ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕੀਤਾ ਗਿਆ

ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕੀਤਾ ਗਿਆ

ਚੰਡੀਗੜ੍ਹ: ਪੰਜਾਬ ਵਿੱਚ ਮਨੁੱਖੀ ਹੱਕਾਂ ਦੇ ਘਾਣ ਲਈ ਜ਼ਿੰਮੇਵਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਕਤਲ ਕਰਨ ਦੇ ਮਾਮਲੇ ਵਿਚ ਸਜ਼ਾਯਾਫ਼ਤਾ ਸਿਆਸੀ ਸਿੱਖ ਕੈਦੀ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਭਾਰਤ ਸਰਕਾਰ ਨੇ ਮੁਆਫ਼ ਕਰ ਦਿੱਤੀ ਹੈ। ਭਾਰਤ ਸਰਕਾਰ ਨੇ ਆਪਣੇ ਇਸ ਫੈਂਸਲੇ ਬਾਰੇ ਪੰਜਾਬ ਸਰਕਾਰ ਨੂੰ ਅਧਿਕਾਰਤ ਤੌਰ 'ਤੇ ਸੂਚਿਤ ਕਰ ਦਿੱਤਾ ਹੈ।

ਭਾਰਤ ਸਰਕਾਰ ਨੇ ਸਿੱਖ ਕੌਮ ਵੱਲੋਂ ਸਿਆਸੀ ਸਿੱਖ ਕੈਦੀਆਂ ਦੀ ਰਿਹਾਈ ਲਈ ਕੀਤੇ ਜਾ ਰਹੇ ਸੰਘਰਸ਼ ਦੇ ਮੱਦੇਨਜ਼ਰ ਗੁਰੂ ਨਾਨਕ ਪਾਤਸ਼ਾਹ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ 8 ਸਿਆਸੀ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ ਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦਾ ਐਲਾਨ ਕੀਤਾ ਸੀ।

ਭਾਈ ਬਲਵੰਤ ਸਿੰਘ ਰਾਜੋਆਣਾ ਨੂੰ 31 ਮਾਰਚ 2012 ਨੂੰ ਫਾਂਸੀ ਦਿੱਤੀ ਜਾਣੀ ਸੀ ਪਰ ਸਿੱਖ ਜਗਤ ਵਿੱਚੋਂ ਉੱਠੇ ਰੋਹ ਦੇ ਚਲਦਿਆਂ ਭਾਰਤ ਸਰਕਾਰ ਨੂੰ ਫਾਂਸੀ ਦੀ ਸਜ਼ਾ ਰੋਕਣੀ ਪਈ ਸੀ। 

ਭਾਵੇਂ ਅਕਾਲੀ ਦਲ ਨੂੰ ਇਸ ਮੁੱਦੇ ਉੱਤੇ ਭਾਜਪਾ ਦਾ ਇਸ ਮਾਮਲੇ ਵਿੱਚ ਸਾਥ ਨਹੀਂ ਮਿਲਿਆ ਸੀ ਪਰ ਤਤਕਾਲੀ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਨੇ ਗ੍ਰਹਿ ਮੰਤਰਾਲੇ ਦੀ ਸਿਫ਼ਾਰਿਸ਼ ਉੱਤੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ 28 ਮਾਰਚ 2012 ਨੂੰ ਅਣਮਿੱਥੇ ਸਮੇਂ ਲਈ ਟਾਲ ਦਿੱਤੀ ਸੀ।

1 ਅਗਸਤ 2007 ਨੂੰ ਭਾਈ ਰਾਜੋਆਣਾ ਨੂੰ ਸੀਬੀਆਈ ਅਦਾਲਤ ਨੇ ਫਾਂਸੀ ਦੀ ਸਜ਼ਾ ਸੁਣਾਈ ਸੀ। ਭਾਈ ਰਾਜੋਆਣਾ ਨੇ ਹਾਈ ਕੋਰਟ ਵਿੱਚ ਅਪੀਲ ਕਰਨ ਤੋਂ ਇਨਕਾਰ ਕਰ ਦਿੱਤਾ ਸੀ, ਇਹ ਕਹਿ ਕੇ ਕਿ ਉਨ੍ਹਾਂ ਨੂੰ ਭਾਰਤੀ ਨਿਆਂ ਪ੍ਰਣਾਲੀ ਵਿਚ ਭਰੋਸਾ ਨਹੀਂ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਦੇ ਕੇਸ ਦੀ ਉੱਚ ਅਦਾਲਤ ਵਿਚ ਪੈਰਵੀ ਕੀਤੀ।

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।