ਨਚਾਰਾਂ ਦੇ ਬੁੱਤ ਤੋੜਨ ਦੇ ਮਾਮਲੇ 'ਚ ਗ੍ਰਿਫਤਾਰ ਸਿੱਖ ਨੌਜਵਾਨ ਰਿਹਾਅ ਕੀਤੇ ਜਾਣ: ਅਕਾਲ ਤਖ਼ਤ ਸਾਹਿਬ

ਨਚਾਰਾਂ ਦੇ ਬੁੱਤ ਤੋੜਨ ਦੇ ਮਾਮਲੇ 'ਚ ਗ੍ਰਿਫਤਾਰ ਸਿੱਖ ਨੌਜਵਾਨ ਰਿਹਾਅ ਕੀਤੇ ਜਾਣ: ਅਕਾਲ ਤਖ਼ਤ ਸਾਹਿਬ
ਅਕਾਲ ਤਖ਼ਤ ਸਾਹਿਬ

ਅੰਮ੍ਰਿਤਸਰ: ਦਰਬਾਰ ਸਾਹਿਬ ਨੇੜੇ ਰਾਹ ’ਚ ਲੱਗੇ ਨਚਾਰਾਂ ਦੇ ਬੁੱਤ ਤੋੜਨ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਸਿੱਖ ਨੌਜਵਾਨਾਂ ਦੀ ਰਿਹਾਈ ਦਾ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਅਤੇ ਸ਼੍ਰੋਮਣੀ ਰਾਗੀ ਸਭਾ ਨੇ ਵੀ ਸਮਰਥਨ ਕੀਤਾ ਹੈ। ਇਸ ਦੌਰਾਨ ਬੁੱਤ ਤੋੜਨ ਦੀ ਘਟਨਾ ਲਈ ਨਾਮਜ਼ਦ ਅੰਮ੍ਰਿਤਪਾਲ ਸਿੰਘ ਨੇ ਬੀਤੇ ਕੱਲ੍ਹ ਚੰਡੀਗੜ੍ਹ ਵਿਚ ਡੀਜੀਪੀ ਦੇ ਸਾਹਮਣੇ ਆਤਮ ਸਮਰਪਣ ਕਰ ਦਿੱਤਾ ਹੈ। ਇਸ ਘਟਨਾ ਦੇ ਸਬੰਧ ਵਿਚ ਪੁਲੀਸ ਨੇ ਅੱਠ ਸਿੱਖ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ਵਿਚ ਇਕ ਨਾਬਾਲਗ ਵੀ ਸ਼ਾਮਲ ਹੈ। 

ਅੱਜ ਇਸ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਬੁੱਤ ਤੋੜਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤੇ ਗਏ ਅੰਮ੍ਰਿਤਧਾਰੀ ਸਿੱਖ ਨੌਜਵਾਨਾਂ ਖਿਲਾਫ ਦਰਜ ਪਰਚਾ ਰੱਦ ਕਰਕੇ ਉਨ੍ਹਾਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹੈਰੀਟੇਜ ਸਟਰੀਟ ਵਿਚ ਲਾਏ ਗਏ ਬੁੱਤਾਂ ਦਾ ਜੇਕਰ ਸੰਗਤ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ ਤਾਂ ਇਸ ਸਬੰਧ ਵਿਚ ਸੰਗਤ ਦੀਆਂ ਭਾਵਨਾਵਾਂ ਮੁਤਾਬਕ ਕਾਰਵਾਈ ਕਰਨੀ ਚਾਹੀਦੀ ਹੈ ਨਾ ਕਿ ਸਿੱਖਾਂ 'ਤੇ ਕੇਸ ਦਰਜ ਕਰਕੇ ਜੇਲ੍ਹਾਂ ਵਿਚ ਬੰਦ ਕਰਨਾ ਚਾਹੀਦਾ ਹੈ।

ਦਮਦਮੀ ਟਕਸਾਲ (ਮਹਿਤਾ) ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਪ੍ਰਸ਼ਾਸਨ ਨੇ ਸਮਾਂ ਰਹਿੰਦਿਆਂ ਸਿੱਖਾਂ ਦੀਆਂ ਧਾਰਮਕ ਭਾਵਨਾਵਾਂ ਦੀ ਕਦਰ ਕੀਤੀ ਹੁੰਦੀ ਤਾਂ ਇਹ ਘਟਨਾ ਨੂੰ ਟਾਲਿਆ ਜਾ ਸਕਦਾ ਸੀ। ਉਹਨਾਂ ਕਿਹਾ ਕਿ ਬੁੱਤ ਤੋੜੇ ਜਾਣ ਦੀ ਪੂਰੀ ਸੱਚਾਈ ਵੀਡੀਓ ਦੇ ਰੂਪ 'ਚ ਸੋਸ਼ਲ ਮੀਡੀਆ 'ਤੇ ਫੈਲਣ ਦੇ ਬਾਵਜੂਦ ਸਿੱਖ ਨੌਜਵਾਨਾਂ ਉੱਤੇ ਕਲਪਿਤ ਕਹਾਣੀ ਘੜਦਿਆਂ 307 (ਇਰਾਦਾ ਕਤਲ) ਵਰਗੀਆਂ ਸੰਗੀਨ ਧਾਰਾਵਾਂ ਮੜ੍ਹਨੀਆਂ ਅਤੇ ਜੇਲ ਵਿਚ ਭੇਜਣਾ ਆਦਿ ਮਸਲੇ ਦਾ ਕੋਈ ਹੱਲ ਨਹੀਂ ਹਨ। 

ਉਹਨਾਂ ਕਿਹਾ ਕਿ ਉਹ ਪੰਜਾਬੀ ਸੱਭਿਆਚਾਰ ਦੇ ਖਿਲਾਫ ਨਹੀਂ ਹਨ ਪਰ ਇਹਨਾਂ ਬੁੱਤਾਂ ਨੂੰ ਦਰਬਾਰ ਸਾਹਿਬ ਦੇ ਰਾਹ 'ਤੇ ਲਾਉਣਾ ਗਲਤ ਹੈ। ਉਹਨਾਂ ਕਿਹਾ ਕਿ ਇਸ ਮਸਲੇ ਨੂੰ ਗੱਲਬਾਤ ਰਾਹੀਂ ਹੱਲ ਕਰਨਾ ਚਾਹੀਦਾ ਹੈ ਅਤੇ ਨੌਜਵਾਨਾਂ ਖਿਲਾਫ ਦਰਜ ਕੇਸ ਰੱਦ ਕਰਨੇ ਚਾਹੀਦੇ ਹਨ।

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।