ਚੰਡੀਗੜ੍ਹ ਤੋਂ ਸੱਚਖੰਡ ਪਟਨਾ ਸਾਹਿਬ ਲਈ 5 ਮਾਰਚ ਤੋਂ ਹਵਾਈ ਉਡਾਣਾਂ ਸ਼ੁਰੂ: ਪ੍ਰੋ. ਚੰਦੂਮਾਜਰਾ

ਚੰਡੀਗੜ੍ਹ ਤੋਂ ਸੱਚਖੰਡ ਪਟਨਾ ਸਾਹਿਬ ਲਈ 5 ਮਾਰਚ ਤੋਂ ਹਵਾਈ ਉਡਾਣਾਂ ਸ਼ੁਰੂ: ਪ੍ਰੋ. ਚੰਦੂਮਾਜਰਾ

ਚੰਡੀਗੜ੍ਹ: ਸ਼ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਲੰਮੇ ਸਮੇਂ ਤੋਂ ਪੰਜਾਬ ਦੇ ਲੋਕਾਂ ਦੁਆਰਾ ਚੰਡੀਗੜ੍ਹ ਤੋਂ ਸੱਚਖੰਡ ਸ਼੍ਰੀ ਪਟਨਾ ਸਾਹਿਬ ਲਈ ਹਵਾਈ ਸਫ਼ਰ ਦੀ ਮੰਗ ਕੀਤੀ ਜਾ ਰਹੀ ਸੀ ਜੋ ਹੁਣ ਪੂਰੀ ਹੋ ਚੁੱਕੀ ਹੈ । ਉਨ੍ਹਾਂ ਦੱਸਿਆ ਕਿ ਅੱਜ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ 5 ਮਾਰਚ ਨੂੰ ਚੰਡੀਗੜ੍ਹ ਤੋਂ ਤਖਤ ਸ੍ਰੀ ਪਟਨਾ ਸਾਹਿਬ ਲਈ ਹਵਾਈ ਸਫ਼ਰ ਸ਼ੁਰੂ ਕਰਨ ਦਾ ਐਲਾਨ ਕੀਤਾ। 

ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਕਾਫ਼ੀ ਲੰਮੇ ਸਮੇਂ ਤੋਂ ਮੈਂਬਰ ਪਾਰਲੀਮੈਂਟ ਦੇ ਆਹੁਦੇ ‘ਤੇ ਹੁੰਦਿਆਂ ਸਿੱਖ ਧਰਮ ਦੇ ਪੰਜ ਤਖਤ ਸਾਹਿਬਾਨਾਂ ਨੂੰ ਹਵਾਈ ਸਫ਼ਰ ਨਾਲ ਜੋੜ੍ਹਨ ਦੀ ਮੰਗ ਵਾਰ-ਵਾਰ ਲੋਕ ਸਭਾ ਅੰਦਰ ਉਠਾਈ ਜਾਂਦੀ ਰਹੀ ਸੀ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਸਮੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਸ਼੍ਰੀ ਸੁਰੇਸ਼ ਪ੍ਰਭੂ ਨੇ ਇਹ ਮੰਗ ਪ੍ਰਵਾਨ ਕਰਦੇ ਹੋਏ ਚੰਡੀਗੜ੍ਹ ਤੋਂ ਸੱਚਖੰਡ ਸ੍ਰੀ ਨੰਦੇੜ ਸਾਹਿਬ ਲਈ ਹਵਾਈ ਸਫ਼ਰ ਸ਼ੁਰੂ ਕਰਨ ਦੀ ਮੰਗ ਪ੍ਰਵਾਨ ਕਰਦਿਆਂ ਉਠਾਣਾਂ ਚਾਲੂ ਕਰ ਦਿੱਤੀਆਂ ਗਈਆਂ ਸਨ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਜ਼ੋਰ ਪਾਉਣ ‘ਤੇ ਉਸ ਸਮੇਂ ਦੇ ਕੇਂਦਰੀ ਮੰਤਰੀ ਸ਼੍ਰੀ ਸੁਰੇਸ਼ ਪ੍ਰਭੂ ਵੱਲੋਂ ਦੋ ਮਹੀਨੇ ਦੇ ਅੰਦਰ-ਅੰਦਰ ਤਖਤ ਪਟਨਾ ਸਾਹਿਬ ਲਈ ਵੀ ਹਵਾਈ ਸਫ਼ਰ ਸ਼ੁਰੂ ਕਰਨ ਦੀ ਮੰਗ ਮਨਜ਼ੂਰ ਕਰ ਲਈ ਸੀ, ਪ੍ਰੰਤੂ ਕੁਝ ਕਾਰਨਾਂ ਕਰਕੇ ਇਹ ਮੰਗ ਪੂਰ ਨਹੀਂ ਚੜ੍ਹ ਸਕੀ ਸੀ, ਜੋ ਹੁਣ ਪੂਰੀ ਹੋ ਚੁੱਕੀ ਹੈ। ਇਸ ਸਮੇਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਜਿੱਥੇ ਇਸ ਹਵਾਈ ਸਫ਼ਰ ਦਾ ਲਾਭ ਪੰਜਾਬ ਦੇ ਲੋਕਾਂ ਨੂੰ ਹੌਵੇਗਾ ਉੱਥੇ ਹੀ ਗੁਆਂਢੀ ਸੂਬੇ ਹਿਮਾਚਲ, ਹਰਿਆਣਾ ਅਤੇ ਯੂ.ਟੀ. ਚੰਡੀਗੜ੍ਹ ਨੂੰ ਵੀ ਹੋਣਾ ਹੈ। 

