ਪੰਜਾਬ ਵਿੱਚ ਕਿਸਾਨ ਖੁਦਕੁਸ਼ੀਆਂ ਦੀ ਹਨੇਰੀ; ਤਿੰਨ ਮਹੀਨਿਆਂ 'ਚ 150 ਕਿਸਾਨਾਂ ਨੇ ਚੁਣੀ ਮੌਤ

ਪੰਜਾਬ ਵਿੱਚ ਕਿਸਾਨ ਖੁਦਕੁਸ਼ੀਆਂ ਦੀ ਹਨੇਰੀ; ਤਿੰਨ ਮਹੀਨਿਆਂ 'ਚ 150 ਕਿਸਾਨਾਂ ਨੇ ਚੁਣੀ ਮੌਤ

ਚੰਡੀਗੜ੍ਹ: ਪੰਜਾਬ ਦੀ ਤਾਕਤ ਰਹੀ ਇੱਥੋਂ ਦੀ ਜਵਾਨੀ ਅਤੇ ਕਿਸਾਨੀ ਅੱਜ ਦਮ ਤੋੜ ਰਹੀ ਹੈ। ਜਿੱਥੇ ਪੰਜਾਬ ਦੇ ਨੌਜਵਾਨ ਨਸ਼ਿਆਂ ਦੀ ਜੰਗ ਵਿੱਚ ਹਾਰ ਰਹੇ ਹਨ ਉੱਥੇ ਭਾਰਤੀ ਨੀਤੀਆਂ ਦੀ ਝੰਬੀ ਪੰਜਾਬ ਦੀ ਕਿਸਾਨੀ ਲਗਾਤਾਰ ਫਾਹੇ ਲੈ ਰਹੀ ਹੈ। ਪੰਜਾਬ ਵਿੱਚ ਕਿਸਾਨ ਖੁਦਕੁਸ਼ੀਆਂ ਦੇ ਅੰਕੜੇ ਲਗਾਤਾਰ ਵੱਧ ਰਹੇ ਹਨ। ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਦਾਅਵਾ ਕੀਤਾ ਹੈ ਕਿ ਪਿਛਲੇ ਤਿੰਨ ਮਹੀਨਿਆਂ ਦੇ ਵਕਫੇ 'ਚ ਪੰਝਾਬ ਦੇ 150 ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ। 

ਭਾਰਤੀ ਕਿਸਾਨ ਯੂਨੀਅਨ ਵੱਲੋਂ ਜਾਰੀ ਕੀਤੀ ਜਾਂਚ ਰਿਪੋਰਟ ਮੁਤਾਬਿਕ ਪਿਛਲੇ ਤਿੰਨ ਮਹੀਨਿਆਂ ਵਿੱਚ ਕਿਸਾਨ ਖੁਦਕੁਸ਼ੀਆਂ 'ਚ ਵੱਡਾ ਵਾਧਾ ਹੋਇਆ ਹੈ। ਇਸ ਰਿਪੋਰਟ ਮੁਤਾਬਿਕ ਪੰਜਾਬ ਅੰਦਰ ਹਰ ਮਹੀਨੇ 50 ਕਿਸਾਨ ਖੁਦਕੁਸ਼ੀ ਕਰ ਰਹੇ ਹਨ। 

ਇਹ ਰਿਪੋਰਟ ਪੰਜ ਅਖਬਾਰਾਂ ਵਿੱਚ ਛਪੀਆਂ ਖਬਰਾਂ ਦੇ ਅਧਾਰ 'ਤੇ ਤਿਆਰ ਕੀਤੀ ਹਈ ਹੈ। ਇਸ ਰਿਪੋਰਟ ਮੁਤਾਬਿਕ ਅਪ੍ਰੈਲ ਮਹੀਨੇ 'ਚ 42 ਕਿਸਾਨਾਂ ਨੇ ਖੁਦਕੁਸ਼ੀਆਂ ਕੀਤੀਆਂ, ਮਈ ਵਿੱਚ 50, ਜੂਨ ਵਿੱਚ 50 ਅਤੇ ਜੁਲਾਈ ਵਿੱਚ 28 ਤਰੀਕ ਤੱਕ 47 ਕਿਸਾਨਾਂ ਨੇ ਖੁਦਕੁਸ਼ੀਆਂ ਕੀਤੀਆਂ ਹਨ। 

