ਕੈਨੇਡਾ ਦੀਆਂ ਸਿੱਖ ਗੁਰਦੁਆਰਾ ਸੁਸਾਇਟੀਆਂ ਅਤੇ ਸੰਸਥਾਵਾਂ ਵੱਲੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਧੰਨਵਾਦ

ਕੈਨੇਡਾ ਦੀਆਂ ਸਿੱਖ ਗੁਰਦੁਆਰਾ ਸੁਸਾਇਟੀਆਂ ਅਤੇ ਸੰਸਥਾਵਾਂ ਵੱਲੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਧੰਨਵਾਦ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਸਰੀ: (ਡਾ. ਗੁਰਵਿੰਦਰ ਸਿੰਘ)ਗੁਰੂ ਨਾਨਕ ਗੁਰਦੁਆਰਾ ਸਾਹਿਬ ਸਰੀ ਡੈਲਟਾ ਦੇ ਮੁੱਖ ਸੇਵਾਦਾਰ ਭਾਈ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮਾਮਲੇ ਵਿੱਚ ਕੈਨੇਡਾ ਦੀਆਂ ਵੱਖ-ਵੱਖ ਸਿੱਖ ਜੱਥੇਬੰਦੀਆਂ ਅਤੇ ਗੁਰਦੁਆਰਾ ਸੁਸਾਇਟੀਆਂ ਵੱਲੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਇਸ ਮਾਮਲੇ ਦੀ ਮੁਕੰਮਲ ਜਾਂਚ ਹੋਵੇ ਅਤੇ ਇਸ ਵਿੱਚ ਭਾਰਤ ਦੀ ਦਖਲਅੰਦਾਜ਼ੀ ਬਾਰੇ ਕੈਨੇਡਾ ਸਖ਼ਤ ਸਟੈਂਡ ਲਵੇ। ਇਸ ਸੰਬੰਧ ਵਿਚ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਨਯੋਗ ਜਸਟਿਨ ਟਰੂਡੋ ਵੱਲੋਂ ਕੈਨੇਡਾ ਦੀ ਪਾਰਲੀਮੈਂਟ ਦੇ ਵਿੱਚ ਭਾਈ ਸਾਹਿਬ ਦੇ ਕਤਲ ਦੇ ਪਿੱਛੇ ਭਾਰਤੀ ਏਜੰਸੀਆਂ ਦੇ ਹੱਥ ਹੋਣ ਦੇ ਬਿਆਨ ਦਾ ਵੱਖ-ਵੱਖ ਸਿੱਖ ਸੰਸਥਾਵਾਂ ਨੇ ਪੁਰਜ਼ੋਰ ਸ਼ਬਦਾਂ ਵਿੱਚ ਸਵਾਗਤ ਕੀਤਾ ਹੈ। ਪ੍ਰਧਾਨ ਮੰਤਰੀ ਦਾ ਧੰਨਵਾਦ ਕਰਨ ਵਾਲੀਆਂ ਸਿੱਖ ਸੰਸਥਾਵਾਂ ਵਿੱਚ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਸਰੀ ਡੈਲਟਾ,ਖਾਲਸਾ ਦੀਵਾਨ ਸੁਸਾਇਟੀ ਗੁਰਦੁਆਰਾ ਸੁਖ ਸਾਗਰੁ ਸਾਹਿਬ ਨਿਊ ਵੈਸਟਮਿਨਿਸਟਰ, ਗੁਰਦੁਆਰਾ ਸਾਹਿਬ ਦਸ਼ਮੇਸ਼ ਦਰਬਾਰ ਸਰੀ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰੀ, ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਸਿੱਖ ਸੁਸਾਇਟੀ ਐਬਟਸਫੋਰਡ, ਗੁਰਦੁਆਰਾ ਸਾਹਿਬ ਕਲਗੀਧਰ ਦਰਬਾਰ ਸਾਹਿਬ ਐਬੋਰਟਸਫੋਰਡ, ਗੁਰਦੁਆਰਾ ਗੁਰ ਸਾਗਰ ਮਸਤੂਆਣਾ ਸਾਹਿਬ ਸਰੀ ਕੈਨੇਡਾ, ਸਿੱਖ ਸੁਸਾਇਟੀ ਓਟਵਾ ਅਤੇ ਸਥਾਨਕ ਜਥੇਬੰਦੀਆਂ ਸ਼ਾਮਲ ਹਨ। ਇਸ ਤੋਂ ਇਲਾਵਾ ਕੈਨੇਡਾ ਵਸਦੇ ਸਿੱਖਾਂ ਨੇ ਪ੍ਰਧਾਨ ਮੰਤਰੀ ਦਾ ਧੰਨਵਾਦ ਵੀ ਕੀਤਾ ਹੈ, ਜਿਨ੍ਹਾਂ ਨੇ ਸਪਸ਼ਟ ਰੂਪ ਵਿੱਚ ਆਪਣੀ ਗੱਲ ਕਰਦਿਆਂ ਹੋਇਆਂ ਭਾਈ ਸਾਹਿਬ ਦੇ ਕਤਲ ਮਾਮਲੇ ਵਿੱਚ ਭਾਰਤ ਦੀ ਦਖਲਅੰਦਾਜ਼ੀ ਬਾਰੇ ਦੁਨੀਆ ਸਾਹਮਣੇ ਸੱਚ ਲਿਆਂਦਾ ਹੈ।

ਇਸ ਦੌਰਾਨ ਬੀ ਸੀ ਸਿੱਖ ਗੁਰਦੁਆਰਾ ਕੌਂਸਲ ਵਲੋਂ ਵੱਖਰੇ ਪੱਧਰ ਤੇ ਇੱਕ ਬਿਆਨ ਜਾਰੀ ਕੀਤਾ ਗਿਆ ਹੈ। ਕੈਨੇਡਾ ਦੀਆਂ ਸਿੱਖ ਸੰਸਥਾਵਾਂ ਦਾ ਕਹਿਣਾ ਹੈ ਕਿ ਇਹ ਦੇਰ ਨਾਲ ਚੁੱਕਿਆ ਗਿਆ ਸਹੀ ਕਦਮ ਹੈ ਅਤੇ ਆਸ ਕਰਦੇ ਹਾਂ ਕਿ ਇਸ ਮਾਮਲੇ ਦੀ ਮੁਕੰਮਲ ਜਾਂਚ ਹੋਵੇਗੀ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣਗੀਆਂ, ਤਾਂ ਕਿ ਕਦੇ ਵੀ ਅਜਿਹੀ ਦੁਖਾਂਕਤ ਘਟਨਾ ਨਾ ਵਾਪਰੀ। ਗੁਰਦੁਆਰਾ ਸੁਸਾਇਟੀਆਂ ਅਤੇ ਸਿੱਖ ਜਥੇਬੰਦੀਆਂ ਨੇ ਇਹ ਵੀ ਕਿਹਾ ਹੈ ਕਿ ਜਿਨ੍ਹਾਂ ਹੋਰਨਾਂ ਸਿੱਖ ਆਗੂਆਂ ਨੂੰ ਅਜਿਹੀਆਂ ਧਮਕੀਆਂ ਮਿਲੀਆਂ ਹਨ, ਕੈਨੇਡਾ ਸਰਕਾਰ ਉਹਨਾਂ ਦੀ ਸੁਰੱਖਿਆ ਯਕੀਨੀ ਬਣਾਵੇ ਅਤੇ ਇਸ ਮਾਮਲੇ ਵਿੱਚ ਭਾਰਤੀ ਦਖਲ ਅੰਦਾਜ਼ੀ ਅਤੇ ਜਸੂਸੀ ਕਰਨ ਵਾਲੇ ਭਾਰਤੀ ਖੁਫੀਆ ਏਜੰਸੀਆਂ ਦੇ ਏਜੰਟਾਂ ਨੂੰ ਗ੍ਰਿਫ਼ਤਾਰ ਕਰੇ, ਤਾਂ ਕਿ ਕਿਸੇ ਬੇਗੁਨਾਹ ਦੀ ਜਾਨ ਨਾ ਜਾਵੇ।