ਸੱਜਣ ਕੁਮਾਰ ਖ਼ਿਲਾਫ਼ ਸੀ.ਬੀ.ਆਈ. ਦੀ ਅਪੀਲ ਹਾਈ ਕੋਰਟ ਵਲੋਂ ਸਵੀਕਾਰ

ਸੱਜਣ ਕੁਮਾਰ ਖ਼ਿਲਾਫ਼ ਸੀ.ਬੀ.ਆਈ. ਦੀ ਅਪੀਲ ਹਾਈ ਕੋਰਟ ਵਲੋਂ ਸਵੀਕਾਰ

ਮਾਮਲਾ ਦਿੱਲੀ ਸਿੱਖ ਕਤਲੇਆਮ ਦਾ

*ਅਗਲੀ ਸੁਣਵਾਈ ਦਸੰਬਰ ਵਿਚ ਹੋਵੇਗੀ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਨਵੀਂ ਦਿੱਲੀ-ਦਿੱਲੀ ਵਿੱਚ ਸਿੱਖ ਕਤਲੇਆਮ ਮਾਮਲੇ ਵਿਚ ਸੱਜਣ ਕੁਮਾਰ ਦੀਆਂ ਮੁਸ਼ਕਲਾਂ ਵਧਣ ਵਾਲੀਆਂ ਹਨ। ਦਿੱਲੀ ਹਾਈ ਕੋਰਟ ਨੇ 1984 ਦੇ ਸਿੱਖ ਕਤਲੇਆਮ ਮਾਮਲੇ ਨਾਲ ਸਬੰਧਤ ਕਤਲ ਦੇ ਇੱਕ ਕੇਸ ਵਿੱਚ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਅਤੇ ਹੋਰਾਂ ਨੂੰ ਬਰੀ ਕੀਤੇ ਜਾਣ ਖ਼ਿਲਾਫ਼ ਸੀਬੀਆਈ ਦੀ ਅਪੀਲ ਨੂੰ ਸਵੀਕਾਰ ਕਰ ਲਿਆ ਹੈ।

ਦਿੱਲੀ ਹਾਈ ਕੋਰਟ ਦੀ ਜਸਟਿਸ ਪ੍ਰਤਿਭਾ ਐੱਮ. ਸਿੰਘ ਅਤੇ ਜਸਟਿਸ ਅਮਿਤ ਸ਼ਰਮਾ ਦੇ ਬੈਂਚ ਨੇ 21 ਅਕਤੂਬਰ ਨੂੰ ਦਿੱਤੇ ਇਕ ਹੁਕਮ ਵਿਚ ਕੇਂਦਰੀ ਜਾਂਚ ਏਜੰਸੀ ਨੂੰ ਹੇਠਲੀ ਅਦਾਲਤ ਦੇ 20 ਸਤੰਬਰ 2023 ਦੇ ਹੁਕਮਾਂ ਵਿਰੁੱਧ ਅਪੀਲ ਕਰਨ ਦੀ ਇਜਾਜ਼ਤ ਦਿੱਤੀ ਅਤੇ ਮਾਮਲੇ ਦੀ ਸੁਣਵਾਈ ਅੱਗੇ ਪਾ ਦਿੱਤੀ। ਦਸੰਬਰ ਵਿੱਚ ਸੁਣਵਾਈ ਦਾ ਫੈਸਲਾ ਕੀਤਾ ਹੈ। 'ਅਪੀਲ ਦੀ ਮਨਜੂਰੀ' ਇੱਕ ਅਦਾਲਤ ਰਾਹੀਂ ਇੱਕ ਪਾਰਟੀ ਨੂੰ ਉੱਚ ਅਦਾਲਤ ਵਿੱਚ ਫੈਸਲੇ ਨੂੰ ਚੁਣੌਤੀ ਦੇਣ ਲਈ ਦਿੱਤੀ ਗਈ ਰਸਮੀ ਇਜਾਜ਼ਤ ਹੈ।

ਅਦਾਲਤ ਨੇ ਹੁਕਮਾਂ ਵਿੱਚ ਕਿਹਾ ਕਿ ਇਸ ਅਦਾਲਤ ਦੀ ਰਾਏ ਵਿੱਚ ਸੀਬੀਆਈ ਨੂੰ ਅਪੀਲ ਕਰਨ ਦੀ ਇਜਾਜ਼ਤ ਹੈ। ਉਸ ਦੀ ਅਪੀਲ ਪ੍ਰਵਾਨ ਹੋ ਗਈ ਹੈ। ਅਦਾਲਤ ਨੇ ਇਸ ਕੇਸ ਵਿੱਚ ਬਰੀ ਕੀਤੇ ਜਾਣ ਦੇ ਹੁਕਮਾਂ ਵਿਰੁੱਧ ਪੀੜਤ ਸ਼ੀਲਾ ਕੌਰ ਦੀ ਅਪੀਲ ਨੂੰ ਵੀ ਸਵੀਕਾਰ ਕਰ ਲਿਆ ਅਤੇ ਰਜਿਸਟਰੀ ਨੂੰ ਮੌਜੂਦਾ ਮੁਲਜ਼ਮਾਂ ਖ਼ਿਲਾਫ਼ 1984 ਦੇ ਕਤਲੇਆਮ ਨਾਲ ਸਬੰਧਤ ਹੋਰ ਅਪੀਲਾਂ ਬਾਰੇ ਰਿਪੋਰਟ ਪੇਸ਼ ਕਰਨ ਲਈ ਕਿਹਾ।

