ਕੈਪਟਨ ਸਰਕਾਰ ਦੇ ਰਵੱਈਏ ਤੋਂ ਤੰਗ ਆ ਕੇ ਬਹਿਬਲ ਕਲਾਂ ਸਾਕੇ ਦਾ ਪੀੜਤ ਪਰਿਵਾਰ ਸੁਪਰੀਮ ਕੋਰਟ ਪਹੁੰਚਿਆ

ਕੈਪਟਨ ਸਰਕਾਰ ਦੇ ਰਵੱਈਏ ਤੋਂ ਤੰਗ ਆ ਕੇ ਬਹਿਬਲ ਕਲਾਂ ਸਾਕੇ ਦਾ ਪੀੜਤ ਪਰਿਵਾਰ ਸੁਪਰੀਮ ਕੋਰਟ ਪਹੁੰਚਿਆ

ਫ਼ਰੀਦਕੋਟ: ਬਹਿਬਲ ਕਲਾਂ ਸਾਕੇ ਦੇ ਇਕ ਅਹਿਮ ਗਵਾਹ ਸੁਰਜੀਤ ਸਿੰਘ ਦੀ ਮੌਤ ਦੇ ਵਿਵਾਦ ਮਗਰੋਂ ਹੁਣ ਸਰਕਾਰ ਦੇ ਰਵੱਈਏ ਤੋਂ ਤੰਗ ਆ ਕੇ ਪੁਲੀਸ ਦੀ ਗੋਲੀ ਨਾਲ ਸ਼ਹੀਦ ਹੋਏ ਕ੍ਰਿਸ਼ਨ ਭਗਵਾਨ ਸਿੰਘ ਵਾਸੀ ਬਹਿਬਲ ਕਲਾਂ ਦੇ ਪਰਿਵਾਰ ਨੇ ਭਾਰਤ ਦੀ ਸੁਪਰੀਮ ਕੋਰਟ ਵਿਚ ਪਹੁੰਚ ਕੀਤੀ ਹੈ।  ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਅਕਤੂਬਰ 2015 ‘ਚ ਵਾਪਰੇ ਬਹਿਬਲ ਗੋਲੀ ਕਾਂਡ ਵਿੱਚ ਭਾਰਤ ਦੀ ਸਰਬਉੱਚ ਅਦਾਲਤ ਦੇ ਚੀਫ਼ ਜਸਟਿਸ ਨੂੰ ਹਲਫ਼ੀਆ ਬਿਆਨ ਤੇ ਲਿਖਤੀ ਸ਼ਿਕਾਇਤ ਦੇ ਕੇ ਖ਼ਦਸ਼ਾ ਜ਼ਾਹਿਰ ਕੀਤਾ ਹੈ ਕਿ ਬਹਿਬਲ ਕਾਂਡ ਦੇ ਕੁਝ ਗਵਾਹਾਂ ਦੀ ਜਾਨ ਨੂੰ ਖ਼ਤਰਾ ਹੈ। ਪੀੜਤ ਪਰਿਵਾਰ ਨੇ ਸੁਰੱਖਿਆ ਤੇ ਇਨਸਾਫ਼ ਲਈ ਸੁਪਰੀਮ ਕੋਰਟ ਨੂੰ ਦਖ਼ਲ ਦੇਣ ਦੀ ਮੰਗ ਕੀਤੀ ਹੈ। 

ਕ੍ਰਿਸ਼ਨ ਭਗਵਾਨ ਸਿੰਘ ਦੇ ਭਰਾ ਰੇਸ਼ਮ ਸਿੰਘ ਨੇ ਸੁਪਰੀਮ ਕੋਰਟ ਨੂੰ ਭੇਜੀ ਸ਼ਿਕਾਇਤ ਵਿੱਚ ਆਖਿਆ ਕਿ ਵਿਸ਼ੇਸ਼ ਜਾਂਚ ਟੀਮ ਨੇ ਨਿਰਪੱਖ ਪੜਤਾਲ ਨਹੀਂ ਕੀਤੀ ਬਲਕਿ ਹਾਕਮ ਧਿਰ ਦੀ ਸ਼ਹਿ ’ਤੇ ਜਾਂਚ ਦੇ ਅੰਜਾਮ ਨੂੰ ਇਨਸਾਫ਼ ਤੱਕ ਪਹੁੰਚਾਉਣ ਦੀ ਥਾਂ ਸਿਆਸੀ ਖੇਡ ਖੇਡੀ ਗਈ ਹੈ।

