ਸਾਬਕਾ ਡੀਜੀਪੀ ਸੈਣੀ ਚੱਲੇਗਾ ਟਰਾਇਲ, ਅਗਲੀ ਸੁਣਵਾਈ 26 ਨਵੰਬਰ ਨੂੰ

ਸਾਬਕਾ ਡੀਜੀਪੀ ਸੈਣੀ ਚੱਲੇਗਾ ਟਰਾਇਲ, ਅਗਲੀ ਸੁਣਵਾਈ 26 ਨਵੰਬਰ ਨੂੰ

*500 ਪੰਨਿਆਂ ਦੀ ਚਾਰਜਸ਼ੀਟ ਵਿੱਚ 47 ਗਵਾਹ,ਦੋ ਦੋਸ਼ੀਆਂ ਦੀ ਹੋ ਚੁੱਕੀ ਹੈ ਮੌਤ 

 1991 ਵਿਚ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਅਤੇ ਉਸ ਦੀ ਲਾਸ਼ ਨੂੰ ਖੁਰਦ-ਬੁਰਦ ਕਰਨ ਦੇ ਮਾਮਲੇ ਵਿਚ ਮੁਹਾਲੀ ਦੀ ਇਕ ਅਦਾਲਤ ਵਲੋਂ ਕਰੀਬ 4 ਸਾਲਾਂ ਬਾਅਦ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਦੇ ਵਕੀਲ ਐੱਚ. ਐੱਸ. ਧਨੋਆ ਅਤੇ ਸਾਬਕਾ ਡੀ.ਐਸ.ਪੀ. ਕੇ.ਆਈ.ਪੀ. ਸਿੰਘ ਨੂੰ ਚਾਰਜਸ਼ੀਟ ਦੀ ਕਾਪੀ ਸੌਂਪ ਦਿੱਤੀ ਗਈ ਸੀ ।ਹੁਣ ਇਸ ਮਾਮਲੇ 'ਚ 26 ਨਵੰਬਰ ਨੂੰ ਗਵਾਹੀਆਂ ਸ਼ੁਰੂ ਹੋਣ ਦੀ ਸੰਭਾਵਨਾ ਹੈ ਹਾਲਾਂਕਿ ਸੈਣੀ ਇਸ ਦੌਰਾਨ ਪੇਸ਼ ਨਹੀਂ ਹੋਏ।

ਐੱਸਆਈਟੀ ਵੱਲੋਂ ਸੈਣੀ ਖ਼ਿਲਾਫ਼ ਆਈਪੀਸੀ ਦੀ ਧਾਰਾ 302, 364, 201, 344, 330, 219 ਅਤੇ 120 ਤਹਿਤ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ। ਚਾਰਜਸ਼ੀਟ 500 ਪੰਨਿਆਂ ਦੀ ਹੈ। ਇਸ ਵਿੱਚ ਕਰੀਬ 47 ਗਵਾਹ ਬਣਾਏ ਗਏ ਹਨ। ਇਸ ਦੇ ਨਾਲ ਹੀ ਪੁਲੀਸ ਨੇ ਇਸ ਕੇਸ ਵਿੱਚ ਸਾਬਕਾ ਸਬ-ਇੰਸਪੈਕਟਰ ਜਗੀਰ ਸਿੰਘ ਅਤੇ ਥਾਣਾ ਸਦਰ ਦੇ ਮੁਖੀ ਕੁਲਦੀਪ ਸਿੰਘ ਨੂੰ ਹਲਫ਼ਨਾਮਾ ਗਵਾਹ ਬਣਾਇਆ ਹੈ। ਜਦੋਂਕਿ ਸਾਬਕਾ ਸਬ-ਇੰਸਪੈਕਟਰ ਅਨੂਪ ਸਿੰਘ ਅਤੇ ਸਬ-ਇੰਸਪੈਕਟਰ ਹਰਸ਼ਯ ਸ਼ਰਮਾ ਜਾਂਚ ਤੋਂ ਬਾਅਦ ਬੇਕਸੂਰ ਪਾਏ ਗਏ ਹਨ।