ਹੇਠਲੀ ਅਦਾਲਤ ਨੇ 2023 ਵਿਚ ਸੁਣਾਇਆ ਸੀ ਬਰੀ ਕਰਨ ਦਾ ਫੈਸਲਾ

ਸਪੈਸ਼ਲ ਜੱਜ ਗੀਤਾਂਜਲੀ ਗੋਇਲ ਨੇ 20 ਸਤੰਬਰ, 2023 ਨੂੰ ਇਸ ਮਾਮਲੇ ਵਿੱਚ ਸੱਜਣ ਕੁਮਾਰ ਨੂੰ ਬਰੀ ਕਰਦੇ ਹੋਏ ਉਸ ਨੂੰ ਸ਼ੱਕ ਦਾ ਲਾਭ ਦਿੱਤਾ ਸੀ ਅਤੇ ਕਿਹਾ ਸੀ ਕਿ ਇਸਤਗਾਸਾ ਪੱਖ ਮੁਲਜ਼ਮਾਂ ਖ਼ਿਲਾਫ਼ ਦੋਸ਼ਾਂ ਨੂੰ ਵਾਜਬ ਸ਼ੱਕ ਤੋਂ ਪਰੇ ਸਾਬਤ ਕਰਨ ਵਿੱਚ ਅਸਫਲ ਰਿਹਾ ਹੈ। ਹੇਠਲੀ ਅਦਾਲਤ ਨੇ ਦੋ ਹੋਰ ਦੋਸ਼ੀਆਂ ਵੇਦ ਪ੍ਰਕਾਸ਼ ਪਾਇਲ ਅਤੇ ਬ੍ਰਹਮਾਨੰਦ ਗੁਪਤਾ ਨੂੰ ਵੀ ਇਹ ਕਹਿੰਦੇ ਹੋਏ ਬਰੀ ਕਰ ਦਿੱਤਾ ਸੀ ਕਿ ਇਸਤਗਾਸਾ ਪੱਖ ਉਨ੍ਹਾਂ ਦੇ ਖਿਲਾਫ ਕਤਲ ਅਤੇ ਕਤਲੇਆਮ ਦੇ ਦੋਸ਼ਾਂ ਨੂੰ ਸਾਬਤ ਕਰਨ ਵਿੱਚ ਅਸਫਲ ਰਿਹਾ ਹੈ।

ਜ਼ਿਕਰਯੋਗ ਹੈ ਕਿ 31 ਅਕਤੂਬਰ 1984 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਉਨ੍ਹਾਂ ਦੇ ਸਿੱਖ ਅੰਗ ਰੱਖਿਅਕਾਂ ਵੱਲੋਂ ਹੱਤਿਆ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਫਿਰਕੂ ਗੁੰਡਿਆਂ ਵਲੋਂ ਸਿਖਾਂ ਖਿਲਾਫ ਸਮੂਹਿਕ ਹਿੰਸਾ ਕੀਤੀ ਸੀ। 

ਸੁਲਤਾਨਪੁਰੀ ਵਿੱਚ ਵਾਪਰੀ ਇੱਕ ਘਟਨਾ ਵਿੱਚ ਸੁਰਜੀਤ ਸਿੰਘ ਨਾਂ ਦਾ ਸਿੱਖ ਵਿਅਕਤੀ ਮਾਰਿਆ ਗਿਆ ਸੀ। ਸ਼ੀਲਾ ਕੌਰ ਨੇ ਕਿਹਾ ਕਿ ਸੱਜਣ ਕੁਮਾਰ ਸਿੱਖ ਕਤਲੇਆਮ ਵਿੱਚ ਸ਼ਾਮਲ ਸੀ ਅਤੇ ਉਸ ਦਾ ਨਾਂ ਲੈਣ ’ਤੇ ਉਸ ਦੇ ਬੱਚਿਆਂ ਨੂੰ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ।ਸੁਲਤਾਨਪੁਰੀ ਵਿੱਚ ਹੋਏ ਸਿੱਖ ਕਤਲੇਆਮ ਬਾਰੇ ਸ਼ੀਲਾ ਨੇ ਦੱਸਿਆ ਕਿ ਸੱਜਣ ਕੁਮਾਰ ਨੇ ਉੱਥੇ ਭੜਕਾਊ ਭਾਸ਼ਣ ਦਿੱਤਾ ਤੇ ਸਿੱਖਾਂ ਨੂੰ ਮਾਰਨ ਦੀਆਂ ਗੱਲਾਂ ਕੀਤੀਆਂ। ਸ਼ੀਲਾ ਦੇ ਪਰਿਵਾਰਕ ਮੈਬਰ ਇਸ ਦੌਰਾਨ ਮਾਰੇ ਗਏ ਸਨ।

ਸੱਜਣ ਕੁਮਾਰ ਖ਼ਿਲਾਫ਼ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਕਤਲੇਆਮ ਨਾਲ ਸਬੰਧਤ ਇੱਕ ਹੋਰ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਉਹ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।