ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਅੰਦਰ ਨਹੀਂ ਜਾ ਸਕਣਗੇ ਗੈਰ-ਸਿੱਖ ਲੋਕ

ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਅੰਦਰ ਨਹੀਂ ਜਾ ਸਕਣਗੇ ਗੈਰ-ਸਿੱਖ ਲੋਕ

ਕਰਤਾਰਪੁਰ ਸਾਹਿਬ: ਪਾਕਿਸਤਾਨ ਸਰਕਾਰ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਵਿੱਚ ਮਨਾਏ ਜਾ ਰਹੇ ਗੁਰੂ ਗੋਬਿੰਦ ਸਿੰਘ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਗੈਰ-ਸਿੱਖ ਭਾਈਚਾਰਿਆਂ ਦੇ ਲੋਕਾਂ 'ਤੇ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਜਾਣ 'ਤੇ ਰੋਕ ਲਾ ਦਿੱਤੀ ਗਈ ਹੈ। ਇਸ ਦੀ ਵਜ੍ਹਾ ਸੁਰੱਖਿਆ ਕਾਰਨਾਂ ਨੂੰ ਦੱਸਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਪਾਤਸ਼ਾਹ ਦਾ ਪ੍ਰਕਾਸ਼ ਪੁਰਬ 3 ਤੋਂ 5 ਜਨਵਰੀ ਤੱਕ ਮਨਾਇਆ ਜਾ ਰਿਹਾ ਹੈ।  

ਪਾਕਿਸਤਾਨ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਚੇਅਰਮੈਨ ਡਾ. ਆਮਿਰ ਅਹਿਮਦ ਨੇ ਦੱਸਿਆ ਕਿ ਨਾਨਕਸ਼ਾਹੀ ਕੈਲੰਡਰ ਮੁਤਾਬਿਕ 3 ਜਨਵਰੀ ਨੂੰ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਵੇਗੀ ਅਤੇ 5 ਜਨਵਰੀ ਨੂੰ ਭੋਗ ਉਪਰੰਤ ਗੁਰਦੁਆਰਾ ਸਾਹਿਬ 'ਚ ਪੰਜ ਪਿਆਰਿਆਂ ਦੀ ਅਗਵਾਈ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। 

ਡਾ. ਅਹਿਮਦ ਅਨੁਸਾਰ ਪ੍ਰਕਾਸ਼ ਪੁਰਬ ਸਮਾਗਮ ਦੇ ਚਲਦਿਆਂ 3 ਤੋਂ 5 ਜਨਵਰੀ ਤੱਕ ਪਾਕਿਸਤਾਨੀ ਗੈਰ-ਸਿੱਖਾਂ ਨੂੰ ਗੁਰਦੁਆਰਾ ਸਾਹਿਬ 'ਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ, ਜਦਕਿ ਪਾਕਿਸਤਾਨ ਦੇ ਵੱਖ-ਵੱਖ ਸ਼ਹਿਰਾਂ 'ਚ ਰਹਿੰਦੇ ਲਗਪਗ 2000 ਸਿੱਖ ਪ੍ਰਕਾਸ਼ ਪੁਰਬ ਸਮਾਗਮਾਂ 'ਚ ਸ਼ਾਮਿਲ ਹੋਣਗੇ। 

ਈ. ਟੀ. ਪੀ. ਬੀ. ਦੇ ਸਕੱਤਰ ਤਾਰਿਕ ਵਜ਼ੀਰ ਨੇ ਕਿਹਾ ਕਿ ਇਹ ਪਹਿਲਾ ਮੌਕਾ ਹੈ ਜਦੋਂ ਗੁਰਦੁਆਰਾ ਕਰਤਾਰਪੁਰ ਸਾਹਿਬ 'ਚ ਪਾਕਿ ਸਿੱਖ ਭਾਈਚਾਰੇ ਵਲੋਂ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਪੀ. ਐਸ. ਜੀ. ਪੀ. ਸੀ. ਦੇ ਪ੍ਰਧਾਨ ਸਤਵੰਤ ਸਿੰਘ ਤੇ ਪੰਜਾਬੀ ਸਿੱਖ ਸੰਗਤ ਦੇ ਚੇਅਰਮੈਨ ਗੋਪਾਲ ਸਿੰਘ ਚਾਵਲਾ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਸਮੇਤ ਹੋਰਨਾਂ ਇਮਾਰਤਾਂ ਨੂੰ ਰੰਗ-ਬਰੰਗੀਆਂ ਲਾਈਟਾਂ ਤੇ ਮਹਿਕਦੇ ਫੁੱਲਾਂ ਨਾਲ ਸਜਾਇਆ ਜਾਵੇਗਾ। 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।