26 ਜਨਵਰੀ ਤਕ ਪਹੁੰਚਦਾ ਦਿਖ ਰਿਹਾ ਕਿਸਾਨ ਸੰਘਰਸ਼

26 ਜਨਵਰੀ ਤਕ ਪਹੁੰਚਦਾ ਦਿਖ ਰਿਹਾ ਕਿਸਾਨ ਸੰਘਰਸ਼

ਅੰਮ੍ਰਿਤਸਰ ਟਾਈਮਜ਼ ਬਿਊਰੋ
ਸੋਮਵਾਰ ਨੂੰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦਰਮਿਆਨ ਹੋਈ ਬੈਠਕ ਦੇ ਬੇਸਿੱਟਾ ਰਹਿਣ ਮਗਰੋਂ ਹੁਣ ਸੰਘਰਸ਼ 26 ਜਨਵਰੀ ਤਕ ਪਹੁੰਚਦਾ ਨਜ਼ਰ ਆ ਰਿਹਾ ਹੈ। ਕਿਸਾਨ ਜਥੇਬੰਦੀਆਂ ਨੇ ਵੀ 26 ਜਨਵਰੀ ਤਕ ਦੇ ਪ੍ਰੋਗਰਾਮਾਂ ਦਾ ਐਲਾਨ ਕਰ ਦਿੱਤਾ ਹੈ। 26 ਜਨਵਰੀ ਨੂੰ ਦਿੱਲੀ ਵਿਚ ਟ੍ਰੈਕਟਰ ਪਰੇਡ ਕਰਨ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਨੇ ਇਕ ਵਾਰ ਫੇਰ ਉਹੀ ਲਕੀਰ ਕੁੱਟੀ ਹੈ ਕਿ ਉਹ ਕਿਸਾਨ ਕਾਨੂੰਨਾਂ ਨੂੰ ਰੱਦ ਨਹੀਂ ਕਰੇਗੀ। ਜਥੇਬੰਦੀਆਂ ਨੇ ਸਪਸ਼ਟ ਕਿਹਾ ਹੈ ਕਿ ਕਿਸਾਨ ਕਾਨੂੰਨ ਰੱਦ ਕਰਨ ਤੋਂ ਬਿਨ੍ਹਾਂ ਉਹ ਕਿਸੇ ਹੋਰ ਪਹਿਲੂ 'ਤੇ ਸਰਕਾਰ ਨਾਲ ਵਿਚਾਰ ਨਹੀਂ ਕਰਨਗੇ। ਸੋਮਵਾਰ ਦੀ ਬੈਠਕ ਬੇਸਿੱਟਾ ਰਹਿਣ ਮਗਰੋਂ ਹੁਣ 8 ਜਨਵਰੀ ਨੂੰ ਅਗਲੀ ਬੈਠਕ ਰੱਖੀ ਗਈ ਹੈ। 

ਸੋਮਵਾਰ ਦੀ ਬੈਠਕ ਵਿਚ ਸਰਕਾਰ ਵੱਲੋਂ ਕੇਂਦਰੀ ਮੰਤਰੀਆਂ ਨਰੇਂਦਰ ਸਿੰਘ ਤੋਮਰ, ਪਿਊਸ਼ ਗੋਇਲ ਤੇ ਸੋਮ ਪ੍ਰਕਾਸ਼ ਨੇ ਭਾਗ ਲਿਆ। ਵਿਗਿਆਨ ਭਵਨ ’ਚ ਵਾਰਤਾ ਸ਼ੁਰੂ ਹੋਣ ਤੋਂ ਪਹਿਲਾਂ ਅੰਦੋਲਨ ’ਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ ਦਿੰਦਿਆਂ ਦੋ ਮਿੰਟ ਦਾ ਮੌਨ ਧਾਰਿਆ ਗਿਆ। ਸਰਕਾਰੀ ਬਿਆਨ ’ਚ ਕਿਹਾ ਗਿਆ ਕਿ ਮੰਤਰੀਆਂ ਨੇ ਵੀ ਕਿਸਾਨਾਂ ਦੀ ਮੌਤ ’ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਬੈਠਕ ਦੇ ਸ਼ੁਰੂ ’ਚ ਕਿਸਾਨ ਆਗੂਆਂ ਨੂੰ ਨਵੇਂ ਵਰ੍ਹੇ ਦੀਆਂ ਵਧਾਈਆਂ ਵੀ ਦਿੱਤੀਆਂ।

ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਮਸਲੇ ਦਾ ਹੱਲ ਕਰਨ ਦੀ ਬਜਾਏ ਕਿਸਾਨਾਂ ਨੂੰ ਥਕਾਉਣ ਦੀ ਨੀਤੀ ਵਰਤ ਰਹੀ ਹੈ। ਉਹਨਾਂ ਕਿਸਾਨਾਂ ਨੂੰ ਸਬਰ ਨਾਲ ਸੰਘਰਸ਼ ’ਤੇ ਟੇਕ ਰੱਖਣ ਦਾ ਸੱਦਾ ਦਿੱਤਾ ਹੈ।

