ਹਰਿਆਣਾ ਕੇ ਕੈਥਲ ’ਚ ਸਿੱਖ ਨੌਜਵਾਨ ਨਾਲ ਕੁੱਟਮਾਰ ਦੇ ਮਾਮਲੇ ’ਤੇ ਹਰਿਆਣਾ ਦੇ ਮੁੱਖ ਮੰਤਰੀ ਤੇ ਡੀ ਜੀ ਪੀ ਨੂੰ ਦਿੱਲੀ ਗੁਰਦਆਰਾ ਕਮੇਟੀ ਨੇ ਲਿਖਿਆ ਪੱਤਰ

ਹਰਿਆਣਾ ਕੇ ਕੈਥਲ ’ਚ ਸਿੱਖ ਨੌਜਵਾਨ ਨਾਲ ਕੁੱਟਮਾਰ ਦੇ ਮਾਮਲੇ ’ਤੇ ਹਰਿਆਣਾ ਦੇ ਮੁੱਖ ਮੰਤਰੀ ਤੇ ਡੀ ਜੀ ਪੀ ਨੂੰ ਦਿੱਲੀ ਗੁਰਦਆਰਾ ਕਮੇਟੀ ਨੇ ਲਿਖਿਆ ਪੱਤਰ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਨਵੀਂ ਦਿੱਲੀ, 13 ਜੂਨ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੇ ਡੀ ਜੀ ਪੀ ਨੂੰ ਕਿਹਾ ਹੈ ਕਿ ਕੈਥਲ ਵਿਚ ਸਿੱਖ ਨੌਜਵਾਨ ਨਾਲ ਕੁੱਟਮਾਰ ਦੇ ਮਾਮਲੇ ਵਿਚ ਦੋਸ਼ੀਆਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਸੂਬੇ ਵਿਚ ਹਿੰਦੂ-ਸਿੱਖ ਭਾਈਚਾਰਕ ਸਾਂਝ ਨੂੰ ਖਰਾਬ ਨਾ ਹੋਣ ਦਿੰਤਾ ਜਾਵੇ।

ਹਰਿਆਣਾ ਦੇ ਮੁੱਖ ਮੰਤਰੀ ਤੇ ਡੀ ਜੀ ਪੀ ਨੂੰ ਲਿਖੇ ਪੱਤਰ ਵਿਚ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਕੈਥਲ ਵਿਚ ਸਿੱਖ ਨੌਜਵਾਨ ਸੁਖਵਿੰਦਰ ਸਿੰਘ ਨੂੰ ਪਹਿਲਾਂ ਸ਼ਰਾਰਤੀ ਅਨਸਰਾਂ ਨੇ ਖਾਲਿਸਤਾਨੀ ਕਹਿ ਕੇ ਉਕਸਾਇਆ ਤੇ ਫਿਰ ਉਸ ’ਤੇ ਇੱਟਾਂ ਨਾਲ ਹਮਲਾ ਕਰ ਦਿੱਤਾ ਜਿਸ ਵਿਚ ਉਹ ਗੰਭੀਰ ਜ਼ਖ਼ਮੀ ਹੋ ਗਿਆ।

ਉਹਨਾਂ ਕਿਹਾ ਕਿ ਕੁਝ ਅਨਸਰ ਹਰਿਆਣਾ ਦਾ ਮਾਹੌਲ ਖਰਾਬ ਕਰਨਾ ਚਹੁੰਦੇ ਹਨ ਅਤੇ ਸੂਬੇ ਵਿਚ ਹਿੰਦੂ-ਸਿੱਖ ਭਾਈਚਾਰੇ ਦੀ ਸਾਂਝ ਖਤਮ ਕਰਨਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਅਸੀਂ ਮੁੱਖ ਮੰਤਰੀ ਤੇ ਡੀ ਜੀ ਪੀ ਨੂੰ ਵੀ ਲਿਖਤੀ ਬੇਨਤੀ ਕੀਤੀ ਹੈ ਕਿ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਸੂਬੇ ਵਿਚ ਅਜਿਹਾ ਮਾਹੌਲ ਬਣਾਇਆ ਜਾਵੇ ਕਿ ਕਿਤੇ ਹਿੰਦੂ-ਸਿੱਖ ਟਕਰਾਅ ਸ਼ੁਰੂ ਨਾ ਹੋ ਜਾਵੇ।

ਉਹਨਾਂ ਨੇ ਸਿੰਖ ਨੌਜਵਾਨ ਸੁਖਵਿੰਦਰ ਸਿੰਘ ਨੂੰ ਵੀ ਅਪੀਲ ਕੀਤੀ ਕਿ ਜੇਕਰ ਤੁਹਾਡੀ ਸ਼ਿਕਾਇਤ ’ਤੇ ਕਾਰਵਾਈ ਨਹੀਂ ਹੁੰਦੀ ਤਾਂ ਤੁਸੀਂ ਦਿੱਲੀ ਗੁਰਦੁਆਰਾ ਕਮੇਟੀ ਨਾਲ ਸੰਪਰਕ ਕਰੋ, ਕਮੇਟੀ ਤੁਹਾਡੇ ਨਾਲ ਡੱਟ ਕੇ ਖੜ੍ਹੀ ਹੋਵੇਗੀ ਅਤੇ ਦੋਸ਼ੀਆਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਯਕੀਨੀ ਬਣਾਵੇਗੀ।