ਦਿੱਲੀ ਗੁਰਦੁਆਰਾ ਕਮੇਟੀ ਅਧੀਨ ਚਲਦੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਵਿਚ ਆਉਂਦੇ ਵਿਦਿਅਕ ਸੈਸ਼ਨ ਤੋਂ ਸਮਾਰਟ ਕਲਾਸਾਂ ਹੋਣਗੀਆਂ ਸ਼ੁਰੂ 

ਦਿੱਲੀ ਗੁਰਦੁਆਰਾ ਕਮੇਟੀ ਅਧੀਨ ਚਲਦੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਵਿਚ ਆਉਂਦੇ ਵਿਦਿਅਕ ਸੈਸ਼ਨ ਤੋਂ ਸਮਾਰਟ ਕਲਾਸਾਂ ਹੋਣਗੀਆਂ ਸ਼ੁਰੂ 

ਅੰਮ੍ਰਿਤਸਰ ਟਾਈਮਜ਼ ਬਿਉਰੋ

ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਏ ਜਾ ਰਹੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਵਿਚ ਆਉਂਦੇ ਵਿਦਿਅਕ ਸੈਸ਼ਨ ਤੋਂ ਸਮਾਰਟ ਕਲਾਸਾਂ ਸ਼ੁਰੂ ਕੀਤੀਆਂ ਜਾਣਗੀਆਂ। ਇਹ ਜਾਣਕਾਰੀ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦਿੱਤੀ ਹੈ।ਅੱਜ ਇਥੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ ਦੌਰਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਇਹ ਫੈਸਲਾ ਲਿਆ ਹੈ।ਸਰਦਾਰ ਕਾਲਕਾ ਨੇ ਦੱਸਿਆ ਕਿ ਉਹਨਾਂ ਨੇ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਚਲਾ ਜਾ ਰਹੇ ਸਾਰੇ ਵਿਦਿਅਕ ਅਦਾਰਿਆਂ ਵਿਚ ਦਰਪੇਸ਼ ਮੁਸ਼ਕਿਲਾਂ ਤੇ ਅਗਲੇ ਸੈਸ਼ਨਾਂ ਲਈ ਰੁਪ ਰੇਖਾ ਉਲੀਕਣ ਵਾਸਤੇ ਮੀਟਿੰਗਾਂ ਦਾ ਦੌਰ ਸ਼ੁਰੂ ਕੀਤਾ ਹੈ। ਉਹਨਾਂ ਦੱਸਿਆ ਕਿ ਕੋਰੋਨਾ ਮਹਾਮਾਰੀ ਦੇ ਦੌਰ ਵਿਚ ਵਿਦਿਅਕ ਖੇਤਰ ਨੁੰ ਸਭ ਤੋਂ ਵੱਧ ਮਾਰ ਪਈ ਹੈ ਕਿਉਂਕਿ ਲੋਕਾਂ ਦੇ ਆਰਥਿਕ ਤੌਰ 'ਤੇ ਟੁੱਟਣ ਨਾਲ ਵਿਦਿਅਕ ਅਦਾਰਿਆਂ ਦੀਆਂ ਫੀਸਾਂ ਸਭ ਤੋਂ ਵੱਧ ਪ੍ਰਭਾਵਤ ਹੋਈਆਂ ਜਿਸ ਕਾਰਨ ਸਕੂਲਾਂ ਤੇ ਕਾਲਜਾਂ ਦੇ ਸਟਾਫ ਦੀਆਂ ਤਨਖਾਹਾਂ ਤੇ ਹੋਰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ।ਸਰਦਾਰ ਕਾਲਕਾ ਨੇ ਦੱਸਿਆ ਕਿ ਹੁਣ ਉਹਨਾਂ ਨੇ ਮੀਟਿੰਗਾਂ ਇਸ ਕਰ ਕੇ ਸ਼ੁਰੂ ਕੀਤੀਆਂ ਹਨ ਤਾਂ ਜੋ ਮੌਜੂਦਾ ਸਥਿਤੀ ਦੀ ਸਮੀਖਿਆ ਕਰ ਕੇ ਭਵਿੱਖੀ ਰਣਨੀਤੀ ਤੈਅ ਕੀਤੀ ਜਾ ਸਕੇ। ਉਹਨਾਂ ਦੱਸਿਆ ਕਿ ਅੱਜ ਦੀ ਮੀਟਿੰਗ ਵਿਚ ਇਹ ਫੈਸਲਾ ਕੀਤਾ ਗਿਆ ਹੈ ਕਿ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਅਗਲੇ ਵਿਦਿਅਕ ਸੈਸ਼ਨ ਦੌਰਾਨ ਗੁਰੂ ਹਰਿਕ੍ਰਿਸ਼ਨ ਸਕੂਲਾਂ ਵਿਚ ਸਮਾਰਟ ਕਲਾਸਾਂ ਸ਼ੁਰੂ ਕੀਤੀਆਂ ਜਾਣਗੀਆਂ। ਉਹਨਾਂ ਦੱਸਿਆ ਕਿ ਇਸਦਾ ਵਿਦਿਆਰਥੀਆਂ ਨੁੰ ਵੱਡਾ ਲਾਭ ਹੋਵੇਗਾ।

