ਭਗਵੰਤ ਮਾਨ ਨੇ ਪੰਜਾਬ ਨੂੰ ਪੁਲਸੀਆ ਸਟੇਟ ਬਣਾਇਆ-ਖਹਿਰਾ

ਭਗਵੰਤ ਮਾਨ ਨੇ ਪੰਜਾਬ ਨੂੰ ਪੁਲਸੀਆ ਸਟੇਟ ਬਣਾਇਆ-ਖਹਿਰਾ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਜਲੰਧਰ- ਸੀਨੀਅਰ ਕਾਂਗਰਸੀ ਆਗੂ ਤੇ ਵਿਧਾਨ ਸਭਾ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਇਸ ਸਮੇਂ ਪੰਜਾਬ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਅਣ-ਐਲਾਨੀ ਐਮਰਜੈਂਸੀ ਲਗਾ ਰੱਖੀ ਹੈ ਤੇ ਲੋਕਾਂ ਦੇ ਬੁਨਿਆਦੀ ਤੇ ਸੰਵਿਧਾਨਿਕ ਹੱਕਾਂ ਨੂੰ ਖੋਹਿਆ ਤੇ ਕੁਚਲਿਆ ਜਾ ਰਿਹਾ ਹੈ | ਸਰਕਾਰ ਵਿਰੁਧ ਉੱਠਣ ਵਾਲੀ ਹਰ ਆਵਾਜ਼ ਨੂੰ ਪੁਲਿਸ ਦੇ ਜ਼ਬਰ ਨਾਲ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਇਕ ਤਰ੍ਹਾਂ ਨਾਲ ਗੁਆਂਢੀ ਮੁਲਕ ਪਾਕਿਸਤਾਨ ਵਾਂਗ ਪੰਜਾਬ ਨੂੰ ਪੂਰੀ ਤਰ੍ਹਾਂ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ ।ਅੱਜ ਜੋ ਕੁੱਝ ਪਾਕਿਸਤਾਨ 'ਚ ਹੋ ਰਿਹਾ ਹੈ, ਉਹੀ ਕੁੱਝ ਪੰਜਾਬ 'ਚ ਕੀਤਾ ਜਾ ਰਿਹਾ ਹੈ ਤੇ ਜਿਹੜਾ ਵੀ ਵਿਅਕਤੀ ਸਰਕਾਰ ਵਿਰੁੱਧ ਲੋਕਤੰਤਰੀ ਢੰਗ ਨਾਲ ਆਵਾਜ਼ ਉਠਾਉਂਦਾ ਹੈ, ਉਸ ਨੂੰ ਝੂਠੇ ਪਰਚੇ ਪਾ ਕੇ ਜੇਲ੍ਹਾਂ 'ਚ ਸੁੱਟਿਆ ਜਾ ਰਿਹਾ ਹੈ ।ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਪੰਜਾਬੀਆਂ ਨੇ ਕਦੇ ਵੀ ਜ਼ਬਰ ਜ਼ੁਲਮ ਅੱਗੇ ਗੋਡੇ ਨਹੀਂ ਟੇਕੇ ਤੇ ਹਮੇਸ਼ਾ ਜ਼ਾਲਮ ਨੂੰ ਸਬਕ ਸਿਖਾਇਆ ਹੈ ।  ਉਨ੍ਹਾਂ ਸੂਬੇ ਦੀ ਮੌਜੂਦਾ ਰਾਜਸੀ, ਸਮਾਜਿਕ ਤੇ ਆਰਥਿਕ ਹਾਲਾਤ 'ਤੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਬਦਲਾਖੋਰੀ ਦੀ ਸਿਆਸਤ ਵਿਚ ਪਿਛਲੀਆਂ ਸਾਰੀਆਂ ਸਰਕਾਰਾਂ ਨੂੰ ਪਿੱਛੇ ਛੱਡ ਦਿੱਤਾ ਹੈ ਤੇ ਆਪਣੇ ਸਿਆਸੀ ਵਿਰੋਧੀਆਂ ਨੂੰ ਹੀ ਨਿਸ਼ਾਨਾ ਨਹੀਂ ਬਣਾਇਆ ਜਾ ਰਿਹਾ, ਸਗੋਂ ਹਰ ਉਸ ਵਿਅਕਤੀ ਨੂੰ ਜੇਲ੍ਹਾਂ ਵਿਚ ਸੁੱਟਿਆ ਜਾ ਰਿਹਾ ਹੈ, ਜੋ ਸਰਕਾਰ ਦੀਆਂ ਲੋਕ ਵਿਰੋਧੀ ਤੇ ਗੈਰ-ਲੋਕੰਤਤਰੀ ਨੀਤੀਆਂ ਦੀ ਆਲੋਚਨਾ ਕਰਦਾ ਹੈ ।ਖਹਿਰਾ ਨੇ ਕਿਹਾ ਕਿ ਪਹਿਲਾਂ ਮੈਨੂੰ ਮੁੱਖ ਮੰਤਰੀ ਦੇ ਪਰਿਵਾਰ ਖਿਲਾਫ ਬੋਲਣ 'ਤੇ ਜੇਲ੍ਹ 'ਚ ਸੁੱਟਿਆ ਗਿਆ ਤੇ ਹੁਣ ਭਾਨਾ ਸਿੱਧੂ ਵਰਗੇ ਨੌਜਵਾਨਾਂ ਦੀ ਆਵਾਜ਼ ਨੂੰ ਬੰਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ।ਇਸ ਤੋਂ ਪਹਿਲਾਂ ਭਾਈ ਅੰਮਿ੍ਤਪਾਲ ਸਿੰਘ ਖਾਲਸਾ ਤੇ ਉਨ੍ਹਾਂ ਦੇ ਸਾਥੀਆਂ 'ਤੇ ਐਨ. ਐਸ. ਏ. ਵਰਗੇ ਸਖਤ ਕਾਨੂੰਨ ਲਗਾ ਕੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਬੰਦ ਕੀਤਾ ਗਿਆ ਹੈ ।ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਉਨ੍ਹਾਂ ਨੇ ਆਉਂਦੀਆਂ ਲੋਕ ਸਭਾ ਚੋਣਾਂ 'ਚ ਮੁੜ ਲੋਕਾਂ ਦੀ ਕਚਹਿਰੀ ਵਿਚ ਜਾਣਾ ਹੈ ਤੇ ਲੋਕ 'ਆਪ' ਨੂੰ ਅਜਿਹਾ ਸਬਕ ਸਿਖਾਉਣਗੇ ਕਿ 'ਆਪ' ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋ ਜਾਣਗੀਆਂ ।