ਹਜ਼ੂਰ ਸਾਹਿਬ ਗੁਰਦੁਆਰਾ ਪ੍ਰਬੰਧਕੀ ਬੋਰਡ ਵਿਚ ਤਬਦੀਲੀ ਦੇ ਮਾਮਲੇ ’ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਤੋਂ ਮੰਗਿਆ ਮਿਲਣ ਦਾ ਸਮਾਂ: ਦਿੱਲੀ ਗੁਰਦਵਾਰਾ ਕਮੇਟੀ 

ਹਜ਼ੂਰ ਸਾਹਿਬ ਗੁਰਦੁਆਰਾ ਪ੍ਰਬੰਧਕੀ ਬੋਰਡ ਵਿਚ ਤਬਦੀਲੀ ਦੇ ਮਾਮਲੇ ’ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਤੋਂ ਮੰਗਿਆ ਮਿਲਣ ਦਾ ਸਮਾਂ: ਦਿੱਲੀ ਗੁਰਦਵਾਰਾ ਕਮੇਟੀ 

 ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਲਾਲਪੁਰਾ ਨੂੰ ਸੌਂਪਿਆ ਮੰਗ ਪੱਤਰ

ਅੰਮ੍ਰਿਤਸਰ ਟਾਈਮਜ਼ ਬਿਊਰੋ

ਨਵੀਂ ਦਿੱਲੀ, 9 ਫਰਵਰੀ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਹਾਰਾਸ਼ਟਰ ਸਰਕਾਰ ਵੱਲੋਂ ਤਖਤ ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ ਪ੍ਰਬੰਧਕੀ ਬੋਰਡ ਦੇ ਪੁਨਰਗਠਨ ਦੇ ਮਾਮਲੇ ’ਤੇ ਲਏ ਫੈਸਲੇ ਮਗਰੋਂ ਸਿੱਖ ਸੰਗਤਾਂ ਵਿਚ ਉਪਜੇ ਰੋਸ ਨੂੰ ਵੇਖਦਿਆਂ ਇਸ ਮਸਲੇ ਦੇ ਹੱਲ ਵਾਸਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਮਿਲਣ ਦਾ ਫੈਸਲਾ ਕੀਤਾ ਹੈ ਤੇ ਇਸ ਲਈ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਤੋਂ ਮਿਲਣ ਦਾ ਸਮਾਂ ਮੰਗਿਆ ਹੈ। ਇਹ ਪ੍ਰਗਟਾਵਾ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕੀਤਾ ਹੈ।

ਇਥੇ ਇਸ ਮਾਮਲੇ ’ਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸਰਦਾਰ ਇਕਬਾਲ ਸਿੰਘ ਲਾਲਪੁਰਾ ਨੂੰ ਮੰਗ ਪੱਤਰ ਸੌਂਪਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਮਹਾਰਾਸ਼ਟਰ ਸਰਕਾਰ ਦੇ ਫੈਸਲੇ ਮਗਰੋਂ ਸਿੱਖ ਸੰਗਤਾਂ ਵਿਚ ਇਕ ਦਮ ਰੋਸ ਫੈਲਿਆ ਹੈ। ਉਹਨਾਂ ਕਿਹਾ ਕਿ ਸਿੱਖ ਗੁਰਧਾਮਾਂ ਦੀ ਸੰਭਾਲ ਅਤੇ ਸਮੁੱਚਾ ਪ੍ਰਬੰਧ ਸਿਰਫ ਤੇ ਸਿਰਫ ਸਿੱਖ ਸੰਗਤਾਂ ਕੋਲ ਹੀ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਉਹ ਇਹ ਗੱਲ ਸਮਝਦੇ ਹਨ ਕਿ 1956 ਵਾਲੇ ਐਕਟ ਨੂੰ ਬਣੇ ਕਾਫੀ ਸਮਾਂ ਹੋ ਗਿਆ ਹੈ ਤੇ ਇਸ ਮਗਰੋਂ ਹਾਲਾਤ ਕਾਫੀ ਬਦਲੇ ਹਨ ਪਰ ਐਕਟ ਵਿਚ ਕਿਸੇ ਵੀ ਤਬਦੀਲੀ ਵਾਸਤੇ ਸ੍ਰੀ ਅਕਾਲ ਤਖਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਸਿੱਖ ਕੌਮ ਦੀਆਂ ਨੁਮਾਇੰਦਾ ਜਥੇਬੰਦੀਆਂ ਤੇ ਸੰਸਥਾਵਾਂ ਨਾਲ ਰਾਇ ਮਸ਼ਵਰਾ ਕਰਨ ਤੋਂ ਬਾਅਦ ਹੀ ਅਗਲਾ ਕਦਮ ਚੁੱਕਿਆ ਜਾਣਾ ਚਾਹੀਦਾ ਹੈ।

