ਜੇ.ਈ.ਈ ਦਾਖਲਾ ਇਮਤਿਹਾਨ ਪੰਜਾਬੀ ਵਿੱਚ ਲਿਆ ਜਾਵੇ: ਮੰਤਰੀ ਤ੍ਰਿਪਤ ਰਜਿੰਦਰ ਬਾਜਵਾ

ਜੇ.ਈ.ਈ ਦਾਖਲਾ ਇਮਤਿਹਾਨ ਪੰਜਾਬੀ ਵਿੱਚ ਲਿਆ ਜਾਵੇ: ਮੰਤਰੀ ਤ੍ਰਿਪਤ ਰਜਿੰਦਰ ਬਾਜਵਾ

ਚੰਡੀਗੜ੍ਹ: ਪੰਜਾਬ ਦੇ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਅੱਜ ਕੇਂਦਰ ਸਰਕਾਰ ਦੇ ਮਨੁੱਖੀ ਵਸੀਲੇ ਵਿਕਾਸ ਮੰਤਰਾਲੇ ਤੋਂ ਮੰਗ ਕੀਤੀ ਹੈ ਕਿ ਮੁਲਕ ਦਾ ਵਕਾਰੀ ਦਾਖ਼ਲਾ ਟੈੱਸਟ ਜੇ.ਈ.ਈ. (ਮੁੱਖ) ਦੂਜੀਆਂ ਖੇਤਰੀ ਭਾਸ਼ਾਵਾਂ ਦੀ ਤਰਾਂ ਪੰਜਾਬੀ ਭਾਸ਼ਾ ਵਿਚ ਵੀ ਲਿਆ ਜਾਵੇ।
       
ਬਾਜਵਾ ਨੇ ਮਨੁੱਖੀ ਵਸੀਲੇ ਵਿਕਾਸ ਮੰਤਰਾਲੇ ਦੇ ਕੇਂਦਰੀ ਮੰਤਰੀ ਰਮੇਸ਼ ਪੋਖ਼ਰਿਆਲ ਨਿਸ਼ੰਕ ਨੂੰ ਅੱਜ ਇੱਕ ਚਿੱਠੀ ਲਿਖ ਕੇ ਕਿਹਾ ਹੈ ਕਿ ਇਹ ਦਾਖ਼ਲਾ ਟੈੱਸਟ ਸ਼ੁਰੂ ਵਿਚ ਅੰਗਰੇਜ਼ੀ, ਹਿੰਦੀ ਅਤੇ ਗੁਜਰਾਤੀ ਭਾਸ਼ਾਵਾਂ ਵਿਚ ਲਿਆ ਜਾਂਦਾ ਸੀ। ਪਰ ਵੱਖ ਵੱਖ ਸੂਬਿਆਂ ਦੀਆਂ ਸਰਕਾਰਾਂ ਦੀ ਮੰਗ ਉੱਤੇ ਕੇਂਦਰੀ ਮੰਤਰਾਲੇ ਨੇ ਇਹ ਫ਼ੈਸਲਾ ਕੀਤਾ ਹੈ ਕਿ 2021 ਤੋਂ ਇਹ ਦਾਖ਼ਲਾ ਟੈੱਸਟ ਅਸਾਮੀ, ਬੰਗਾਲੀ, ਤਾਮਿਲ, ਕੰਨੜ, ਉਰਦੂ, ਮਰਾਠੀ, ਉੜੀਆ ਅਤੇ ਤੇਲਗੂ ਭਾਸ਼ਾਵਾਂ ਵਿਚ ਵੀ ਲਿਆ ਜਾਇਆ ਕਰੇਗਾ। ਉਨ੍ਹਾਂ ਕਿਹਾ ਕਿ ਇਹ ਬੜੇ ਹੀ ਅਫ਼ਸੋਸ ਦੀ ਗੱਲ ਹੈ ਕਿ ਪੰਜਾਬੀ ਭਾਸ਼ਾ ਨੂੰ ਇਸ ਸੂਚੀ ਵਿਚ ਨਾ ਸ਼ਾਮਲ ਕਰ ਕੇ ਪੰਜਾਬੀ ਭਾਸ਼ਾ ਨਾਲ ਵਿਤਕਰਾ ਕੀਤਾ ਗਿਆ ਹੈ।
       