ਰਿਪੋਰਟ ਮੁਤਾਬਿਕ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ ਮਗਰੋਂ ਹੁਣ ਤੱਕ 1200 ਕਿਸਾਨ ਖੁਦਕੁਸ਼ੀ ਕਰ ਚੁੱਕੇ ਹਨ। ਭਾਰਤੀ ਕਿਸਾਨ ਯੂਨੀਅਨ ਨੇ ਕਿਹਾ ਕਿ ਇਹ ਅੰਕੜੇ ਸਾਬਿਤ ਕਰਦੇ ਹਨ ਕਿ ਸਰਕਾਰ ਕਿਸਾਨ ਖੁਦਕੁਸ਼ੀਆਂ ਰੋਕਣ ਵਿੱਚ ਨਾਕਾਮ ਹੀ ਨਹੀਂ ਰਹੀ ਬਲਕਿ ਕਿਸਾਨ ਮੁਸ਼ਕਿਲਾਂ ਦਾ ਹੱਲ ਕਰਨ ਵਿੱਚ ਪੂਰੀ ਤਰ੍ਹਾਂ ਫੇਲ ਹੋਈ ਹੈ। 

ਜਥੇਬੰਦੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਕਿਸਾਨਾਂ ਨਾਲ ਵੱਡੇ ਵਾਅਦੇ ਕੀਤੇ ਸਨ ਤੇ ਕਿਸਾਨ ਸਮੱਸਿਆ ਨੂੰ ਹੱਲ ਕਰਨ ਦਾ ਵਾਅਦਾ ਕੀਤਾ ਸੀ ਜਿਸ ਕਾਰਨ ਉਹ ਸੱਤਾ 'ਤੇ ਕਾਬਜ਼ ਹੋਏ ਸਨ। ਪਰ ਕਿਸਾਨ ਮੁਸ਼ਕਿਲਾਂ ਦਾ ਕੋਈ ਹੱਲ ਨਹੀਂ ਹੋਇਆ ਤੇ ਕਿਸਾਨ ਖੁਦਕੁਸ਼ੀਆਂ ਲਗਾਤਾਰ ਵੱਧ ਰਹੀਆਂ ਹਨ। 

ਭਾਰਤੀ ਕਿਸਾਨ ਯੂਨੀਅਨ ਨੇ ਕਿਹਾ ਕਿ ਕਰਜ਼ਾ ਮੁਆਫੀ ਕਿਸਾਨ ਸਮੱਸਿਆ ਦਾ ਸਦੀਵੀ ਹੱਲ ਨਹੀਂ ਹੈ। ਉਹਨਾਂ ਮੰਗ ਕੀਤੀ ਕਿ ਕਿਸਾਨ ਸਮੱਸਿਆ ਦੇ ਪੱਕੇ ਹੱਲ ਲਈ ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ ਹੋਰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣੇ ਚਾਹੀਦੇ ਹਨ ਤੇ ਉਹਨਾਂ ਦੀ ਆਮਦਨ ਵਧਾਉਣ ਲਈ ਨੀਤੀ ਬਣਾਉਣੀ ਚਾਹੀਦੀ ਹੈ। 

ਦੱਸ ਦਈਏ ਕਿ ਪੰਜਾਬ ਦੀਆਂ ਤਿੰਨ ਯੂਨੀਵਰਸਿਟੀਆਂ (ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਪੰਜਾਬੀ ਯੂਨੀਵਰਸਿਟੀ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ) ਵੱਲੋਂ ਤਿਆਰ ਕੀਤੀ ਰਿਪੋਰਟ ਮੁਤਾਬਿਕ 2007-17 ਦੇ ਦਹਾਕੇ ਦੌਰਾਨ ਪੰਜਾਬ ਅੰਦਰ 10,000 ਤੋਂ ਵੱਧ ਕਿਸਾਨਾਂ ਨੇ ਖੁਦਕੁਸ਼ੀਆਂ ਕੀਤੀਆਂ ਸੀ। 

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