ਸਰਕਾਰ ਕੇਸਾਂ ਨਾਲ ਡਰਾਉਣ ਲੱਗੀ ਸੰਘਰਸ਼ਸ਼ੀਲ ਕਿਸਾਨਾਂ ਨੂੰ

ਸਰਕਾਰ ਕੇਸਾਂ ਨਾਲ ਡਰਾਉਣ ਲੱਗੀ ਸੰਘਰਸ਼ਸ਼ੀਲ ਕਿਸਾਨਾਂ ਨੂੰ

ਅੰਮ੍ਰਿਤਸਰ ਟਾਈਮਜ਼ ਬਿਊਰੋ
26 ਜਨਵਰੀ ਨੂੰ ਦਿੱਲੀ ਵਿਚ ਹੋਏ ਜੋਸ਼ ਭਰਪੂਰ ਕਿਸਾਨ ਮਾਰਚ ਮਗਰੋਂ ਹੁਣ ਸਰਕਾਰ ਨੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਮਾਰਚ ਦੌਰਾਨ ਵਾਪਰੀ ਹਲਕੀ ਹਿੰਸਾ ਦੇ ਅਧਾਰ 'ਤੇ ਮਾਮਲਿਆਂ ਵਿਚ ਘੜੀਸਣਾ ਸ਼ੁਰੂ ਕਰ ਦਿੱਤਾ ਹੈ। ਦਿੱਲੀ ਪੁਲਸ ਨੇ 26 ਜਨਵਰੀ ਦੀਆਂ ਘਟਨਾਵਾਂ ਸਬੰਧੀ ਦਰਜ ਐਫਆਈਆਰਾਂ ਵਿਚ 37 ਕਿਸਾਨ ਆਗੂਆਂ ਨੂੰ ਨਾਮਜ਼ਦ ਕੀਤਾ ਸੀ ਤੇ ਬੀਤੇ ਕੱਲ੍ਹ 44 ਆਗੂਆਂ ਖਿਲਾਫ ਲੁਕਆਊਟ ਨੋਟਿਸ ਵੀ ਜਾਰੀ ਕਰ ਦਿੱਤੇ ਹਨ। ਇਹ ਨੋਟਿਸ ਉਹਨਾਂ ਲੋਕਾਂ ਨੂੰ ਜਾਰੀ ਕੀਤੇ ਜਾਂਦੇ ਹਨ ਜਿਹਨਾਂ ਬਾਰੇ ਇਹ ਸ਼ੱਕ ਹੋਵੇ ਕਿ ਉਹ ਦੇਸ਼ ਛੱਡ ਕੇ ਜਾ ਸਕਦੇ ਹਨ।

ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਜਾਰੀ ਕੀਤੇ ਲੁੱਕਆਊਟ ਨੋਟਿਸਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੂਰਨ ਤੌਰ ’ਤੇ ਗਲਤ ਦੱਸਦੇ ਹੋਏ ਕਿਹਾ ਕਿ ਕਿਸਾਨਾਂ ਪ੍ਰਤੀ ਮੁਲਕ ਛੱਡ ਜਾਣ ਦੇ ਤੌਖ਼ਲੇ ਪ੍ਰਗਟ ਕਰਨੇ ਨਾ ਸਿਰਫ਼ ਤਰਕਹੀਣ ਹਨ ਸਗੋਂ ਨਿੰਦਣਯੋਗ ਵੀ ਹਨ। ਉਨ੍ਹਾਂ ਕਿਹਾ ਕਿ ਕਿਸਾਨ ਆਗੂ ਭੱਜ ਕੇ ਕਿੱਥੇ ਜਾਣਗੇ? ਉਨ੍ਹਾਂ ਕਿਹਾ ਕਿ ਬਹੁਤੇ ਕਿਸਾਨ ਘੱਟ ਜ਼ਮੀਨ ਵਾਲੇ ਛੋਟੀ ਕਿਸਾਨੀ ਨਾਲ ਜੁੜੇ ਹਨ ਨਾ ਕਿ ਵਿਜੈ ਮਾਲਿਆ, ਨੀਰਵ ਮੋਦੀ, ਲਲਿਤ ਮੋਦੀ ਜਾਂ ਮੇਹੁਲ ਚੋਕਸੀ ਵਰਗੇ ਵੱਡੇ ਕਾਰਪੋਰੇਟ ਭਗੌੜੇ ਹਨ, ਜੋ ਮੁਲਕ ਦਾ ਅਰਬਾਂ ਰੁਪਏ ਦਾ ਸਰਮਾਇਆ ਲੁੱਟਣ ਤੋਂ ਬਾਅਦ ਦੇਸ਼ ਵਿੱਚੋਂ ਭੱਜ ਗਏ ਸਨ। ਉਨ੍ਹਾਂ ਕਿਹਾ,‘ਤੁਸੀਂ ਵੱਡੀਆਂ ਮੱਛੀਆਂ ਨੂੰ ਹੱਥ ਪਾਉਣ ਵਿੱਚ ਤਾਂ ਨਾਕਾਮ ਰਹੇ ਪਰ ਹੁਣ ਆਪਣੀ ਹੋਂਦ ਦੀ ਲੜਾਈ ਲੜ ਰਹੇ ਕਿਸਾਨਾਂ ਨੂੰ ਨਿਸ਼ਾਨਾ ਬਣਾ ਰਹੇ ਹੋ।’