ਇਸ ਮਾਮਲੇ ਵਿੱਚ ਨਾਮਜ਼ਦ ਸਾਬਕਾ ਡੀਐਸਪੀ ਬਲਦੇਵ ਸਿੰਘ ਸੈਣੀ ਅਤੇ ਇੰਸਪੈਕਟਰ ਸਤਵੀਰ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਹਾਲਾਂਕਿ, ਕੇਆਈਪੀ ਸਿੰਘ ਨੂੰ ਜਾਂਚ ਟੀਮ ਨੇ ਪਹਿਲਾਂ ਹੀ ਕੇਸ ਵਿੱਚ ਨਾਮਜ਼ਦ ਕੀਤਾ ਸੀ। ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਸਟੇਅ ਸੀ। ਦੂਜੇ ਪਾਸੇ ਅਦਾਲਤ ਵੱਲੋਂ ਦਿੱਤੀ ਗਈ ਛੋਟ ਕਾਰਨ ਸੁਮੇਧ ਸੈਣੀ ਅਦਾਲਤ ਵਿੱਚ ਪੇਸ਼ ਨਹੀਂ ਹੋਏ।

ਸਿਟ ਦੇ ਮੁਤਾਬਿਕ ਆਈਏਐਸ ਅਧਿਕਾਰੀ ਦਰਸ਼ਨ ਸਿੰਘ ਮੁਲਤਾਨੀ ਦੇ ਬੇਟੇ ਪਲਵਿੰਦਰ ਸਿੰਘ ਮੁਲਤਾਨੀ ਨੇ ਸ਼ਿਕਾਇਤ ਕੀਤੀ ਸੀ ਕਿ ਉਹਨਾਂ ਦੇ ਭਰਾ ਨੂੰ ਸਾਲ 1991 ਵਿੱਚ ਮੁਹਾਲੀ ਦੇ ਫੇਜ 7 ਤੋਂ ਲਿਜਾਇਆ ਗਿਆ। ਜਿਸ ਤੋਂ ਬਾਅਦ ਉਹਨਾਂ ਕੋਈ ਅਤਾ ਪਤਾ ਲੱਗਿਆ।ਮਾਮਲੇ ਵਿੱਚ ਨਵਾਂ ਮੋੜ ਸਾਲ 2015 ਵਿੱਚ ਆਇਆ ਜਦੋਂ ਇੱਕ ਸਾਬਕਾ ਪੁਲਿਸ ਅਧਿਕਾਰੀ ਗੁਰਮੀਤ ਸਿੰਘ ਪਿੰਕੀ ਨੇ ਆਊਟਲੁਕ ਮੈਗਜੀਨ ਨੂੰ ਦਿੱਤੇ ਇੰਟਰਵਿਊ ਵਿੱਚ ਕਈ ਅਹਿਮ ਖੁਲਾਸੇ ਕੀਤੇ। ਇਸ ਉਸ ਅਧਿਕਾਰੀ ਨੇ ਦੱਸਿਆ ਕਿ ਉਸ ਸਮੇਂ ਸੁਮੇਧ ਸੈਣੀ ਅਤੇ ਉਸਦੇ ਸਾਥੀਆਂ ਨੇ ਕਿਸ ਤਰ੍ਹਾਂ ਲੋਕਾਂ ਤੇ ਤਸੱਸਦ ਢਾਹਿਆ ਸੀ। ਇਸ ਵਿੱਚ ਉਨ੍ਹਾਂ ਨੇ ਕਈ ਘਟਨਾਵਾਂ ਦਾ ਜ਼ਿਕਰ ਕੀਤਾ।

ਇਥੇ ਜ਼ਿਕਰਯੋਗ ਹੈ ਕਿ ਬਲਵੰਤ ਸਿੰਘ ਮੁਲਤਾਨੀ ਤਤਕਾਲੀ ਆਈਏਐੱਸ ਅਧਿਕਾਰੀ ਦਰਸ਼ਨ ਸਿੰਘ ਮੁਲਤਾਨੀ ਦੇ ਪੁੱਤਰ ਸਨ।

