ਬਹਿਬਲ ਕਲਾਂ ਸਾਕੇ ਦੇ ਦੋਸ਼ੀ ਪੁਲਸੀਆਂ ਦੀ ਪਟੀਸ਼ਨ ਰੱਦ

ਬਹਿਬਲ ਕਲਾਂ ਸਾਕੇ ਦੇ ਦੋਸ਼ੀ ਪੁਲਸੀਆਂ ਦੀ ਪਟੀਸ਼ਨ ਰੱਦ

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਨੇ ਬਹਿਬਲ ਕਲਾਂ ਸਾਕੇ ਦੇ ਮਾਮਲੇ ਵਿੱਚ ਨਾਮਜ਼ਦ ਪੁਲੀਸ ਅਫਸਰਾਂ ਦੀ ਉਹ ਪਟੀਸ਼ਨ ਖਾਰਜ ਕਰ ਦਿੱਤੀ ਹੈ, ਜਿਸ ਵਿੱਚ ਪੁਲੀਸ ਅਫਸਰਾਂ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਚੁਣੌਤੀ ਦਿੱਤੀ ਸੀ। ਪਟੀਸ਼ਨਰਾਂ ਨੇ ਦਾਅਵਾ ਕੀਤਾ ਸੀ ਕਿ ਕਮਿਸ਼ਨ ਨੇ ਰਿਪੋਰਟ ਤਿਆਰ ਕਰਨ ਤੋਂ ਪਹਿਲਾਂ ਉਨ੍ਹਾਂ ਦਾ ਪੱਖ ਨਹੀਂ ਸੁਣਿਆ, ਜਿਸ ਕਰਕੇ ਕਮਿਸ਼ਨ ਦੀ ਰਿਪੋਰਟ ਦੇ ਆਧਾਰ ’ਤੇ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋ ਸਕਦੀ। 

ਅੱਜ ਸੁਣਵਾਈ ਦੌਰਾਨ ਹਾਈ ਕੋਰਟ ਦੇ ਚੀਫ ਜਸਟਿਸ ਨੇ ਕਿਹਾ ਕਿ ਬਹਿਬਲ ਕਲਾਂ ਸਾਕੇ ਵਿੱਚ ਮੁਲਜ਼ਮਾਂ ਵਜੋਂ ਨਾਮਜ਼ਦ ਹੋਏ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਦੀ ਪਟੀਸ਼ਨ ਪਹਿਲਾਂ ਹੀ ਇਕਹਿਰੇ ਬੈਂਚ ਵੱਲੋਂ ਖਾਰਜ ਕਰ ਦਿੱਤੀ ਗਈ ਹੈ ਅਤੇ ਜੇਕਰ ਇਸ ਬੈਂਚ ਦੇ ਫੈਸਲੇ ’ਤੇ ਪੁਲੀਸ ਅਫਸਰਾਂ ਨੂੰ ਇਤਰਾਜ਼ ਸੀ ਤਾਂ ਉਨ੍ਹਾਂ ਨੂੰ ਸੁਪਰੀਮ ਕੋਰਟ ਤੱਕ ਪਹੁੰਚ ਕਰਨੀ ਚਾਹੀਦੀ ਸੀ। ਸਾਬਕਾ ਜ਼ਿਲ੍ਹਾ ਪੁਲੀਸ ਮੁਖੀ ਚਰਨਜੀਤ ਸ਼ਰਮਾ ਦੀ ਇਸ ਪਟੀਸ਼ਨ ’ਤੇ ਪਿਛਲੇ ਇੱਕ ਸਾਲ ਤੋਂ ਸੁਣਵਾਈ ਚੱਲ ਰਹੀ ਸੀ। 

ਦੱਸਣਯੋਗ ਹੈ ਕਿ ਬਹਿਬਲ ਕਲਾਂ ਸਾਕੇ ਵਿੱਚ ਵਿਸ਼ੇਸ਼ ਜਾਂਚ ਟੀਮ ਦੋਸ਼ਪੱਤਰ ਅਦਾਲਤ ਸਾਹਮਣੇ ਪੇਸ਼ ਕਰ ਚੁੱਕੀ ਹੈ, ਜਿਸ ’ਤੇ ਫ਼ਰੀਦਕੋਟ ਦੀ ਸੈਸ਼ਨ ਕੋਰਟ ਵਿੱਚ ਅਗਲੀ ਸੁਣਵਾਈ 7 ਮਾਰਚ ਨੂੰ ਹੋਣੀ ਹੈ। ਪੁਲੀਸ ਅਫਸਰਾਂ ਨੇ ਆਪਣੀ ਰਿੱਟ ਵਿੱਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ।