ਕਿਸਾਨ ਸੰਘਰਸ਼ ਦੀ ਹਮਾਇਤ ਵਿਚ ਆਏ ਬਰਤਾਨੀਆ ਦੇ 100 ਤੋਂ ਵੱਧ ਸੰਸਦ ਮੈਂਬਰ

ਕਿਸਾਨ ਸੰਘਰਸ਼ ਦੀ ਹਮਾਇਤ ਵਿਚ ਆਏ ਬਰਤਾਨੀਆ ਦੇ 100 ਤੋਂ ਵੱਧ ਸੰਸਦ ਮੈਂਬਰ

ਅੰਮ੍ਰਿਤਸਰ ਟਾਈਮਜ਼ ਬਿਊਰੋ
ਬਰਤਾਨੀਆ ਦੇ 100 ਤੋਂ ਵੱਧ ਸੰਸਦ ਮੈਂਬਰਾਂ ਨੇ ਭਾਰਤ ਵਿਚ ਚੱਲ ਰਹੇ ਕਿਸਾਨ ਸੰਘਰਸ਼ ਦੀ ਹਮਾਇਤ ਵਿਚ ਬਰਤਾਨੀਆ ਦੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਉਹਨਾਂ ਨੂੰ ਕਿਸਾਨਾਂ ਦਾ ਮੁੱਦਾ ਭਾਰਤ ਸਾਹਮਣੇ ਚੁੱਕਣ ਲਈ ਕਿਹਾ ਹੈ। 

ਉਹਨਾਂ ਕਿਹਾ ਹੈ ਕਿ ਨਵੇਂ ਖੇਤੀ ਕਾਨੂੰਨਾਂ ਨੇ ਕਿਸਾਨਾਂ ਦੀਆਂ ਜ਼ਿੰਦਗੀਆਂ ਨੂੰ ਖਤਰੇ ਵਿਚ ਪਾ ਦਿੱਤਾ ਹੈ, ਜਿਸ ਨੂੰ ਬਚਾਉਣ ਲਈ ਉਹ ਸੰਘਰਸ਼ ਕਰ ਰਹੇ ਹਨ। 

ਉਹਨਾਂ ਭਾਰਤ ਸਰਕਾਰ ਵੱਲੋਂ ਕਿਸਾਨਾਂ 'ਤੇ ਕੀਤੀ ਗਈ ਸਖਤੀ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜਾਹਨਸਨ ਨੂੰ ਲਿਖੀ ਗਈ ਇਹ ਚਿੱਠੀ ਬਰਤਾਨੀਆ ਦੇ ਪਹਿਲੇ ਸਿੱਖ ਦਸਤਾਰਧਾਰੀ ਐਮਪੀ ਤਨਮਨਜੀਤ ਸਿੰਘ ਢੇਸੀ ਵੱਲੋਂ ਲਿਖੀ ਗਈ ਜਿਸ 'ਤੇ ਬਰਤਾਨੀਆ ਦੀ ਸੰਸਦ ਦੇ 100 ਤੋਂ ਵੱਧ ਮੈਂਬਰਾਂ ਨੇ ਦਸਤਖਤ ਕੀਤੇ। 

ਤਨਮਨਜੀਤ ਸਿੰਘ ਢੇਸੀ ਨੇ ਕਿਹਾ, "ਸਿਰਫ ਭਾਰਤ ਜਾਂ ਬਰਤਾਨੀਆ ਵਿਚ ਹੀ ਨਹੀਂ, ਬਲਕਿ ਹੋਰ ਖਿੱਤਿਆਂ ਦੇ ਲੋਕ ਵੀ ਭਾਰਤ ਵਿਚ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਲਈ ਫਿਕਰਮੰਦ ਹਨ।" ਉਹਨਾਂ ਕਿਹਾ ਕਿ ਉਹਨਾਂ ਦੇ ਹਲਕੇ ਦੇ ਅਨੇਕਾਂ ਲੋਕਾਂ ਨੇ ਸੰਪਰਕ ਕਰਕੇ ਫਿਕਰਮੰਦੀ ਪ੍ਰਗਟ ਕੀਤੀ ਹੈ। 

ਜ਼ਿਕਰਯੋਗ ਹੈ ਕਿ ਬਰਤਾਨੀਆ ਦੇ ਪ੍ਰਧਾਨ ਮੰਤਰੀ ਨੇ ਪਹਿਲਾਂ 26 ਜਨਵਰੀ ਦੀ ਪਰੇਡ ਵਿਚ ਮੁੱਖ ਮਹਿਮਾਨ ਦੇ ਬਤੌਰ ਸ਼ਾਮਲ ਹੋਣਾ ਸੀ, ਪਰ ਪਿਛਲੇ ਹਫਤੇ ਉਹਨਾਂ ਕੋਵਿਡ ਦਾ ਹਵਾਲਾ ਦਿੰਦਿਆਂ ਇਹ ਦੌਰਾ ਰੱਦ ਕਰ ਦਿੱਤਾ ਸੀ। ਕਿਸਾਨ ਜਥੇਬੰਦੀਆਂ ਨੇ ਸਰਕਾਰ ਵੱਲੋਂ ਖੇਤੀ ਕਾਨੂੰਨ ਰੱਦ ਨਾ ਕਰਨ ਦੇ ਚਲਦਿਆਂ 26 ਜਨਵਰੀ ਨੂੰ ਦਿੱਲੀ ਦੀ ਪਰੇਡ ਵਿਚ ਵੜਨ ਦਾ ਐਲਾਨ ਕੀਤਾ ਹੋਇਆ ਹੈ।