ਦਿੱਲੀ ਹਾਈਕੋਰਟ ਨੇ ਦਿੱਲੀ ਐਕਸਾਈਜ਼ ਘੁਟਾਲੇ ਮਾਮਲੇ 'ਚ ਸੰਜੇ ਸਿੰਘ ਦੀ ਗ੍ਰਿਫਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਈਡੀ ਤੋਂ ਮੰਗਿਆ ਜਵਾਬ

ਦਿੱਲੀ ਹਾਈਕੋਰਟ ਨੇ ਦਿੱਲੀ ਐਕਸਾਈਜ਼ ਘੁਟਾਲੇ ਮਾਮਲੇ 'ਚ ਸੰਜੇ ਸਿੰਘ ਦੀ ਗ੍ਰਿਫਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦੇਣ ਵਾਲੀ  ਪਟੀਸ਼ਨ 'ਤੇ ਈਡੀ ਤੋਂ ਮੰਗਿਆ ਜਵਾਬ

ਸੰਜੇ ਸਿੰਘ ਨੂੰ ਭੇਜਿਆ ਗਿਆ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ 

ਅੰਮ੍ਰਿਤਸਰ ਟਾਈਮਜ਼ ਬਿਊਰੋ 

ਨਵੀਂ ਦਿੱਲੀ 13 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):-ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਸੰਜੇ ਸਿੰਘ ਵੱਲੋਂ ਕਥਿਤ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਆਪਣੀ ਗ੍ਰਿਫ਼ਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਤੋਂ ਜਵਾਬ ਮੰਗਿਆ ਹੈ।

ਜਸਟਿਸ ਸਵਰਨ ਕਾਂਤਾ ਸ਼ਰਮਾ ਨੇ ਸੰਖੇਪ ਦਲੀਲਾਂ ਸੁਣਨ ਤੋਂ ਬਾਅਦ ਨੋਟਿਸ ਜਾਰੀ ਕੀਤਾ ਅਤੇ ਈਡੀ ਦੇ ਵਕੀਲ ਵੱਲੋਂ ਜਵਾਬ ਦਾਇਰ ਕਰਨ ਲਈ ਸਮਾਂ ਮੰਗਣ ਤੋਂ ਬਾਅਦ ਕੇਸ ਦੀ ਸੁਣਵਾਈ ਮੁਲਤਵੀ ਕਰ ਦਿੱਤੀ।

ਜਿਕਰਯੋਗ ਹੈ ਕਿ 4 ਅਕਤੂਬਰ ਨੂੰ ਸੰਜੇ ਸਿੰਘ ਦੀ ਰਿਹਾਇਸ਼ 'ਤੇ ਛਾਪੇਮਾਰੀ ਕਰਨ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ । 5 ਅਕਤੂਬਰ ਨੂੰ ਉਸ ਨੂੰ 10 ਅਕਤੂਬਰ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ, ਜਿਸਨੂੰ ਬਾਅਦ ਵਿੱਚ 13 ਅਕਤੂਬਰ ਤੱਕ ਵਧਾ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਉਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ।