ਬਲਵੰਤ ਸਿੰਘ ਚੰਡੀਗੜ੍ਹ ਇੰਡਸਟ੍ਰਿਅਲ ਐਂਡ ਟੂਰਿਜ਼ਮ ਡਿਵੈਲਪਮੈਂਟ ਕੌਰਪੋਰੇਸ਼ਨ (ਸਿਟਕੋ) ਵਿੱਚ ਕੰਮ ਕਰਦੇ ਸਨ। 31 ਦਸੰਬਰ, 1991 ਤੱਕ ਉਨ੍ਹਾਂ ਨੂੰ ਐਸ.ਡੀ.ਓ ਵਜੋਂ ਤਰੱਕੀ ਦਿੱਤੀ ਜਾਣੀ ਸੀ।ਉਨ੍ਹਾਂ ਦਾ ਅਜੇ ਵਿਆਹ ਨਹੀਂ ਹੋਇਆ ਸੀ ਅਤੇ ਅਗਵਾ ਕਾਂਡ ਵੇਲੇ ਉਹ 28 ਸਾਲਾਂ ਦੇ ਸਨ।ਬਲਵੰਤ ਸਿੰਘ ਮੁਲਤਾਨੀ ਦੇ ਭਰਾ ਪਲਵਿੰਦਰ ਸਿੰਘ ਮੁਲਤਾਨੀ ਵਲੋਂ ਕੀਤੀ ਗਈ ਸ਼ਿਕਾਇਤ ਅਨੁਸਾਰ, ਉਨ੍ਹਾਂ ਨੂੰ 11 ਦਸੰਬਰ 1991 ਨੂੰ ਤੜਕੇ 4 ਵਜੇ ਦੇ ਕਰੀਬ ਉਨ੍ਹਾਂ ਦੇ ਮੋਹਾਲੀ ਸਥਿਤ ਆਵਾਸ ਤੋਂ ਪੁਲਿਸ ਨੇ ਹਿਰਾਸਤ 'ਚ ਲਿਆ ਗਿਆ ਸੀ। ਉਸ ਵੇਲੇ ਕੁਝ ਹੋਰ ਲੋਕਾਂ ਨੂੰ ਵੀ ਹਿਰਾਸਤ 'ਚ ਲਿਆ ਗਿਆ ਸੀ।

ਸ਼ਿਕਾਇਤ ਮੁਤਾਬਕ ਇਲਜ਼ਾਮ ਹੈ ਕਿ ਚੰਡੀਗੜ੍ਹ ਪੁਲਿਸ ਨੇ ਦੋ ਦਿਨ ਟਾਰਚਰ ਕਰਨ ਤੋਂ ਬਾਅਦ 13 ਦਸੰਬਰ ਨੂੰ ਐੱਫ਼ਆਈਆਰ ਦਰਜ ਕਰ ਲਈ ਸੀ, ਜਿਸ ਵਿੱਚ ਉਸ ਵੇਲੇ ਦੇ ਚੰਡੀਗੜ੍ਹ ਦੇ ਐੱਸਐੱਸਪੀ ਸੁਮੇਧ ਸਿੰਘ ਸੈਣੀ 'ਤੇ ਹੋਏ ਹਮਲੇ ਵਿਚ ਉਸ ਦਾ ਹੱਥ ਦੱਸਿਆ ਗਿਆ।

ਚੰਡੀਗੜ੍ਹ ਪੁਲਿਸ ਦੀ ਹਿਰਾਸਤ 'ਚ ਕੁਲ 7 ਦਿਨਾਂ ਤੱਕ ਟਾਰਚਰ ਕਰਨ ਤੋਂ ਬਾਅਦ ਬਲਵੰਤ ਨੂੰ ਕਾਦੀਆਂ (ਗੁਰਦਾਸਪੁਰ) ਥਾਣੇ ਲਿਜਾਇਆ ਗਿਆ ਅਤੇ ਉੱਥੇ ਉਸ ਨੂੰ ਫਰਾਰ ਘੋਸ਼ਿਤ ਕਰਕੇ ਉਸ ਖਿਲਾਫ਼ ਇੱਕ ਹੋਰ ਐਫ਼ਆਈਆਰ ਦਰਜ ਕੀਤੀ ਗਈ।

ਦਸੰਬਰ 1991 ਵਿਚ ਬਲਵੰਤ ਦੇ ਪਿਤਾ ਅਤੇ ਆਈਏਐੱਸ ਅਫ਼ਸਰ ਦਰਸ਼ਨ ਸਿੰਘ ਮੁਲਤਾਨੀ ਨੇ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰਦਿਆਂ ਉਨ੍ਹਾਂ ਦੇ ਬੇਟੇ ਬਲਵੰਤ ਨੂੰ ਅਦਾਲਤ ਵਿਚ ਪੁਲਿਸ ਵਲੋਂ ਪੇਸ਼ ਕਰਾਉਣ ਲਈ ਕਿਹਾ।