ਪ੍ਰਾਪਤ ਜਾਣਕਾਰੀ ਮੁਤਾਬਕ ਇਸ ਦੌਰਾਨ ਦਿੱਲੀ ਪੁਲੀਸ ਨੇ ਲਾਲ ਕਿਲੇ ਵਿੱਚ ਹੋਈ ਹਿੰਸਾ ਮਾਮਲੇ ਵਿੱਚ ਦੇਸ਼ਧ੍ਰੋਹ ਦਾ ਕੇਸ ਦਰਜ ਕਰ ਲਿਆ ਹੈ। ਸੀਨੀਅਰ ਪੁਲੀਸ ਅਫਸਰ ਨੇ ਕਿਹਾ ਕਿ ਆਈਪੀਸੀ ਦੀ ਧਾਰਾ 124ਏ (ਦੇਸ਼ਧ੍ਰੋਹ) ਤਹਿਤ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਆਰੰਭ ਦਿੱਤੀ ਹੈ। ਇਸ ਤੋਂ ਪਹਿਲਾਂ ਦਿੱਲੀ ਪੁਲੀਸ ਨੇ ਲਾਲ ਕਿਲੇ ’ਚ ਧਾਰਮਿਕ ਝੰਡਾ ਝੁਲਾਉਣ ਦੇ ਮਾਮਲੇ ਵਿੱਚ ਦਰਜ ਐੈੱਫਆਈਆਰ ਵਿੱਚ ਅਦਾਕਾਰ ਦੀਪ ਸਿੱਧੂ ਤੇ ਲੱਖਾ ਸਿਧਾਣਾ ਦਾ ਨਾਮ ਸ਼ਾਮਲ ਕਰ ਲਿਆ ਹੈ।  ਪੁਲੀਸ ਨੇ ਦਿੱਲੀ ਹਿੰਸਾ ਮਾਮਲੇ ’ਚ ਕੁੱਲ ਮਿਲਾ ਕੇ 33 ਐਫ਼ਆਈਆਰ ਦਰਜ ਕੀਤੀਆਂ ਹਨ।

