ਭਾਰਤ ਸਰਕਾਰ 26 ਦਸੰਬਰ ਨੂੰ ਵੀਰ ਬਾਲ ਦਿਵਸ ਵੱਡੇ ਪੱਧਰ ’ਤੇ ਮਨਾਏਗੀ, ਪ੍ਰਧਾਨ ਮੰਤਰੀ ਹੋਣਗੇ ਸ਼ਾਮਲ: ਦਿੱਲੀ ਗੁਰਦੁਆਰਾ ਕਮੇਟੀ

ਭਾਰਤ ਸਰਕਾਰ 26 ਦਸੰਬਰ ਨੂੰ ਵੀਰ ਬਾਲ ਦਿਵਸ ਵੱਡੇ ਪੱਧਰ ’ਤੇ ਮਨਾਏਗੀ, ਪ੍ਰਧਾਨ ਮੰਤਰੀ ਹੋਣਗੇ ਸ਼ਾਮਲ: ਦਿੱਲੀ ਗੁਰਦੁਆਰਾ ਕਮੇਟੀ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਨਵੀਂ ਦਿੱਲੀ, 24 ਦਸੰਬਰ (ਮਨਪ੍ਰੀਤ ਸਿੰਘ ਖਾਲਸਾ): ਭਾਰਤ ਸਰਕਾਰ 26 ਦਸੰਬਰ 2023 ਨੂੰ ਵੀਰ ਬਾਲ ਦਿਵਸ ਵੱਡੇ ਪੱਧਰ ’ਤੇ ਮਨਾਵੇਗੀ ਤੇ ਇਸ ਸਬੰਧ ਵਿਚ ਭਾਰਤ ਮੰਡਪਮ ਵਿਚ ਪ੍ਰਗਤੀ ਮੈਦਾਨ ਨਵੀਂ ਦਿੱਲੀ ਵਿਚ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਜਾਵੇਗਾ ਜਿਸ ਵਿਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਨਗੇ। ਇਹ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਸਾਂਝੀ ਕੀਤੀ ਹੈ।

ਇਕੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਦੱਸਿਆ ਕਿ ਇਸ ਮੌਕੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ 100 ਵਿਦਿਆਰਥੀ ਇਕੋ ਸਮੇਂ ਕੀਰਤਨ ਕਰਨਗੇ। ਇਸ ਮੌਕੇ ਸ਼ਬਦ ਕੀਰਤਨ ਤੋਂ ਇਲਾਵਾ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ 500 ਵਿਦਿਆਰਥੀ ਮਾਰਚ ਪਾਸਟ ਕਰਨਗੇ ਅਤੇ ਕੌਮੀ ਰਾਜਧਾਨੀ ਖੇਤਰ ਵਿਚੋਂ 4 ਹਜ਼ਾਰ ਤੋਂ ਵੱਧ ਵਿਦਿਆਰਥੀ ਪ੍ਰੋਗਰਾਮ ਵਿਚ ਸ਼ਾਮਲ ਹੋਣਗੇ।

ਦੋਹਾਂ ਆਗੂਆਂ ਨੇ ਦੱਸਿਆ ਕਿ ਦਿੱਲੀ ਦੀ ਸੰਗਤ ਤੋਂ ਇਲਾਵਾ ਦੇਸ਼ ਦੀਆਂ ਪ੍ਰਮੁੱਖ ਸ਼ਖਸੀਅਤਾਂ ਇਸ ਪ੍ਰੋਗਰਾਮ ਵਿਚ ਸ਼ਾਮਲ ਹੋਣਗੀਆਂ ਜੋ ਬੱਚਿਆਂ ਨੂੰ ਤੇ ਹਰ ਵਰਗ ਦੇ ਲੋਕਾਂ ਨੂੰ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਸਾਹਿਬਜ਼ਾਦਿਆਂ ਦੀ ਮਨੁੱਖਤਾ ਵਾਸਤੇ ਦਿੱਤੀ ਸ਼ਹਾਦਤ ਤੋਂ ਜਾਣੂ ਕਰਵਾਏਗਾ।

ਇਸ ਦੌਰਾਨ ਭਾਜਪਾ ਦੇ ਕੌਮੀ ਸਕੱਤਰ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਦੰਸਿਆ ਕਿ ਸਿੱਖ ਕੌਮ ਹਮੇਸ਼ਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੀ ਅਗਵਾਈ ਹੇਠਲੀ ਭਾਰਤ ਸਰਕਾਰ ਦੀ ਧੰਨਵਾਦੀ ਰਹੇਗੀ ਜਿਹਨਾਂ ਨੇ ਵੀਰ ਬਾਲ ਦਿਵਸ ਮਨਾਉਣ ਦੀ ਸ਼ੁਰੂਆਤ ਕੀਤੀ ਤੇ ਦੱਸਿਆ ਕਿ ਇਸ ਸਾਲਾ ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਵੱਲੋਂ ਕੇਂਦਰੀ ਮੰਤਰੀ ਸ੍ਰੀਮਤੀ ਸਮਰਿਤੀ ਇਰਾਨੀ ਦੀ ਦੇਖ ਰੇਖ ਹੇਠ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ।