ਬਹਿਬਲ ਕਲਾਂ ਸਾਕੇ ਦੇ ਦੋਸ਼ੀ ਚਰਨਜੀਤ ਸ਼ਰਮਾ ਦੀ ਜ਼ਮਾਨਤ ਅਰਜ਼ੀ ਰੱਦ

ਬਹਿਬਲ ਕਲਾਂ ਸਾਕੇ ਦੇ ਦੋਸ਼ੀ ਚਰਨਜੀਤ ਸ਼ਰਮਾ ਦੀ ਜ਼ਮਾਨਤ ਅਰਜ਼ੀ ਰੱਦ
ਚਰਨਜੀਤ ਸ਼ਰਮਾ

ਫ਼ਰੀਦਕੋਟ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ ਬਹਿਬਲ ਕਲਾਂ ਵਿਖੇ ਰੋਸ ਪ੍ਰਦਰਸ਼ਨ ਕਰਦੀਆਂ ਸਿੱਖ ਸੰਗਤਾਂ 'ਤੇ ਗੋਲੀ ਚਲਾਉਣ ਦੇ ਦੋਸ਼ ਵਿਚ ਜੇਲ੍ਹ ਅੰਦਰ ਨਜ਼ਰਬੰਦ ਪੰਜਾਬ ਪੁਲਿਸ ਦੇ ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ ਦੀ ਜ਼ਮਾਨਤ ਅਰਜ਼ੀ ਸਥਾਨਕ ਸੈਸ਼ਨ ਜੱਜ ਹਰਪਾਲ ਸਿੰਘ ਨੇ ਅੱਜ ਰੱਦ ਕਰ ਦਿੱਤੀ ਹੈ। ਵਿਸ਼ੇਸ਼ ਜਾਂਚ ਟੀਮ ਨੇ ਜ਼ਮਾਨਤ ਦਾ ਵਿਰੋਧ ਕਰਦਿਆਂ ਕਿਹਾ ਸੀ ਕਿ ਜੇਕਰ ਸਾਬਕਾ ਪੁਲੀਸ ਮੁਖੀ ਨੂੰ ਜ਼ਮਾਨਤ ਮਿਲਦੀ ਹੈ ਤਾਂ ਉਹ ਸਮੁੱਚੀ ਪੜਤਾਲ ਅਤੇ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ। 

ਬਹਿਬਲ ਕਲਾਂ ਗੋਲੀ ਕਾਂਡ ਨੂੰ ਘਿਣਾਉਣਾ ਜ਼ੁਰਮ ਦੱਸਦਿਆਂ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਅਟਾਰਨੀ ਨੇ ਮੰਗ ਕੀਤੀ ਕਿ ਅਜਿਹੇ ਮਾਮਲੇ ਵਿਚ ਮੁਲਜ਼ਮ ਨੂੰ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ। ਦੂਜੇ ਪਾਸੇ, ਸਾਬਕਾ ਪੁਲੀਸ ਮੁਖੀ ਦੇ ਵਕੀਲਾਂ ਨੇ ਕਿਹਾ ਕਿ ਚਰਨਜੀਤ ਸ਼ਰਮਾ ਦਿਲ ਦਾ ਮਰੀਜ਼ ਹੈ ਅਤੇ ਉਹ ਪੁਲਸ ਰਿਮਾਂਡ ਦੌਰਾਨ ਵੀ ਬਿਮਾਰ ਹੋ ਗਿਆ ਸੀ। ਉਨ੍ਹਾਂ ਮੰਗ ਕੀਤੀ ਕਿ ਚਲਦੇ ਮੁਕੱਦਮੇ ਤਕ ਚਰਨਜੀਤ ਸ਼ਰਮਾ ਨੂੰ ਜ਼ਮਾਨਤ ’ਤੇ ਰਿਹਾਅ ਕੀਤਾ ਜਾਵੇ। 

ਅਦਾਲਤ ਨੇ ਸਾਬਕਾ ਜ਼ਿਲ੍ਹਾ ਪੁਲੀਸ ਮੁਖੀ ਦੀ ਜ਼ਮਾਨਤ ਅਰਜ਼ੀ ਰੱਦ ਕਰਦਿਆਂ ਕਿਹਾ ਕਿ ਜੇਕਰ ਮੁਲਜ਼ਮ ਨੂੰ ਜ਼ਮਾਨਤ ਮਿਲਦੀ ਹੈ ਤਾਂ ਸਮੁੱਚੀ ਪੜਤਾਲ ਪ੍ਰਭਾਵਿਤ ਹੋ ਸਕਦੀ ਹੈ। ਸਾਬਕਾ ਪੁਲੀਸ ਮੁਖੀ ਦੇ ਪਰਿਵਾਰਕ ਮੈਂਬਰਾਂ ਨੇ ਚਲਦੇ ਮੁਕੱਦਮੇ ਤੱਕ ਜ਼ਮਾਨਤ ਲੈਣ ਲਈ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣ ਦੀ ਗੱਲ ਕਹੀ ਹੈ। ਅਦਾਲਤ ਪਰਮਰਾਜ ਸਿੰਘ ਉਮਰਾਨੰਗਲ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ 5 ਮਾਰਚ ਨੂੰ ਕਰੇਗੀ ਅਤੇ ਅਗਲੇ ਦਿਨ (ਬੁੱਧਵਾਰ) ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਹੋਣ ਦੀ ਸੰਭਾਵਨਾ ਹੈ।