ਕਿਸਾਨ ਆਗੂਆਂ ਨੇ ਦੱਸਿਆ ਕਿ ਕੇਂਦਰੀ ਖੇਤੀ ਮੰਤਰੀ ਨਰੇਂਦਰ ਤੋਮਰ ਨੇ ਬੈਠਕ ਵਿਚ ਕਿਹਾ ਕਿ ਜੇਕਰ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਿਨਾਂ ਕਿਸੇ ਗੱਲ ’ਤੇ ਸਹਿਮਤ ਨਹੀਂ ਹੁੰਦੇ ਹਨ ਤਾਂ ਸਰਕਾਰ ਨੂੰ ਹੋਰ ਸੋਚ ਲੈਣ ਦਿਓ ਤੇ ਅਗਲੀ ਮੀਟਿੰਗ 8 ਜਨਵਰੀ ਨੂੰ 2 ਵਜੇ ਮੁੜ ਹੋਵੇਗੀ। ਉਸੇ ਬੈਠਕ ਵਿੱਚ ਫ਼ਸਲਾਂ ਦੀ ਖ਼ਰੀਦ ਗਾਰੰਟੀ ਦੇ ਕਾਨੂੰਨ ਬਾਰੇ ਵੀ ਗੱਲਬਾਤ ਹੋਵੇਗੀ। ਮੀਟਿੰਗ ਦੇ ਅਖ਼ੀਰ ’ਚ ਕਿਸਾਨ ਆਗੂਆਂ ਨੇ ਕੇਂਦਰੀ ਮੰਤਰੀਆਂ ਨੂੰ ਆਪਣੇ ਹੱਥ ਖੜ੍ਹੇ ਕਰਕੇ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਤੋਂ ਬਿਨ੍ਹਾਂ ਕਿਸੇ ਹੋਰ ਗੱਲ ’ਤੇ ਮੰਨਣ ਤੋਂ ਇਨਕਾਰ ਕਰ ਦਿੱਤਾ। ਵਾਰਤਾ ਦੇ ਕਈ ਦੌਰ ਚੱਲੇ। ਪਹਿਲਾਂ ਤਿੰਨੋਂ ਮੰਤਰੀਆਂ ਨੇ ਕੇਂਦਰੀ ਅਧਿਕਾਰੀਆਂ ਨਾਲ ਬੈਠਕ ਕੀਤੀ ਜਿਸ ਕਰਕੇ ਕਿਸਾਨਾਂ ਨਾਲ ਮੀਟਿੰਗ 35 ਮਿੰਟ ਦੇਰੀ ਨਾਲ ਸ਼ੁਰੂ ਹੋਈ। ਕਿਸਾਨ ਆਗੂਆਂ ਨੇ ਦੱਸਿਆ ਕਿ ਮੰਤਰੀ ਬੈਠਕ ਵਿੱਚੋਂ ਉੱਠ ਕੇ ਬਾਹਰ ਆਉਂਦੇ-ਜਾਂਦੇ ਰਹੇ।

ਸੰਯੁਕਤ ਕਿਸਾਨ ਮੋਰਚੇ ਦੇ  ਆਗੂਆਂ ਨੇ ਕੇਂਦਰੀ ਮੰਤਰੀਆਂ ਕੋਲ ਹਰਿਆਣਾ ਪੁਲੀਸ ਵੱਲੋਂ ਜੈਪੁਰ-ਦਿੱਲੀ ਮਾਰਗ ’ਤੇ ਅੰਦੋਲਨਕਾਰੀ ਕਿਸਾਨਾਂ ਨਾਲ ਕੀਤੇ ਗਏ ਸਲੂਕ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਕੇਂਦਰ ਇਸ ਬਾਰੇ ਸਖ਼ਤ ਰੁਖ਼ ਅਪਨਾਏ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਬੈਠਕਾਂ ਨਾਲ ਕੁਝ ਨਹੀਂ ਹੋਣ ਵਾਲਾ ਹੈ। ਉਨ੍ਹਾਂ 26 ਜਨਵਰੀ ਦੇ ਟਰੈਕਟਰ ਮਾਰਚ ਲਈ ਕਿਸਾਨ ਨੂੰ ਤਿਆਰੀ ਕਰਨ ਲਈ ਕਿਹਾ ਹੈ। 

ਇਸ ਬੈਠਕ ਵਿਚ ਵੀ ਕਿਸਾਨ ਆਗੂ ਆਪਣਾ ਲੰਗਰ ਲੈ ਕੇ ਗਏ ਸਨ। ਹਲਾਂਕਿ ਇਸ ਵਾਰ ਕੇਂਦਰੀ ਮੰਤਰੀਆਂ ਨੇ ਪਿਛਲੀ ਵਾਰ ਵਾਂਗ ਕਿਸਾਨ ਆਗੂਆਂ ਨਾਲ ਲੰਗਰ ਨਹੀਂ ਛਕਿਆ।