ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜੰਮੂ ਕਸ਼ਮੀਰ 'ਤੇ ਸਿੱਧੇ ਕਬਜ਼ੇ ਦਾ ਵਿਰੋਧ; ਕੇਜਰੀਵਾਲ ਵੱਲੋਂ ਸਮਰਥਨ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜੰਮੂ ਕਸ਼ਮੀਰ 'ਤੇ ਸਿੱਧੇ ਕਬਜ਼ੇ ਦਾ ਵਿਰੋਧ; ਕੇਜਰੀਵਾਲ ਵੱਲੋਂ ਸਮਰਥਨ

ਚੰਡੀਗੜ੍ਹ: ਭਾਰਤ ਸਰਕਾਰ ਵੱਲੋਂ ਜੰਮੂ ਕਸ਼ਮੀਰ ਸਬੰਧੀ ਜਾਰੀ ਕੀਤੇ ਫਰਮਾਨਾਂ ਦਾ ਵਿਰੋਧ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਧਾਰਾ 370 ਤੇ 35-ਏ ਨੂੰ ਖ਼ਤਮ ਕਰਨਾ ਪੂਰੀ ਤਰ੍ਹਾਂ ਗੈਰਸੰਵਿਧਾਨਕ ਹੈ। 

ਕੈਪਟਨ ਨੇ ਕਿਹਾ, "ਕੇਂਦਰ ਸਰਕਾਰ ਨੇ ਇਸ ਫੈਸਲੇ ਨਾਲ ਜਿੱਥੇ ਮੁਲਕ ਦੇ ਜਮਹੂਰੀ ਢਾਂਚੇ ਨੂੰ ਮਲੀਆਮੇਟ ਕਰ ਦਿੱਤਾ, ਉੱਥੇ ਹੀ ਸੰਵਿਧਾਨਿਕ ਨੇਮਾਂ ਦੀਆਂ ਧੱਜੀਆਂ ਉਡਾ ਕੇ ਰੱਖ ਦਿੱਤੀਆਂ। ਇਸ ਕਦਮ ਨਾਲ ਮਾੜੀ ਰਿਵਾਇਤ ਪੈਦਾ ਹੋਵੇਗੀ ਕਿਉਂਕਿ ਅਜਿਹੇ ਢੰਗ ਨਾਲ ਕੇਂਦਰ ਸਰਕਾਰ ਰਾਸ਼ਟਰਪਤੀ ਰਾਜ ਲਾਗੂ ਕਰ ਕੇ ਮੁਲਕ ਦੇ ਕਿਸੇ ਵੀ ਸੂਬੇ ਦਾ ਪੁਨਰਗਠਨ ਕਰ ਸਕਦੀ ਹੈ ਤੇ ਇਸ ਤੋਂ ਪਹਿਲਾਂ ਕਦੀ ਵੀ ਸੰਵਿਧਾਨਿਕ ਨੇਮਾਂ ਦੀ ਇਸ ਹੱਦ ਤੱਕ ਦੁਰਵਰਤੋਂ ਨਹੀਂ ਕੀਤੀ ਗਈ। ਭਾਜਪਾ ਨੇ ਇਹ ਫ਼ੈਸਲਾ ਕਰਨ ਤੋਂ ਪਹਿਲਾਂ ਨਾ ਤਾਂ ਜੰਮੂ-ਕਸ਼ਮੀਰ ਦੇ ਲੋਕਾਂ ਤੇ ਨਾ ਹੀ ਕਿਸੇ ਸਿਆਸੀ ਪਾਰਟੀ ਨਾਲ ਇਸ ਬਾਰੇ ਸਲਾਹ-ਮਸ਼ਵਰਾ ਕੀਤਾ ਜੋ ਕਿ ਨਿੰਦਾਯੋਗ ਹੈ।"

ਕੇਜਰੀਵਾਲ ਵੱਲੋਂ ਭਾਰਤ ਸਰਕਾਰ ਦੇ ਕਬਜ਼ੇ ਦਾ ਸਮਰਥਨ
ਜਿੱਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਸਰਕਾਰ ਦੇ ਜੰਮੂ ਕਸ਼ਮੀਰ 'ਤੇ ਸਿੱਧੇ ਕਬਜ਼ੇ ਦਾ ਵਿਰੋਧ ਕੀਤਾ ਹੈ ਉੱਥੇ ਹੀ ਕੇਂਦਰ ਸ਼ਾਸਤ ਸੂਬੇ ਦਿੱਲੀ ਲਈ ਵੱਧ ਹੱਕਾਂ ਦਾ ਰਟਨ ਲਾਉਣ ਵਾਲੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਨੇ ਇਸ ਫੈਂਸਲੇ ਦਾ ਸਵਾਗਤ ਕੀਤਾ ਹੈ। 

ਅਰਵਿੰਦ ਕੇਜਰੀਵਾਲ ਨੇ ਕਿਹਾ, "ਜੰਮੂ ਕਸ਼ਮੀਰ ਦੇ ਮੁੱਦੇ ਉੱਤੇ ਸਰਕਾਰ ਦੇ ਫੈਂਸਲੇ ਦਾ ਅਸੀਂ ਸਮਰਥਨ ਕਰਦੇ ਹਾਂ। ਸਾਨੂੰ ਉਮੀਦ ਹੈ ਕਿ ਇਹ ਫੈਂਸਲਾ ਸੂਬੇ ਵਿੱਚ ਸ਼ਾਂਤੀ ਅਤੇ ਵਿਕਾਸ ਸਥਾਪਿਤ ਕਰੇਗਾ। 

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