ਕਿਸਾਨਾਂ ਨੇ ਭਾਰਤ ਸਰਕਾਰ ਨੂੰ ਮੁਲਾਕਾਤ ਦਾ ਸਮਾਂ ਦਿੰਦਿਆਂ ਨਵਾਂ ਹਾਈਵੇ ਜਾਮ ਕਰਨ ਦਾ ਐਲਾਨ ਕੀਤਾ

ਕਿਸਾਨਾਂ ਨੇ ਭਾਰਤ ਸਰਕਾਰ ਨੂੰ ਮੁਲਾਕਾਤ ਦਾ ਸਮਾਂ ਦਿੰਦਿਆਂ ਨਵਾਂ ਹਾਈਵੇ ਜਾਮ ਕਰਨ ਦਾ ਐਲਾਨ ਕੀਤਾ

ਅੰਮ੍ਰਿਤਸਰ ਟਾਈਮਜ਼ ਬਿਊਰੋ

ਦਿੱਲੀ ਦੀਆਂ ਹੱਦਾਂ 'ਤੇ ਸੜਕਾਂ ਉੱਤੇ ਬੈਠੇ ਕਿਸਾਨਾਂ ਦੀ ਨੁਮਾਂਇੰਦਗੀ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਭਾਰਤ ਸਰਕਾਰ ਨੂੰ ਗੱਲਬਾਤ ਦਾ ਦੌਰ ਮੁੜ ਸ਼ੁਰੂ ਕਰਨ ਲਈ 29 ਦਸੰਬਰ ਦਾ ਸਮਾਂ ਦਿੱਤਾ ਹੈ। ਕਿਸਾਨਾਂ ਨੇ ਸਰਕਾਰ ਨੂੰ ਕਿਹਾ ਹੈ ਕਿ ਉਹ 29 ਦਸੰਬਰ ਨੂੰ ਸਵੇਰੇ 11 ਵਜੇ ਬੈਠਕ ਕਰਨ ਲਈ ਤਿਆਰ ਹਨ। ਜ਼ਿਕਰਯੋਗ ਹੈ ਕਿ ਪਿਛਲੀਆਂ ਬੈਠਕਾਂ ਦੌਰਾਨ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦਰਮਿਆਨ ਗੱਲਬਾਤ ਇਸ ਗੱਲ 'ਤੇ ਟੁੱਟ ਗਈ ਸੀ ਕਿ ਜਥੇਬੰਦੀਆਂ ਕਾਨੂੰਨ ਰੱਦ ਕਰਨ ਦੀ ਮੰਗ ਕਰ ਰਹੀਆਂ ਹਨ ਜਦਕਿ ਲੰਬੇ ਸੰਘਰਸ਼ ਤੋਂ ਬਾਅਦ ਸਰਕਾਰ ਸਿਰਫ ਸੋਧਾਂ ਕਰਨ ਤਕ ਝੁਕੀ ਹੈ। 

ਕਿਸਾਨ ਜਥੇਬੰਦੀਆਂ ਨੇ 29 ਵਾਲੀ ਬੈਠਕ ਬੇਸਿੱਟਾ ਰਹਿਣ ਦੀ ਸੂਰਤ ਵਿਚ ਸੰਘਰਸ਼ ਨੂੰ ਤਿੱਖਾ ਕਰਨ ਲਈ 30 ਦਸੰਬਰ ਨੂੰ ਕੁੰਡਲੀ-ਮਾਨੇਸਰ-ਪਲਵਲ ਐੱਕਸਪ੍ਰੈੱਸਵੇਅ ’ਤੇ ਟਰੈਕਟਰ ਮਾਰਚ ਦਾ ਸੱਦਾ ਦਿੱਤਾ ਹੈ। ਕਿਸਾਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਵੇਂ ਸਾਲ ਦਾ ਜਸ਼ਨ ਧਰਨਿਆਂ ’ਚ ਆ ਕੇ ਮਨਾਉਣ। 

ਸੰਯੁਕਤ ਕਿਸਾਨ ਮੋਰਚੇ ਵੱਲੋਂ ਖੇਤੀ ਅਤੇ ਕਿਸਾਨ ਕਲਿਆਣ ਮੰਤਰਾਲੇ ਦੇ ਸੰਯੁਕਤ ਸਕੱਤਰ ਵਿਵੇਕ ਅਰਗਵਾਲ ਨੂੰ ਭੇਜੇ ਗਏ ਪੱਤਰ ਬਾਰੇ ਸਵਰਾਜ ਅਭਿਆਨ ਦੇ ਮੁਖੀ ਯੋਗੇਂਦਰ ਯਾਦਵ ਨੇ ਦੱਸਿਆ ਕਿ ਗੱਲਬਾਤ ਦਾ ਏਜੰਡਾ ਅਤੇ ਤਰਤੀਬ ਕਿਸਾਨਾਂ ਅਨੁਸਾਰ ਹੋਵੇ। ਉਨ੍ਹਾਂ ਕਿਹਾ ਕਿ ਤਿੰਨ ਖੇਤੀ ਕਾਨੂੰਨ ਰੱਦ ਕਰਨ ਸਬੰਧੀ ਅਪਣਾਈ ਜਾਣ ਵਾਲੀ ਪ੍ਰਕਿਰਿਆ, ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਮਨਜ਼ੂਰੀ ਦੇਣ ਦੀ ਪ੍ਰਕਿਰਿਆ, ਦਿੱਲੀ/ਐੱਨਸੀਆਰ ਵਿੱਚ ਪ੍ਰਦੂਸ਼ਣ ਨੂੰ ਲੈ ਕੇ ਪਰਾਲੀ ਬਾਰੇ ਕਾਨੂੰਨ ਵਿੱਚੋਂ ਜੁਰਮਾਨੇ ਆਦਿ ’ਚੋਂ ਕਿਸਾਨਾਂ ਨੂੰ ਬਾਹਰ ਕਰਨ ਅਤੇ ਬਿਜਲੀ ਬਿੱਲ-2020 ਦੇ ਖਰੜੇ ਵਿੱਚ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਤਬਦੀਲੀ ਬਾਰੇ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਦੁਹਰਾਇਆ, ‘‘ਕਿਸਾਨ ਸੰਗਠਨ ਖੁੱਲ੍ਹੇ ਮਨ ਨਾਲ ਗੱਲਬਾਤ ਲਈ ਹਮੇਸ਼ਾ ਤਿਆਰ ਹਨ ਅਤੇ ਅੱਗੇ ਵੀ ਰਹਿਣਗੇ।’’

ਜਥੇਬੰਦੀਆਂ ਨੇ ਐਲਾਨ ਕੀਤਾ ਕਿ 27 ਅਤੇ 28 ਦਸੰਬਰ ਨੂੰ ਦਿੱਲੀ ਦੇ ਪੰਜ ਮੁੱਖ ਮਾਰਗਾਂ ’ਤੇ ਚੱਲ ਰਹੇ ਧਰਨਿਆਂ ’ਚ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਪੁਰਬ ਮਨਾਇਆ ਜਾਵੇਗਾ। ਪੰਜਾਬ ਵਾਂਗ ਹੁਣ ਹਰਿਆਣਾ ਦੇ ਟੌਲ ਪਲਾਜ਼ੇ ਵੀ ਪੱਕੇ ਤੌਰ ’ਤੇ ਪਰਚੀ ਤੋਂ ਮੁਕਤ ਕਰਨ ਦਾ ਫੈਂਸਲਾ ਕੀਤਾ ਗਿਆ ਹੈ।