ਦਿੱਲੀ ਦੇ ਜੇਲ੍ਹ ਮੰਤਰੀ ਸਤੇਂਦਰ ਜੈਨ ਨੂੰ ਅਦਾਲਤ ਤੋਂ ਵੱਡਾ ਝਟਕਾ, ਜਮਾਨਤ ਅਪੀਲ ਹੋਈ ਖਾਰਿਜ਼

ਦਿੱਲੀ ਦੇ ਜੇਲ੍ਹ ਮੰਤਰੀ ਸਤੇਂਦਰ ਜੈਨ ਨੂੰ ਅਦਾਲਤ ਤੋਂ ਵੱਡਾ ਝਟਕਾ, ਜਮਾਨਤ ਅਪੀਲ ਹੋਈ ਖਾਰਿਜ਼

ਅੰਮ੍ਰਿਤਸਰ ਟਾਈਮਜ਼ ਬਿਊਰੋ

ਨਵੀਂ ਦਿੱਲੀ 17 ਨਵੰਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਵਿਚ ਆਮ ਆਦਮੀ ਪਾਰਟੀ ਸਰਕਾਰ ਦੇ ਜੇਲ੍ਹ ਅਤੇ ਸਿਹਤ ਮੰਤਰੀ ਸਤੇਂਦਰ ਜੈਨ ਅਤੇ ਮਾਮਲੇ ਦੇ ਦੋ ਸਹਿ-ਮੁਲਜ਼ਮ ਵੈਭਵ ਜੈਨ ਅਤੇ ਅੰਕੁਸ਼ ਜੈਨ ਦੀ ਜ਼ਮਾਨਤ ਪਟੀਸ਼ਨ ਰੌਜ਼ ਐਵੇਨਿਊ ਕੋਰਟ ਨੇ ਖਾਰਜ ਕਰ ਦਿੱਤੀ ਹੈ। ਈਡੀ ਨੇ ਕੇਂਦਰੀ ਜਾਂਚ ਬਿਊਰੋ ਦੀ ਐਫਆਈਆਰ ਜੋ ਕਿ 2017 ਵਿਚ ਦਰਜ਼ ਕੀਤੀ ਗਈ ਸੀ, ਦੇ ਅਧਾਰ 'ਤੇ ਬੀਤੀ 30 ਮਈ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੇ ਤਹਿਤ ਮਨੀ ਲਾਂਡਰਿੰਗ ਦੇ ਇੱਕ ਕੇਸ ਵਿੱਚ ਸਤੇਂਦਰ ਜੈਨ ਅਤੇ ਹੋਰਾਂ ਨੂੰ ਗ੍ਰਿਫਤਾਰ ਕੀਤਾ ਸੀ।  

ਇਸ ਦੇ ਨਾਲ ਹੀ, ਤਿਹਾੜ ਜੇਲ੍ਹ ਦੇ ਇੱਕ ਸੁਪਰਡੈਂਟ ਅਜੀਤ ਕੁਮਾਰ ਨੂੰ ਜੇਲ੍ਹ ਵਿੱਚ ਬੰਦ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਮੰਤਰੀ ਸਤੇਂਦਰ ਜੈਨ ਨੂੰ "ਵਿਸ਼ੇਸ਼ ਸਹੂਲਤਾਂ" ਪ੍ਰਦਾਨ ਕਰਨ ਵਿੱਚ ਸ਼ਾਮਲ ਹੋਣ ਲਈ ਹਾਲ ਹੀ ਵਿੱਚ ਮੁਅੱਤਲ ਕਰ ਦਿੱਤਾ ਗਿਆ ਹੈ। ਈਡੀ ਨੇ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਦੋਸ਼ ਲਾਇਆ ਸੀ ਕਿ ਜੇਲ੍ਹ ਪ੍ਰਸ਼ਾਸਨ ਦੀ ਮਿਲੀਭੁਗਤ ਨਾਲ ਸਤੇਂਦਰ ਜੈਨ ਨੂੰ ਵਾਧੂ ਸਹੂਲਤਾਂ ਮਿਲ ਰਹੀਆਂ ਹਨ। ਅਦਾਲਤ ਨੂੰ ਸਤੇਂਦਰ ਜੈਨ ਦੀ ਮਾਲਿਸ਼ ਕੀਤੇ ਜਾਣ ਦੀ ਵੀਡੀਓ ਵੀ ਦਿਖਾਈ ਗਈ। ਤਿਹਾੜ ਜੇਲ੍ਹ ਨੰਬਰ 7 ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦੂਜੀਆਂ ਜੇਲ੍ਹਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।