਿਸ਼ਾਨ ਸਿੰਘ ਅਤੇ ਨਰਿੰਦਰ ਕੁਮਾਰ ਨੇ ਆਪਣੀ ਅਰਜ਼ੀ ’ਚ ਦਾਅਵਾ ਕੀਤਾ ਹੈ ਕਿ ਉਨ੍ਹਾਂ ਕਦੇ ਵੀ ਪਿੰਡ ਬੁਰਜ ਜਵਾਹਰ ਸਿੰਘ ਵਾਲਾ ’ਚੋਂ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਨਹੀਂ ਕੀਤਾ ਸਗੋਂ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਝੂਠਾ ਫਸਾਇਆ ਗਿਆ ਹੈ। 

ਡੇਰਾ ਪ੍ਰੇਮੀਆਂ ਨੇ ਜ਼ਮਾਨਤ ਲਈ ਸੀਬੀਆਈ ਦੀ ਕਲੀਨ ਚਿੱਟ ਦਾ ਵੀ ਸਹਾਰਾ ਲਿਆ ਹੈ ਅਤੇ ਨਾਲ ਹੀ ਕਿਹਾ ਹੈ ਕਿ ਜੇਲ੍ਹ ਵਿੱਚ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ। ਜ਼ਿਕਰਯੋਗ ਹੈ ਕਿ ਬੇਅਦਬੀ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ ਗਏ ਮਹਿੰਦਰ ਪਾਲ ਬਿੱਟੂ ਨੂੰ ਨਾਭਾ ਜੇਲ੍ਹ ਵਿੱਚ ਕਤਲ ਕਰ ਦਿੱਤਾ ਗਿਆ ਸੀ। 

ਬਲਜੀਤ ਦੀ ਗ੍ਰਿਫ਼ਤਾਰੀ ’ਤੇ ਰੋਕ

ਕੋਟਕਪੂਰਾ ਗੋਲੀ ਕਾਂਡ ਵਿੱਚ ਵਿਸ਼ੇਸ਼ ਜਾਂਚ ਟੀਮ ਨੇ ਲੋੜੀਂਦੇ ਐੱਸਪੀ ਬਲਜੀਤ ਸਿੰਘ ਦੀ ਗ੍ਰਿਫ਼ਤਾਰੀ ਉਪਰ ਪੰਜਾਬ ਹਰਿਆਣਾ ਹਾਈ ਕੋਰਟ ਨੇ 27 ਜੁਲਾਈ ਤੱਕ ਰੋਕ ਲਾ ਦਿੱਤੀ ਹੈ।

ਇੱਕ ਦਿਨ ਪਹਿਲਾਂ ਹੀ ਵਿਸ਼ੇਸ਼ ਜਾਂਚ ਟੀਮ ਦੀ ਅਰਜ਼ੀ ’ਤੇ ਇਲਾਕਾ ਮੈਜਿਸਟਰੇਟ ਏਕਤਾ ਉੱਪਲ ਨੇ ਐੱਸਪੀ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਸਨ। ਵਿਸ਼ੇਸ਼ ਜਾਂਚ ਟੀਮ ਨੇ ਬਲਜੀਤ ਸਿੰਘ ਨੂੰ ਦੋ ਵਾਰ ਸੰਮਨ ਭੇਜੇ ਸਨ ਪਰੰਤੂ ਉਹ ਜਾਂਚ ਟੀਮ ਸਾਹਮਣੇ ਪੇਸ਼ ਨਹੀਂ ਹੋਇਆ ਸੀ। ਹਾਈ ਕੋਰਟ ਦੇ ਜੱਜ ਤੇਜਿੰਦਰ ਸਿੰਘ ਢੀਂਡਸਾ ਨੇ ਮੁੱਢਲੀ ਬਹਿਸ ਸੁਣਨ ਤੋਂ ਬਾਅਦ ਐੱਸਪੀ ਬਲਜੀਤ ਸਿੰਘ ਦੀ ਗ੍ਰਿਫ਼ਤਾਰੀ ’ਤੇ 27 ਜੁਲਾਈ ਤੱਕ ਰੋਕ ਲਾਉਂਦਿਆਂ ਪੁਲੀਸ ਅਤੇ ਜਾਂਚ ਟੀਮ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਮੁਕੱਦਮੇ ਨਾਲ ਸਬੰਧਤ ਰਿਕਾਰਡ ਅਦਾਲਤ ਵਿੱਚ ਪੇਸ਼ ਕਰਨ ਦੀ ਹਦਾਇਤ ਕੀਤੀ ਹੈ।

 

 


           ਐੱਸਪੀ ਬਲਜੀਤ ਸਿੰਘ