ਕੁਝ ਘੰਟਿਆਂ ਬਾਅਦ, ਸੰਜੇ ਸਿੰਘ ਦੇ ਵਕੀਲ ਦੁਆਰਾ ਅੱਜ ਸਵੇਰੇ ਜ਼ਿਕਰ ਕੀਤੇ ਜਾਣ ਤੋਂ ਬਾਅਦ, ਹਾਈ ਕੋਰਟ ਨੇ ਉਸਦੀ ਗ੍ਰਿਫਤਾਰੀ ਅਤੇ ਰਿਮਾਂਡ ਦੋਵਾਂ ਨੂੰ ਚੁਣੌਤੀ ਦੇਣ ਵਾਲੀ ਉਸਦੀ ਪਟੀਸ਼ਨ 'ਤੇ ਸੁਣਵਾਈ ਕੀਤੀ । ਹਾਈਕੋਰਟ ਦੇ ਸਾਹਮਣੇ ਸੀਨੀਅਰ ਵਕੀਲ ਵਿਕਰਮ ਚੌਧਰੀ ਨੇ ਸੰਜੇ ਸਿੰਘ ਦੀ ਨੁਮਾਇੰਦਗੀ ਕੀਤੀ ਅਤੇ ਦਲੀਲ ਦਿੱਤੀ ਕਿ ਕਾਨੂੰਨੀ ਪ੍ਰਕਿਰਿਆ ਦੀ ਸ਼ਰੇਆਮ ਦੁਰਵਰਤੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਕ ਨਾਮਵਰ ਨੇਤਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਓਸ ਨੂੰ ਕਦੇ ਕੋਈ ਨੋਟਿਸ ਜਾਂ ਸੰਮਨ ਜਾਰੀ ਨਹੀਂ ਕੀਤਾ ਗਿਆ, ਕਿਸੇ ਪੁੱਛਗਿੱਛ ਜਾਂ ਜਾਂਚ ਲਈ ਨਹੀਂ ਬੁਲਾਇਆ ਗਿਆ। ਅਚਾਨਕ 4 ਅਕਤੂਬਰ ਦੀ ਸਵੇਰ ਨੂੰ ਉਹ ਘਰ ਦੀ ਤਲਾਸ਼ੀ ਲਈ ਆਂਦੇ ਹਨ ਅਤੇ ਸ਼ਾਮ ਨੂੰ 5:25 'ਤੇ ਗ੍ਰਿਫਤਾਰ ਕਰ ਲਿਆ ਗਿਆ ਜਾਂਦਾ ਹੈ । ਜਦਕਿ ਸੁਪਰੀਮ ਕੋਰਟ ਦੇ ਇਕ ਮਾਮਲੇ ਵਿਚ ਦਿੱਤੇ 3 ਫੈਸਲੇ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਗ੍ਰਿਫਤਾਰੀ ਤੋਂ ਪਹਿਲਾਂ ਈਡੀ ਦੁਆਰਾ ਗ੍ਰਿਫਤਾਰੀ ਦੇ ਆਧਾਰ ਨੂੰ ਲਿਖਤੀ ਰੂਪ ਵਿੱਚ ਪੇਸ਼ ਕੀਤਾ ਜਾਣਾ ਚਾਹੀਦਾ ਹੈ।

ਈਡੀ ਵੱਲੋਂ ਪੇਸ਼ ਹੋਏ ਵਿਸ਼ੇਸ਼ ਵਕੀਲ ਜ਼ੋਹੇਬ ਹੁਸੈਨ ਨੇ ਜਵਾਬ ਦਿੱਤਾ ਕਿ ਏਜੰਸੀ ਨੂੰ ਕੇਵਲ ਸਿੰਘ ਦੀ ਪਟੀਸ਼ਨ ਦੀ ਕਾਪੀ ਇੱਕ ਘੰਟਾ ਪਹਿਲਾਂ ਮਿਲੀ ਸੀ। ਉਸ ਨੇ ਅਦਾਲਤ ਨੂੰ ਅਪੀਲ ਕੀਤੀ ਕਿ ਉਹ ਰਸਮੀ ਤੌਰ 'ਤੇ ਈਡੀ ਨੂੰ ਨੋਟਿਸ ਜਾਰੀ ਕਰੇ ਅਤੇ ਮਾਮਲੇ ਦੀ ਸੁਣਵਾਈ ਕਿਸੇ ਹੋਰ ਦਿਨ ਕਰੇ। ਜਿਸਤੇ ਅਦਾਲਤ ਨੇ ਈਡੀ ਨੂੰ ਬੇਨਤੀ ਅਨੁਸਾਰ ਸਮਾਂ ਦੇਣ ਦਾ ਫੈਸਲਾ ਕਰਦਿਆਂ ਮਾਮਲੇ ਦੀ ਅਗਲੀ ਸੁਣਵਾਈ 17 ਅਕਤੂਬਰ ਨੂੰ ਕਰਣ ਲਈ ਕਿਹਾ ਹੈ ।