ਉਹਨਾਂ ਕਿਹਾ ਕਿ ਅਸੀਂ ਵੀ ਇਹ ਸਮਝਦੇ ਹਾਂ ਕਿ ਸਿੱਖ ਗੁਰਧਾਮਾਂ ਦੀ ਸੰਭਾਲ ਦਾ ਪ੍ਰਬੰਧ ਚੰਗੀਆਂ ਸਿੱਖ ਸ਼ਖਸੀਅਤਾਂ ਦੇ ਹੱਥਾਂ ਵਿਚ ਹੋਣਾ ਚਾਹੀਦਾ ਹੈ ਪਰ ਕਿਸੇ ਵੀ ਫੈਸਲੇ ਨੂੰ ਲੈਣ ਤੋਂ ਪਹਿਲਾਂ ਸਿੱਖ ਕੌਮ ਨੂੰ ਭਰੋਸੇ ਵਿਚ ਲਿਆ ਜਾਣਾ ਚਾਹੀਦਾ ਹੈ।

ਇਸ ਮੌਕੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸਰਦਾਰ ਇਕਬਾਲ ਸਿੰਘ ਲਾਲਪੁਰਾ ਨੇ ਦੱਸਿਆ ਕਿ ਅੱਜ ਦਿੱਲੀ ਗੁਰਦੁਆਰਾ ਕਮੇਟੀ ਦਾ ਮੰਗ ਪੱਤਰ ਉਹਨਾਂ ਨੂੰ ਮਿਲਿਆ ਹੈ। ਉਹਨਾਂ ਕਿਹਾ ਕਿ ਹਾਲੇ ਮਹਾਰਾਸ਼ਟਰ ਸਰਕਾਰ ਨੇ ਸਿਰਫ ਇਕ ਤਜਵੀਜ਼ ਕੈਬਨਿਟ ਵਿਚ ਪਾਸ ਕੀਤੀ ਹੈ ਤੇ ਪ੍ਰਕਿਰਿਆ ਮੁਤਾਬਕ ਇਸਨੂੰ ਵਿਧਾਨ ਸਭਾ ਵਿਚ ਪੇਸ਼ ਕਰਨਾ ਹੁੰਦਾ ਹੈ ਤੇ ਫਿਰ ਰਾਜਪਾਲ ਦੀ ਮਨਜ਼ੂਰੀ ਜ਼ਰੂਰੀ ਹੁੰਦੀ ਹੈ। ਉਹਨਾਂ ਕਿਹਾ ਕਿ ਇਸ ਲਈ ਇਸ ਤਜਵੀਜ਼ ਨੂੰ ਅਮਲੀ ਜਾਮਾ ਪਹਿਨਾਉਣ ਤੋਂ ਪਹਿਲਾਂ ਹੀ ਮਹਾਰਾਸ਼ਟਰ ਸਰਕਾਰ ਨੂੰ ਸਿੱਖ ਕੌਮ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾ ਕੇ ਇਸਨੂੰ ਰੁਕਵਾਇਆ ਜਾਵੇਗਾ। ਉਹਨਾਂ ਕਿਹਾ ਕਿ ਅਸੀਂ ਮਹਾਰਾਸ਼ਟਰ ਸਰਕਾਰ ਨਾਲ ਰਾਬਤਾ ਕਰ ਕੇ ਮਸਲੇ ਦਾ ਸੰਜੀਦਗੀ ਨਾਲ ਸਾਰਥਕ ਹੱਲ ਕੱਢਵਾਉਣ ਵਾਸਤੇ ਵਚਨਬੱਧ ਹਾਂ।

ਇਸ ਮੌਕੇ ਧਰਮ ਪ੍ਰਚਾਰ ਕਮੇਟੀ ਚੇਅਰਮੈਨ ਸ. ਜਸਪ੍ਰੀਤ ਸਿੰਘ ਕਰਮਸਰ, ਮੈਂਬਰ ਸਰਦਾਰ ਹਰਵਿੰਦਰ ਸਿੰਘ ਸੰਧੂ ਅਤੇ ਸਰਦਾਰ ਜਤਿੰਦਰਪਾਲ ਸਿੰਘ ਗੋਲਡੀ ਵੀ ਹਾਜ਼ਿਰ ਸਨ ।