ਪਰ ਅਦਾਲਤ ਨੇ ਇਸ ਦਾਅਵੇ ਦੇ ਆਧਾਰ 'ਤੇ ਪਟੀਸ਼ਨ ਖਾਰਿਜ ਕਰ ਦਿੱਤੀ ਕਿ ਬਲਵੰਤ ਪੁਲਿਸ ਹਿਰਾਸਤ ਤੋਂ ਭੱਜ ਗਿਆ ਸੀ ਅਤੇ ਉਸ ਦੇ ਠਿਕਾਨੇ ਬਾਰੇ ਹੁਣ ਕਿਸੇ ਨੂੰ ਨਹੀਂ ਪਤਾ।ਪਰਿਵਾਰ ਦਾ ਕਹਿਣਾ ਸੀ ਕਿ ਬਲਵੰਤ ਦੀ ਪੁਲਿਸ ਤਸ਼ੱਦਦ ਦੌਰਾਨ ਮੌਤ ਹੋਈ ਹੈ।ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਸਾਲ 2007 ਵਿਚ ਇਹ ਕੇਸ ਸੀਬੀਆਈ ਨੂੰ ਸੌਂਪ ਦਿਤਾ ਗਿਆ।2008 ਵਿਚ ਸੀਬੀਆਈ ਨੇ ਸੁਪਰੀਮ ਕੋਰਟ ਵਿਚ ਆਪਣਾ ਹਲਫ਼ਨਾਮਾ ਸੌਂਪਿਆ ।ਸੁਪਰੀਮ ਕੋਰਟ ਵਿਚ ਉਸ ਵੇਲੇ ਦੀ ਅਕਾਲੀ ਸਰਕਾਰ ਨੇ ਸੈਨੀ ਦੇ ਹੱਕ ਵਿਚ ਆਪਣਾ ਪੱਖ ਰਖਦਿਆਂ ਕਿਹਾ ਕਿ ਸੈਨੀ ਵਰਗੇ ਇਮਾਨਦਾਰ ਪੁਲਿਸ ਅਧਿਕਾਰੀ ਨੇ ਪੰਜਾਬ ਤੋਂ ਅੱਤਵਾਦ ਖ਼ਤਮ ਕਰਨ ਦੀ ਹਮੇਸ਼ਾ ਕੋਸ਼ਿਸ਼ ਕੀਤੀ ਹੈ।

ਦਸੰਬਰ 2011ਵਿ'ਚ ਸੁਪਰੀਮ ਕੋਰਟ ਨੇ ਸੂਬਾ ਸਰਕਾਰ ਦੀ ਅਪੀਲ ਨੂੰ ਮਨਜ਼ੂਰੀ ਦਿਤੀ ਅਤੇ ਹਾਈਕੋਰਟ ਦੇ ਆਦੇਸ਼ਾਂ ਨੂੰ ਗ਼ਲਤ ਘੋਸ਼ਿਤ ਕੀਤਾ।

ਬਲਵੰਤ ਸਿੰਘ ਮੁਲਤਾਨੀ ਦੇ ਭਰਾ ਪਲਵਿੰਦਰ ਸਿੰਘ ਮੁਲਤਾਨੀ ਦੀ ਸ਼ਿਕਾਇਤ 'ਤੇ 7 ਮਈ 2020 ਨੂੰ ਮੁੜ੍ਹ ਤੋਂ ਸੁਮੇਧ ਸਿੰਘ ਸੈਣੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।

ਪਲਵਿੰਦਰ ਮੁਲਤਾਨੀ ਵਲੋਂ ਕੇਸ ਲੜ ਰਹੇ ਵਕੀਲ ਪ੍ਰਦੀਪ ਵਿਰਕ ਨੇ ਦੱਸਿਆ ਕਿ ਸੈਣੀ ਅਤੇ 7 ਹੋਰਾਂ ਖ਼ਿਲਾਫ਼ ਧਾਰਾ 364, 201, 344, 330 ਅਤੇ 120ਬੀ ਦੇ ਨਾਲ ਅਦਾਲਤ ਦੇ ਹੁਕਮਾਂ ਤੋਂ ਬਾਅਦ ਧਾਰਾ 302 (ਕਤਲ਼ ਦੀ ਧਾਰਾ) ਵੀ ਜੋੜ ਲਈ ਗਈ ਸੀ।

