ਗੁਰਦੁਆਰਾ ਅਕਾਲ ਬੁੰਗਾ ਸਾਹਿਬ 'ਤੇ ਗੋਲੀਬਾਰੀ ਬਾਰੇ  ਜਾਂਚ ਲਈ ਸਿੱਟ ਬਣੀ

ਗੁਰਦੁਆਰਾ ਅਕਾਲ ਬੁੰਗਾ ਸਾਹਿਬ 'ਤੇ ਗੋਲੀਬਾਰੀ ਬਾਰੇ   ਜਾਂਚ ਲਈ ਸਿੱਟ ਬਣੀ

* ਅਕਾਲ ਤਖਤ ਸਾਹਿਬ ਦੇ ਆਦੇਸ਼ ਉਪਰ ਸ਼ੋ੍ਮਣੀ ਕਮੇਟੀ  ਵੀ ਕਰੇਗੀ ਜਾਂਚ,  ਬਣਾਈ ਕਮੇਟੀ

*ਗੁਰੂ ਘਰ ਵਿਚ ਮਰਿਯਾਦਾ ਦੀ ਉਲੰਘਣਾ ਲਈ ਪ੍ਰਸ਼ਾਸਨ ਜ਼ਿੰਮੇਵਾਰ- ਗਿਆਨੀ ਰਘਬੀਰ ਸਿੰਘ

*ਦੋ ਨਿਹੰਗ ਜਥਿਆਂ ਦੇ ਗੁਰਦੁਆਰਾ ਉਪਰ ਕਬਜ਼ੇ ਦੇ ਵਿਵਾਦ ਕਾਰਣ ਪੁਲਿਸ ਨੇ ਦਖਲਅੰਦਾਜ਼ੀ ਕੀਤੀ

ਅੰਮ੍ਰਿਤਸਰ ਟਾਈਮਜ਼ ਬਿਊਰੋ

ਕਪੂਰਥਲਾ-ਗੁਰਦੁਆਰਾ ਅਕਾਲ ਬੁੰਗਾ ਸਾਹਿਬ ਸੁਲਤਾਨਪੁਰ ਲੋਧੀ ਵਿਚ 23 ਨਵੰਬਰ ਨੂੰ ਪੁਲਿਸ ਤੇ ਨਿਹੰਗ ਸਿੰਘਾਂ ਦਰਮਿਆਨ ਹੋਈ ਝੜਪ ਦੌਰਾਨ ਹੋਈ ਗੋਲੀਬਾਰੀ ਦੇ ਮਾਮਲੇ ਦੀ ਜਾਂਚ ਲਈ ਡੀ.ਆਈ.ਜੀ. ਜਲੰਧਰ ਰੇਂਜ ਐਸ. ਭੂਪਤੀ ਵਲੋਂ ਐਸ. ਐਸ. ਪੀ. ਕਪੂਰਥਲਾ ਵਤਸਲਾ ਗੁਪਤਾ ਦੀ ਅਗਵਾਈ ਵਿਚ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ।ਡੀ.ਆਈ.ਜੀ. ਨੇ ਕਿਹਾ ਕਿ ਸਿੱਟ ਮਾਮਲੇ ਦੀ ਜਾਂਚ ਕਰਕੇ ਆਪਣੀ ਰਿਪੋਰਟ ਸਰਕਾਰ ਨੂੰ ਦੇਵੇਗੀ ।  ਐਸ. ਭੂਪਤੀ ਨੇ ਨੇ ਕਿਹਾ ਕਿ ਪੁਲਿਸ ਵਲੋਂ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸੁਲਤਾਨਪੁਰ ਲੋਧੀ ਵਿਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ।

