ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫਦ ਵੱਲੋਂ ਸਿੱਖ ਮਸਲਿਆਂ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ
ਅੰਮ੍ਰਿਤਸਰ ਟਾਈਮਜ਼ ਬਿਊਰੋ
ਨਵੀਂ ਦਿੱਲੀ, 25 ਸਤੰਬਰ (ਮਨਪ੍ਰੀਤ ਸਿੰਘ ਖਾਲਸਾ): ਦੇਸ਼ ਤੇ ਦੁਨੀਆਂ ਦੇ ਸਿੱਖ ਮਸਲਿਆਂ ਨੂੰ ਸੰਜੀਦਗੀ ਨਾਲ ਚੁੱਕਣ ਵਾਲੀ ਸੰਸਥਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠਲੇ ਇਕ ਵਫਦ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ।
ਇਸ ਮੁਲਾਕਾਤ ਬਾਰੇ ਜਾਣਕਾਰੀ ਦਿੰਦਿਆਂ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਵਫਦ ਨੇ ਚੰਦਰਯਾਨ 3 ਅਤੇ ਜੀ 20 ਦੀ ਕਾਮਯਾਬੀ ਦੀ ਭਾਰਤ ਸਰਕਾਰ, ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਸ੍ਰੀ ਅਮਿਤ ਸ਼ਾਹ ਨੂੰ ਵਧਾਈ ਦਿੱਤੀ।
ਇਸ ਉਪਰੰਤ ਪੰਥ ਨੂੰ ਦਰਪੇਸ਼ ਮਸਲਿਆਂ ’ਤੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਹੋਇਆ। ਉਹਨਾਂ ਦੱਸਿਆ ਕਿ ਵਫਦ ਨਾਲ ਸ੍ਰੀ ਅਮਿਤ ਸ਼ਾਹ ਦੀ ਸੱਜਣ ਕੁਮਾਰ ਤੇ ਜਗਦੀਸ਼ ਟਾਈਟਲਰ ਖਿਲਾਫ ਚਲ ਰਹੇ ਕੇਸਾਂ ਬਾਰੇ ਗੰਭੀਰ ਚਰਚਾ ਹੋਈ। ਇਸ ਵਿਚ ਵਫਦ ਨੇ ਉਹਨਾਂ ਦੇ ਧਿਆਨ ਵਿਚ ਲਿਆਂਦਾ ਕਿ ਕਿਵੇਂ ਸੱਜਣ ਕੁਮਾਰ ਨੂੰ ਇਕ ਕੇਸ ਵਿਚ ਬਰੀ ਕਰ ਦਿੱਤਾ ਗਿਆ ਹੈ ਜਿਸਨੂੰ ਲੈ ਕੇ ਸਿੱਖ ਹਿਰਦਿਆਂ ਨੂੰ ਠੇਸ ਪਹੁੰਚੀ ਹੈ।
ਉਹਨਾਂ ਦੱਸਿਆ ਕਿ ਵਫਦ ਨੇ ਗੁਰਦੁਆਰਾ ਡੋਂਗਮਾਰ ਸਾਹਿਬ, ਗੁਰਦੁਆਰਾ ਗਿਆਨ ਗੋਦੜੀ ਸਾਹਿਬ ਤੇ ਸ਼ਿਲਾਂਗ ਦੇ ਸਿੱਖਾਂ ਬਾਰੇ ਕੇਂਦਰੀ ਗ੍ਰਹਿ ਮੰਤਰੀ ਨਾਲ ਚਰਚਾ ਹੋਈ।
ਉਹਨਾਂ ਦੱਸਿਆ ਕਿ ਗ੍ਰਹਿ ਮੰਤਰੀ ਨੇ ਬਹੁਤ ਹੀ ਸੁਚੱਜੇ ਢੰਗ ਨਾਲ ਸਾਰੇ ਮਸਲਿਆਂ ਬਾਰੇ ਤਸੱਲੀਬਖਸ਼ ਜਵਾਬ ਦਿੱਤੇ ਤੇ ਭਰੋਸਾ ਦੁਆਇਆ ਕਿ ਇਹਨਾਂ ਮਸਲਿਆਂ ਬਾਰੇ ਜਲਦੀ ਹੀ ਕਾਰਵਾਈ ਕੀਤੀ ਜਾਵੇਗੀ।
ਉਹਨਾਂ ਕਿਹਾ ਕਿ ਭਾਰਤ ਸਰਕਾਰ ਦਾ, ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਦਾ ਧੰਨਵਾਦ ਕਰਦੇ ਹਾਂ।
ਉਹਨਾਂ ਕਿਹਾ ਕਿ ਇਕ ਸਮਾਂ ਉਹ ਵੀ ਸੀ ਜਿਸ ਵਕਤ ਸਰਕਾਰਾਂ ਕੋਲੋਂ ਕੰਮ ਕਰਵਾਉਣ ਵਾਸਤੇ ਘਿਰਾਓ ਕਰਨੇ ਪੈਂਦੇ ਸਨ ਤੇ ਧਰਨੇ ਦੇਣੇ ਪੈਂਦੇ ਸਨ। ਉਹਨਾਂ ਕਿਹਾ ਕਿ ਅੱਜ ਫੋਨਾਂ ’ਤੇ ਸਰਕਾਰਾਂ ਕੰਮ ਕਰਦੀਆਂ ਹਨ। ਉਹਨਾਂ ਨੇ ਸਮੁੱਚੀ ਸੰਗਤ ਦਾ ਵੀ ਧੰਨਵਾਦ ਕੀਤਾ ਜਿਸਨੇ ਬਲ ਬਖਸ਼ਿਆ ਤੇ ਜ਼ਿੰਮੇਵਾਰੀ ਸਾਨੂੰ ਸੌਂਪੀ।
ਇਸ ਵਫਦ ਵਿਚ ਸਰਦਾਰ ਹਰਵਿੰਦਰ ਸਿੰਘ ਕੇ. ਪੀ., ਸਰਦਾਰ ਐਮ ਪੀ ਐਸ ਚੱਢਾ, ਸਰਦਾਰ ਆਤਮਾ ਸਿੰਘ ਲੁਬਾਣਾ, ਸਰਦਾਰ ਭੁਪਿੰਦਰ ਸਿੰਘ ਭੁੱਲਰ,ਸਰਦਾਰ ਗੁਰਮੀਤ ਸਿੰਘ ਭਾਟੀਆ ਅਤੇ ਸਰਦਾਰ ਗੁਰਦੇਵ ਸਿੰਘ ਸਾਰੇ ਮੈਂਬਰ ਦਿੱਲੀ ਗੁਰਦੁਆਰਾ ਕਮੇਟੀ ਵੀ ਸ਼ਾਮਲ ਸਨ।
Comments (0)