 ਡੀਜੀਪੀ ਸੁਮੇਧ ਸਿੰਘ ਸੈਣੀ ਨਾਲ ਜੁੜੇ ਵਿਵਾਦ

ਸੁਮੇਧ ਸਿੰਘ ਸੈਣੀ 1982 'ਚ ਆਈਪੀਐੱਸ (ਇੰਡੀਅਨ ਪੁਲਿਸ ਸਰਵਿਸ) ਵਿਚ ਸ਼ਾਮਲ ਹੋਏ ਸਨ।ਅਗਲੇ 20 ਸਾਲਾਂ ਤੱਕ ਉਨ੍ਹਾਂ ਨੇ 6 ਵੱਖ-ਵੱਖ ਜ਼ਿਲ੍ਹਿਆਂ ਵਿਚ ਬਤੌਰ ਐੱਸਐੱਸਪੀ ਸੇਵਾਵਾਂ ਨਿਭਾਈਆਂ ਸਨ।

ਬਲਵੰਤ ਸਿੰਘ ਦੇ ਲਾਪਤਾ ਹੋਣ ਦੇ ਵੇਲੇ ਉਹ ਚੰਡੀਗੜ੍ਹ ਦੇ ਐੱਸਐੱਸਪੀ ਸਨ।ਸੁਮੇਧ ਸੈਣੀ ਸਾਬਕਾ ਪੁਲਿਸ ਮੁਖੀ ਕੇ.ਪੀ.ਐੱਸ. ਗਿੱਲ ਦੇ ਕਰੀਬੀ ਸਨ। ਗਿੱਲ ਅਤੇ ਸੁਮੇਧ ਸੈਣੀ ਸਰਕਾਰ ਦੀ 'ਗੋਲੀ ਬਦਲੇ ਗੋਲੀ' ਦੀ ਨੀਤੀ ਨੂੰ ਲਾਗੂ ਕਰਨ ਵਾਲੇ ਪੰਜਾਬ ਪੁਲਿਸ ਦੇ ਮੋਹਰੀ ਅਫ਼ਸਰ ਵਿੱਚੋਂ ਸਨ। ਪੰਜਾਬੀ ਭਾਈਚਾਰੇ ਦੇ ਲੋਕ ਸੈਣੀ ਨੂੰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ ਵਾਲਾ ਅਫਸਰ ਮੰਨਦੇ ਹਨ।ਉਨ੍ਹਾਂ ਉੱਤੇ ਫਰਜ਼ੀ ਪੁਲਿਸ ਮੁਕਾਬਲਿਆਂ ਅਤੇ ਕਤਲਾਂ ਦੇ ਇਲਜ਼ਾਮ ਲਗਦੇ ਰਹੇ ਹਨ।

ਸੈਣੀ ਉੱਪਰ ਲੁਧਿਆਣਾ ਦੇ ਕਾਰੋਬਾਰੀ ਨੂੰ ਦੋ ਹੋਰ ਵਿਅਕਤੀਆਂ ਸਮੇਤ ਆਗਵਾ ਕਰਕੇ ਖੁਰਦ-ਬੁਰਦ ਕਰਨ ਦਾ ਸੀਬੀਆਈ ਕੇਸ ਵੀ ਲੰਬਾ ਸਮਾਂ ਚੱਲਿਆ। ਵਿਨੋਦ ਦੀ ਮਾਂ ਨੇ ਸੁਮੇਧ ਖਿਲਾਫ਼ 24 ਸਾਲ ਅਦਾਲਤੀ ਮੁਕੱਦਮਾ ਲੜਿਆ ਅਤੇ 100 ਸਾਲ ਦੀ ਉਮਰ ਵਿੱਚ ਉਨ੍ਹਾਂ ਦੀ ਮੌਤ ਹੋ ਗਈ। ਸਾਲ 1994 ਤੋਂ ਜਾਰੀ ਅਦਾਲਤੀ ਕਾਰਵਾਈ ਅਜੇ ਵੀ ਜਾਰੀ ਹੈ।

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ਸਣੇ ਕਈ ਅਜਿਹੇ ਮਾਮਲਿਆਂ ਦੀ ਜਾਂਚ ਅਤੇ ਕਾਰਵਾਈ ਲਈ ਸੈਣੀ ਨੂੰ ਵਾਹ-ਵਾਹੀ ਵੀ ਮਿਲੀ।