ਗੁਰਦੁਆਰੇ ਨੂੰ ਲੈਕੇ ਹੋਇਆ ਸੀ ਦੋ ਨਿਹੰਗ ਜਥਿਆਂ ਵਿਚ ਟਕਰਾਅ

 ਵਰਨਣਯੋਗ ਹੈ ਕਿ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਵਿਚ ਨਿਹੰਗ ਮੁਖੀ ਬਾਬਾ ਮਾਨ ਸਿੰਘ ਨਾਲ ਸੰਬੰਧਿਤ ਨਿਹੰਗ ਸਿੰਘਾਂ ਨੂੰ ਗੁਰਦੁਆਰਾ ਸਾਹਿਬ ਤੋਂ ਬਾਹਰ ਕੱਢਣ ਲਈ ਪੁਲਿਸ ਤੇ ਸਿਵਲ ਪ੍ਰਸ਼ਾਸਨ ਨੇ ਪਹਿਲਾਂ ਬਾਬਾ ਮਾਨ ਸਿੰਘ ਨਾਲ ਗੱਲਬਾਤ ਦਾ ਰਾਹ ਅਖ਼ਤਿਆਰ ਕੀਤਾ, ਪਰ ਗੱਲ ਕਿਸੇ ਸਿਰੇ ਨਾ ਲੱਗਣ 'ਤੇ 23 ਨਵੰਬਰ ਨੂੰ ਸਵੇਰੇ ਪੁਲਿਸ ਤੇ ਨਿਹੰਗ ਸਿੰਘਾਂ ਦਰਮਿਆਨ ਹੋਈ ਗੋਲੀਬਾਰੀ ਦੌਰਾਨ ਹੋਮਗਾਰਡ ਦੇ ਜਵਾਨ ਜਸਪਾਲ ਸਿੰਘ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਸੀ ।ਇਸ ਘਟਨਾ ਵਿਚ ਅੱਧੀ ਦਰਜਨ ਦੇ ਕਰੀਬ ਪੁਲਿਸ ਮੁਲਾਜ਼ਮ ਤੇ ਕੁਝ ਨਿਹੰਗ ਸਿੰਘ ਜ਼ਖ਼ਮੀ ਹੋਏ ਸਨ ।ਘਟਨਾ ਪਿੱਛੋਂ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਬਾਬਾ ਮਾਨ ਸਿੰਘ ਤੇ ਉਨ੍ਹਾਂ ਦੇ 15-20 ਸਾਥੀਆਂ ਵਿਰੁੱਧ ਕਤਲ, ਇਰਾਦਾ ਕਤਲ, ਆਰਮਜ਼ ਐਕਟ ਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਤੋਂ ਬਾਹਰ ਜਾਣ ਲਈ ਰਜ਼ਾਮੰਦ ਕਰ ਲਿਆ ਸੀ ਤੇ ਬਾਅਦ ਵਿਚ ਪ੍ਰਸ਼ਾਸਨ ਨੇ ਗੁਰਦੁਆਰਾ ਸਾਹਿਬ 'ਤੇ ਧਾਰਾ 145 ਲਗਾ ਕੇ ਰਸੀਵਰ ਨਿਯੁਕਤ ਕਰਕੇ ਗੁਰਦੁਆਰਾ ਸਾਹਿਬ 'ਤੇ ਕਾਬਜ਼ ਪਹਿਲੀ ਤੇ ਦੂਜੀ ਧਿਰ ਨੂੰ ਗੁਰਦੁਆਰਾ ਸਾਹਿਬ ਦੀ ਹਦੂਦ ਵਿਚ ਦਾਖ਼ਲ ਹੋਣ ਦੀ ਮਨਾਹੀ ਕਰ ਦਿੱਤੀ ਸੀ ।ਗੁਰਦੁਆਰਾ ਸਾਹਿਬ ਵਿਚ ਵਾਪਰੀ ਗੋਲੀਬਾਰੀ ਦੀ ਘਟਨਾ ਸੰਬੰਧੀ ਹੁਕਮ ਕਿਸ ਨੇ ਦਿੱਤੇ, ਇਹ ਸਵਾਲ ਸਿਆਸੀ ਹਲਕਿਆਂ ਵਿਚ ਕਾਫ਼ੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ । ਪੁਲਿਸ ਵਲੋਂ ਗੁਰਦੁਆਰਾ ਸਾਹਿਬ ਵਿਚ ਕਾਬਜ਼ ਨਿਹੰਗ ਸਿੰਘਾਂ 'ਤੇ ਚਲਾਈ ਗਈ ਗੋਲੀ ਦੇ ਮਾਮਲੇ ਨੂੰ ਸ਼ੋ੍ਮਣੀ ਅਕਾਲੀ ਦਲ ਤੇ ਹੋਰ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਗੰਭੀਰਤਾ ਨਾਲ ਲੈਂਦਿਆਂ ਇਸ ਸਾਰੇ ਘਟਨਾਕ੍ਰਮ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ, ਜਦਕਿ ਦੂਜੇ ਪਾਸੇ ਪੁਲਿਸ ਪ੍ਰਸ਼ਾਸਨ ਨਿਹੰਗ ਸਿੰਘਾਂ ਵਲੋਂ ਪੁਲਿਸ ਮੁਲਾਜ਼ਮਾਂ 'ਤੇ ਗੋਲੀਬਾਰੀ ਕਰਨ ਦੋਸ਼ ਲਗਾ ਰਿਹਾ ਹੈ ਤੇ ਇਸੇ ਤਰਕ ਨੂੰ ਮੁੱਖ ਰੱਖ ਕੇ ਹੀ ਪੁਲਿਸ ਵਲੋਂ ਨਿਹੰਗ ਸਿੰਘਾਂ 'ਤੇ ਕੇਸ ਦਰਜ ਕਰਕੇ ਦਰਜਨ ਤੇ ਕਰੀਬ ਨਿਹੰਗ ਸਿੰਘਾਂ ਨੂੰ ਗਿ੍ਫ਼ਤਾਰ ਕੀਤਾ ਜਾ ਚੁੱਕਾ ਹੈ ।

 ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ 'ਤੇ ਹੋਈ ਗੋਲੀਬਾਰੀ ਦੀ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਬੀਤੇ ਦਿਨੀਂ ਸ਼ੋ੍ਮਣੀ ਕਮੇਟੀ ਨੂੰ ਹੁਕਮ ਦਿੱਤਾ ਸੀ ਕਿ ਘਟਨਾ ਦੀ ਜਾਂਚ ਕਰਵਾ ਕੇ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪੀ ਜਾਵੇ ।ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਸੁਲਤਾਨਪੁਰ ਲੋਧੀ ਵਿਖੇ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਕਾਰ ਵਾਪਰੀ ਹਿੰਸਕ ਘਟਨਾ ਅਤੇ ਪੁਲਿਸ ਦਾ ਜੁੱਤੀਆਂ ਪਾ ਕੇ ਗੁਰਦੁਆਰਾ ਸਾਹਿਬ ਵਿਚ ਦਾਖ਼ਲ ਹੋਣਾ ਬਹੁਤ ਹੀ ਨਿੰਦਣਯੋਗ ਘਟਨਾ ਹੈ, ਗੁਰੂ ਘਰ ਵਿਚ ਪੁਲਿਸ ਦੇ ਜੁੱਤੀਆਂ ਪਾ ਕੇ ਦਾਖ਼ਲ ਹੋਣ ਅਤੇ ਮਰਿਯਾਦਾ ਦੀ ਉਲੰਘਣਾ ਲਈ ਪ੍ਰਸ਼ਾਸਨ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੈ।ਪਤਾ ਲੱਗਾ ਹੈ ਕਿ ਸ਼ੋ੍ਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਇਸ ਮਾਮਲੇ ਦੀ ਜਾਂਚ ਲਈ ਕਮੇਟੀ ਬਣਾਈ ਗਈ ਹੈ