ਸਿੱਖ ਕੌਮ ਦੀ 103 ਸਾਲ ਪੁਰਾਣੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਥਾਪਨਾ ਦਿਵਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਹੋਏ ਆਰੰਭ

ਸਿੱਖ ਕੌਮ ਦੀ 103 ਸਾਲ ਪੁਰਾਣੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਥਾਪਨਾ ਦਿਵਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਹੋਏ ਆਰੰਭ

ਅੰਮ੍ਰਿਤਸਰ ਟਾਈਮਜ਼ ਬਿਊਰੋ

ਨਵੀਂ ਦਿੱਲੀ, 13 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 15 ਨਵੰਬਰ ਨੂੰ ਮਨਾਏ ਜਾ ਰਹੇ ਸਥਾਪਨਾ ਦਿਵਸ ਸਬੰਧੀ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੀ ਸਥਾਪਨਾ 15 ਨਵੰਬਰ 1920 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਈ ਸੀ ਅਤੇ ਕੌਮ ਦੀ ਇਸ ਨੁਮਾਇੰਦਾ ਧਾਰਮਿਕ ਜਥੇਬੰਦੀ ਨੇ ਆਪਣੇ ਇਕ ਸਦੀ ਦੇ ਸਫ਼ਰ ਦੌਰਾਨ ਸਿੱਖੀ ਪ੍ਰਚਾਰ ਦੇ ਨਾਲ-ਨਾਲ ਵਿਦਿਆ, ਸਿਹਤ ਸੇਵਾਵਾਂ ਅਤੇ ਮਾਨਵ ਭਲਾਈ ਦੇ ਖੇਤਰ ਵਿਚ ਜ਼ਿਕਰਯੋਗ ਕਾਰਜ ਕੀਤੇ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕਾਂ ਵੱਲੋਂ ਸਥਾਪਨਾ ਦਿਵਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਂਦੇ ਹਨ।

ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸਿੱਖ ਕੌਮ ਦੀ ਮਹਾਨ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ ਅਤੇ ਇਸ ਨੇ ਆਪਣੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਕੌਮ ਨੂੰ ਸੰਗਠਤ ਕਰਨ ਲਈ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ 103 ਸਾਲ ਪੁਰਾਣੀ ਇਸ ਧਾਰਮਿਕ ਨੁਮਾਇੰਦਾ ਜਥੇਬੰਦੀ ਦਾ ਸਥਾਪਨਾ ਦਿਵਸ ਮਨਾਉਣ ਦਾ ਮਕਸਦ ਜਿਥੇ ਇਸ ਲਈ ਆਪਾ ਕੁਰਬਾਨ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਯਾਦ ਕਰਨਾ ਹੈ, ਉਥੇ ਹੀ ਮੌਜੂਦਾ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ ਤੋਂ ਜਾਣੂ ਕਰਵਾਉਣਾ ਵੀ ਹੈ।

ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਕੁਲਵੰਤ ਸਿੰਘ ਮੰਨਣ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਆਦਿ ਹਾਜ਼ਰ ਸਨ।