ਪੰਜਾਬ ਦੇ ਦੋ ਕਿਸਾਨਾਂ ਦੀਆਂ ਧੀਆਂ ਹਵਾਈ ਫੌਜ ਵਿੱਚ ਫਲਾਇੰਗ ਅਫ਼ਸਰ ਵਜੋਂ ਚੁਣੀਆਂ ਗਈਆਂ

ਪੰਜਾਬ ਦੇ ਦੋ ਕਿਸਾਨਾਂ ਦੀਆਂ ਧੀਆਂ ਹਵਾਈ ਫੌਜ ਵਿੱਚ ਫਲਾਇੰਗ ਅਫ਼ਸਰ ਵਜੋਂ ਚੁਣੀਆਂ ਗਈਆਂ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਐੱਸ. ਏ. ਐੱਸ. ਨਗਰ -ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਮੁਹਾਲੀ ਦੀਆਂ ਦੋ ਸਾਬਕਾ ਵਿਦਿਆਰਥਣਾਂ ਇਵਰਾਜ ਕੌਰ ਤੇ ਪ੍ਰਭਸਿਮਰਨ ਕੌਰ ਨੂੰ ਏਅਰ ਫੋਰਸ ਅਕੈਡਮੀ ਡੰਡੀਗਲ ਹੈਦਰਾਬਾਦ ਤੋਂ ਸਿਖਲਾਈ ਹਾਸਲ ਕਰਨ ਤੋਂ ਬਾਅਦ ਭਾਰਤੀ ਹਵਾਈ ਸੈਨਾ ਵਿਚ ਫਲਾਇੰਗ ਅਫ਼ਸਰ ਵਜੋਂ ਕਮਿਸ਼ਨ ਮਿਲਿਆ ਹੈ, ਜੋ ਇਸ ਸੰਸਥਾ ਲਈ ਵੱਡੇ ਮਾਣ ਵਾਲੀ ਗੱਲ ਹੈ ।ਫਲਾਇੰਗ ਅਫ਼ਸਰ ਇਵਰਾਜ ਕੌਰ, ਜੋ ਫਲਾਇੰਗ ਬ੍ਰਾਂਚ 'ਚ ਬਤੌਰ ਹੈਲੀਕਾਪਟਰ ਪਾਇਲਟ ਜੁਆਇੰਨ ਕਰੇਗੀ, ਜ਼ਿਲ੍ਹਾ ਰੂਪਨਗਰ ਦੇ ਕਿਸਾਨ ਜਸਪ੍ਰੀਤ ਸਿੰਘ ਦੀ ਧੀ ਹੈ, ਜਦਕਿ ਫਲਾਇੰਗ ਅਫ਼ਸਰ ਪ੍ਰਭਸਿਮਰਨ ਕੌਰ ਦੇ ਪਿਤਾ ਪਰਮਜੀਤ ਸਿੰਘ ਵੀ ਗੁਰਦਾਸਪੁਰ ਜ਼ਿਲ੍ਹੇ ਦੇ ਕਿਸਾਨ ਹਨ । ਪ੍ਰਭਸਿਮਰਨ ਦੀ ਨਿਯੁਕਤੀ ਹਵਾਈ ਸੈਨਾ ਦੀ ਐਜੂਕੇਸ਼ਨ ਬ੍ਰਾਂਚ 'ਚ ਹੋਵੇਗੀ । ਜ਼ਿਕਰਯੋਗ ਹੈ ਕਿ ਮਾਈ ਭਾਗੋ ਏ. ਐਫ. ਪੀ. ਆਈ. ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਕਾਰਜਸ਼ੀਲ ਹੈ, ਜਿਸ ਕੋਲ ਅਤਿ-ਆਧੁਨਿਕ ਬੁਨਿਆਦੀ ਢਾਂਚੇ ਵਾਲਾ ਇਕ ਰਿਹਾਇਸ਼ੀ ਕੈਂਪਸ ਹੈ ਅਤੇ ਇਹ ਦੇਸ਼ 'ਚ ਆਪਣੀ ਕਿਸਮ ਦਾ ਇਕੋ ਇਕ ਕੈਂਪਸ ਹੈ ।

ਇਸੇ ਦੌਰਾਨ ਮਾਈ ਭਾਗੋ ਏ. ਐਫ. ਪੀ. ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ ਏ. ਵੀ. ਐਸ. ਐਮ. (ਸੇਵਾ-ਮੁਕਤ) ਨੇ ਇੰਸਟੀਚਿਊਟ ਦੀਆਂ ਇਨ੍ਹਾਂ ਦੋਵੇਂ ਵਿਦਿਆਰਥਣਾਂ ਦੇ ਫਲਾਇੰਗ ਅਫ਼ਸਰ ਵਜੋਂ ਚੁਣੇ ਜਾਣ 'ਤੇ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਇਹ ਪ੍ਰਾਪਤੀ ਸੂਬੇ ਦੀਆਂ ਹੋਰਨਾਂ ਲੜਕੀਆਂ ਨੂੰ ਵੱਖ-ਵੱਖ ਹਥਿਆਰਬੰਦ ਸੈਨਾਵਾਂ ਲਈ ਪ੍ਰੀ-ਕਮਿਸ਼ਨ ਸਿਖਲਾਈ ਅਕਾਦਮੀਆਂ 'ਚ ਭੇਜਣ ਦੇ ਉਨ੍ਹਾਂ ਦੇ ਯਤਨਾਂ ਨੂੰ ਹੋਰ ਹੁਲਾਰਾ ਦੇਵੇਗੀ।