ਦਿੱਲੀ ਗੁਰਦੁਆਰਾ ਕਮੇਟੀ ਨੇ ਦੀਨਾਨਗਰ ਦੇ ਪਿੰਡ ਬਹਿਰਾਮਪੁਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਣ ਦੀ ਕੀਤੀ ਜ਼ੋਰਦਾਰ ਨਿਖੇਧੀ
ਸ਼੍ਰੋਮਣੀ ਕਮੇਟੀ ਇਤਿਹਾਸਕ ਗੁਰਧਾਮਾਂ ਦੀ ਸਾਂਭ ਸੰਭਾਲ ਬਣਾਵੇ ਯਕੀਨੀ
ਅੰਮ੍ਰਿਤਸਰ ਟਾਈਮਜ਼ ਬਿਊਰੋ
ਨਵੀਂ ਦਿੱਲੀ, 18 ਜੁਲਾਈ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਪੰਜਾਬ ਦੇ ਦੀਨਾਨਗਰ ਹਲਕੇ ਦੇ ਪਿੰਡ ਬਹਿਰਾਮਪੁਰ ਵਿਚ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਉਹ ਗੁਰਧਾਮਾਂ ਖਾਸ ਤੌਰ ’ਤੇ ਇਤਿਹਾਸਕ ਗੁਰਧਾਮਾਂ ਦੀ ਸਾਂਭ ਸੰਭਾਲ ਯਕੀਨੀ ਬਣਾਵੇ।
ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਨਹੀਂ ਰੁਕ ਰਹੀਆਂ। ਉਹਨਾਂ ਕਿਹਾ ਕਿ ਸਿੱਖਾਂ ਵਿਚ ਇਸ ਗੱਲ ਨੂੰ ਲੈ ਕੇ ਕਾਫੀ ਰੋਸ ਹੈ। ਉਹਨਾਂ ਕਿਹਾ ਕਿ ਇਹ ਹੋਰ ਵੀ ਮੰਦਭਾਗੀ ਗੱਲ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਧਾਮਾਂ ਖਾਸ ਤੌਰ ’ਤੇ ਇਤਿਹਾਸਕ ਗੁਰਧਾਮਾਂ ਦੀ ਸਾਂਭ ਸੰਭਾਲ ਕਰਨ ਵਿਚ ਅਸਫਲ ਸਾਬਤ ਹੁੰਦੀ ਨਜ਼ਰ ਆ ਰਹੀ ਹੈ।
ਉਹਨਾਂ ਕਿਹਾ ਕਿ ਬਜਾਏ ਇਕ ਸਿਆਸੀ ਪਾਰਟੀ ਦੇ ਬੁਲਾਰੇ ਬਣ ਕੇ ਰੋਜ਼ ਮੀਡੀਆ ਸਾਹਮਣੇ ਬਿਆਨਬਾਜ਼ੀ ਕਰਨ ਦੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਸਦੇ ਕੰਟਰੋਲ ਹੇਠਲੇ ਗੁਰੂ ਘਰਾਂ ਵਿਚ ਹਰ ਪ੍ਰਬੰਧ ਵਧੀਆ ਹੋਵੇ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਰਗੀਆਂ ਮੰਦਭਾਗੀਆਂ ਘਟਨਾਵਾਂ ਨਾ ਵਾਪਰਨ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਇਸ ਘਟਨਾ ਦਾ ਸਖ਼ਤ ਨੋਟਿਸ ਲੈਂਦਿਆ ਇਸ ਮਾਮਲੇ ਵਿਚ ਸਖ਼ਤ ਤੋਂ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਪੰਜਾਬ ਸਰਕਾਰ ਨੂੰ ਵੀ ਅਜਿਹੀਆਂ ਘਟਨਾਵਾਂ ਜਿਹੜੀਆਂ ਵਾਪਰ ਰਹੀਆਂ ਹਨ, ਉਹਨਾਂ ’ਤੇ ਰੋਕ ਲਾਉਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ।
ਉਹਨਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਤੋਂ ਬੇਅਦਬੀ ਦੀਆਂ ਘਟਨਾਵਾਂ ਉਹਨਾਂ ਦੇ ਪ੍ਰਬੰਧ ਹੇਠਲੇ ਗੁਰਧਾਮਾਂ ਵਿਚ ਵਾਪਰਨ ’ਤੇ ਨੈਤਿਕ ਤੌਰ ’ਤੇ ਅਸਤੀਫਾ ਦੇਣ ਵਾਸਤੇ ਵੀ ਆਖਿਆ।
Comments (0)