ਪ੍ਰੋ. ਚੰਦੂਮਾਜਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਕੋਲ ਪੰਤਨਗਰ (ਉੱਤਰਾਖੰਡ) ਲਈ ਵੀ ਹਵਾਈ ਸਫ਼ਰ ਸ਼ੁਰੂ ਕਰਨ ਦੀ ਮੰਗ ਉਠਾਈ ਗਈ। ਚੰਦੂਮਾਜਰਾ ਨੇ ਕਿਹਾ ਕਿ ਉੱਤਰਖੰਡ ਵਿੱਚ ਵੱਡੀ ਗਿਣਤੀ ਵਿੱਚ ਪੰਜਾਬੀ ਭਾਈਚਾਰਾ ਵਸਦਾ ਹੈ, ਜਿਨ੍ਹਾਂ ਕੋਲ ਆਵਜਾਈ ਦੇ ਪ੍ਰਬੰਧਾਂ ਦੀ ਵੱਡੀ ਘਾਟ ਹੈ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਰੇਲ ਆਵਜਾਈ ਵੀ ਨਾ-ਮਾਤਰਾ ਹੋਣ ਕਰਕੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਰਕੇ ਇਸ ਖਿੱਤੇ ਵਿੱਚ ਰਹਿੰਦੇ ਪੰਜਾਬੀਆਂ ਲਈ ਹਵਾਈ ਸਫ਼ਰ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਵੱਲੋਂ ਵਿਸ਼ਵਾਸ ਦਿੱਤਾ ਗਿਆ ਕਿ ਇਹ ਹਵਾਈ ਸੇਵਾ ਵੀ ਜਲਦ ਸ਼ੁਰੂ ਕੀਤੀ ਜਾਵੇਗੀ। ਇਸ ਸਮੇਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ,ਮੀਤ ਪ੍ਰਧਾਨ ਕੁਲਵੰਤ ਸਿੰਘ ਬਾਠ,ਡੀ.ਐਸ.ਐਮ.ਸੀ ਜੁਆਇਟ ਸਕੱਤਰ ਹਰਵਿੰਦਰ ਸਿੰਘ ਕੇ.ਪੀ., ਰਣਜੀਤ ਸਿੰਘ ਤਲਵੰਡੀਰਾਮਾ , ਜਗਜੀਤ ਸਿੰਘ ਅਰੀ ਹਾਜ਼ਿਰ ਸਨ।