ਅਕਾਲੀ ਸਰਕਾਰ ਦੌਰਾਨ ਕੈਪਟਨ 'ਤੇ ਲੁਧਿਆਣਾ ਦੇ ਸਿਟੀ ਸੈਂਟਰ ਅਤੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਘੁਟਾਲੇ ਵਿੱਚ ਸ਼ਾਮਲ ਹੋਣ ਦੇ ਇਲਜ਼ਾਮ ਲਾਏ ਗਏ। ਇਹ ਇਲਜ਼ਾਮ ਲਾਏ ਜਾਣ ਸਮੇਂ ਸੁਮੇਧ ਸੈਣੀ ਪੰਜਾਬ ਵਿਜੀਲੈਂਸ ਵਿਭਾਗ ਦੇ ਮੁਖੀ (2007-12) ਸਨ। ਕੈਪਟਨ ਅਮਰਿੰਦਰ ਸਿੰਘ ਦੇ ਸਰਕਾਰ ਵਿੱਚ ਆਉਣ ਤੋਂ ਬਾਅਦ ਸਿਟੀ ਸੈਂਟਰ ਘੋਟਾਲਾ ਮਾਮਲੇ ਵਿੱਚ ਕਲੋਜ਼ਰ ਰਿਪੋਰਟ ਜਮਾਂ ਕਰਵਾ ਦਿੱਤੀ ਗਈ। ਇਸ ਦੇ ਖਿਲਾਫ਼ ਸੈਣੀ ਨੇ ਲੁਧਿਆਣਾ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਗੁਰਬੀਰ ਸਿੰਘ ਦੀ ਅਦਾਲਤ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ਼ ਅਰਜ਼ੀ ਦਾਇਰ ਕਰ ਦਿੱਤੀ।15 ਮਾਰਚ 2012 ਨੂੰ ਉਨ੍ਹਾਂ ਦੀ ਨਿਯੂਕਤੀ ਪੰਜਾਬ ਦੇ ਪੁਲਿਸ ਮਹਾਨਿਦੇਸ਼ਕ (ਡੀਜੀਪੀ) ਦੇ ਤੌਰ 'ਤੇ ਹੋਈ ਸੀ।

54 ਸਾਲਾ ਦੀ ਉਮਰ ਵਿਚ ਡੀਜੀਪੀ ਬਨਣ ਵਾਲੇ ਉਹ ਦੇਸ਼ ਦੇ ਪਹਿਲੇ ਆਈਪੀਐੱਸ ਅਧਿਕਾਰੀ ਸੀ।ਅਖ਼ਬਾਰਾਂ ਦੀ ਰਿਪੋਰਟ ਅਨੁਸਾਰ ਅਕਾਲੀ ਦਲ-ਬੀਜੇਪੀ ਦੀ ਸਰਕਾਰ ਦਾ ਉਨ੍ਹਾਂ ਨੂੰ ਕਾਫ਼ੀ ਸਾਥ ਮਿਲਿਆ ਸੀ।

14 ਅਕਤੂਬਰ 2015 ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੋਟਕਪੂਰਾ 'ਚ ਸਿੱਖਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ, ਜਿਸ ਉੱਤੇ ਪੁਲਿਸ ਵੱਲੋਂ ਲਾਠੀਚਾਰਜ ਹੋਇਆ। ਇਸੇ ਦਿਨ ਬਹਿਬਲ ਕਲਾਂ ਵਿੱਚ ਪੁਲਿਸ ਵੱਲੋਂ ਚਲਾਈ ਗਈ ਗੋਲੀ ਵਿਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਸਰਕਾਰ 'ਤੇ ਸੈਣੀ ਨੂੰ ਪੁਲਿਸ ਮੁਖੀ ਦੇ ਅਹੁਦੇ ਤੋਂ ਹਟਾਉਣ ਦਾ ਦਬਾਅ ਪਿਆ ਅਤੇ ਸੈਣੀ ਦੀ ਥਾਂ 1982 ਬੈਚ ਦੇ ਹੀ ਅਫ਼ਸਰ ਸੁਰੇਸ਼ ਅਰੋੜਾ ਨੂੰ ਪੁਲਿਸ ਮੁਖੀ ਨਿਯੁਕਤ ਕਰ ਦਿੱਤਾ ਗਿਆ।2015 ਵਿਚ ਹੋਏ ਬਰਗਾੜੀ ਕਾਂਡ ਤੋਂ ਬਾਅਦ ਸੈਣੀ ਕੈਪਟਨ ਸਰਕਾਰ ਦੇ ਨਿਸ਼ਾਨੇ 'ਤੇ ਰਹੇ।ਸੁਮੇਧ ਸੈਣੀ ਨੇ 36 ਸਾਲ ਇੰਡੀਅਨ ਪੁਲਿਸ ਸਰਵਿਸ ਵਿਚ ਸੇਵਾ ਨਿਭਾਈ ਅਤੇ ਸਾਲ 2018 ਵਿੱਚ ਰਿਟਾਇਰ ਹੋਏ ਸਨ।