ਬੀਬੀ ਖਾਲੜਾ ਦਾ ਭਾਰਤੀ ਚੋਣ ਕਮਿਸ਼ਨ ਨੂੰ ਕੋਰਾ ਜਵਾਬ

ਬੀਬੀ ਖਾਲੜਾ ਦਾ ਭਾਰਤੀ ਚੋਣ ਕਮਿਸ਼ਨ ਨੂੰ ਕੋਰਾ ਜਵਾਬ

ਖਡੂਰ ਸਾਹਿਬ: ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਚੋਣ ਲੜ ਰਹੇ ਬੀਬੀ ਪਰਮਜੀਤ ਕੌਰ ਖਾਲੜਾ ਨੇ ਡਿਪਟੀ ਕਮਿਸ਼ਨਰ-ਕਮ ਜ਼ਿਲ੍ਹਾ ਚੋਣ ਅਫਸਰ ਨੂੰ ਲਿਖਤੀ ਜਵਾਬ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਨੁੱਖੀ ਬਰਾਬਰਤਾ, ਜਾਤ-ਪਾਤ ਦਾ ਖਾਤਮਾ, ਜੁਲਮ ਦੀ ਵਿਰੋਧਤਾ, ਗਰੀਬ ਦੀ ਬਾਂਹ ਫੜਨਾ ਅਤੇ ਸਰਬੱਤ ਦਾ ਭਲਾ ਕਰਨ ਦੀ ਸੇਧ ਦਿੰਦੇ ਹਨ ਤੇ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਣਾ ਕਿਸੇ ਵੀ ਤਰ੍ਹਾਂ ਚੋਣ ਜ਼ਾਬਤੇ ਦੀ ਉਲੰਘਣਾ ਨਹੀਂ ਹੈ। 

ਦੱਸਣਯੋਗ ਹੈ ਕਿ ਬੀਬੀ ਪਰਮਜੀਤ ਕੌਰ ਖਾਲੜਾ ਨੇ ਐਲਾਨ ਕੀਤਾ ਸੀ ਕਿ ਉਹਨਾਂ ਦਾ ਚੋਣ ਮਨੋਰਥ ਪੱਤਰ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਚਾਰਧਾਰਾ ਹੈ। ਇਸ ਐਲਾਨ ਖਿਲਾਫ ਵਿਰੋਧੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਕਾਂਗਰਸ ਵੱਲੋਂ ਸ਼ਿਕਾਇਤ ਦਰਜ ਕਰਕੇ ਕਾਰਵਾਈ ਦੀ ਮੰਗ ਕੀਤੀ ਗਈ ਸੀ। ਇਹਨਾਂ ਸ਼ਿਕਾਇਤਾਂ 'ਤੇ ਕਾਰਵਾਈ ਕਰਦਿਆਂ ਜ਼ਿਲ੍ਹਾ ਚੋਣ ਅਫਸਰ ਪਰਦੀਪ ਕੁਮਾਰ ਸੱਭਰਵਾਲ ਨੇ ਬੀਬੀ ਖਾਲੜਾ ਦੇ ਐਲਾਨ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਮੰਨਦਿਆਂ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ। 


ਬੀਬੀ ਪਰਮਜੀਤ ਕੌਰ ਖਾਲੜਾ ਵੱਲੋਂ ਲਿਖੀ ਗਈ ਚਿੱਠੀ

ਬੀਬੀ ਖਾਲੜਾ ਵੱਲੋਂ ਜਵਾਬ ਵਿੱਚ ਕਿਹਾ ਗਿਆ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਦੇਸ਼ ਕਿਸੇ ਖਾਸ ਫਿਰਕੇ ਲਈ ਨਹੀਂ ਹੈ। ਉਹਨਾਂ ਲਿਖਿਆ, "ਗੁਰੂ ਗ੍ਰੰਥ ਸਾਹਿਬ ਜੀ ਦਾ ਸੰਦੇਸ਼ ਸਮੁੱਚੀ ਮਾਨਵਤਾ ਲਈ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਦੇਸ਼ ਚਹੁੰ ਵਰਨਾ ਲਈ ਸਾਂਝਾ ਹੈ। ਮੈਨੂੰ ਦੁੱਖ ਹੋਇਆ ਹੈ ਕਿ ਤੁਹਾਡੇ ਵੱਲੋਂ ਮੈਨੂੰ ਕਾਰਨ ਦੱਸੋ ਨੋਟਿਸ ਉਨ੍ਹਾਂ ਲੋਕਾਂ ਦੀ ਸ਼ਿਕਾਇਤ 'ਤੇ ਭੇਜਿਆ ਗਿਆ ਹੈ ਜਿਨ੍ਹਾਂ ਧਿਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਵਿਚਾਰਧਾਰਾ ਨਾਲ ਦੁਸ਼ਮਣੀ ਕੱਢਣ ਲਈ ਸ੍ਰੀ ਦਰਬਾਰ ਸਾਹਿਬ 'ਤੇ ਤੋਪਾਂ ਟੈਂਕਾਂ ਨਾਲ ਹਮਲਾ ਬੋਲਿਆ। ਉਨ੍ਹਾਂ ਲੋਕਾਂ ਦੀ ਸ਼ਿਕਾਇਤ 'ਤੇ ਨੋਟਿਸ ਭੇਜਿਆ ਹੈ ਜਿਨ੍ਹਾਂ ਧਿਰਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਵਾਈ ਸੀ।"

ਉਹਨਾਂ ਲਿਖਿਆ, "ਮੈਂ ਕੈਪਟਨ ਅਮਰਿੰਦਰ ਸਿੰਘ ਵਾਂਗ ਗੁੱਟਕਾ ਸਾਹਿਬ ਜੀ ਦੀ ਝੁੱਠੀ ਸਹੁੰ ਚੁੱਕ ਕੇ ਵੋਟਾਂ ਮੰਗਣ ਵਿੱਚ ਵਿਸ਼ਵਾਸ ਨਹੀਂ ਰੱਖਦੀ। ਮੈਂ ਸਮਝਦੀ ਹਾਂ ਕਿ ਕਿਸੇ ਨੂੰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਾਨਵਤਾਵਾਦੀ ਪਹੁੰਚ ਅਤੇ ਧਰਮ ਨਿਰਪੱਖਤਾ ਉੱਪਰ ਸਵਾਲ ਉਠਾਉਣ ਦਾ ਅਧਿਕਾਰ ਨਹੀਂ ਹੈ। ਇਸ ਲਈ ਸਾਰਾ ਮਾਮਲਾ ਅਣਗੌਲਿਆਂ ਕਰ ਦਿੱਤੇ ਜਾਣ ਯੋਗ ਹੈ।"

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