ਦਲ ਖਾਲਸਾ ਨੇ ਪੰਜਾਬ ਦਿਹਾੜੇ ਮੌਕੇ ਸਿੱਖ ਨਸਲਕੁਸ਼ੀ ਨੂੰ ਯਾਦ ਕਰਦਿਆਂ ਪੰਜਾਬ ਦੇ ਹੱਕਾਂ ਲਈ ਅਵਾਜ਼ ਬੁਲੰਦ ਕੀਤੀ

ਦਲ ਖਾਲਸਾ ਨੇ ਪੰਜਾਬ ਦਿਹਾੜੇ ਮੌਕੇ ਸਿੱਖ ਨਸਲਕੁਸ਼ੀ ਨੂੰ ਯਾਦ ਕਰਦਿਆਂ ਪੰਜਾਬ ਦੇ ਹੱਕਾਂ ਲਈ ਅਵਾਜ਼ ਬੁਲੰਦ ਕੀਤੀ

ਅੰਮ੍ਰਿਤਸਰ ਟਾਈਮਜ਼ ਬਿਊਰੋ
ਦਲ ਖਾਲਸਾ ਵੱਲੋਂ ‘ਪੰਜਾਬ ਦਿਹਾੜੇ’ ਮੌਕੇ ਪੰਜਾਬ ਦੇ ਲੁੱਟੇ ਜਾ ਰਹੇ ਪਾਣੀਆਂ, ਪੰਜਾਬੀ ਭਾਸ਼ਾ ਨੂੰ ਦਰਕਿਨਾਰ ਕਰਨ, ਨਸਲਕੁਸ਼ੀ ਦੀ ਸ਼ਿਕਾਰ ਨੌਜਵਾਨੀ ਅਤੇ ਉਜਾੜੀ ਜਾ ਰਹੀ ਕਿਸਾਨੀ ਵਿਰੁੱਧ ਰੈਲੀ ਕੀਤੀ। ਰੈਲੀ ਮਗਰੋਂ ਜਥੇਬੰਦੀ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਨੌਜਵਾਨਾਂ ਨੇ ਮਸ਼ਾਲਾਂ ਫੜ ਕੇ ਨਵੰਬਰ 1984 ਦੇ ਸ਼ਹੀਦਾਂ ਦੀ ਯਾਦ ਵਿਚ ਭੰਡਾਰੀ ਪੁਲ ਤੋਂ ਅਕਾਲ ਤਖ਼ਤ ਸਾਹਿਬ ਤੱਕ ਮਾਰਚ ਕੀਤਾ। ਇਸ ਦੌਰਾਨ ਆਗੂਆਂ ਨੇ ਸਖ਼ਤ ਲਹਿਜ਼ੇ ਵਿਚ ਕਿਹਾ ਕਿ ਯੂਐੱਨਓ ਦੀ ਚੁੱਪ ਨੇ ਸਿੱਖ ਕੌਮ ਅਤੇ ਪੀੜਤਾਂ ਨੂੰ ਨਿਰਾਸ਼ ਕੀਤਾ ਹੈ। ਰੈਲੀ ਵਿਚ ਨੌਜਵਾਨਾਂ ਨੇ ਕਿਸਾਨੀ ਸੰਕਟ ਨਾਲ ਸਬੰਧਤ ਬੈਨਰ ਫੜੇ ਸਨ।

ਇਸ ਦੌਰਾਨ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਵਸਨੀਕ ਆਪਣੀ ਹੋਂਦ ਅਤੇ ਹੱਕਾਂ ਲਈ ਲੜ ਰਹੇ ਹਨ। ਉਨ੍ਹਾਂ ਯੂਐੱਨਓ, ਅੰਤਰਾਸ਼ਟਰੀ ਭਾਈਚਾਰੇ ਸਮੇਤ ਵਿਸ਼ਵ ਭਰ ਵਿਚ ਕੰਮ ਕਰ ਰਹੇ ਮਨੁੱਖੀ ਅਧਿਕਾਰ ਸੰਗਠਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੁਮਾਇੰਦੇ ਪੰਜਾਬ ਵਿਚ ਭੇਜਣ ਤਾਂ ਜੋ ਉਹ ਇਹ ਵੇਖ ਸਕਣ ਕਿ ਭਾਰਤ ਸਰਕਾਰ ਦੀਆਂ ਫਾਸ਼ੀਵਾਦੀ ਨੀਤੀਆਂ ਅਤੇ ਮਾਰੂ ਹਮਲਿਆਂ ਕਾਰਨ ਪੰਜਾਬ ਨੂੰ ਬਰਬਾਦ ਕੀਤਾ ਜਾ ਰਿਹਾ ਹੈ।

ਜਥੇਬੰਦੀ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਕਿਹਾ ਕਿ ਸਮਾਂ ਇਹ ਮੰਗ ਕਰਦਾ ਹੈ ਕਿ ਪੰਜਾਬ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਨੇਪਾਲ (ਵੀਜ਼ਾ ਫ੍ਰੀ) ਦੀ ਤਰਜ਼ ’ਤੇ ਪੰਜਾਬ ਨਾਲ ਲੱਗਦੀ ਕੌਮਾਂਤਰੀ ਸਰਹੱਦ ਨੂੰ ਖੋਲ੍ਹਿਆ ਜਾਵੇ।

ਆਗੂ ਹਰਚਰਨਜੀਤ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਹੁਣ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅਟਾਰੀ-ਵਾਹਗਾ ਸਰਹੱਦ ਰਾਹੀਂ ਖੁੱਲ੍ਹਾ ਅੰਤਰਰਾਸ਼ਟਰੀ ਵਪਾਰ ਕਰਨ ਦੀ ਲੋੜ ਪੂਰੀ ਕਰਨ ਵਾਸਤੇ ਕਿਸਾਨ ਕੇਂਦਰ ਸਰਕਾਰ ’ਤੇ ਦਬਾਅ ਬਣਾਉਣ। 

ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਕਿਹਾ ਕਿ ਪੰਜਾਬ ਅਤੇ ਭਾਰਤ ਵਾਸੀਆਂ ਨੂੰ ਇਹ ਗੱਲ ਸਪੱਸ਼ਟ ਹੋਣੀ ਚਾਹੀਦੀ ਹੈ ਕਿ ਭਾਰਤੀ ਅਰਥਚਾਰਾ ਅਤੇ ਪੰਜਾਬੀ ਅਰਥਚਾਰਾ ਦੋ ਵੱਖੋ-ਵੱਖ ਹਕੀਕਤਾਂ ਹਨ। ਉਨ੍ਹਾਂ ਕਿਹਾ ਕੇਂਦਰ ਪੰਜਾਬ ਦੇ ਦਰਿਆਵਾਂ ਦਾ ਪਾਣੀ ਧੱਕੇ ਨਾਲ ਖੋਹ ਕੇ ਹਰਿਆਣਾ ਤੇ ਰਾਜਸਥਾਨ ਨੂੰ ਦੇਣ ਦਾ ਕਾਰਨ ਸਪੱਸ਼ਟ ਕਰੇ। ਅੰਤਰਰਾਸ਼ਟਰੀ ਕਾਨੂੰਨਾਂ ਤਹਿਤ ਕਿਸੇ ਨੂੰ ਵੀ ਪੰਜਾਬ ਕੋਲੋਂ ਇਕ ਵੀ ਬੂੰਦ ਦਰਿਆਵਾਂ ਦਾ ਪਾਣੀ ਲੈਣ ਦਾ ਹੱਕ ਨਹੀਂ ਹੈ।