ਪੀੜਤ ਪਰਿਵਾਰ ਨੇ ਦੋਸ਼ ਲਾਇਆ ਕਿ ਵਿਸ਼ੇਸ਼ ਜਾਂਚ ਟੀਮ ਨੇ ਪੜਤਾਲ ਦੌਰਾਨ ਦੋ ਅਹਿਮ ਮੁਲਜ਼ਮਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ, ਜਿਨ੍ਹਾਂ ਨੇ ਗੋਲੀ ਕਾਂਡ ਦੇ ਮੁਲਜ਼ਮ ਪੁਲੀਸ ਅਫਸਰਾਂ ਨੂੰ ਬਚਾਉਣ ਲਈ ਪੁਲੀਸ ਦੀ ਜਿਪਸੀ ਵਿੱਚ ਗੋਲੀਆਂ ਮਾਰ ਕੇ ਫਰਜ਼ੀ ਮੁਕਾਬਲਾ ਬਣਾਉਣ ਦੀ ਕੋਸ਼ਿਸ਼ ਕੀਤੀ ਸੀ। ਸ਼ਿਕਾਇਤਕਰਤਾ ਰੇਸ਼ਮ ਸਿੰਘ ਨੇ ਕਿਹਾ ਕਿ ਘਟਨਾ ਦੇ ਚਸ਼ਮਦੀਦ ਗਵਾਹ ਸੁਰਜੀਤ ਸਿੰਘ ਦੀ ਮੌਤ ਤੋਂ ਬਾਅਦ ਇਨਸਾਫ਼ ਦੀ ਆਸ ਨੂੰ ਝਟਕਾ ਲੱਗਾ ਹੈ। ਪੀੜਤ ਪਰਿਵਾਰ ਨੇ ਗਵਾਹਾਂ ਲਈ ਸੁਰੱਖਿਆ ਦੀ ਮੰਗ ਕਰਦਿਆਂ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਕਿ ਗੋਲੀ ਕਾਂਡ ਦੀ ਹੋਰ ਉੱਚ ਪੱਧਰੀ ਜਾਂਚ ਦੀ ਲੋੜ ਹੈ। 

ਦੱਸਣਯੋਗ ਹੈ ਕਿ ਬਹਿਬਲ ਗੋਲੀ ਕਾਂਡ ਵਿੱਚ ਵਿਸ਼ੇਸ਼ ਜਾਂਚ ਟੀਮ ਸਾਬਕਾ ਪੁਲੀਸ ਮੁਖੀ ਚਰਨਜੀਤ ਸ਼ਰਮਾ ਤੋਂ ਇਲਾਵਾ ਕਿਸੇ ਵੀ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ। ਵਿਸ਼ੇਸ਼ ਜਾਂਚ ਟੀਮ ਨੇ ਚਲਾਨ ਪੇਸ਼ ਕਰ ਦਿੱਤਾ ਹੈ ਪਰ ਦਸ ਮਹੀਨਿਆਂ ਦੀ ਸੁਣਵਾਈ ਤੋਂ ਬਾਅਦ ਵੀ ਇਹ ਕੇਸ ਪਹਿਲਾ ਪੜਾਅ ਪੂਰਾ ਨਹੀਂ ਕਰ ਸਕਿਆ। ਪੀੜਤ ਪਰਿਵਾਰ ਤੇ ਗਵਾਹਾਂ ਨੇ ਖ਼ਦਸ਼ਾ ਜ਼ਾਹਿਰ ਕੀਤਾ ਹੈ ਕਿ ਜਿੰਨਾ ਚਿਰ ਉਨ੍ਹਾਂ ਦੀ ਗਵਾਹੀ ਨਹੀਂ ਹੁੰਦੀ ਓਨਾ ਚਿਰ ਮੁਕੱਦਮੇ ਦਾ ਨਿਪਟਾਰਾ ਸੰਭਵ ਨਹੀਂ। ਰੇਸ਼ਮ ਸਿੰਘ ਨੇ ਕਿਹਾ ਕਿ ਜਲਦੀ ਉਹ ਸੁਪਰੀਮ ਕੋਰਟ ਸਾਹਮਣੇ ਪੇਸ਼ ਹੋਵੇਗਾ।

ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਬਹਿਬਲ ਕਲਾਂ ਸਾਕੇ ਦਾ ਇਨਸਾਫ ਦੇਣ ਦਾ ਵਾਅਦਾ ਕਰਕੇ ਹੀ ਸੱਤਾ ਹਾਸਲ ਕੀਤੀ ਸੀ।