ਦਿੱਲੀ ਦੇ ਪੁਲੀਸ ਕਮਿਸ਼ਨਰ ਐੱਸ.ਐੱਨ.ਸ੍ਰੀਵਾਸਤਵ ਨੇ ਕਿਹਾ ਕਿ ਇਰਾਦਾ ਕਤਲ, ਦੰਗਾ ਤੇ ਅਪਰਾਧਿਕ ਸਾਜ਼ਿਸ਼ ਦੀਆਂ ਧਾਰਾਵਾਂ ਤਹਿਤ ਦਰਜ ਕੇਸਾਂ ਵਿੱਚ ਰਾਕੇਸ਼ ਟਿਕੈਤ, ਯੋਗੇਂਦਰ ਯਾਦਵ, ਮੇਧਾ ਪਾਟੇਕਰ ਸਮੇਤ 37 ਕਿਸਾਨ ਆਗੂਆਂ ਦੇ ਨਾਮ ਸ਼ਾਮਲ ਹਨ। ਹੋਰਨਾਂ ਆਗੂਆਂ ਵਿੱਚ ਡਾ. ਦਰਸ਼ਨ ਪਾਲ, ਗੁਰਨਾਮ ਸਿੰਘ ਚੜੂਨੀ, ਕੁਲਵੰਤ ਸਿੰਘ ਸੰਧੂ, ਸਤਨਾਮ ਸਿੰਘ ਪੰਨੂ, ਜੋਗਿੰਦਰ ਸਿੰਘ ਉਗਰਾਹਾਂ, ਸੁਰਜੀਤ ਸਿੰਘ ਫੂਲ, ਜਗਜੀਤ ਸਿੰਘ ਡੱਲੇਵਾਲ, ਬਲਬੀਰ ਸਿੰਘ ਰਾਜੇਵਾਲ ਤੇ ਹਰਿੰਦਰ ਸਿੰਘ ਲੱਖੋਵਾਲ ਦੇ ਨਾਮ ਸ਼ਾਮਲ ਹਨ। 

ਇਸ ਦੌਰਾਨ ਦਿੱਲੀ ਪੁਲੀਸ ਨੇ ਸਵਰਾਜ ਇੰਡੀਆ ਦੇ ਆਗੂ ਯੋਗੇਂਦਰ ਯਾਦਵ ਤੇ ਬਲਬੀਰ ਸਿੰਘ ਰਾਜੇਵਾਲ ਸਮੇਤ 20 ਦੇ ਕਰੀਬ ਕਿਸਾਨ ਆਗੂਆਂ ਨੂੰ ਵੱਖਰੇ ਤੌਰ ’ਤੇ ਨੋਟਿਸ ਜਾਰੀ ਕੀਤੇ ਹਨ। ਕਿਸਾਨ ਆਗੂਆਂ ਨੂੰ ਇਨ੍ਹਾਂ ਕਾਨੂੰਨੀ ਨੋਟਿਸਾਂ ਦਾ ਜਵਾਬ ਦੇਣ ਲਈ ਤਿੰਨ ਦਿਨ ਦਾ ਸਮਾਂ ਦਿੱਤਾ ਗਿਆ ਹੈ। ਨੋਟਿਸਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਕਿਸਾਨ ਆਗੂਆਂ ਨੇ ਮੰਗਲਵਾਰ ਦੀ ਟਰੈਕਟਰ ਪਰੇਡ ਲਈ ਨਿਰਧਾਰਿਤ ਸ਼ਰਤਾਂ ਦੀ ਪਾਲਣਾ ਨਹੀਂ ਕੀਤੀ, ਲਿਹਾਜ਼ਾ ਉਹ ਜਵਾਬ ਦੇਣ ਕਿ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਿਉਂ ਨਾ ਕੀਤੀ ਜਾਵੇ। ਇਸ ਤੋਂ ਪਹਿਲਾਂ ਦਿੱਲੀ ਪੁਲੀਸ ਨੇ ਬੁੱਧਵਾਰ ਨੂੰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਡਾ.ਦਰਸ਼ਨ ਪਾਲ ਨੂੰ ਵੀ ਅਜਿਹਾ ਹੀ ਇਕ ਨੋਟਿਸ ਜਾਰੀ ਕੀਤਾ ਸੀ। ਗ੍ਰਹਿ ਮੰਤਰਾਲੇ ਦੇ ਇਕ ਅਧਿਕਾਰੀ ਨੇ ਕਿਹਾ ਕਿ ਐੱਫਆਈਆਰ ’ਚ ਨਾਮਜ਼ਦ ਕਿਸਾਨ ਆਗੂਆਂ ਨੂੰ ਲੁਕਆਊਟ ਨੋਟਿਸ ਤੇ ਕਾਨੂੰਨੀ ਨੋਟਿਸ ਜਾਰੀ ਕਰਨ ਦਾ ਫੈਸਲਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ’ਚ ਹੋਈ ਲੜੀਵਾਰ ਮੀਟਿੰਗਾਂ ਮਗਰੋਂ ਲਿਆ ਗਿਆ ਹੈ।