ਨਚਾਰਾਂ ਦੇ ਬੁੱਤ ਹਟਵਾਉਣ ਲਈ ਸਿੱਖਾਂ ਨੇ ਪੱਕਾ ਮੋਰਚਾ ਲਾਇਆ; ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਮੇਟੀ ਬਣਾਈ

ਨਚਾਰਾਂ ਦੇ ਬੁੱਤ ਹਟਵਾਉਣ ਲਈ ਸਿੱਖਾਂ ਨੇ ਪੱਕਾ ਮੋਰਚਾ ਲਾਇਆ; ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਮੇਟੀ ਬਣਾਈ

ਅੰਮ੍ਰਿਤਸਰ, (ਏ.ਟੀ. ਬਿਊਰੋ): ਦਰਬਾਰ ਸਾਹਿਬ ਨੂੰ ਜਾਂਦੇ ਰਾਹ 'ਤੇ ਪੰਜਾਬ ਸਰਕਾਰ ਵੱਲੋਂ ਲਾਏ ਗਏ ਨਚਾਰਾਂ ਦੇ ਬੁੱਤਾਂ ਨੂੰ ਸਿੱਖ ਨੌਜਵਾਨਾਂ ਵਲੋਂ ਭੰਨਣ ਦੀ ਕਾਰਵਾਈ ਮਗਰੋਂ ਹੁਣ ਸਿੱਖਾਂ ਨੇ ਇਹਨਾਂ ਬੁੱਤਾਂ ਨੂੰ ਉਸ ਥਾਂ ਤੋਂ ਤਬਦੀਲ ਕਰਨ ਲਈ ਪੱਕਾ ਮੋਰਚਾ ਲਾ ਦਿੱਤਾ ਹੈ। ਅੱਜ ਵੱਡੀ ਗਿਣਤੀ 'ਚ ਸਿੱਖ ਸੰਗਤਾਂ ਨੇ ਬੁੱਤਾਂ ਵਾਲੀ ਥਾਂ 'ਤੇ ਮੋਰਚਾ ਲਾਇਆ ਤੇ ਸਿੱਖ ਸੰਗਤਾਂ ਵੱਲੋਂ ਇਹਨਾਂ ਨਚਾਰਾਂ ਦੇ ਬੁੱਤਾਂ ਨੂੰ ਉੱਥੋਂ ਹਟਾਉਣ ਦੀ ਮੰਗ ਕੀਤੀ ਜਾ ਰਹੀ ਹੈ। ਨਾਲ ਹੀ ਉਹਨਾਂ ਸਿੱਖ ਨੌਜਵਾਨਾਂ ਨੂੰ ਰਿਹਾਅ ਕਰਨ ਦੀ ਮੰਗ ਵੀ ਕੀਤੀ ਜਾ ਰਹੀ ਹੈ ਜਿਹਨਾਂ ਨੂੰ ਬੁੱਤ ਭੰਨਣ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਗਿਆ ਸੀ। ਪੁਲਸ ਪ੍ਰਸ਼ਾਸਨ ਵੱਲੋਂ ਸਿੱਖ ਸੰਗਤਾਂ ਨੂੰ ਮੋਰਚਾ ਖਤਮ ਕਰਨ ਲਈ ਕਿਹਾ ਜਾ ਰਿਹਾ ਹੈ ਅਤੇ 30 ਜਨਵਰੀ ਤਕ ਦਾ ਸਮਾਂ ਮੰਗਿਆ ਜਾ ਰਿਹਾ ਹੈ। 

ਸਿੱਖਾਂ ਵਿਚ ਬੁੱਤਾਂ ਖਿਲਾਫ ਵਧ ਰਹੇ ਰੋਹ ਨੂੰ ਦੇਖਦਿਆਂ ਇਸ ਮਸਲੇ ਦੇ ਹੱਲ ਲਈ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਸਬ-ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸ. ਨਿਰਮਲ ਸਿੰਘ ਨੂੰ ਸ਼ਾਮਲ ਕਰਦਿਆਂ ਇਸ ਦਾ ਕੋਆਰਡੀਨੇਟਰ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੂੰ ਲਗਾਇਆ ਗਿਆ ਹੈ। 

ਸਬ-ਕਮੇਟੀ ਦੇ ਕੋਆਰਡੀਨੇਟਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਦੱਸਿਆ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਹੋਏ ਆਦੇਸ਼ ਅਨੁਸਾਰ ਸਬ-ਕਮੇਟੀ ਦੀ ਇਕੱਤਰਤਾ 23 ਜਨਵਰੀ ਨੂੰ ਸ਼ਾਮ 4 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਸੱਦ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਸਬ-ਕਮੇਟੀ ਵਿਚਾਰ-ਵਟਾਂਦਰੇ ਮਗਰੋਂ ਆਪਣੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਸੌਂਪ ਦੇਵੇਗੀ।

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।