ਉਚੇਰੀ ਸਿੱਖਿਆ ਮੰਤਰੀ ਨੇ ਕਿਹਾ ਕਿ ਜੇ.ਈ.ਈ. (ਮੁੱਖ) ਦਾਖ਼ਲਾ ਟੈੱਸਟ ਮੁਲਕ ਦਾ ਉਹ ਵਕਾਰੀ ਟੈੱਸਟ ਹੈ ਜਿਸ ਰਾਹੀਂ ਦੇਸ਼ ਦੇ ਪ੍ਰਮੁੱਖ ਇੰਜੀਨੀਅਰਿੰਗ ਕਾਲਜਾਂ ਅਤੇ ਆਈ.ਆਈ.ਟੀ. ਸੰਸਥਾਵਾਂ ਵਿਚ ਇੰਜੀਨੀਅਰਿੰਗ ਅਤੇ ਆਰਕੀਟੈਕਚਰਲ ਦੇ ਦਾਖ਼ਲੇ ਕੀਤੇ ਜਾਂਦੇ ਹਨ। ਪਹਿਲਾਂ ਇਹ ਟੈੱਸਟ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐੱਸ.ਈ.) ਦੁਆਰਾ ਲਿਆ ਜਾਂਦਾ ਸੀ, ਪਰ ਹੁਣ ਇਹ ਟੈੱਸਟ ਮਨੁੱਖੀ ਵਸੀਲੇ ਵਿਕਾਸ ਮੰਤਰਾਲੇ ਦੁਆਰਾ ਨੈਸ਼ਨਲ ਟੈੱਸਟਿੰਗ ਏਜੰਸੀ (ਐਨ.ਟੀ.ਏ.) ਰਾਹੀਂ ਲਿਆ ਜਾਂਦਾ ਹੈ।
       
ਬਾਜਵਾ ਨੇ ਕਿਹਾ ਕਿ ਜੇ ਪੰਜਾਬੀ ਭਾਸ਼ਾ ਨੂੰ ਇਸ ਟੈੱਸਟ ਦੀਆਂ ਭਾਸ਼ਾਵਾਂ ਦੀ ਸੂਚੀ ਵਿਚ ਨਾ ਪਾਇਆ ਗਿਆ ਤਾਂ ਪੰਜਾਬ ਦੇ ਸੈਂਕੜੇ ਵਿਦਿਆਰਥੀ ਮੁਲਕ ਦੇ ਵਕਾਰੀ ਇੰਜੀਨੀਅਰਿੰਗ ਕਾਲਜਾਂ ਵਿਚ ਦਾਖ਼ਲਾ ਲੈਣ ਤੋਂ ਵਾਂਝਾ ਰਹਿ ਜਾਣਗੇ। ਇਸ ਤੋਂ ਬਿਨਾਂ ਸੂਬੇ ਦੇ ਵਿਦਿਆਰਥੀਆਂ ਨੂੰ ਮਜਬੂਰਨ ਅੰਗਰੇਜ਼ੀ ਜਾਂ ਹਿੰਦੀ ਮਾਧਿਅਮ ਵਿਚ ਪੜ੍ਹਨਾ ਪਵੇਗਾ ਜੋ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਰਾਹ ਵਿੱਚ ਬੜਾ ਵੱਡਾ ਰੋੜਾ ਸਿੱਧ ਹੋਵੇਗਾ।
       
ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਜ਼ੋਰ ਦੇ ਕੇ ਕਿਹਾ ਹੈ ਕਿ ਪੰਜਾਬੀ ਭਾਸ਼ਾ ਨੂੰ ਜੇ.ਈ.ਈ. (ਮੁੱਖ) ਦਾਖ਼ਲਾ ਟੈਸਟ ਦੀਆਂ ਭਾਸ਼ਾਵਾਂ ਦੀ ਸੂਚੀ ਵਿਚ ਜੋੜਨ ਲਈ ਤੁਰੰਤ ਲੋੜੀਂਦੀ ਕਾਰਵਾਈ ਕੀਤੀ ਜਾਵੇ ਤਾਂ ਕਿ ਪੰਜਾਬੀ ਨੂੰ ਵੀ ਆਪਣੀ ਢੁਕਵੀਂ ਥਾਂ ਮਿਲ ਸਕੇ।   
 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।