ਹਰਮੀਤ ਕਾਲਕਾ ਨੇ ਬੰਦੀ ਸਿੰਘਾਂ ਦੇ ਮਾਮਲੇ ਵਿਚ ਅਵਤਾਰ ਸਿੰਘ ਹਿੱਤ ਨੁੰ ਕਮੇਟੀ 'ਚ ਸ਼ਾਮਲ ਕਰਨ 'ਤੇ ਕੀਤਾ ਇਤਰਾਜ਼

ਹਰਮੀਤ ਕਾਲਕਾ ਨੇ ਬੰਦੀ ਸਿੰਘਾਂ ਦੇ ਮਾਮਲੇ ਵਿਚ ਅਵਤਾਰ ਸਿੰਘ ਹਿੱਤ ਨੁੰ ਕਮੇਟੀ 'ਚ ਸ਼ਾਮਲ ਕਰਨ 'ਤੇ ਕੀਤਾ ਇਤਰਾਜ਼

ਅੰਮ੍ਰਿਤਸਰ ਟਾਈਮਜ਼

ਨਵੀਂ ਦਿੱਲੀ, 18 ਮਈ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਗਠਿਤ ਕੀਤੀ ਗਈ 9 ਮੈਂਬਰੀ ਕਮੇਟੀ ਵਿਚ ਅੱਜ ਦੋ ਮੈਂਬਰਾਂ ਵਿਚ ਜਥੇਦਾਰ ਅਵਤਾਰ ਸਿੰਘ ਹਿੱਤ ਨੁੰ ਸ਼ਾਮਲ ਕਰਨ 'ਤੇ ਸਖ਼ਤ ਇਤਰਾਜ਼ ਕੀਤਾ ਹੈ।

ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਕਾਲਕਾ ਨੇ ਕਿਹਾ ਕਿ ਜੇਕਰ ਸ਼੍ਰੋਮਣੀ ਕਮੇਟੀ ਤਖਤ ਸ੍ਰੀ ਪਟਨਾ ਸਾਹਿਬ ਦਾ ਨੁਮਾਇੰਦਾ ਇਸ ਕਮੇਟੀ ਵਿਚ ਪਾਉਣਾ ਚਾਹੁੰਦੀ ਹੈ ਤਾਂ ਜਨਰਲ ਸਕੱਤਰ, ਮੀਤ ਪ੍ਰਧਾਨ ਜਾਂ ਕੋਈ ਹੋਰ ਅਹੁਦੇਦਾਰ ਸ਼ਾਮਲ ਕੀਤਾ ਜਾ ਸਕਦਾ ਹੈ ਪਰ ਜਿਸ ਵਿਅਕਤੀ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ, ਬਾਣੀ ਨੁੰ ਤੋੜ ਮਰੋੜ ਕੇ ਛਾਪਣ ਦਾ ਮਾਮਲਾ ਚਲਦਾ ਹੋਵੇ ਜੋ ਸ੍ਰੀ ਅਕਾਲ ਤਖਤ ਸਾਹਿਬ 'ਤੇ ਸੁਣਵਾਈ ਅਧੀਨ ਹੋਵੇ, ਉਸਨੁੰ ਸ਼ਾਮਲ ਕਰਨ 'ਤੇ ਸਾਨੂੰ ਸਖ਼ਤ ਇਤਰਾਜ਼ ਹੈ। ਉਹਨਾਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਹਿੱਤ ਨੇ ਦਿੱਲੀ ਗੁਰਦੁਆਰਾ ਕਮੇਟੀ ਦਾ ਪ੍ਰਧਾਨ ਹੁੰਦਿਆਂ ਜੋ ਕਾਰਾ ਅਮਰੀਕਾ ਨਿਵਾਸੀ ਥਮਿੰਦਰ ਸਿੰਘ ਆਨੰਦ ਤੇ ਕੈਨੇਡਾ ਨਿਵਾਸੀ ਓਂਕਾਰ ਸਿੰਘ ਵਾਂਗੂ ਗੁਰਬਾਣੀ ਨਿਰਾਦਰ ਦਾ ਕੀਤਾ, ਉਸਨੁੰ ਇਸ ਕੌਮ ਦੀ ਕਮੇਟੀ ਵਿਚ ਸ਼ਾਮਲ ਕਰਨ ਦਾ ਫੈਸਲਾ ਕਿਸੇ ਵੀ ਤਰੀਕੇ ਸਹੀ ਨਹੀਂ ਹੈ।

ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੁੰ ਅਪੀਲ ਕੀਤੀ ਕਿ ਉਹ ਇਸ ਮਾਮਲੇ 'ਤੇ ਗੌਰ ਕਰਨ ਤੇ ਜਿਸ ਵਿਅਕਤੀ 'ਤੇ ਗੁਰਬਾਣੀ ਦੇ ਨਿਰਾਦਰ ਦਾ ਇਲਜ਼ਾਮ ਹੋਵੇ, ਉਸਨੁੰ ਇਸ ਕਮੇਟੀ ਵਿਚ ਸ਼ਾਮਲ ਕਰਨ ਦੇ ਫੈਸਲੇ ਦੀ ਮੁੜ ਸਮੀਖਿਆ ਕਰਨ। ਉਹਨਾਂ ਕਿਹਾ ਕਿ ਅਸੀਂ ਇਸ ਫੈਸਲੇ ਨਾਲ ਸਹਿਮਤ ਨਹੀਂ ਹਾਂ ਤੇ ਅਸੀਂ ਸਨਿਮਰ ਅਪੀਲ ਕਰ ਰਹੇ ਹਾਂ ਕਿ ਜਥੇਦਾਰ ਹਿੱਤ ਨੂੰ ਕਮੇਟੀ ਵਿਚ ਸ਼ਾਮਲ ਕਰ ਕੇ ਕੌਮ ਨੁੰ ਸ਼ਰਮਸਾਰ ਨਾ ਕੀਤਾ ਜਾਵੇ ਕਿਉਂਕਿ ਉਹਨਾਂ ਖਿਲਾਫ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਦੋਸ਼ ਲੱਗਾ ਹੈ। ਉਹਨਾਂ ਕਿਹਾ ਕਿ ਜਦੋਂ ਤੱਕ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਮਾਮਲੇ ਦਾ ਨਿਪਟਾਰਾ ਨਹੀਂ ਹੋ ਜਾਂਦਾ, ਉਹਨਾਂ ਦਾ ਨਾਂ ਕਿਸੇ ਵੀ ਕੌਮ ਦੀ ਕਮੇਟੀ ਵਿਚ ਨਹੀਂ ਪਾਇਆ ਜਾਣਾ ਚਾਹੀਦਾ।