ਸਰਕਾਰ ਕਾਲਕਾ ਨੇ ਕਿਹਾ ਕਿ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਨੇ ਦਿੱਲੀ ਵਿਚ ਸਿੱਖਿਆ ਦੇ ਖੇਤਰ ਵਿਚ ਲਾਮਿਸਾਲ ਪ੍ਰਾਪਤੀਆਂ ਹਾਸਲ ਕੀਤੀਆਂ ਹਨ ਜਿਸ ਦਾ ਸਿਹਰਾ ਇਹਨਾਂ ਦੇ ਪ੍ਰਿੰਸੀਪਲਾਂ ਤੇ ਮਿਹਨਤੀ ਸਟਾਫ ਨੁੰ ਜਾਂਦਾ ਹੈ। ਉਹਨਾਂ ਕਿਹਾ ਕਿ ਅਸੀਂ ਦਿੱਲੀ ਕਮੇਟੀ ਵੱਲੋਂ ਸਟਾਫ ਨੁੰ ਪਹਿਲਾਂ ਵੀ ਪੂਰਾ ਸਹਿਯੋਗ ਦਿੱਤਾ ਹੈ ਤੇ ਭਵਿੱਖ ਵਿਚ ਵੀ ਸਟਾਫ ਦੀਆਂ ਜ਼ਰੂਰਤਾਂ ਮੁਤਾਬਕ ਹਰ ਲੋੜੀਂਦਾ ਫੈਸਲਾ ਲਿਆ ਜਾਵੇਗਾ।ਉਹਨਾਂ ਇਹ ਵੀ ਕਿਹਾ ਕਿ ਸਕੂਲਾਂ ਵਿਚ ਖੇਡਾਂ ਸਮੇਤ ਲੋੜ ਮੁਤਾਬਕ ਹਰ ਲੋੜੀਂਦਾ ਫੈਸਲਾ ਲਾਗੂ ਕੀਤਾ ਜਾਵੇਗਾ।ਅੱਜ ਦੀ ਮੀਟਿੰਗ ਵਿਚ ਪ੍ਰਿੰਸੀਪਲਾਂ ਤੋਂ ਇਲਾਵਾ ਸਿੱਖਿਆ ਸੈਲ ਦੇ ਚੇਅਰਮੈਨ ਵਿਕਰਮ ਸਿੰਘ ਰੋਹਿਣੀ, ਗੁਰਦੇਵ ਸਿੰਘ, ਸੁਖਵਿੰਦਰ ਸਿੰਘ ਬੱਬਰ ਦੋਵੇਂ ਮੈਂਬਰ ਮੌਜੂਦ ਸਨ।